ਕਿਹਾ -ਵਾਇਰਸ ਨਾਲ ਨਜਿੱਠਣ ਲਈ ਸਰਕਾਰਾਂ ਪੂਰੀ ਤਰ੍ਹਾਂ ਅਸਫਲ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰਾਂ ਨੂੰ ਆਖਿਆ ਕਿ ਉਹ ਲੋਕਾਂ ਵਿੱਚ ਕਰੋਨਾ ਦਾ ਡਰ ਪੈਦਾ ਨਾ ਕਰਨ। ਅੰਮ੍ਰਿਤਸਰ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ ਕਰੋਨਾ ਦੇ ਵਧ ਰਹੇ ਭੈਅ ਕਾਰਨ ਲੋਕਾਂ ਵਿੱਚ ਅਫ਼ਰਾ-ਤਫ਼ਰੀ ਅਤੇ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ, ਜਿਸ ਕਾਰਨ ਲੋਕ ਬਿਨਾਂ ਲੋੜ ਤੋਂ ਘਰਾਂ ਵਿੱਚ ਆਕਸੀਜਨ ਗੈਸ ਦੇ ਸਿਲੰਡਰ ਰੱਖ ਰਹੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਸਰਕਾਰਾਂ ਇਕ ਸਾਲ ਦੇ ਸਮੇਂ ਦੌਰਾਨ ਕਰੋਨਾ ਨਾਲ ਨਜਿੱਠਣ ਲਈ ਲੋੜੀਂਦੇ ਸਾਜ਼ੋ-ਸਾਮਾਨ ਦੀ ਘਾਟ ਨੂੰ ਪੂਰਾ ਕਰਨ ਵਿੱਚ ਅਸਫ਼ਲ ਰਹੀਆਂ ਹਨ। ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਸਮਾਗਮਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਜੋ ਸ਼ਰਧਾਲੂ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਆ ਸਕਦੇ ਹਨ, ਉਹ ਆਉਣ ਅਤੇ ਬਾਕੀ ਘਰਾਂ ਵਿੱਚ ਬੈਠ ਕੇ ਲਾਈਵ ਪ੍ਰਸਾਰਨ ਰਾਹੀਂ ਗੁਰਬਾਣੀ ਨਾਲ ਜੁੜਨ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਨੂੰ ਸ਼ਨਿਚਰਵਾਰ ਅਤੇ ਐਤਵਾਰ ਨੂੰ ਦੋ ਦਿਨ ਦੀ ਤਾਲਾਬੰਦੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਹੈ ਅਤੇ ਉਮੀਦ ਹੈ ਕਿ ਮੁੱਖ ਮੰਤਰੀ ਇਸ ਅਪੀਲ ‘ਤੇ ਗੌਰ ਕਰਨਗੇ।

