ਵੱਖ-ਵੱਖ ਸਿਆਸੀ ਧਿਰਾਂ ਤੇ ਪੰਥਕ ਜਥੇਬੰਦੀਆਂ ਨੇ ਫ਼ੈਸਲੇ ਦੀਆਂ ਨਕਲਾਂ ਸਾੜੀਆਂ
ਫ਼ਰੀਦਕੋਟ/ਬਿਊਰੋ ਨਿਊਜ਼
ਕੋਟਕਪੂਰਾ ਗੋਲੀ ਕਾਂਡ ਦੀਆਂ ਚਾਰ ਚਾਰਜਸ਼ੀਟਾਂ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਰੱਦ ਕਰਨ ਤੋਂ ਬਾਅਦ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਪੰਥਕ ਧਿਰਾਂ ਨੇ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਕ ਵਿੱਚ ਰੋਸ ਵਜੋਂ ਹਾਈ ਕੋਰਟ ਦੇ ਫੈਸਲੇ ਦੀਆਂ ਨਕਲਾਂ ਸਾੜੀਆਂ। ਇਸ ਮੌਕੇ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਗੋਲੀ ਕਾਂਡ ਦੇ ਪੀੜਤ ਸੁਖਰਾਜ ਸਿੰਘ, ਅਕਾਲ ਤਖ਼ਤ ਦੇ ਸਾਬਕਾ ਜੱਥੇਦਾਰ ਰਣਜੀਤ ਸਿੰਘ, ਪਰਮਿੰਦਰ ਸਿੰਘ ਢੀਂਡਸਾ, ਸੁਖਪਾਲ ਸਿੰਘ ਖਹਿਰਾ, ਭਦੌੜ ਦੇ ਵਿਧਾਇਕ ਪਿਰਮਿਲ ਸਿੰਘ ਅਤੇ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਘਟਨਾ ਤੋਂ 6 ਸਾਲ ਬਾਅਦ ਵੀ ਇਨਸਾਫ਼ ਨਹੀਂ ਮਿਲਿਆ। ਬੇਅਦਬੀ ਅਤੇ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਪੰਜਾਬ ਸਰਕਾਰ ਬਚਾਅ ਰਹੀ ਹੈ। ਹਾਈਕੋਰਟ ਦੇ ਤਾਜ਼ਾ ਫੈਸਲੇ ਨਾਲ ਇਨਸਾਫ਼ ਦੀਆਂ ਸਾਰੀਆਂ ਉਮੀਦਾਂ ਖਤਮ ਹੋ ਗਈਆਂ ਹਨ। ਇਸ ਮੌਕੇ ਬੁਲਾਰਿਆਂ ਨੇ ਦੋਸ਼ ਲਾਇਆ ਕਿ ਇਨਸਾਫ਼ ਦੇ ਨਾਮ ‘ਤੇ ਪੰਜਾਬ ਦੇ ਲੋਕਾਂ ਨਾਲ ਸਰਕਾਰਾਂ ਤੇ ਅਦਾਲਤਾਂ ਨੇ ਮਜ਼ਾਕ ਕੀਤਾ ਹੈ।