Breaking News
Home / ਪੰਜਾਬ / ਕਾਲੇ ਖੇਤੀ ਕਾਨੂੰਨਾਂ ਖਿਲਾਫ ਲੰਮੇ ਸੰਘਰਸ਼ ਦੇ ਰੌਂਅ ਵਿਚ ਕਿਸਾਨ

ਕਾਲੇ ਖੇਤੀ ਕਾਨੂੰਨਾਂ ਖਿਲਾਫ ਲੰਮੇ ਸੰਘਰਸ਼ ਦੇ ਰੌਂਅ ਵਿਚ ਕਿਸਾਨ

ਪੰਜਾਬ ‘ਚ 100 ਤੋਂ ਵੱਧ ਥਾਵਾਂ ‘ਤੇ ਕਿਸਾਨਾਂ ਵਲੋਂ ਧਰਨੇ ਲਗਾਤਾਰ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਚੱਲ ਰਹੇ ਸੰਘਰਸ਼ੀ ਅਖਾੜਿਆਂ ਤੋਂ ਕਿਸਾਨਾਂ ਨੇ ਸਰਕਾਰ ਵੱਲੋਂ ਸੰਘਰਸ਼ ਫੇਲ੍ਹ ਕਰਨ ਲਈ ਚੱਲੀਆਂ ਜਾ ਰਹੀਆਂ ਚਾਲਾਂ ਕਾਮਯਾਬ ਨਾ ਹੋਣ ਦੇਣ ਦਾ ਸੱਦਾ ਦਿੱਤਾ ਹੈ। ਪੰਜਾਬ ਭਰ ‘ਚ ਟੌਲ ਪਲਾਜ਼ਿਆਂ, ਰਿਲਾਇੰਸ ਪੰਪਾਂ, ਰੇਲਵੇ ਪਾਰਕਾਂ, ਭਾਜਪਾ ਆਗੂਆਂ ਦੇ ਘਰਾਂ ਅੱਗੇ ਲਗਪਗ ਸਵਾ ਸੌ ਤੋਂ ਵੱਧ ਥਾਵਾਂ ‘ਤੇ ਜਾਰੀ ਧਰਨਿਆਂ ਦੌਰਾਨ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ, ਬਿਜਲੀ ਸੋਧ ਬਿੱਲ 2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਾਈਆਂ ਜਾ ਰਹੀਆਂ ਪਾਬੰਦੀਆਂ ਦਾ ਡਟਵਾਂ ਵਿਰੋਧ ਕਰਨ ਲਈ ਲੰਮੇ ਸੰਘਰਸ਼ ਦੀ ਜ਼ਰੂਰਤ ਹੈ। ਮੋਦੀ ਸਰਕਾਰ ਜਾਂ ਕੈਪਟਨ ਹਕੂਮਤ ਵੱਲੋਂ ਤਾਲਾਬੰਦੀ ਬਹਾਨੇ ਅੰਦੋਲਨ ਖ਼ਤਮ ਕਰਨ ਦੀਆਂ ਚੱਲੀਆਂ ਜਾ ਰਹੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਨਾਗਰਿਕਤਾ ਸੋਧ ਕਾਨੂੰਨ ਖਿਲਾਫ ਸ਼ਾਹੀਨ ਬਾਗ ਵਿੱਚ ਲੱਗੇ ਧਰਨੇ ਨੂੰ ਖਤਮ ਕਰਨ ਲਈ ਵੀ ਤਾਲਾਬੰਦੀ ਦਾ ਹੀ ਬਹਾਨਾ ਵਰਤਿਆ ਗਿਆ ਸੀ ਪਰ ਕਿਸਾਨ ਇਹ ਸਾਜਿਸ਼ ਸਮਝ ਚੁੱਕੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਭੁੱਲ ਕੇ ਵੀ ਇਹ ਨਾ ਸੋਚੇ ਕਿ ਉਹ ਪੁਲਿਸ ਐਕਸ਼ਨ ਰਾਹੀਂ ਪਿਛਲੇ ਸੱਤ ਮਹੀਨਿਆਂ ਤੋਂ ਚੱਲ ਰਿਹਾ ਸੰਘਰਸ਼ ਖ਼ਤਮ ਕਰ ਸਕਦੀ ਹੈ। ਆਪਣਾ ਭਵਿੱਖ ਬਚਾਉਣ ਦੀ ਲੜਾਈ ਲੜ ਰਹੇ ਕਿਸਾਨ ਮੋਦੀ ਜਾਂ ਕੈਪਟਨ ਸਰਕਾਰ ਦੀਆਂ ਤਾਲਾਬੰਦੀ ਵਾਲੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ। ਉਨ੍ਹਾਂ ਕਿਹਾ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਹ ਸੰਘਰਸ਼ ਜਾਰੀ ਰੱਖਣਗੇ।
ਉਨ੍ਹਾਂ ਕਿਹਾ ਕਿ ਲੰਮਾ ਅਰਸਾ ਬੀਤ ਜਾਣ ‘ਤੇ ਵੀ ਨਾ ਤਾਂ ਧਰਨਾਕਾਰੀਆਂ ਦੇ ਹੌਂਸਲਿਆਂ ਵਿੱਚ ਕੋਈ ਘਾਟ ਆਈ ਹੈ ਅਤੇ ਨਾ ਹੀ ਉਨ੍ਹਾਂ ਦੀ ਗਿਣਤੀ ਵਿੱਚ।
ਖੇਤੀ ਕਾਨੂੰਨ ਰੱਦ ਕਰਵਾਉਣ ਲਈ ਨਾਅਰੇ ਉਸੇ ਰੋਹ ਨਾਲ ਗੂੰਜ ਰਹੇ ਹਨ। ਧਰਨਿਆਂ ਵਾਲੀਆਂ ਥਾਵਾਂ ‘ਤੇ ਕਿਸਾਨਾਂ ਨੇ ਕੂਲਰ ਆਦਿ ਲਾ ਕੇ ਸਪੱਸ਼ਟ ਕਰ ਦਿੱਤਾ ਹੈ ਕਿ ਸੰਘਰਸ਼ ਲੰਮਾ ਸਮਾਂ ਚੱਲੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰ ਦੇ ਨਾਂ ‘ਤੇ ਲਿਆਂਦੇ ਗਏ ਕਾਨੂੰਨ ਅਨਾਜ ਭੰਡਾਰ ਦੀ ਖੁੱਲ੍ਹ ਦਿੰਦੇ ਹਨ, ਜੋ ਛੋਟੀ ਕਿਸਾਨੀ ਜਾਂ ਮਜ਼ਦੂਰਾਂ ਦੇ ਵੱਸ ਦੀ ਗੱਲ ਨਹੀਂ। ਇਸ ਨਾਲ ਸਿੱਧੇ ਰੂਪ ਵਿੱਚ ਅਨਾਜ ਭੰਡਾਰਾਂ ‘ਤੇ ਮੁਨਾਫਾਖੋਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਹੋਵੇਗਾ। ਕਾਰਪੋਰੇਟ ਸਸਤੀਆਂ ਕੀਮਤਾਂ ‘ਤੇ ਖਰੀਦੇ ਅਨਾਜ ਨੂੰ ਦੁਗਣੀਆਂ ਕੀਮਤਾਂ ‘ਤੇ ਵੇਚਣਗੇ। ਇਨ੍ਹਾਂ ਹਾਲਾਤ ਵਿੱਚ ਮਜ਼ਦੂਰਾਂ ਲਈ ਖਾਣ ਯੋਗ ਅਨਾਜ ਪ੍ਰਾਪਤ ਕਰਨਾ ਵੀ ਵੱਡੀ ਗੱਲ ਹੋ ਜਾਵੇਗੀ।
ਕੈਪਟਨ ਸਰਕਾਰ ‘ਤੇ ਵਾਅਦਾ ਖਿਲਾਫੀ ਦਾ ਇਲਜ਼ਾਮ
ਕਿਸਾਨ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨੂੰ ਵਾਅਦਾ ਕੀਤਾ ਸੀ ਕਿ ਉਨ੍ਹਾਂ ਵੱਲੋਂ ਹਰ ਕਿਸਾਨ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ ਪਰ ਚਾਰ ਸਾਲ ਬੀਤਣ ਤੋਂ ਬਾਅਦ ਵੀ ਸਰਕਾਰ ਆਪਣੇ ਵਾਅਦੇ ਵਫ਼ਾ ਨਹੀਂ ਕਰ ਰਹੀ। ਕਈ ਕਿਸਾਨ ਕਰਜ਼ੇ ਦਾ ਬੋਝ ਨਾ ਸਹਿੰਦਿਆਂ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹਨ।

Check Also

ਸੁਖਪਾਲ ਖਹਿਰਾ ਨੇ ਦਲਬੀਰ ਗੋਲਡੀ ਦੇ ‘ਆਪ’ ’ਚ ਸ਼ਾਮਲ ਹੋਣ ਦਾ ਦੱਸਿਆ ਵੱਡਾ ਕਾਰਨ

ਕਿਹਾ : ਵਿਜੀਲੈਂਸ ਦੀ ਜਾਂਚ ਤੋਂ ਡਰਦਿਆਂ ਗੋਲਡੀ ਨੇ ਭਗਵੰਤ ਮਾਨ ਮੂਹਰੇ ਟੇਕੇ ਗੋਡੇ ਸੰਗਰੂਰ/ਬਿਊਰੋ …