Breaking News
Home / ਪੰਜਾਬ / ਖੇਤੀ ਕਾਨੂੰਨਾਂ ਖਿਲਾਫ ਪੰਜਾਬ ਦੇ ਕਿਸਾਨਾਂ ਦਾ ਜੋਸ਼ ਬਰਕਰਾਰ

ਖੇਤੀ ਕਾਨੂੰਨਾਂ ਖਿਲਾਫ ਪੰਜਾਬ ਦੇ ਕਿਸਾਨਾਂ ਦਾ ਜੋਸ਼ ਬਰਕਰਾਰ

ਵੱਡੀ ਗਿਣਤੀ ਕਿਸਾਨ ਦਿੱਲੀ ਮੋਰਚਿਆਂ ’ਚ ਪਹੁੰਚੇ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਜਦੋਂ ਦੇ ਵਿਵਾਦਤ ਖੇਤੀ ਕਾਨੂੰਨ ਲਿਆਂਦੇ ਹਨ, ਉਦੋਂ ਤੋਂ ਹੀ ਪੰਜਾਬ ਸਣੇ ਹੋਰ ਸੂਬਿਆਂ ਦੇ ਕਿਸਾਨਾਂ ਵਲੋਂ ਖੇਤੀ ਕਾਨੂੰਨ ਰੱਦ ਕਰਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਪੰਜਾਬ ਦੇ ਕਿਸਾਨਾਂ ਦਾ ਜੋਸ਼ ਏਨਾ ਬਰਕਰਾਰ ਹੈ ਕਿ ਉਨ੍ਹਾਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਪ੍ਰਣ ਹੀ ਕਰ ਲਿਆ। ਇਨ੍ਹਾਂ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਪੰਜਾਬ ’ਚ 100 ਤੋਂ ਵੱਧ ਥਾਵਾਂ ’ਤੇ ਰਿਲਾਇੰਸ ਦੇ ਪੈਟਰੋਲ ਪੰਪਾਂ, ਟੋਲ ਪਲਾਜ਼ਿਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਮੂਹਰੇ ਧਰਨੇ ਦਿੱਤੇ ਜਾ ਰਹੇ ਹਨ। ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨੀ ਮੋਰਚਿਆਂ ’ਚ ਇਕ ਵਾਰ ਫਿਰ ਵੱਡੀ ਗਿਣਤੀ ਵਿਚ ਕਿਸਾਨ ਪਹੁੰਚ ਚੁੱਕੇ ਹਨ ਅਤੇ ਪੰਜਾਬ ਤੇ ਹਰਿਆਣਾ ਸਣੇ ਹੋਰ ਰਾਜਾਂ ਵਿਚੋਂ ਵੀ ਕਿਸਾਨਾਂ ਦਾ ਪਹੁੰਚਣਾ ਲਗਾਤਾਰ ਜਾਰੀ ਹੈ। ਪੰਜਾਬ ਵਿਚੋਂ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਦਿੱਲੀ ਮੋਰਚਿਆਂ ’ਚ ਪਹੁੰਚਣ ਲਈ ਰਵਾਨਾ ਹੋ ਰਹੇ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਕਿਸਾਨਾਂ ਦੀ ਸਹੂਲਤ ਲਈ ਸਮਾਜ ਸੇਵੀ ਜਥੇਬੰਦੀਆਂ ਵਲੋਂ ਰਾਸ਼ਨ, ਫਰਿੱਜਾਂ, ਪੱਖੇ, ਕੂਲਰ ਤੇ ਹੋਰ ਲੋੜੀਂਦਾ ਸਮਾਨ ਵੀ ਪਹੁੰਚਾਇਆ ਜਾ ਰਿਹਾ ਹੈ। ਇਸੇ ਦੌਰਾਨ ਅੱਜ ਲਹਿਰਾਗਾਗਾ ’ਚ ਭਾਰਤੀ ਕਿਸਾਨ ਯੂੁਨੀਅਨ ਏਕਤਾ ਉਗਰਾਹਾਂ ਦੇ ਵਰਕਰਾਂ ਨੇ ਰਿਲਾਇੰਸ ਕੰਪਨੀ ਵਲੋਂ ਵਿਛਾਈ ਜਾ ਰਹੀ ਕੇਬਲ ਦਾ ਕੰਮ ਰੋਕ ਦਿੱਤਾ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਨਰਿੰਦਰ ਮੋਦੀ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਕੇ ਤਬਾਹ ਕਰ ਦੇਣਗੇ। ਕਿਸਾਨਾਂ ਦਾ ਕਹਿਣਾ ਸੀ ਕਿ ਉਹ ਕਾਰਪੋਰੇਟ ਘਰਾਣਿਆਂ ਦਾ ਵਿਰੋਧ ਕਰਦੇ ਰਹਿਣਗੇ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …