Breaking News
Home / Special Story / ਪੰਜਾਬ ਦੇ ਸੰਘਰਸ਼ੀ ਅਖਾੜਿਆਂ ਤੋਂ ਕਿਸਾਨਾਂ ਨੇ ਭਾਜਪਾ ਖਿਲਾਫ ਇਕਜੁੱਟ ਹੋਣ ਦਾ ਦਿੱਤਾ ਸੱਦਾ

ਪੰਜਾਬ ਦੇ ਸੰਘਰਸ਼ੀ ਅਖਾੜਿਆਂ ਤੋਂ ਕਿਸਾਨਾਂ ਨੇ ਭਾਜਪਾ ਖਿਲਾਫ ਇਕਜੁੱਟ ਹੋਣ ਦਾ ਦਿੱਤਾ ਸੱਦਾ

ਖੇਤੀ ਕਾਨੂੰਨਾਂ ਖਿਲਾਫ ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਧਰਨੇ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਚੱਲ ਰਹੇ ਸੰਘਰਸ਼ੀ ਅਖਾੜਿਆਂ ਤੋਂ ਕਿਸਾਨਾਂ ਨੇ ਸੱਦਾ ਦਿੱਤਾ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਜ਼ਾਲਮਾਨਾ ਰਵੱਈਏ ਖਿਲਾਫ ਕਿਸਾਨਾਂ ਅਤੇ ਮਜ਼ਦੂਰਾਂ ਸਮੇਤ ਹੋਰ ਵਰਗ ਵੀ ਇੱਕ ਮੰਚ ‘ਤੇ ਇਕੱਤਰ ਹੋਣ। ਉਨ੍ਹਾਂ ਭਾਜਪਾ ਤੇ ਪੂੰਜੀਪਤੀ ਘਰਾਣਿਆਂ ਖਿਲਾਫ ਤਿੱਖੀ ਲੜਾਈ ਦਾ ਸੱਦਾ ਦਿੱਤਾ। ਪੰਜਾਬ ਭਰ ਵਿੱਚ ਸਵਾ ਸੌ ਤੋਂ ਵੱਧ ਥਾਵਾਂ, ਟੌਲ ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਅਤੇ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅੱਗੇ ਜਾਰੀ ਧਰਨਿਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੂੰਜੀਪਤੀ ਘਰਾਣਿਆਂ ਦੇ ਹਿਤਾਂ ਦੀ ਪੂਰਤੀ ਲਈ ਲਿਆਂਦੇ ਤਿੰਨ ਖੇਤੀ ਕਾਨੂੰਨਾਂ, ਬਿਜਲੀ ਸੋਧ ਬਿੱਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਬੁਲਾਰਿਆਂ ਨੇ ਹਰਿਆਣਾ ਵਿੱਚ ਐਤਵਾਰ ਨੂੰ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਕਿਹਾ ਕਿ ਭਾਜਪਾ ਦੇ ਤਾਨਾਸ਼ਾਹੀ ਰਵੱਈਏ ਖਿਲਾਫ ਸਾਰੇ ਵਰਗਾਂ ਨੂੰ ਇਕੱਠੇ ਹੋ ਕੇ ਹੰਭਲਾ ਮਾਰਨਾ ਪਵੇਗਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੱਛਮੀ ਬੰਗਾਲ ਦੀ ਜਨਤਾ ਨੇ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨੂੰ ਸਬਕ ਸਿਖਾਇਆ ਹੈ, ਉਸੇ ਤਰ੍ਹਾਂ ਦੇਸ਼ ਦੇ ਲੋਕਾਂ ਨੂੰ ਭਾਜਪਾ ਖਿਲਾਫ ਇੱਕਜੁਟ ਹੋਣਾ ਪਵੇਗਾ। ਕਿਸਾਨ ਬੁਲਾਰਿਆਂ ਨੇ ਕਿਹਾ ਕਿ ਲੋਕਾਂ ਦਾ ਏਕਤਾ ਤੇ ਸੰਘਰਸ਼ ਹੀ ਭਾਜਪਾ ਨੂੰ ਕਾਰਪੋਰੇਟ ਦੀ ਸੇਵਾ ਦੀ ਥਾਂ ਲੋਕ ਪੱਖੀ ਫ਼ੈਸਲੇ ਲੈਣ ਲਈ ਮਜਬੂਰ ਕਰੇਗਾ।
ਸਿੰਘੂ ਮੋਰਚੇ ‘ਤੇ ਪੰਜਾਬ ਦੇ ਕਿਸਾਨਾਂ ਨੇ ਵਸਾਏ ਆਰਜ਼ੀ ਪਿੰਡ
ਕਿਸਾਨ ਕਹਿੰਦੇ – ਇਸ ਤਰ੍ਹਾਂ ਬੇਗਾਨਗੀ ਮਹਿਸੂਸ ਨਹੀਂ ਹੁੰਦੀ
ਨਵੀਂ ਦਿੱਲੀ : ਦਿੱਲੀ ਦੀਆਂ ਹੱਦਾਂ ‘ਤੇ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਸੰਘਰਸ਼ ਦੌਰਾਨ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੇ ਪ੍ਰਤੀਕ ਵਜੋਂ ਆਰਜ਼ੀ ਪਿੰਡ ਵੀ ਵਸਾ ਲਏ ਹਨ। ਪਹਿਲਾਂ ਇਹ ਵਰਤਾਰਾ ਟਿਕਰੀ ‘ਚ ਸ਼ੁਰੂ ਹੋਇਆ ਸੀ ਤੇ ਫਿਰ ਸਿੰਘੂ ਤੇ ਗਾਜ਼ੀਪੁਰ ਦੇ ਮੋਰਚਿਆਂ ਦੇ ਕਿਸਾਨਾਂ ਨੇ ਵੀ ਆਪਣੇ ਮੋਰਚਿਆਂ ਉੱਪਰ ਪਛਾਣ ਕਾਇਮ ਕਰਨ ਲਈ ਪਿੰਡਾਂ ਦੇ ਨਾਂ ‘ਤੇ ਆਰਜ਼ੀ ਟਿਕਾਣੇ ਬਣਾ ਲਏ ਹਨ। ਸਿੰਘੂ ਬਾਰਡਰ ‘ਤੇ ਕਰੀਬ 100 ਪਿੰਡਾਂ ਵਾਲਿਆਂ ਨੇ ਆਪਣੀਆਂ ਬਾਂਸਾਂ ਦੀਆਂ ਝੌਂਪੜੀਆਂ ਨੂੰ ਆਪਣੇ ਪਿੰਡਾਂ ਦੇ ਨਾਂ ਦੇ ਦਿੱਤੇ ਹਨ। ਕੌਮੀ ਸ਼ਾਹ ਰਾਹ ਨੰਬਰ-1 ਉਪਰ 7 ਕਿਲੋਮੀਟਰ ਤੋਂ ਵੱਧ ਫੈਲੇ ਸਿੰਘੂ ਮੋਰਚੇ ਉੱਪਰ ਕਿਸਾਨਾਂ ਨੇ ‘0’ ਕਿਲੋਮੀਟਰ ਦੇ ਮੀਲ-ਪੱਥਰ ਬਣਾ ਕੇ ਆਪਣੇ ਟਿਕਾਣਿਆਂ ਦੀ ਨਿਸ਼ਾਨਦੇਹੀ ਕੀਤੀ ਹੋਈ ਹੈ। ਥਾਂ-ਥਾਂ ਇਹ ਸਿਫ਼ਰ ਵਾਲੇ ਫੱਟੇ ਦੇਖੇ ਜਾ ਸਕਦੇ ਹਨ। ਦੁਆਬੇ ਦੇ ਕਿਸਾਨਾਂ ਨੇ ਤਾਂ ਸ਼ਾਦੀਪੁਰ, ਪਾਸਲਾ, ਗੁਰਾਇਆ, ਨਵਾਂ ਪਿੰਡ ਨਾਇਰਾ ਦੇ ਬੋਰਡ ਵੱਡੀ ਝੌਂਪੜੀ ਉੱਪਰ ਲਾ ਕੇ ਆਪਣੇ ਇਲਾਕੇ ਦੀ ਹੀ ਸਿੰਘੂ ‘ਤੇ ਧਾਂਕ ਜਮਾ ਦਿੱਤੀ ਹੈ। ਕਈ ਕਿਸਾਨਾਂ ਨੇ ਕਿਹਾ ਕਿ ਇਸ ਤਰ੍ਹਾਂ ਉਹ ਬੇਗਾਨਗੀ ਮਹਿਸੂਸ ਨਹੀਂ ਕਰਦੇ ਤੇ ਇਹ ਵੀ ਪਤਾ ਲੱਗ ਜਾਂਦਾ ਹੈ ਕਿ ਕਿਸ ਇਲਾਕੇ ਦੇ ਕਿਸਾਨ ਇੱਥੇ ਟਿਕੇ ਹੋਏ ਹਨ।
ਕਿਸਾਨਾਂ ਨੇ ਮੱਧ ਪ੍ਰਦੇਸ਼ ‘ਚ ਨਰਿੰਦਰ ਤੋਮਰ ਦਾ ਕਾਫ਼ਲਾ ਘੇਰਿਆ
ਕਾਲੇ ਖੇਤੀ ਕਾਨੂੰਨ ਰੱਦ ਕਰਨ ਦੀ ਕੀਤੀ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼ : ਮੱਧ ਪ੍ਰਦੇਸ਼ ਦੇ ਸ਼ਿਓਪੁਰ ‘ਚ ਕਿਸਾਨਾਂ ਨੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੇ ਮੁੱਦੇ ‘ਤੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਕਾਫ਼ਲਾ ਘੇਰ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਉਹ ਜ਼ਿਲ੍ਹਾ ਹਸਪਤਾਲ ਜਾ ਰਹੇ ਸਨ ਜਦੋਂ ਦਰਜਨਾਂ ਕਿਸਾਨਾਂ ਨੇ ਉਨ੍ਹਾਂ ਦਾ ਵਾਹਨ ਰੋਕ ਲਿਆ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਤੋਮਰ ਨੇ ਕਾਰ ‘ਚ ਬੈਠਿਆਂ ਹੀ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਮਗਰੋਂ ਮੌਕੇ ‘ਤੇ ਪਹੁੰਚੀ ਪੁਲਿਸ ਨੇ ਕਿਸਾਨਾਂ ਨੂੰ ਹਟਾਇਆ ਤੇ ਖੇਤੀ ਮੰਤਰੀ ਦਾ ਕਾਫਲਾ ਅੱਗੇ ਰਵਾਨਾ ਕੀਤਾ। ਮੁਜ਼ਾਹਰਾਕਾਰੀਆਂ ‘ਚੋਂ ਇੱਕ ਅਨਿਲ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਖੇਤੀ ਮੰਤਰੀ ਨਾਲ ਮੀਟਿੰਗ ਕਰਵਾਈ ਜਾਵੇ ਪਰ ਪ੍ਰਸ਼ਾਸਨ ਨੇ ਇਨਕਾਰ ਕਰ ਦਿੱਤਾ। ਇਸ ਮਗਰੋਂ ਖੇਤੀਬਾੜੀ ਮੰਤਰੀ ਤੋਮਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਤੱਕ ਕਿਸਾਨ ਜਥੇਬੰਦੀਆਂ ਨਾਲ 11 ਗੇੜ ਦੀ ਗੱਲਬਾਤ ਹੋ ਚੁੱਕੀ ਹੈ ਪਰ ਉਨ੍ਹਾਂ ‘ਚੋਂ ਕੁਝ, ਜੋ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਕਿਸਾਨਾਂ ਦੇ ਹਿੱਤਾਂ ਨੂੰ ਸਵੀਕਾਰ ਨਹੀਂ ਕਰ ਰਹੇ ਅਤੇ ਅਜਿਹੇ ਰਵੱਈਏ ਦਾ ਸਾਡੇ ਕੋਲ ਕੋਈ ਹੱਲ ਨਹੀਂ ਹੈ। ਜ਼ਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਦਾਅਵਾ ਕਰ ਰਹੀਆਂ ਹਨ ਕਿ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਰਾਹੀਂ ਕਾਰਪੋਰੇਟ ਘਰਾਣਿਆਂ ਤੇ ਪ੍ਰਾਈਵੇਟ ਕੰਪਨੀਆਂ ਨੂੰ ਲਾਹਾ ਪਹੁੰਚਾਉਣਾ ਚਾਹੁੰਦੀ ਹੈ।
ਗਾਜ਼ੀਪੁਰ ਬਾਰਡਰ ‘ਤੇ ਬਜ਼ੁਰਗ ਕਿਸਾਨਾਂ ਦਾ ਜਨਮ ਦਿਨ ਮਨਾਇਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਗਾਜ਼ੀਪੁਰ ਬਾਰਡਰ ਉਪਰ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਧਰਨੇ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਹਾਜ਼ਰੀ ਵਿੱਚ ਧਰਨੇ ਵਿੱਚ ਸ਼ਾਮਲ 81 ਸਾਲਾਂ ਦੇ ਸ਼ਿਵਰਾਜ ਸਿੰਘ ਅਤੇ 82 ਸਾਲਾਂ ਦੇ ਬਾਗਪਤ ਦੇ ਧਰਮਵੀਰ ਸਿੰਘ ਦਾ ਜਨਮ ਦਿਨ ਮਨਾਇਆ ਗਿਆ।
ਮੰਨਿਆ ਜਾ ਰਿਹਾ ਹੈ ਕਿ ਉਹ ਇਸ ਮੋਰਚੇ ਦੇ ਸਭ ਤੋਂ ਬਜ਼ੁਰਗ ਅੰਦੋਲਨਕਾਰੀ ਹਨ ਤੇ ਬੁਲੰਦ ਹੌਸਲੇ ਨਾਲ ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ ਡਟੇ ਹੋਏ ਹਨ। ਟਿਕੈਤ ਨੇ ਉਨ੍ਹਾਂ ਨਾਲ ਜਨਮ ਦਿਨ ਦਾ ਕੇਕ ਕੱਟਿਆ ਅਤੇ ਲੰਬੀ ਉਮਰ, ਸਿਹਤਮੰਦ ਜੀਵਨ ਜਿਊਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਦੋਵੇਂ ਬਜ਼ੁਰਗ ਕਿਸਾਨਾਂ ਦੀ ਭਾਵਨਾ ਤੇ ਅੰਦੋਲਨ ਪ੍ਰਤੀ ਵਚਨਵੱਧਤਾ ਦੇਖਦੇ ਹੋਏ ਨੌਜਵਾਨ ਕਿਸਾਨਾਂ ਵਿੱਚ ਨਵੀਂ ਊਰਜਾ ਦਾ ਸੰਚਾਰ ਹੁੰਦਾ ਹੈ। ਉਨ੍ਹਾਂ ਅਜਿਹੇ ਸਮਰਪਿਤ ਲੋਕਾਂ ਤੋਂ ਪ੍ਰੇਰਣਾ ਲੈਣ ਲਈ ਕਿਹਾ। ਇਸ ਦੌਰਾਨ ਦੋਵੇਂ ਕਿਸਾਨਾਂ ਨੂੰ ਸਿਰੋਪੇ ਦੇ ਕੇ ਸਨਮਾਨਿਆ ਵੀ ਗਿਆ।
ਸਰਕਾਰਾਂ ਦੀਆਂ ਨਲਾਇਕੀਆਂ ਕਰਕੇ ਕਿਸਾਨ ਹੋਏ ਕਰਜ਼ਈ
ਹਰਿਆਣਾ ਦੇ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੀ ਕੀਤੀ ਗਈ ਨਿਖੇਧੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸੂਬੇ ਵਿੱਚ ਪੈਟਰੋਲ ਪੰਪ, ਕਾਰਪੋਰੇਟ ਘਰਾਣਿਆਂ, ਰੇਲਵੇ ਪਾਰਕਾਂ, ਭਾਜਪਾ ਆਗੂਆਂ ਦੇ ਘਰਾਂ/ਦਫ਼ਤਰਾਂ ਸਣੇ 125 ਥਾਵਾਂ ‘ਤੇ ਚੱਲ ਰਹੇ ਕਿਸਾਨ ਧਰਨਿਆਂ ਵਿੱਚ ਕਿਸਾਨਾਂ ਨੇ ਲੋਕ ਕਵੀ ਮਹਿੰਦਰ ਸਾਥੀ ਨੂੰ ਸ਼ਰਧਾਂਜਲੀਆਂ ਦਿੱਤੀਆਂ। ਕਿਸਾਨ ਆਗੂਆਂ ਨੇ ਕਿਹਾ ਕਿ ਕਿਰਤੀਆਂ ਲਈ ਸੁਨਹਿਰੀ ਸਵੇਰ ਦਾ ਸੁਪਨਾ ਸੰਜੋਈ ਚੱਲਦੀ ਰਹੀ ਮਾਣ-ਮੱਤੀ ਕਲਮ ਚਾਹੇ ਥੰਮ ਗਈ ਹੈ ਪਰ ਉਸ ਵੱਲੋਂ ਮਸ਼ਾਲਾਂ ਬਾਲਣ ਦਾ ਹੋਕਾ ਦੇਣ ਦੀ ਰਵਾਇਤ ਜਿਊਂਦੀ ਰਹੇਗੀ।
ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜਗਮੋਹਨ ਸਿੰਘ ਪਟਿਆਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਾਰ-ਵਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਦਾਅਵੇ ਕਰ ਰਹੇ ਹਨ ਪਰ ਇਹ ਮਹਿਜ ‘ਜੁਮਲਾ’ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਨਲਾਇਕੀਆਂ ਕਰਕੇ ਅੱਜ ਕਿਸਾਨ ਕਰਜ਼ਈ ਹੁੰਦਾ ਜਾ ਰਿਹਾ ਹੈ, ਜਿਸ ਕਾਰਨ ਹਰ ਰੋਜ਼ ਕਿਸਾਨ ਖ਼ੁਦਕੁਸ਼ੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨੀ ਨਾਲ ਸਬੰਧਤ ਸਮੂਹ ਕਰਜ਼ੇ ਮੁਆਫ਼ ਕਰਕੇ ਕਿਸਾਨਾਂ ਦੀ ਹਮਾਇਤ ਵਿੱਚ ਪਾਲਸੀ ਤਿਆਰ ਕਰਨੀ ਚਾਹੀਦੀ ਹੈ ਪਰ ਕੇਂਦਰ ਸਰਕਾਰ ਪੂੰਜੀਪਤੀਆਂ ਦਾ ਪੱਖ ਪੂਰਨ ਲੱਗੀ ਹੋਈ ਹੈ। ਕਿਸਾਨ ਆਗੂ ਨੇ ਹਰਿਆਣਾ ਦੇ ਹਿਸਾਰ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵਿਰੋਧ ਕਰਨ ਗਏ ਕਿਸਾਨਾਂ ‘ਤੇ ਪੁਲਿਸ ਵੱਲੋਂ ਲਾਠੀਚਾਰਜ ਕਰਕੇ ਅੱਥਰੂ ਗੈਸ ਦੇ ਗੋਲੇ ਛੱਡਣ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਅਨੁਸਾਰ ਹਰ ਕਿਸੇ ਨੂੰ ਵਿਰੋਧ ਕਰਨ ਦਾ ਅਧਿਕਾਰ ਹੈ ਅਤੇ ਭਾਜਪਾ ਡਾਂਗ ਦੇ ਜ਼ੋਰ ‘ਤੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਉਹ ਕਿਸਾਨਾਂ ਨੂੰ ਆਵਾਜ਼ ਨੂੰ ਦਬਾ ਨਹੀਂ ਸਕਦੀ ਹੈ।
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਸੁਖਦੇਵ ਸਿੰਘ ਕੋਕਰੀਕਲਾਂ ਨੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਦੀਆਂ ਬਰੂਹਾਂ ‘ਤੇ ਸੰਘਰਸ਼ ਕਰਦੇ ਨੂੰ 6 ਮਹੀਨੇ ਪੂਰੇ ਹੋਣ ਵਾਲੇ ਹਨ। ਇਸ ਦੌਰਾਨ 400 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਨਣ ਲਈ ਤਿਆਰ ਨਹੀਂ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਤਿੰਨੇ ਖੇਤੀ ਕਾਨੂੰਨ ਰੱਦ ਕਰਵਾਉਣ ਅਤੇ ਫ਼ਸਲਾਂ ਨੂੰ ਐੱਮਐੱਸਪੀ ‘ਤੇ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਉਣ ਦੀ ਮੰਗ ਕਰ ਰਿਹਾ ਹੈ, ਜਿਸ ਤੋਂ ਬਿਨਾਂ ਵਾਪਸ ਮੁੜਨ ਵਾਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਭਾਜਪਾ ਦੀ ਲੋਕ ਵਿਰੋਧੀ ਗਤੀਵੀਧੀਆਂ ਦਾ ਕਿਸਾਨਾਂ ਵੱਲੋਂ ਮੋੜਵਾਂ ਜਵਾਬ ਦਿੱਤਾ ਜਾਵੇਗਾ।
ਮਨਹੋਰ ਲਾਲ ਖੱਟਰ ਦਾ ਵਿਰੋਧ ਕਰਦੇ ਕਿਸਾਨਾਂ ‘ਤੇ ਲਾਠੀਚਾਰਜ
200 ਤੋਂ ਵੱਧ ਕਿਸਾਨ ਗ੍ਰਿਫ਼ਤਾਰ

ਚੰਡੀਗੜ੍ਹ/ਬਿਊਰੋ ਨਿਊਜ਼ : ਹਿਸਾਰ ਦੇ ਓਪੀ ਜਿੰਦਲ ਸਕੂਲ ਵਿੱਚ ਬਣਾਏ ਗਏ ਕਰੋਨਾ ਹਸਪਤਾਲ ਦਾ ਉਦਘਾਟਨ ਕਰਨ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਕਿਸਾਨਾਂ ਨੇ ਐਤਵਾਰ ਨੂੰ ਵਿਰੋਧ ਕੀਤਾ। ਇਸ ਦੌਰਾਨ ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ। ਕਿਸਾਨਾਂ ਅਤੇ ਪੁਲਿਸ ਵਿਚਕਾਰ ਹੋਈ ਝੜਪ ਦੌਰਾਨ 50 ਕਿਸਾਨ ਅਤੇ 20 ਦੇ ਕਰੀਬ ਪੁਲਿਸ ਮੁਲਾਜ਼ਮ ਫੱਟੜ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਧਰ, ਪੁਲਿਸ ਨੇ 200 ਦੇ ਕਰੀਬ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਤੇ ਪੁਲਿਸ ਦੀ ਕਾਰਵਾਈ ਤੋਂ ਨਾਰਾਜ਼ ਕਿਸਾਨਾਂ ਨੇ ਸ਼ਾਮ 5 ਤੋਂ 7 ਵਜੇ ਤੱਕ ਸੂਬੇ ਦੇ ਸਾਰੇ ਕੌਮੀ ਮਾਰਗ ਜਾਮ ਕਰ ਦਿੱਤੇ। ਮੁੱਖ ਮੰਤਰੀ ਮਨੋਹਰ ਲਾਲ ਖੱਟਰ 12 ਵਜੇ ਦੇ ਕਰੀਬ ਹਿਸਾਰ ਦੇ ਓਪੀ ਜਿੰਦਲ ਸਕੂਲ ਵਿੱਚ ਕਰੋਨਾ ਮਰੀਜ਼ਾਂ ਲਈ 500 ਬੈੱਡਾਂ ਦੇ ਆਰਜ਼ੀ ਹਸਪਤਾਲ ਦਾ ਉਦਘਾਟਨ ਕਰਨ ਹੈਲੀਕਾਪਟਰ ਰਾਹੀਂ ਪੁੱਜੇ। ਪਹਿਲਾਂ ਤੈਅ ਪ੍ਰੋਗਰਾਮ ਅਨੁਸਾਰ ਕਿਸਾਨਾਂ ਨੇ ਮੁੱਖ ਮੰਤਰੀ ਦੇ ਵਿਰੋਧ ਲਈ ਹਸਪਤਾਲ ਵੱਲ ਚਾਲੇ ਪਾ ਦਿੱਤੇ, ਜਿਨ੍ਹਾਂ ਨੂੰ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨਾਂ ਨੇ ਪੁਲਿਸ ਵੱਲੋਂ ਲਾਏ ਬੈਰੀਕੇਡ ਪੁੱਟ ਦਿੱਤੇ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਕਾਰ ਸਥਿਤੀ ਟਕਰਾਅ ਵਾਲੀ ਬਣ ਗਈ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਲਾਠੀਚਾਰਜ ਕੀਤਾ ਤੇ ਅੱਥਰੂ ਗੈਸ ਦੇ ਗੋਲੇ ਛੱਡੇ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਸੂਬੇ ਵਿੱਚ ਗੱਠਜੋੜ ਸਰਕਾਰ ਦੇ ਆਗੂਆਂ ਦਾ ਵਿਰੋਧ ਜਾਰੀ ਰਹੇਗਾ। ਦੇਸ਼ ਦਾ ਅੰਨਦਾਤਾ ਪੁਲਿਸ ਦੀਆਂ ਲਾਠੀਆਂ ਤੋਂ ਡਰਨ ਵਾਲਾ ਨਹੀਂ ਹੈ।
ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ, ਜੋਗਿੰਦਰ ਸਿੰਘ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਪੁਲੀਸ ਦੀ ਇਸ ਕਾਰਵਾਈ ਦੀ ਨਿਖੇਧੀ ਕੀਤੀ।
ਕਿਸਾਨ ਖੁਦਕੁਸ਼ੀਆਂ ਆਜ਼ਾਦ ਭਾਰਤ ਦੇ ਮੱਥੇ ‘ਤੇ ਇਕ ਕਲੰਕ
ਪੰਜਾਬ ‘ਚ ਕਿਸਾਨੀ ਧਰਨਿਆਂ ਦੌਰਾਨ ਸ਼ਹੀਦ ਕਿਸਾਨਾਂ ਨੂੰ ਦਿੱਤੀਆਂ ਸ਼ਰਧਾਂਜਲੀਆਂ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਜਾਰੀ ਧਰਨਿਆਂ ਦੌਰਾਨ ਵੱਖ-ਵੱਖ ਥਾਵਾਂ ‘ਤੇ ਸ਼ਹੀਦ ਮੇਜਰ ਖ਼ਾਨ ਸਮੇਤ ਹੋਰ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਮੇਜਰ ਖ਼ਾਨ ਕਿਸਾਨੀ ਸੰਘਰਸ਼ ਵਿੱਚ ਪਹਿਲੇ ਦਿਨ 26 ਨਵੰਬਰ ਤੋਂ ਹੀ ਡਟਿਆ ਹੋਇਆ ਸੀ। ਜ਼ਮੀਨ ਨਾ ਹੋਣ ਦੇ ਬਾਵਜੂਦ ਉਹ ਸੰਘਰਸ਼ ਦੇ ਵਡੇਰੇ ਅਰਥ ਸਮਝਦਾ ਸੀ। ਆਗੂਆਂ ਨੇ ਕਿਹਾ ਕਿ ਮੋਰਚੇ ਦੌਰਾਨ ਚਾਰ ਸੌ ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਕੇਂਦਰ ਸਰਕਾਰ ਨੇ ਅੰਦੋਲਨ ਪ੍ਰਤੀ ਬੇਰੁਖੀ ਧਾਰੀ ਹੋਈ ਹੈ, ਜੋ ਸਾਬਤ ਕਰਦੀ ਹੈ ਕਿ ਮੁਲਕ ਅੰਦਰ ਲੋਕਤੰਤਰੀ ਆਵਾਜ਼ਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਵੱਖ-ਵੱਖ ਥਾਵਾਂ ‘ਤੇ ਕਿਸਾਨੀ ਧਰਨਿਆਂ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਜਦੋਂ ਦੇਸ਼ ਦੇ ਵਿਕਾਸ ਦਾ ਦਮ ਭਰਨ ਵਾਲੀਆਂ ਹਕੂਮਤਾਂ ਲੋਕਾਂ ਨਾਲ ਵਿਸ਼ਵਾਸਘਾਤ ਕਰਦੀਆਂ ਹਨ ਤਾਂ ਲੋਕ ਮਨਾਂ ਵਿਚ ਪੈਦਾ ਹੋਈ ਬੇਚੈਨੀ ਲੋਕ ਰੋਹ ਦਾ ਰੂਪ ਧਾਰਨ ਕਰਦੀ ਹੈ। ਕੇਂਦਰ ਦੀ ਮੌਜੂਦਾ ਕੌਮੀ ਜਮਹੂਰੀ ਗੱਠਜੋੜ ਸਰਕਾਰ ਨੇ ਖੇਤੀ ਨਾਲ ਸਬੰਧਤ ਤਿੰਨ ਆਰਡੀਨੈਂਸਾਂ ਨੂੰ ਕਾਨੂੰਨ ਬਣਾ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਸਰਕਾਰਾਂ ਦੀ ਫ਼ਿਕਰਮੰਦੀ ‘ਮਿੱਟੀ ਦੇ ਪੁੱਤਰਾਂ’ ਲਈ ਨਹੀਂ ਕਾਰਪੋਰੇਟ ਕੰਪਨੀਆਂ ਲਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕੌਮੀ ਜਮਹੂਰੀ ਗੱਠਜੋੜ ਸਰਕਾਰ ਦੇ ਪਿਛਲੇ ਛੇ ਸਾਲਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ-ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ ਦੀ ਗਿਣਤੀ ਤੇਜ਼ੀ ਨਾਲ ਵਧੀ ਹੈ। ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਆਦਿ ਦੇ ਲੱਖਾਂ ਦੀ ਗਿਣਤੀ ਵਿਚ ਕਿਸਾਨ ਖ਼ੁਦਕੁਸ਼ੀ ਕਰ ਚੁੱਕੇ ਹਨ। ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋਇਆ ਕਿਸਾਨ ਜਦੋਂ ਕਿਤੇ ਖ਼ੁਦਕੁਸ਼ੀ ਕਰਦਾ ਹੈ ਤਾਂ ਮੁਲਕ ਦੀਆਂ ਰਾਜਸੀ ਪਾਰਟੀਆਂ ਇਸ ਨੂੰ ਮੁੱਦਾ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦੀ ਕੋਸ਼ਿਸ਼ ਕਰਦੀਆਂ ਹਨ।
ਕਿਸਾਨ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿਚ ਲੱਖਾਂ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਆਜ਼ਾਦ ਭਾਰਤ ਦੇ ਮੱਥੇ ‘ਤੇ ਕਲੰਕ ਹਨ। ਕਿਸਾਨਾਂ ਦੀਆਂ ਇਹ ਖ਼ੁਦਕੁਸ਼ੀਆਂ ਹਕੀਕਤ ਵਿਚ ਉਸ ਵਿਵਸਥਾ ਵੱਲੋਂ ਕੀਤੇ ਗਏ ਕਤਲ ਹਨ, ਜਿਹੜੀ ਵਿਵਸਥਾ ਬੜੀ ਤੇਜ਼ੀ ਨਾਲ ਧਨਾਢਾਂ ਨੂੰ ਹੋਰ ਧਨਾਢ ਅਤੇ ਗ਼ਰੀਬਾਂ ਨੂੰ ਹੋਰ ਗ਼ਰੀਬ ਬਣਾ ਰਹੀ ਹੈ। ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਪਿਛਲੇ ਕੁਝ ਅਰਸੇ ਤੋਂ ਲੱਖਾਂ ਦੀ ਗਿਣਤੀ ਵਿਚ ਛੋਟੇ ਕਿਸਾਨ ਆਪਣੀ ਜ਼ਮੀਨ ਗਵਾ ਬੈਠੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤਿੰਨੋ ਖੇਤੀ-ਕਾਨੂੰਨ, ਬਿਜਲੀ ਸੋਧ ਬਿੱਲ 2020 ਅਤੇ ਪਰਾਲੀ ਆਰਡੀਨੈਂਸ ਤੁਰੰਤ ਰੱਦ ਕਰੇ।
ਕਾਲਾ ਦਿਵਸ ਮਨਾਉਣ ਲਈ ਤਿਆਰੀਆਂ ਵਿੱਢੀਆਂ
ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਪੱਕੇ ਧਰਨਿਆਂ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇ ਗੂੰਜਦੇ ਰਹੇ। ਇਨ੍ਹਾਂ ਧਰਨਿਆਂ ਵਿੱਚ ਬੀਬੀਆਂ ਦੀ ਸ਼ਮੂਲੀਅਤ ਵੀ ਜਾਰੀ ਹੈ। ਪੰਜਾਬ ਭਰ ‘ਚ ਟੌਲ ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਸਵਾ ਸੌ ਤੋਂ ਵੱਧ ਥਾਈਂ ਧਰਨਿਆਂ ‘ਚ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ 26 ਮਈ ਨੂੰ ‘ਕਾਲਾ-ਦਿਵਸ’ ਮਨਾਉਣ ਲਈ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਕਿਸਾਨਾਂ ਵੱਲੋਂ ਪਿੰਡਾਂ ਦੀਆਂ ਸੱਥਾਂ ‘ਚ ਨੁੱਕੜ ਮੀਟਿੰਗਾਂ ਕਰਕੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

Check Also

ਬੱਚਿਆਂ ਲਈ ਸਿੱਖਿਆਦਾਇਕ ਕਹਾਣੀ : ਅੰਕੁਰ ਦੇ ਅਜਬ ਕਾਰਨਾਮੇ

ਡਾ. ਦੇਵਿੰਦਰ ਪਾਲ ਸਿੰਘ ਇੱਕ ਵਾਰ ਦੀ ਗੱਲ ਹੈ, ਇੱਕ ਹਰੇ ਭਰੇ ਜੰਗਲ ਵਿੱਚ, ਅੰਕੁਰ …