Breaking News
Home / ਪੰਜਾਬ / ਐਸਜੀਪੀਸੀ ਵੱਲੋਂ ਖੂਨਦਾਨ ਲਈ ਮੋਬਾਈਲ ਬੱਸ ਸੇਵਾ ਸ਼ੁਰੂ

ਐਸਜੀਪੀਸੀ ਵੱਲੋਂ ਖੂਨਦਾਨ ਲਈ ਮੋਬਾਈਲ ਬੱਸ ਸੇਵਾ ਸ਼ੁਰੂ

ਬੀਬੀ ਜਗੀਰ ਨੇ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਕਰੋਨਾ ਮਹਾਮਾਰੀ ਕਾਰਨ ਖੂਨਦਾਨੀਆਂ ਵੱਲੋਂ ਹਸਪਤਾਲ ਆ ਕੇ ਖੂਨਦਾਨ ਕਰਨ ਵਿੱਚ ਆ ਰਹੀ ਮੁਸ਼ਕਲ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਵਿਸ਼ੇਸ਼ ਬੱਸ ਤਿਆਰ ਕਰਵਾਈ ਹੈ, ਜੋ ਸ਼ਹਿਰਾਂ ਤੇ ਪਿੰਡਾਂ ਵਿੱਚ ਖੂਨਦਾਨ ਲਈ ਮਦਦਗਾਰ ਸਾਬਤ ਹੋਵੇਗੀ। ਇਸ ਬੱਸ ਨੂੰ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਆਨਲਾਈਨ ਧਰਮ ਪ੍ਰਚਾਰ ਲਹਿਰ ਨੂੰ ਅਗਾਂਹ ਵਧਾਉਣ ਲਈ ਗੁਰਮਤਿ ਵਰਕਸ਼ਾਪ ਦੀ ਸ਼ੁਰੂਆਤ ਵੀ ਕੀਤੀ।
ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰੂ ਰਾਮਦਾਸ ਮੈਡੀਕਲ ਕਾਲਜ ਦੀ ਦੇਖ-ਰੇਖ ਹੇਠ ਮੋਬਾਈਲ ਖੂਨਦਾਨ ਕੈਂਪ ਲਗਾਉਣ ਲਈ ਆਧੁਨਿਕ ਸਹੂਲਤਾਂ ਵਾਲੀ ਬੱਸ ਦੀ ਸੇਵਾ ਐੱਚਡੀਐੱਫਸੀ ਬੈਂਕ ਨੇ ਕੀਤੀ ਹੈ। ਇਸ ਬੱਸ ਨੂੰ ਰਵਾਨਾ ਕਰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਕਰੋਨਾ ਦੇ ਦੌਰ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਜਿੱਥੇ ਗੁਰੂ ਰਾਮਦਾਸ ਹਸਪਤਾਲ ਕਰੋਨਾ ਮਰੀਜ਼ਾਂ ਨੂੰ ਸਮਰਪਿਤ ਕੀਤਾ ਗਿਆ ਹੈ, ਉੱਥੇ ਹੀ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਕਰੋਨਾ ਕੇਅਰ ਵਾਰਡ ਤਿਆਰ ਕਰਕੇ ਮੈਡੀਕਲ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਮਰੀਜ਼ਾਂ ਲਈ ਖੂਨ ਦੀ ਲੋੜ ਦੀ ਪੂਰਤੀ ਲਈ ਸ਼੍ਰੋਮਣੀ ਕਮੇਟੀ ਨੇ ਖੂਨਦਾਨ ਕੈਂਪ ਲਗਾਉਣ ਲਈ ਬੱਸ ਤਿਆਰ ਕਰਵਾਈ ਹੈ। ਇਸ ਬੱਸ ਅੰਦਰ ਇੱਕ ਸਮੇਂ ਦੋ ਵਿਅਕਤੀ ਖੂਨ ਦਾਨ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਗਲੇ ਦਿਨਾਂ ਵਿੱਚ ਆਦਮਪੁਰ, ਸੰਗਰੂਰ, ਰੋਪੜ ਤੇ ਫਿਰੋਜ਼ਪੁਰ ਵਿੱਚ ਵੀ ਕੋਵਿਡ ਕੇਅਰ ਕੇਂਦਰ ਖੋਲ੍ਹੇ ਜਾਣਗੇ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਆਨਲਾਈਨ ਵਿਧੀ ਰਾਹੀਂ ਧਰਮ ਪ੍ਰਚਾਰ ਲਹਿਰ ਨੂੰ ਅੱਗੇ ਵਧਾਉਣ ਲਈ ਪ੍ਰਚਾਰਕਾਂ ਦੀ ਚਾਰ ਰੋਜ਼ਾ ਆਨਲਾਈਨ ਗੁਰਮਤਿ ਵਰਕਸ਼ਾਪ ਦੀ ਸ਼ੁਰੂਆਤ ਇੱਥੇ ਧਰਮ ਪ੍ਰਚਾਰ ਕਮੇਟੀ ਦੇ ਦਫ਼ਤਰ ਵਿੱਚ ਕੀਤੀ। ਇਸ ਮੌਕੇ ਬੀਬੀ ਜਗੀਰ ਕੌਰ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਬਾਹਰਲੇ ਸੂਬਿਆਂ ਤੋਂ ਜੁੜੇ ਪ੍ਰਚਾਰਕਾਂ ਨੂੰ ਸੰਬੋਧਨ ਕੀਤਾ।

 

Check Also

ਸੁਖਬੀਰ ਬਾਦਲ ਨੇ ਲੋਕ ਸਭਾ ਚੋਣਾਂ ’ਚ ਭਾਜਪਾ ਦੀ ਹਾਰ ਨੂੰ ਲੈ ਕੇ ਕੀਤਾ ਵੱਡਾ ਦਾਅਵਾ

ਕਿਹਾ : ਪ੍ਰਧਾਨ ਮੰਤਰੀ ਦੇ ਭਾਸ਼ਣਾਂ ਤੋਂ ਨਜ਼ਰ ਆਉਂਦੀ ਭਾਜਪਾ ਦੀ ਹਾਰ ਬਠਿੰਡਾ/ਬਿਊਰੋ ਨਿਊਜ਼ : …