ਕਰੋਨਾ ਮਰੀਜ਼ਾਂ ਦੇ ਬਿਹਤਰ ਇਲਾਜ ਲਈ ਸ਼੍ਰੋਮਣੀ ਕਮੇਟੀ ਦਾ ਉਪਰਾਲਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਨੇ ਕਰੋਨਾ ਮਰੀਜ਼ਾਂ ਦੇ ਬਿਹਤਰ ਇਲਾਜ ਲਈ ਆਕਸੀਜਨ ਦੀ ਕਮੀ ਨੂੰ ਦੂਰ ਕਰਨ ਲਈ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਵਿਚ ਆਪਣਾ ਆਕਸੀਜਨ ਪਲਾਂਟ ਸਥਾਪਿਤ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਹਵਾ ਤੋਂ ਆਕਸੀਜਨ ਤਿਆਰ ਕਰਕੇ ਹੋਰਨਾਂ ਥਾਵਾਂ ‘ਤੇ ਮੈਡੀਕਲ ਸੇਵਾਵਾਂ ਦਿੱਤੀਆਂ ਜਾਣਗੀਆਂ। ਇਹ ਜਾਣਕਾਰੀ ਅੰਮ੍ਰਿਤਸਰ ‘ਚ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਤੀ।
ਸ਼੍ਰੋਮਣੀ ਕਮੇਟੀ ਦੇ ਦਫਤਰ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਮੌਜੂਦਾ ਹਾਲਾਤ ਨਾਲ ਨਜਿੱਠਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਆਕਸੀਜਨ ਪਲਾਂਟ ਸਥਾਪਤ ਕੀਤਾ ਗਿਆ ਹੈ ਜੋ ਇੱਕ ਹਫਤੇ ਤੱਕ ਸੇਵਾਵਾਂ ਸ਼ੁਰੂ ਕਰ ਦੇਵੇਗਾ। ਇਸ ਸਬੰਧ ਵਿਚ ਕੇਂਦਰ ਸਰਕਾਰ ਦੀ ਮਨਜ਼ੂਰੀ ਹਾਸਲ ਕੀਤੀ ਜਾ ਚੁੱਕੀ ਹੈ ਅਤੇ ਸਰਕਾਰ ਦੀਆਂ ਸ਼ਰਤਾਂ ਅਨੁਸਾਰ 2 ਵੱਡੇ ਜੈਨਰੇਟਰ ਵੀ ਖਰੀਦੇ ਗਏ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਕੰਸਨਟਰੇਟਰਾਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਲਈ ਅਮਰੀਕਾ ਦੇ ਇੱਕ ਸ਼ਰਧਾਲੂ ਨੇ 200 ਕੰਸਨਟਰੇਟਰਾਂ ਦੀ ਸੇਵਾ ਕਰਵਾਈ ਹੈ। ਸ਼੍ਰੋਮਣੀ ਕਮੇਟੀ ਲੋੜ ਅਨੁਸਾਰ ਖੁਦ ਵੀ ਕੰਸਨਟਰੇਟਰ ਖਰੀਦੇਗੀ। ਉਨ੍ਹਾਂ ਦੱਸਿਆ ਕਿ ਗੁਰੂ ਰਾਮਦਾਸ ਹਸਪਤਾਲ ਨੇੜੇ ਗੁਰਦੁਆਰਾ ਸ਼ਹੀਦਾਂ ਨੂੰ ਪਹਿਲਾਂ ਹੀ ਕਰੋਨਾ ਮਰੀਜ਼ਾਂ ਲਈ ਰਾਖਵਾਂ ਕੀਤਾ ਜਾ ਚੁੱਕਾ ਹੈ, ਜਿਸ ਵਿਚ 100 ਬੈੱਡ ਅਤੇ 37 ਵੈਂਟੀਲੇਟਰਾਂ ਦਾ ਪ੍ਰਬੰਧ ਹੈ।
ਗੁਰਦੁਆਰਿਆਂ ਤੇ ਵਿਦਿਅਕ ਅਦਾਰਿਆਂ ਦਾ 24 ਕੰਪਨੀਆਂ ਵੱਲੋਂ ਆਡਿਟ
ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਿਆਂ ਅਤੇ ਵਿਦਿਅਕ ਅਦਾਰਿਆਂ ਦੇ ਵਿੱਤੀ ਕੰਮਕਾਜ ਦਾ ਪਾਰਦਰਸ਼ੀ ਢੰਗ ਨਾਲ ਆਡਿਟ ਕਰਨ ਲਈ 24 ਕੰਪਨੀਆਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ। ਇਹ ਸੀਏ ਕੰਪਨੀਆਂ ਗੁਰਦੁਆਰਿਆਂ ਅਤੇ ਵਿਦਿਅਕ ਅਦਾਰਿਆਂ ਦਾ ਇੰਟਰਨਲ ਆਡਿਟ ਕਰਨ ਲਈ ਜ਼ਿਲ੍ਹਾ ਪੱਧਰ ‘ਤੇ ਕੰਮ ਕਰਨਗੀਆਂ। ਫਿਲਹਾਲ ਇਹ ਸੇਵਾਵਾਂ ਵਿੱਤੀ ਸਾਲ 2021-22 ਲਈ ਲਈਆਂ ਜਾ ਰਹੀਆਂ ਹਨ, ਜਿਸ ਲਈ ਕਰੀਬ 49 ਲੱਖ ਰੁਪਏ ਸਾਲਾਨਾ ਭੁਗਤਾਨ ਕੀਤਾ ਜਾਵੇਗਾ। ਹਰ ਸੀਏ ਕੰਪਨੀ ਨੂੰ ਮਹੀਨੇ ਦੀ 10 ਤਰੀਕ ਤੱਕ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਚ ਆਡਿਟ ਦੇ ਕੰਮ ਸਬੰਧੀ ਆਪਣੀ ਰਿਪੋਰਟ ਦੇਣੀ ਲਾਜ਼ਮੀ ਹੋਵੇਗੀ।