Breaking News
Home / ਪੰਜਾਬ / ਸਿੱਧੂ ਨੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਗੱਡ ਦਿੱਤਾ ਕਾਲਾ ਝੰਡਾ

ਸਿੱਧੂ ਨੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਗੱਡ ਦਿੱਤਾ ਕਾਲਾ ਝੰਡਾ

ਕਿਸਾਨਾਂ ਵਲੋਂ ਭਲਕੇ 26 ਮਈ ਨੂੰ ਮਨਾਇਆ ਜਾਵੇਗਾ ਕਾਲਾ ਦਿਵਸ
ਚੰਡੀਗੜ੍ਹ/ਬਿਊਰੋ ਨਿਊਜ਼
ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਭਲਕੇ 26 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਕਾਲਾ ਦਿਨ ਵੀ ਮਨਾਇਆ ਜਾਵੇਗਾ। ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਅੱਜ ਆਪਣੇ ਪਟਿਆਲਾ ਸਥਿਤ ਘਰ ਦੀ ਛੱਤ ’ਤੇ ਕਾਲਾ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਡਾ. ਨਵਜੋਤ ਕੌਰ ਸਿੱਧੂ ਵੀ ਹਾਜ਼ਰ ਰਹੇ। ਇਸੇ ਦੌਰਾਨ ਅੰਮਿ੍ਰਤਸਰ ’ਚ ਸਿੱਧੂ ਦੇ ਘਰ ’ਤੇ ਉਨ੍ਹਾਂ ਦੀ ਧੀ ਰਾਬੀਆ ਸਿੱਧੂ ਵਲੋਂ ਕਾਲੇ ਖੇਤੀ ਕਾਨੂੰਨਾਂ ਖਿਲਾਫ ਕਾਲਾ ਝੰਡਾ ਲਹਿਰਾਇਆ ਗਿਆ। ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ’ਚ ਏਨਾ ਗੁੱਸਾ ਹੈ ਕਿ ਪੰਜਾਬ ਵਿਚ ਕਈ ਥਾਈਂ ਅੱਜ ਹੀ ਘਰਾਂ ਅਤੇ ਦੁਕਾਨਾਂ ’ਤੇ ਕਾਲੇ ਝੰਡੇ ਦੇਖੇ ਗਏ। ਹਾਲਾਂਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਭਲਕੇ 26 ਮਈ ਨੂੰ ਕਾਲਾ ਦਿਨ ਮਨਾਉਣ ਦਾ ਐਲਾਨ ਕੀਤਾ ਹੋਇਆ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਭਲਕੇ 26 ਮਈ ਨੂੰ ਦਿੱਲੀ ਬਾਰਡਰਾਂ ’ਤੇ ਲੱਗੇ ਕਿਸਾਨੀ ਮੋਰਚਿਆਂ ਨੂੰ 6 ਮਹੀਨੇ ਹੋ ਜਾਣੇ ਹਨ। ਉਧਰ ਦੂਜੇ ਪਾਸੇ ਹਰਿਆਣਾ ਸਰਕਾਰ ਹੁਣ ਕਿਸਾਨਾਂ ਦੇ ਦਬਾਅ ਅੱਗੇ ਝੁਕ ਗਈ ਹੈ। ਹਿਸਾਰ ਵਿਚ ਕਿਸਾਨਾਂ ’ਤੇ ਦਰਜ ਕੇਸਾਂ ਵਿਰੁੱਧ ਲੰਘੇ ਕੱਲ੍ਹ ਕਿਸਾਨਾਂ ਨੇ ਖੱਟਰ ਸਰਕਾਰ ਖਿਲਾਫ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਖੱਟਰ ਸਰਕਾਰ ਕਿਸਾਨਾਂ ਦੇ ਦਬਾਅ ਅੱਗੇ ਝੁਕਦੀ ਨਜ਼ਰ ਆਈ ਅਤੇ ਕਿਸਾਨਾਂ ’ਤੇ ਦਰਜ ਕੇਸਾਂ ਨੂੰ ਰੱਦ ਕਰਨ ਦਾ ਫੈਸਲਾ ਲੈ ਲਿਆ। ਧਿਆਨ ਰਹੇ ਕਿ ਕਿਸਾਨਾਂ ਨੇ ਲੰਘੀ 16 ਮਈ ਨੂੰ ਹਿਸਾਰ ’ਚ ਮਨੋਹਰ ਲਾਲ ਖੱਟਰ ਦਾ ਵਿਰੋਧ ਕੀਤਾ ਸੀ।

Check Also

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੰਤ ਬਲਬੀਰ ਸਿੰਘ ਸੀਚੇਵਾਲ

ਕਿਹਾ : ਸਾਨੂੰ ਸਾਰਿਆਂ ਨੂੰ ਵਾਤਾਵਰਣ ਬਚਾਉਣ ਲਈ ਆਉਣਾ ਚਾਹੀਦੈ ਅੱਗੇ ਅੰਮਿ੍ਰਤਸਰ/ਬਿਊਰੋ ਨਿਊਜ਼ ਰਾਜ ਸਭਾ …