Breaking News
Home / ਪੰਜਾਬ / ਸੁਖਦੇਵ ਢੀਂਡਸਾ ਤੇ ਬ੍ਰਹਮਪੁਰਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਗਠਨ

ਸੁਖਦੇਵ ਢੀਂਡਸਾ ਤੇ ਬ੍ਰਹਮਪੁਰਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਗਠਨ

ਸੁਖਬੀਰ ਤੋਂ ਨਸਲਕੁਸ਼ੀ ਦੇ ਕਾਤਲਾਂ ਤੋਂ ਦਾਨ ਲੈਣ ਬਾਰੇ ਸਪੱਸ਼ਟੀਕਰਨ ਮੰਗਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਰਲੇਵੇਂ ਤੋਂ ਬਾਅਦ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਗਠਨ ਦਾ ਐਲਾਨ ਕਰ ਦਿੱਤਾ ਗਿਆ। ਦੋਹਾਂ ਸੀਨੀਅਰ ਅਕਾਲੀ ਆਗੂਆਂ ਨੇ ਚੰਡੀਗੜ੍ਹ ‘ਚ ਮੀਟਿੰਗ ਤੋਂ ਬਾਅਦ ਕਿਹਾ ਕਿ ਦਲ ਦੇ ਜਥੇਬੰਦਕ ਢਾਂਚੇ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ।
ਪਾਰਟੀ ਵੱਲੋਂ ਜਥੇਦਾਰ ਬ੍ਰਹਮਪੁਰਾ ਨੂੰ ਸਰਪ੍ਰਸਤ ਤੇ ਢੀਂਡਸਾ ਨੂੰ ਪ੍ਰਧਾਨ ਥਾਪਿਆ ਗਿਆ ਹੈ। ਪਾਰਟੀ ਵੱਲੋਂ ਜਾਰੀ ਬਿਆਨ ਰਾਹੀਂ ਕਿਹਾ ਗਿਆ ਹੈ ਕਿ ਪੰਜਾਬ ਨੂੰ ਮੌਜੂਦਾ ਸਮੇਂ ਕਾਂਗਰਸ, ਬਾਦਲਾਂ ਅਤੇ ਭਾਜਪਾ ਤੋਂ ਬਚਾਉਣ ਦੀ ਲੋੜ ਹੈ।
ਇਸ ਲਈ ਨਵੇਂ ਅਕਾਲੀ ਦਲ ਰਾਹੀਂ ਸੂਬੇ ਦੇ ਲੋਕਾਂ ਨੂੰ ਬਦਲਵੀਂ ਸਿਆਸੀ ਸੋਚ ਤੇ ਸੱਚੀ-ਸੁੱਚੀ ਸਿਆਸਤ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਬਾਦਲਾਂ ਨੇ ਪੰਜਾਬ ਨੂੰ ਰੱਜ ਕੇ ਲੁੱਟਿਆ ਹੈ। ਅਕਾਲੀ ਆਗੂਆਂ ਨੇ ਬਾਦਲਾਂ ‘ਤੇ ਪੰਥਕ ਮਰਿਆਦਾਵਾਂ ਦਾ ਘਾਣ ਕਰਨ ਅਤੇ ਸਿੱਖ ਸੰਸਥਾਵਾਂ ਨੂੰ ਠੇਸ ਪਹੁੰਚਾਉਣ ਦੇ ਆਰੋਪ ਵੀ ਲਾਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਦਰਮਿਆਨ ਸਾਂਝ ਜੱਗ ਜ਼ਾਹਿਰ ਹੋ ਚੁੱਕੀ ਹੈ। ਇਹੀ ਕਾਰਨ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਪੁਲਿਸ ਗੋਲੀ ਕਾਂਡਾਂ ਦੇ ਦੋਸ਼ੀ ਅੱਜ ਤੱਕ ਫੜੇ ਨਹੀਂ ਗਏ। ਅਕਾਲੀ ਆਗੂਆਂ ਨੇ ਸੂਬੇ ਵਿੱਚ ਰੇਤ ਮਾਫੀਆ, ਟਰਾਂਸਪੋਰਟ ਮਾਫੀਆ, ਕੇਬਲ ਮਾਫੀਆ ਤੇ ਸ਼ਰਾਬ ਮਾਫੀਆ ਦਾ ਪਹਿਲਾਂ ਵਾਂਗ ਹੀ ਦੌਰ ਹੋਣ ਦੇ ਦੋਸ਼ ਵੀ ਲਾਏ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਹਮਖਿਆਲ ਪਾਰਟੀਆਂ ਨਾਲ ਸਾਂਝ ਪਾ ਕੇ ਪੰਜਾਬ ਨੂੰ ਮਾਫੀਆ ਤੋਂ ਮੁਕਤ ਕਰਾਇਆ ਜਾਵੇਗਾ।
ਮੀਟਿੰਗ ਵਿੱਚ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਸੋਂ ਸਪੱਸ਼ਟੀਕਰਨ ਮੰਗਿਆ ਗਿਆ ਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਕਰੋਨਾ ਕਾਲ ਅਤੇ ਕਿਸਾਨ ਸੰਘਰਸ਼ ਦੌਰਾਨ ਦਾਨ ਵਜੋਂ ਆਈ ਰਕਮ ਦੇ ਵੇਰਵੇ ਸਬੰਧੀ ਵਾਈਟ ਪੇਪਰ ਜਾਰੀ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਦੇਸ਼ ਦੁਨੀਆ ਅੰਦਰ ਵਸੀ ਸਿੱਖ ਕੌਮ ਨੂੰ ਪਤਾ ਲੱਗਣਾ ਚਾਹੀਦਾ ਹੈ ਕਿ ਦਾਨ ਵਜੋਂ ਆਈ ਰਕਮ ਕਿਹੜੇ ਲੋਕਾਂ ਪਾਸੋਂ ਕਬੂਲ ਕੀਤੀ ਗਈ ਹੈ। ਕਿਉਂਕਿ ਫਿਲਮੀ ਅਦਾਕਾਰ ਅਮਿਤਾਭ ਬੱਚਨ ਜਿਸ ਦਾ ਨਾਮ ਨਵੰਬਰ 1984 ਦੇ ਸਿੱਖ ਕਤਲੇਆਮ ਨਾਲ ਜੁੜਿਆ ਹੋਇਆ ਹੈ, ਪਾਸੋਂ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ 2 ਕਰੋੜ ਰੁਪਏ ਹਾਸਲ ਕੀਤੇ ਹਨ। ਮੀਟਿੰਗ ਵਿੱਚ ਜਥੇਦਾਰ ਸੇਵਾ ਸਿੰਘ ਸੇਖਵਾਂ, ਜਸਟਿਸ ਨਿਰਮਲ ਸਿੰਘ, ਬੀਰ ਦਵਿੰਦਰ ਸਿੰਘ, ਪਰਮਿੰਦਰ ਸਿੰਘ ਢੀਂਡਸਾ ਸ਼ਾਮਲ ਸਨ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …