6.1 C
Toronto
Monday, November 24, 2025
spot_img
Homeਪੰਜਾਬਦਿੱਲੀ ਕਿਸਾਨ ਅੰਦੋਲਨ ਦੀ ਮਜ਼ਬੂਤੀ ਲਈ ਹੋਣ ਲੱਗੀ ਲਾਮਬੰਦੀ

ਦਿੱਲੀ ਕਿਸਾਨ ਅੰਦੋਲਨ ਦੀ ਮਜ਼ਬੂਤੀ ਲਈ ਹੋਣ ਲੱਗੀ ਲਾਮਬੰਦੀ

ਮਾਨਸਾ ਦੇ ਪਿੰਡਾਂ ਵਿਚ ਰੈਲੀਆਂ ਰਾਹੀਂ ਦਿੱਲੀ ਵੱਲ ਵਹੀਰਾਂ ਘੱਤਣ ਦਾ ਹੋਕਾ
ਮਾਨਸਾ/ਬਿਊਰੋ ਨਿਊਜ਼ : ਦਿੱਲੀ ਵਿੱਚ ਚੱਲ ਰਹੇ ਕਿਸਾਨੀ ਅੰਦੋਲਨ ਵਿੱਚ ਮਾਲਵਾ ਖੇਤਰ ‘ਚੋਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਤੇ ਬੀਬੀਆਂ ਦੀ ਸ਼ਮੂਲੀਅਤ ਲਗਾਤਾਰ ਵਧਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਲਾਮਬੰਦੀ ਰੈਲੀਆਂ ਦਾ ਦੌਰ ਸ਼ੁਰੂ ਕੀਤਾ ਹੋਇਆ ਹੈ।
ਮਾਨਸਾ ਨੇੜਲੇ ਪਿੰਡ ਦੂਲੋਵਾਲ ਵਿੱਚ ਕੀਤੀ ਰੈਲੀ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਭੈਣੀਬਾਘਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਉਸ ਸਮਝੌਤੇ ਨੂੰ ਪੂਰੀ ਤਰ੍ਹਾਂ ਲਾਗੂ ਕਰ ਰਹੀ ਹੈ, ਜਿਸ ‘ਤੇ 1992 ਵਿੱਚ ਕਾਂਗਰਸ ਸਰਕਾਰ ਦੇ ਪ੍ਰਧਾਨ ਮੰਤਰੀ ਪੀਵੀ ਨਰਸਿਮਹਾ ਰਾਓ ਨੇ ਦਸਤਖ਼ਤ ਕੀਤੇ ਹੋਏ ਹਨ। ਉਨ੍ਹਾਂ ਦੱਸਿਆ ਕਿ ਇਸ ਤਹਿਤ ਸਾਰੇ ਸਰਕਾਰੀ ਮਹਿਕਮਿਆਂ ਦਾ ਨਿੱਜੀਕਰਨ ਹੋਵੇਗਾ। ਬਿਜਲੀ, ਵਿੱਦਿਆ, ਸਿਹਤ ਸੇਵਾਵਾਂ ਅਤੇ ਰੇਲਵੇ ਤੋਂ ਲੈ ਕੇ ਹਰ ਚੀਜ਼ ‘ਤੇ ਪੂੰਜੀਪਤੀ ਘਰਾਣਿਆਂ ਦਾ ਕਬਜ਼ਾ ਹੋਵੇਗਾ ਅਤੇ ਮਹਿੰਗਾਈ ਵਧਣ ਨਾਲ ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸਨਗੇ। ਕਿਸਾਨ ਆਗੂ ਨੇ ਦੱਸਿਆ ਕਿ ਹਰ ਤਰ੍ਹਾਂ ਦੀਆਂ ਸਬਸਿਡੀਆਂ ਦਾ ਖਾਤਮਾ ਹੋਵੇਗਾ ਤੇ ਖੇਤੀ ਦੇ ਵੱਡੇ ਫ਼ਾਰਮ ਬਣਾਉਣੇ ਵੀ ਉਸੇ ਨੀਤੀ ਦਾ ਹਿੱਸਾ ਹੀ ਹੈ, ਜਿਸ ‘ਤੇ ਅਮਲ ਕਰਨ ਲਈ ਮੋਦੀ ਸਰਕਾਰ ਖੇਤੀ ਨਾਲ ਸਬੰਧਤ ਕਾਨੂੰਨ ਲੈ ਕੇ ਆਈ ਹੈ, ਜਿਨ੍ਹਾਂ ਦੇ ਲਾਗੂ ਹੋਣ ਨਾਲ ਵੱਡੀਆਂ ਪ੍ਰਾਈਵੇਟ ਮੰਡੀਆਂ ਖੁੱਲ੍ਹਣਗੀਆਂ, ਜਦੋਂ ਕਿ ਐੱਮਐੱਸਪੀ ਅਤੇ ਫ਼ਸਲਾਂ ਦੀ ਸਰਕਾਰੀ ਖ਼ਰੀਦ ਬੰਦ ਕਰਕੇ ਸਰਕਾਰੀ ਮੰਡੀਕਰਨ ਸਦਾ ਲਈ ਤੋੜ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਬਸਿਡੀਆਂ ਬੰਦ ਹੋਣ ਕਾਰਨ ਖੇਤੀ ਲਾਗਤ ਖ਼ਰਚਿਆਂ ਵਿੱਚ ਭਾਰੀ ਵਾਧਾ ਹੋਵੇਗਾ ਤੇ ਪ੍ਰਾਈਵੇਟ ਮੰਡੀਆਂ ਵਿੱਚ ਫ਼ਸਲਾਂ ਦੀ ਖਰੀਦ ਸਮੇਂ ਮਨਮਰਜ਼ੀ ਦੇ ਭਾਅ ‘ਤੇ ਲੁੱਟ ਕੀਤੀ ਜਾਵੇਗੀ। ਕਿਸਾਨ ਆਗੂ ਨੇ ਕਿਹਾ ਕਿ ਜਥੇਬੰਦੀਆਂ ਹਰ-ਹੀਲੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਤੋਂ ਬਾਅਦ ਹੀ ਦਮ ਲੈਣਗੀਆਂ। ਉਨ੍ਹਾਂ ਸਾਰੇ ਵਰਗ ਦੇ ਲੋਕਾਂ ਨੂੰ ਅੰਦੋਲਨ ਦੀ ਮਜ਼ਬੂਤੀ ਲਈ ਪਰਿਵਾਰਾਂ ਸਮੇਤ ਦਿੱਲੀ ਮੋਰਚੇ ਵੱਲ ਵਹੀਰਾਂ ਘੱਤਣ ਦੀ ਅਪੀਲ ਕੀਤੀ।

RELATED ARTICLES
POPULAR POSTS