ਹੁਣ ਰਾਤ ਦਾ ਕਰਫਿਊ 15 ਮਈ ਤੱਕ ਰਹੇਗਾ ਲਾਗੂ
ਹਰਿਆਣਾ ‘ਚ ਵੀ ਲੱਗਿਆ ਵੀਕਐਂਡ ਲੌਕਡਾਊਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿੱਚ ਲਗਾਤਾਰ ਵਧਦੇ ਕੋਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ‘ਚ ਸਖ਼ਤੀ ਵਧਾ ਹੋਰ ਦਿੱਤੀ ਹੈ। ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਨੇ ਕੋਰੋਨਾ ਸਬੰਧੀ ਨਵੇਂ ਆਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਨਵੇਂ ਨਿਯਮਾਂ ਅਨੁਸਾਰ ਨਾਈਟ ਕਰਫਿਊ ਦੀ ਮਿਆਦ ਦੋ ਹਫ਼ਤੇ ਹੋਰ ਵਧਾ ਦਿੱਤੀ ਗਈ ਹੈ। ਯਾਨੀ ਹੁਣ ਨਾਈਟ ਕਰਫਿਊ 15 ਮਈ ਤਕ ਲਾਗੂ ਰਹੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਆਦੇਸ਼ ਜਾਰੀ ਕੀਤੇ ਹਨ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ 30 ਅਪ੍ਰੈਲ ਤੱਕ ਨਾਈਟ ਕਰਫਿਊ ਦੇ ਆਦੇਸ਼ ਜਾਰੀ ਕੀਤੇ ਹੋਏ ਸਨ। ਪਰ ਕੋਰੋਨਾ ਦੇ ਮਾਮਲਿਆਂ ਦੀ ਰਫ਼ਤਾਰ ਨੂੰ ਦੇਖਦੇ ਹੋਏ ਸਰਕਾਰ ਨੇ ਇਸ ਦੀ ਮਿਆਦ ਵਧਾਉਣ ਦਾ ਫੈਸਲਾ ਕੀਤਾ ਹੈ। ਨਾਈਟ ਕਰਫਿਊ ਦਾ ਸਮਾਂ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਦਾ ਹੀ ਰਹੇਗਾ। ਦੂਜੇ ਪਾਸੇ ਹਰਿਆਣਾ ਸਰਕਾਰ ਨੇ ਵੀ ਵੀਕਐਂਡ ਲੌਕਡਾਊਨ ਲਗਾਉਣ ਦਾ ਫੈਸਲਾ ਕੀਤਾ ਹੈ। ਇਹ ਅਮਲ ਅੱਜ ਸ਼ੁੱਕਰਵਾਰ ਰਾਤ 10 ਵਜੇ ਤੋਂ ਸ਼ੁਰੂ ਹੋ ਕੇ ਸੋਮਵਾਰ ਸਵੇਰੇ 5 ਵਜੇ ਤੱਕ ਲਾਗੂ ਰਹੇ। ਇਸ ਲੌਕਡਾਊਨ ਦਰਮਿਆਨ ਸਿਰਫ਼ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਸਭ ‘ਤੇ ਪਾਬੰਦੀ ਰਹੇਗੀ।