Breaking News
Home / Uncategorized / ਦਿੱਲੀ ਦੇ ਬਾਰਡਰਾਂ ‘ਤੇ ਅੰਦੋਲਨ ਨੂੰ ਹੋ ਜਾਣਗੇ 6 ਮਹੀਨੇ

ਦਿੱਲੀ ਦੇ ਬਾਰਡਰਾਂ ‘ਤੇ ਅੰਦੋਲਨ ਨੂੰ ਹੋ ਜਾਣਗੇ 6 ਮਹੀਨੇ

ਕਿਸਾਨ 26 ਮਈ ਨੂੰ ਮਨਾਉਣਗੇ ਕਾਲਾ ਦਿਵਸ
ਦਿੱਲੀ ਮੋਰਚਿਆਂ ਵਿਚ ਵੱਡੀ ਗਿਣਤੀ ‘ਚ ਪਹੁੰਚੇ ਕਿਸਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ‘ਚ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ‘ਚ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਵੀ ਮੋਰਚੇ ਲਗਾਏ ਹੋਏ ਹਨ। ਇਨ੍ਹਾਂ ਮੋਰਚਿਆਂ ਨੂੰ 26 ਮਈ ਨੂੰ ਛੇ ਮਹੀਨੇ ਹੋ ਜਾਣੇ ਹਨ ਅਤੇ ਕਿਸਾਨ 26 ਮਈ ਦੇ ਦਿਨ ਨੂੰ ਹੁਣ ਕਾਲੇ ਦਿਨ ਵਜੋਂ ਮਨਾਉਣਗੇ। ਇਸ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਪੰਜਾਬ ਵਿੱਚ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਚੱਲ ਰਹੇ 32 ਕਿਸਾਨ ਜਥੇਬੰਦੀਆਂ ਦੇ ਪੱਕੇ ਧਰਨੇ ਲਗਾਤਾਰ ਜਾਰੀ ਹਨ। ਧਰਨਿਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨ ਕਿਸਾਨੀ ਦੇ ਖਾਤਮੇ ਦਾ ਵਾਰੰਟ ਸਾਬਤ ਹੋਣਗੇ। ਪਹਿਲੇ ਕਾਨੂੰਨ ਜ਼ਰੂਰੀ ਵਸਤਾਂ ਸੋਧ ਐਕਟ-2020 ਰਾਹੀਂ ਜ਼ਖੀਰੇਬਾਜ਼ੀ ਵਧੇਗੀ ਅਤੇ ਉਪਭੋਗੀਆਂ ਨੂੰ ਚੀਜ਼ਾਂ ਮਹਿੰਗੀਆਂ ਮਿਲਣਗੀਆਂ। ਕਿਸਾਨ ਆਗੂਆਂ ਨੇ ਕਿਹਾ ਕਿ ਦੂਸਰਾ ਐਕਟ ਕੀਮਤ ਗਾਰੰਟੀ ਅਤੇ ਖੇਤੀ ਸੇਵਾਵਾਂ ਸਬੰਧੀ ਕਿਸਾਨ (ਸਸ਼ਕਤੀਕਰਨ ਅਤੇ ਸੁਰੱਖਿਆ) ਐਕਟ-2020 ਕੰਟਰੈਕਟ ਖੇਤੀ ਅਤੇ ਵਾਅਦਾ ਵਪਾਰ ਨੂੰ ਹੁਲਾਰਾ ਦੇਣ ਲਈ ਹੈ। ਤੀਸਰੇ ਐਕਟ ਅਨੁਸਾਰ ਕਿਸਾਨੀ ਉਪਜ ਵਪਾਰ ਅਤੇ ਵਣਜ (ਪ੍ਰੋਤਸਾਹਨ ਅਤੇ ਸਹਾਇਕ) ਐਕਟ-2020 ਰਾਹੀਂ ਖੇਤੀ ਉਤਪਾਦ ਮੰਡੀ ਕਮੇਟੀ (ਏਪੀਐੱਮਸੀ) ਐਕਟ ਦੇ ਟੁੱਟਣ ਨਾਲ ਰੈਗੂਲੇਟਿਡ ਮੰਡੀਆਂ ਦਾ ਖਾਤਮਾ ਅਤੇ ਮੰਡੀ ਬੋਰਡ ਨੂੰ ਹੋਣ ਵਾਲੀ ਆਮਦਨ ਬੰਦ ਹੋ ਜਾਵੇਗੀ। ਇਸ ਨਾਲ ਸਰਕਾਰੀ ਆਮਦਨ ਘਟਣ ਕਰਕੇ ਪਿੰਡਾਂ ਨੂੰ ਸ਼ਹਿਰੀ ਮੰਡੀਆਂ ਨਾਲ ਜੋੜਦਾ ਸੜਕੀ ਜਾਲ ਅਤੇ ਹੋਰ ਵਿਕਾਸ ਕਾਰਜ ਪ੍ਰਭਾਵਿਤ ਹੋਣਗੇ ਅਤੇ ਸਮੁੱਚੇ ਪੇਂਡੂ ਵਿਕਾਸ ‘ਤੇ ਗਹਿਰੀ ਸੱਟ ਵੱਜੇਗੀ।
ਆਗੂਆਂ ਨੇ ਕਿਹਾ ਕਿ ਅਹਿਮ ਲੋੜ ਹੈ ਕਿ ਇਨ੍ਹਾਂ ਐਕਟਾਂ ਦੇ ਦੂਰਗਾਮੀ ਪ੍ਰਭਾਵਾਂ ‘ਤੇ ਵਿਚਾਰ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇ ਤਾਂ ਕਿ ਖੇਤੀ ਨੂੰ ਪੂੰਜੀਪਤੀਆਂ ਦੇ ਚੁੰਗਲ ਵਿੱਚ ਜਾਣ ਤੋਂ ਬਚਾਇਆ ਜਾ ਸਕੇ। ਦਿੱਲੀ ਕਿਸਾਨ ਅੰਦੋਲਨ ਦੇ ਛੇ ਮਹੀਨੇ ਪੂਰੇ ਹੋਣ ‘ਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ 26 ਮਈ ਨੂੰ ਕਾਲੇ ਦਿਨ ਵਜੋਂ ਮਨਾਉਣ ਲਈ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਪੰਜਾਬ ਤੋਂ ਦਿੱਲੀ ਦੀਆਂ ਸਿੰਘੂ ਅਤੇ ਟਿਕਰੀ ਹੱਦਾਂ ਲਈ ਕਿਸਾਨਾਂ ਦੇ ਕਾਫ਼ਲੇ ਲਗਾਤਾਰ ਕੂਚ ਕਰ ਰਹੇ ਹਨ।
ਮੋਦੀ ਸਰਕਾਰ ਕਿਸਾਨੀ ਨੂੰ ਤਬਾਹ ਕਰਨ ‘ਤੇ ਤੁਲੀ: ਰਾਜੇਵਾਲ
ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕੇਂਦਰ ਸਰਕਾਰ ਵੱਲੋਂ ਖਾਦਾਂ ਅਤੇ ਡੀਜ਼ਲ ਤੇਲ ਦੀਆਂ ਕੀਮਤਾਂ ‘ਚ ਕੀਤੇ ਅਥਾਹ ਵਾਧੇ ਨੂੰ ਕਿਸਾਨੀ ਲਈ ਮਾਰੂ ਅਤੇ ਤਬਾਹਕੁਨ ਕਰਾਰ ਦਿੱਤਾ ਹੈ। ਰਾਜੇਵਾਲ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨੀ ਨੂੰ ਬਰਬਾਦ ਕਰਨ ਦੇ ਰਾਹ ਪਈ ਹੋਈ ਹੈ। ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਦੀ ਦਿਲ ਦਾ ਦੌਰਾ ਜਾਂ ਹੋਰਨਾਂ ਕੁਦਰਤੀ ਕਾਰਨਾਂ ਕਰਕੇ ਮੌਤ ਹੋ ਰਹੀ ਹੈ, ਉਨ੍ਹਾਂ ਨੂੰ ਵੀ ਕਰੋਨਾ ਪੀੜਤ ਦਰਸਾਇਆ ਜਾ ਰਿਹਾ ਹੈ ਤਾਂ ਜੋ ਇਹ ਸਾਬਤ ਕੀਤਾ ਜਾਵੇ ਕਿ ਕਿਸਾਨੀ ਮੋਰਚੇ ਵਿੱਚ ਕਰੋਨਾ ਫੈਲ ਚੁੱਕਾ ਹੈ।

Check Also

ਬ੍ਰਿਟਿਸ਼ ਕੋਲੰਬੀਆ ਦੀਆਂ ਚੋਣਾਂ ਵਿਚ 37 ਪੰਜਾਬੀ ਅਜ਼ਮਾ ਰਹੇ ਹਨ ਆਪਣੀ ਕਿਸਮਤ

19 ਅਕਤੂਬਰ ਨੂੰ ਵੋਟਾਂ-323 ਉਮੀਦਵਾਰ ਚੋਣ ਮੈਦਾਨ ‘ਚ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡੀਅਨ ਸੂਬੇ ਬ੍ਰਿਟਿਸ਼ ਕੋਲੰਬੀਆ …