Breaking News
Home / Special Story / ਪੰਜਾਬ ‘ਚ ਕਾਲਾ ਦਿਵਸ ਨੂੰ ਭਰਵਾਂ ਹੁੰਗਾਰਾ

ਪੰਜਾਬ ‘ਚ ਕਾਲਾ ਦਿਵਸ ਨੂੰ ਭਰਵਾਂ ਹੁੰਗਾਰਾ

ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਮੁਲਾਜ਼ਮਾਂ, ਟਰਾਂਸਪੋਰਟਰਾਂ, ਦੁਕਾਨਦਾਰਾਂ, ਸਾਹਿਤਕਾਰਾਂ, ਲੇਖਕਾਂ ਤੇ ਵਪਾਰੀਆਂ ਸਮੇਤ ਹੋਰਾਂ ਨੇ ਵੀ ਵਿਰੋਧ ਪ੍ਰਦਰਸ਼ਨਾਂ ‘ਚ ਕੀਤੀ ਸ਼ਮੂਲੀਅਤ
ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ‘ਚ ਮਨਾਏ ਗਏ ‘ਕਾਲਾ ਦਿਵਸ’ ਨੂੰ ਭਰਵਾਂ ਹੁੰਗਾਰਾ ਮਿਲਿਆ। ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਮੁਲਾਜ਼ਮਾਂ, ਟਰਾਂਸਪੋਰਟਰਾਂ, ਦੁਕਾਨਦਾਰਾਂ, ਸਾਹਿਤਕਾਰਾਂ, ਰੰਗਕਰਮੀਆਂ, ਲੇਖਕਾਂ, ਬੁੱਧੀਜੀਵੀਆਂ, ਵਪਾਰੀਆਂ, ਟਰੇਡ ਯੂਨੀਅਨਾਂ ਸਮੇਤ ਹੋਰਾਂ ਨੇ ਵਿਰੋਧ ਪ੍ਰਦਰਸ਼ਨਾਂ ‘ਚ ਸ਼ਮੂਲੀਅਤ ਕੀਤੀ। ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ 80 ਫ਼ੀਸਦੀ ਤੋਂ ਵੱਧ ਪਿੰਡਾਂ ਅਤੇ ਸ਼ਹਿਰਾਂ ‘ਚ ਕਾਲੇ ਚੋਲਿਆਂ, ਕਾਲੀਆਂ ਪੱਗਾਂ, ਕਾਲੀਆਂ ਚੁੰਨੀਆਂ ਅਤੇ ਕਾਲੀਆਂ ਪੱਟੀਆਂ ਨਾਲ ਸ਼ਮੂਲੀਅਤ ਕਰਦਿਆਂ ਲੋਕਾਂ ਨੇ ਵੱਖੋ-ਵੱਖਰੇ ਢੰਗਾਂ ਨਾਲ ਵਿਰੋਧ ਪ੍ਰਦਰਸ਼ਨ ਕੀਤੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਿਆਂ, ਰੋਸ ਮਾਰਚਾਂ, ਟਰੈਕਟਰ ਮਾਰਚਾਂ, ਖੇਤੀ ਤੇ ਕਿਰਤ ਕਾਨੂੰਨਾਂ ਦੀਆਂ ਕਾਪੀਆਂ ਫੂਕਦਿਆਂ ਅਤੇ ਘਰਾਂ ‘ਤੇ ਕਾਲੇ ਝੰਡੇ ਲਹਿਰਾਉਂਦਿਆਂ ਹਰ ਵਰਗ ਨੇ ਇਹ ਦਰਸਾ ਦਿੱਤਾ ਹੈ ਕਿ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ-2020 ਤੇ ਪਰਾਲੀ ਆਰਡੀਨੈਂਸ ਰੱਦ ਕਰਨੇ ਹੀ ਪੈਣਗੇ। ਪੰਜਾਬ ਦੇ ਟੋਲ ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ 450 ਦੇ ਕਰੀਬ ਕਿਸਾਨਾਂ ਦੀਆਂ ਸ਼ਹਾਦਤਾਂ ਹੋ ਚੁੱਕੀਆਂ ਹਨ, ਪਰ ਹਾਲੇ ਵੀ ਕੇਂਦਰ ਸਰਕਾਰ ਨੇ ਜ਼ਿਦ ਫੜੀ ਹੋਈ ਹੈ, ਜੋ ਸਾਬਤ ਕਰਦਾ ਹੈ ਕਿ ਸਰਕਾਰ ਨੂੰ ਕਿਸਾਨਾਂ ਨਾਲੋਂ ਕਾਰਪੋਰੇਟ ਘਰਾਣਿਆਂ ਦੇ ਹਿੱਤ ਜ਼ਿਆਦਾ ਪਿਆਰੇ ਹਨ।
ਕਿਸਾਨ ਭਾਜਪਾ ਖਿਲਾਫ ਕਰਨਗੇ ਲਾਮਬੰਦੀ
ਮੋਦੀ ਸਰਕਾਰ ਨੂੰ ਦੇਸ਼ ਦੀ ਜਨਤਾ ਦਾ ਕੋਈ ਫਿਕਰ ਨਹੀਂ : ਰੁਲਦੂ ਸਿੰਘ ਮਾਨਸਾ
ਮਾਨਸਾ/ਬਿਊਰੋ ਨਿਊਜ਼ : ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਮਾਨਸਾ ਵਿਖੇ ਜਥੇਬੰਦੀ ਦੇ ਸੂਬਾਈ ਇਕੱਠ ਦੌਰਾਨ ਬੰਗਾਲ ਦੀ ਤਰ੍ਹਾਂ ਦੇਸ਼ ਦੇ ਹਰ ਚੋਣਾਂ ਵਾਲੇ ਸੂਬੇ ਵਿੱਚ ਭਾਜਪਾ ਖਿਲਾਫ ਲਾਮਬੰਦੀ ਕਰਨ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੀ ਵਾਪਸੀ ਸਮੇਤ ਕਿਸਾਨਾਂ ਦੀਆਂ ਦਿੱਲੀ ਮੋਰਚੇ ਨਾਲ ਜੁੜੀਆਂ ਸਾਰੀਆਂ ਮੰਗਾਂ ਮੰਨਵਾਉਣ ਤੋਂ ਬਾਅਦ ਹੀ ਪੰਜਾਬ ਮੁੜਿਆ ਜਾਵੇਗਾ। ਕਿਸਾਨ ਆਗੂ ਨੇ ਕਿਹਾ ਕਿ ਹੁਣ ਦੇਸ਼ ਭਰ ਦੇ ਕਿਸਾਨ ਆਗੂ ਕਿਸਾਨੀ ਨੂੰ ਬਚਾਉਣ ਲਈ ਇੱਕਮੁਠ ਹੋ ਕੇ ਮੋਦੀ ਨੂੰ ਘੇਰਨ ‘ਚ ਕਾਮਯਾਬ ਹੋਣ ਲੱਗੇ ਹਨ, ਜਿਸ ਕਰਕੇ ਦਿੱਲੀ ਮੋਰਚਾ ਜਲਦੀ ਜਿੱਤਣ ਦੀ ਉਮੀਦ ਬੱਝ ਗਈ ਹੈ। ਕੇਂਦਰ ਸਰਕਾਰ ਨੂੰ ਦੇਸ਼ ਦੇ ਲੋਕਾਂ ਦੀ ਕੋਈ ਫਿਕਰ ਨਹੀਂ ਹੈ। ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਲਈ ਦੇਸ਼ ਦੇ ਕਿਸਾਨਾਂ ਨੂੰ ਪਿਛਲੇ ਛੇ ਮਹੀਨਿਆਂ ਤੋਂ ਸੜਕਾਂ ‘ਤੇ ਰੋਲਿਆ ਜਾ ਰਿਹਾ ਹੈ।ਜੇ ਮੋਦੀ ਸਰਕਾਰ ਦਾ ਕਿਸਾਨਾਂ ਪ੍ਰਤੀ ਰਵੱਈਆ ਇਹ ਹੀ ਰਿਹਾ ਤਾਂ ਮੋਦੀ ਸਰਕਾਰ ਨੂੰ ਆਉਣ ਵਾਲੇ ਦਿਨਾਂ ਵਿਚ ਭਾਰੀ ਰਾਜਨੀਤਕ ਨਤੀਜੇ ਭੁਗਤਣੇ ਪੈਣਗੇ।
ਬਾਦਲ ਤੇ ਚੌਟਾਲਾ ਪਰਿਵਾਰਾਂ ਦੀ ਰਿਹਾਇਸ਼ ‘ਤੇ ਲਹਿਰਾਏ ਕਾਲੇ ਝੰਡੇ
ਲੰਬੀ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਪਿੰਡ ਬਾਦਲ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਪਰਿਵਾਰ ਦੀ ਤੇਜਾਖੇੜਾ ਫਾਰਮ ਰਿਹਾਇਸ਼ ‘ਤੇ ਕਾਲੇ ਝੰਡੇ ਲਹਿਰਾਏ ਗਏ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਬਾਦਲ ਵਿੱਚ ਰਿਹਾਇਸ਼ ‘ਤੇ ਕਾਲਾ ਝੰਡਾ ਲਹਿਰਾਉਣ ਮਗਰੋਂ ਸੋਸ਼ਲ ਮੀਡੀਆ ਰਾਹੀਂ ਕਿਹਾ ਕਿ ਰਾਜਧਾਨੀ ਦਿੱਲੀ ‘ਚ ਚੱਲ ਰਹੇ ਸ਼ਾਂਤਮਈ ਕਿਸਾਨ ਸੰਘਰਸ਼ ਦੇ ਛੇ ਮਹੀਨੇ ਪੂਰੇ ਹੋਣ ‘ਤੇ ਵੀ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰ ਰਹੀ। ਇਸੇ ਦੇ ਰੋਸ ਵਜੋਂ ਉਨ੍ਹਾਂ ਘਰ ਦੇ ਮੁੱਖ ਦਰਵਾਜ਼ੇ ‘ਤੇ ਕਾਲਾ ਝੰਡਾ ਲਹਿਰਾ ਕੇ ਵਿਰੋਧ ਦਰਜ ਕਰਵਾਇਆ ਹੈ। ਕਾਨੂੰਨ ਰੱਦ ਹੋਣ ਤੱਕ ਉਨ੍ਹਾਂ ਦਾ ਵਿਰੋਧ ਜਾਰੀ ਰਹੇਗੀ। ਇਸੇ ਦੌਰਾਨ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਉਨ੍ਹਾਂ ਦੀ ਦਿੱਲੀ ਰਿਹਾਇਸ਼ ‘ਤੇ ਖੇਤੀ ਕਾਲਾ ਝੰਡਾ ਲਹਿਰਾਇਆ। ਇਸ ਤੋਂ ਇਲਾਵਾ ਡੱਬਵਾਲੀ ਹਲਕੇ ਵਿੱਚ ਚੌਟਾਲਾ ਪਰਿਵਾਰ ਦੀ ਰਿਹਾਇਸ਼ ਤੇਜਾਖੇੜਾ ਫਾਰਮ ਹਾਊਸ ਵਿੱਚ ਇਨੈਲੋ ਦੇ ਆਗੂ ਅਭੈ ਸਿੰਘ ਚੌਟਾਲਾ ਅਤੇ ਉਨ੍ਹਾਂ ਦੇ ਬੇਟੇ ਕਰਨ ਚੌਟਾਲਾ ਨੇ ਝੰਡਾ ਲਹਿਰਾਇਆ। ਇਸ ਮੌਕੇ ਅਭੈ ਸਿੰਘ ਚੌਟਾਲਾ ਨੇ ਕਿਹਾ ਕਿ ਸੱਤਾ ਦੇ ਹੰਕਾਰ ਵਿੱਚ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨ ਰਹੀ। ਇਸ ਰੋਸ ਤਹਿਤ ਉਨ੍ਹਾਂ ਨੇ ਵੀ ਰਿਹਾਇਸ਼ ‘ਤੇ ਕਾਲਾ ਝੰਡਾ ਲਹਿਰਾਇਆ ਹੈ।
ਕਿਸਾਨ ਅੰਦੋਲਨ ਦੇ ਸਮਰਥਨ ‘ਚ ਜੰਤਰ-ਮੰਤਰ ‘ਤੇ ਬੈਠੇ ਕਾਂਗਰਸੀ ਆਗੂਆਂ ਦਾ ਧਰਨਾ ਜਾਰੀ
ਮੋਦੀ ਸਰਕਾਰ ਹੰਕਾਰ ਛੱਡ ਕੇ ਕਿਸਾਨਾਂ ਨਾਲ ਗੱਲ ਕਰੇ : ਡਿੰਪਾ
ਨਵੀਂ ਦਿੱਲੀ: ਦਿੱਲੀ ਦੀਆਂ ਸਰਹੱਦਾਂ ‘ਤੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨਾਂ ਵਲੋਂ ਚਲਾਏ ਜਾ ਰਹੇ ਕਿਸਾਨ ਅੰਦੋਲਨ ਦੀ ਹਮਾਇਤ ‘ਚ ਜੰਤਰ-ਮੰਤਰ ‘ਤੇ ਧਰਨੇ ‘ਤੇ ਬੈਠੇ ਕਾਂਗਰਸੀ ਆਗੂਆਂ ਦਾ ਧਰਨਾ ਲਗਾਤਾਰ ਜਾਰੀ ਹੈ। ਧਰਨੇ ‘ਤੇ ਬੈਠੇ ਕਾਂਗਰਸੀ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਸਰਕਾਰ ਨੂੰ ਗੱਲਬਾਤ ਦੀ ਕਵਾਇਦ ਮੁੜ ਸ਼ੁਰੂ ਕਰਨ ਅਤੇ ਇਸ ਮਸਲੇ ‘ਤੇ ਹੱਲ ਵੱਲ ਤੁਰਨ ਦਾ ਅਮਲ ਸ਼ੁਰੂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੂੰ ਆਪਣਾ ਹੰਕਾਰ ਛੱਡ ਕੇ ਫੌਰੀ ਤੌਰ ‘ਤੇ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ। ਡਿੰਪਾ ਨੇ ਕਿਹਾ ਕਿ ਇਸ ਅੰਦੋਲਨ ‘ਚ 500 ਤੋਂ ਵੱਧ ਕਿਸਾਨ ਆਪਣੀ ਜਾਨ ਗੁਆ ਬੈਠੇ ਹਨ ਪਰ ਉਨ੍ਹਾਂ ਦੇ ਹੌਂਸਲੇ ਬੁਲੰਦ ਹਨ।
ਸਿੱਧੂ ਜੋੜੇ ਨੇ ਖੇਤੀ ਕਾਨੂੰਨਾਂ ਖਿਲਾਫ ਪਟਿਆਲਾ ‘ਚ ਅਤੇ ਧੀ ਨੇ ਅੰਮ੍ਰਿਤਸਰ ‘ਚ ਲਾਇਆ ਕਾਲਾ ਝੰਡਾ
ਕਾਲੇ ਕਾਨੂੰਨ ਰੱਦ ਹੋਣ ਤੋਂ ਬਾਅਦ ਹੀ ਉਤਾਰਿਆ ਜਾਵੇਗਾ ਇਹ ਝੰਡਾ : ਸਿੱਧੂ
ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੇ ਕਿਸਾਨੀ ਸੰਘਰਸ਼ ਦੀ ਹਮਾਇਤ ‘ਚ ਆਪਣੀ ਪਟਿਆਲਾ ਦੀ ਯਾਦਵਿੰਦਰਾ ਕਲੋਨੀ ਵਿਚਲੀ ਕੋਠੀ ਦੇ ਬਨੇਰੇ ‘ਤੇ ਕਾਲਾ ਝੰਡਾ ਚੜ੍ਹਾਇਆ ਹੈ ਜਦਕਿ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ‘ਤੇ ਉਨ੍ਹਾਂ ਦੀ ਧੀ ਰਾਬੀਆ ਸਿੱਧੂ ਨੇ ਕਾਲਾ ਝੰਡਾ ਲਗਾਇਆ। ਪਟਿਆਲਾ ‘ਚ ਕਾਲਾ ਝੰਡਾ ਲਾਉਣ ਸਮੇਂ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਵੀ ਨਾਲ ਸਨ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਵੱਲੋਂ ਆਪਣੇ ਘਰ ‘ਤੇ ਲਾਇਆ ਗਿਆ ਇਹ ਕਾਲਾ ਝੰਡਾ ਖੇਤੀ ਕਾਨੂੰਨਾਂ ਤੇ ਕਿਸਾਨ ਵਿਰੋਧੀ ਸਿਸਟਮ ਨੂੰ ਠੁਕਰਾਉਣ ਦੀ ਨਿਸ਼ਾਨੀ ਹੈ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਇਹ ਸਿਸਟਮ ਨਹੀਂ ਬਦਲਿਆ ਜਾਵੇਗਾ, ਉਦੋਂ ਤੱਕ ਉਹ ਆਪਣੇ ਬਨੇਰੇ ਤੋਂ ਇਹ ਝੰਡਾ ਨਹੀਂ ਉਤਾਰਨਗੇ।
ਝੰਡਾ ਲਹਿਰਾਉਣ ਸਬੰਧੀ ਟਵਿੱਟਰ ‘ਤੇ ਪਾਈ ਵੀਡੀਓ ‘ਚ ਸਿੱਧੂ ਨੇ ਆਖਿਆ ਕਿ ਪੰਜਾਬ ਉਡੀਕਦਾ ਹੈ ਤੇ ਪੰਜਾਬ ਦੀ ਕਿਰਸਾਨੀ ਉਡੀਕਦੀ ਹੈ ਕਿ ਪੰਜਾਬ ਕਦੋਂ ਖੁਦਮੁਖਤਾਰੀ ਦੇ ਰਾਹ ਚੱਲੇਗਾ।
ਸਿੱਧੂ ਨੇ ਕਿਹਾ ਕਿ ਢਾਈ ਦਹਾਕਿਆਂ ਤੋਂ ਪੰਜਾਬ ਸਿਰ ਕਰਜ਼ਾ ਵੱਧ ਰਿਹਾ ਹੈ ਜਦਕਿ ਆਮਦਨੀ ਅਤੇ ਉਪਜ ਘਟ ਰਹੀ ਹੈ। ਅਜਿਹੇ ਹਾਲਾਤ ਹੀ ਕਿਸਾਨਾਂ ਨੂੰ ਸੰਘਰਸ਼ ਲਈ ਮਜਬੂਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਖੇਤੀ ਕਾਨੂੰਨ ਕੇਂਦਰ ਨੇ ਪਹਿਲਾਂ ਤੋਂ ਹੀ ਗੰਭੀਰ ਸੰਕਟ ਵਿੱਚੋਂ ਲੰਘ ਰਹੀ ਕਿਸਾਨੀ ਨੂੰ ਡੋਬਣ ਲਈ ਲਿਆਂਦੇ ਹਨ ਜਿਨ੍ਹਾਂ ਨਾ ਸਿਰਫ਼ ਕਿਸਾਨ, ਬਲਕਿ ਛੋਟੇ ਵਪਾਰੀ ਤੇ ਮਜ਼ਦੂਰ ਵਰਗ ਨੂੰ ਵੀ ਝੰਜੋੜ ਕੇ ਰੱਖ ਦਿੱਤਾ ਹੈ। ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਦੇਸ਼ ਭਰ ਦੇ ਕਿਸਾਨ, ਮਜ਼ਦੂਰ ਤੇ ਹੋਰ ਵਰਗ ਜੂਝ ਰਹੇ ਹਨ।
ਇਸੇ ਤਰ੍ਹਾਂ ਅੰਮ੍ਰਿਤਸਰ ‘ਚ ਹੋਲੀ ਸਿਟੀ ਕਲੋਨੀ ਵਿਚਲੀ ਸਿੱਧੂ ਦੀ ਰਿਹਾਇਸ਼ ‘ਤੇ ਕਾਲਾ ਝੰਡਾ ਉਨ੍ਹਾਂ ਦੀ ਬੇਟੀ ਰਾਬੀਆ ਸਿੱਧੂ ਨੇ ਲਾਇਆ।
‘ਬੋਲੇ ਸੋ ਨਿਹਾਲ …’ ਦੇ ਲਾਏ ਜੈਕਾਰੇ
ਅੰਮ੍ਰਿਤਸਰ : ਵਿਧਾਨ ਸਭਾ ਹਲਕਾ ਪੂਰਬੀ (ਅੰਮ੍ਰਿਤਸਰ) ਤੋਂ ਵਿਧਾਇਕ ਨਵਜੋਤ ਸਿੰਘ ਸਿੱਧੂ ਦੀ ਧੀ ਰਾਬੀਆ ਨੇ ਅੰਮ੍ਰਿਤਸਰ ਸਥਿਤ ਘਰ ‘ਤੇ ਕਾਲਾ ਝੰਡਾ ਲਗਾ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ। ਮੰਗਲਵਾਰ ਨੂੰ ਸਵੇਰੇ ਸਾਢੇ ਨੌਂ ਵਜੇ ਕੋਠੀ ਦੀ ਛੱਤ ‘ਤੇ ਕਾਲਾ ਝੰਡਾ ਲਗਾਉਂਦੇ ਹੋਏ ਸਿੱਧੂ ਦੀ ਬੇਟੀ ਰਾਬੀਆ ਨੇ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਜੈਕਾਰੇ ਲਗਾਉਂਦੇ ਹੋਏ ਕਿਸਾਨਾਂ ਦੇ ਪੱਖ ਵਿਚ ਆਵਾਜ਼ ਉਠਾਈ। ਸਿੱਧੂ ਨੇ ਕਿਹਾ ਸੀ ਕਿ ਜਦੋਂ ਤੱਕ ਕੇਂਦਰ ਸਰਕਾਰ ਤਿੰਨੋ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ, ਉਹ ਕਿਸਾਨ ਅੰਦੋਲਨ ਦਾ ਸਮਰਥਨ ਕਰਨਗੇ।
ਦਿੱਲੀ ਮੋਰਚੇ ‘ਚ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ
ਕਿਸਾਨੀ ਸੰਘਰਸ਼ ਦੀ ਜਿੱਤ ਕਰਤਾਰ ਸਿੰਘ ਸਰਾਭਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ : ਡਾ. ਦਰਸ਼ਨ ਪਾਲ
ਨਵੀਂ ਦਿੱਲੀ : ਦਿੱਲੀ ਦੀਆਂ ਸਰਹੱਦਾਂ ‘ਤੇ ਧਰਨੇ ਦੇ ਰਹੇ ਕਿਸਾਨਾਂ ਨੇ ਸੋਮਵਾਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਹਾੜਾ ਸ਼ਾਨਦਾਰ ਢੰਗ ਨਾਲ ਮਨਾਇਆ। ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਕਰਤਾਰ ਸਿੰਘ ਸਰਾਭਾ ਨੇ ਦੇਸ਼ ਅਤੇ ਸਮਾਜ ਨੂੰ ਏਕਤਾ ਨਾਲ ਲੜਨ ਲਈ ਉਤਸ਼ਾਹਿਤ ਕੀਤਾ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਸੰਘਰਸ਼ ਦੀ ਜਿੱਤ ਕਰਤਾਰ ਸਿੰਘ ਸਰਾਭਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਡਾ. ਦਰਸ਼ਨ ਪਾਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨੋਂ ਕਾਨੂੰਨ ਜ਼ੁਲਮ ਅਤੇ ਅਸਮਾਨਤਾ ਦੀ ਹਮਾਇਤ ਕਰਦੇ ਹਨ। ‘ਇਹ ਕਿਸਾਨੀ ਲਹਿਰ ਪੂਰੀ ਤਰ੍ਹਾਂ ਸ਼ਾਂਤਮਈ ਹੈ ਅਤੇ ਸਚਾਈ ਲਈ ਲੜਾਈ ਲੜੀ ਜਾ ਰਹੀ ਹੈ।’ ਕਿਸਾਨ ਆਗੂ ਜਗਮੋਹਨ ਸਿੰਘ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਬਦਨਾਮ ਕਰਨ ਦੀ ਬਜਾਏ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰੇ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸਰਕਾਰ ਪੂਰੀ ਤਰ੍ਹਾਂ ਕਰੋਨਾ ਦੇ ਮਸਲੇ ‘ਤੇ ਫੇਲ੍ਹ ਹੋ ਚੁੱਕੀ ਹੈ ਤਾਂ ਉਹ ਇਸ ਦਾ ਦੋਸ਼ ਕਿਸਾਨਾਂ ‘ਤੇ ਮੜ੍ਹਨਾ ਚਾਹੁੰਦੀ ਹੈ, ਜਿਸ ਵਿੱਚ ਉਹ ਸਫ਼ਲ ਨਹੀਂ ਹੋਵੇਗੀ।
ਟਿਕਰੀ ਬਾਰਡਰ ‘ਤੇ ਜੋਸ਼ੀਲੇ ਨਾਅਰਿਆਂ ਨਾਲ ਸਰਾਭੇ ਨੂੰ ਸਿਜਦਾ ਕੀਤਾ
ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਵਾਸਤੇ ਦਿੱਲੀ ਦੇ ਟਿਕਰੀ ਬਾਰਡਰ ‘ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਲਾਇਆ ਹੋਇਆ ਪੱਕਾ ਮੋਰਚਾ ਲਗਾਤਾਰ ਜਾਰੀ ਹੈ। ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ। ਸੂਬਾ ਕਮੇਟੀ ਨੇ ਗੀਤਾਂ ਅਤੇ ਜੋਸ਼ੀਲੇ ਨਾਅਰਿਆਂ ਰਾਹੀਂ ਕਰਤਾਰ ਸਿੰਘ ਸਰਾਭਾ ਨੂੰ ਸਿਜਦਾ ਕੀਤਾ। ਕਿਸਾਨ ਆਗੂ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਹਕੂਮਤ ਵੱਲੋਂ ਮਿਹਨਤਕਸ਼ ਲੋਕਾਂ ‘ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਰਤਾਰ ਸਿੰਘ ਸਰਾਭਾ ਨੇ ਅਮਰੀਕਾ ‘ਚ ਪੜ੍ਹਾਈ ਦੌਰਾਨ ਭਾਰਤੀਆਂ ਨਾਲ ਹੁੰਦੇ ਵਿਤਕਰਿਆਂ ਕਾਰਨ ਅੰਗਰੇਜ਼ਾਂ ਤੋਂ ਭਾਰਤ ਨੂੰ ਆਜ਼ਾਦ ਕਰਾਉਣ ਲਈ ਗਦਰ ਪਾਰਟੀ ‘ਚ ਕੰਮ ਕੀਤਾ। ਇਸ ਤੋਂ ਪਹਿਲਾਂ ਨੌਜਵਾਨ ਭਾਰਤ ਸਭਾ ਦੇ ਆਗੂ ਅਸ਼ਵਨੀ ਘੁੱਦਾ ਨੇ ਕਿਹਾ ਕਿ ਸਰਕਾਰ ਨੇ ਕਾਲੇ ਕਾਨੂੰਨ ਗੁਲਾਮੀ ਨੂੰ ਅੱਗੇ ਵਧਾਉਂਦੇ ਹੋਏ ਬਣਾਏ ਹਨ। ਮਹਾਨ ਯੋਧੇ ਕਰਤਾਰ ਸਿੰਘ ਸਰਾਭਾ ਨੂੰ ਯਾਦ ਕਰਦਿਆਂ ਉਨ੍ਹਾਂ ਦੱਸਿਆ ਕਿ ਉਸ ਸਮੇਂ ਨੌਜਵਾਨ ਰੁਜ਼ਗਾਰ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਜਾ ਰਹੇ ਸਨ, ਰੁਜ਼ਗਾਰ ਦੀ ਵੱਡੀ ਘਾਟ ਸੀ ਅਤੇ ਧੀਆਂ-ਭੈਣਾਂ ‘ਤੇ ਤਸ਼ੱਦਦ ਹੋ ਰਿਹਾ ਸੀ। ਅੱਜ ਵੀ ਹਾਲਾਤ ਇਹੋ ਜਿਹੇ ਹਨ ਅਤੇ ਨੌਜਵਾਨ ਰੁਜ਼ਗਾਰ ਨਾ ਮਿਲਣ ਕਾਰਨ ਵਿਦੇਸ਼ਾਂ ਵੱਲ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਸਮੇਤ ਸਮੂਹ ਕਿਰਤੀਆਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਤਬਕੇ ਦੀਆਂ ਜਥੇਬੰਦੀਆਂ ਬਣਾ ਕੇ ਆਪਣੇ ਹੱਕਾਂ ਲਈ ਅੱਗੇ ਆਉਣ। ਇਸ ਮੌਕੇ ਤੀਰਥ ਸਿੰਘ ਚੜਿੱਕ ਮੋਗਾ ਦੀ ਟੀਮ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਜ਼ਿੰਦਗੀ ਨਾਲ ਸਬੰਧਤ ਗੀਤ ਗਾ ਕੇ ਲੋਕਾਂ ਦੇ ਹੌਸਲੇ ਬੁਲੰਦ ਕੀਤੇ।
ਹਿਸਾਰ ‘ਚ ਕਿਸਾਨਾਂ ਦਾ ਵੱਡਾ ਸ਼ਕਤੀ ਪ੍ਰਦਰਸ਼ਨ
ਖੱਟਰ ਸਰਕਾਰ ਨੇ 350 ਤੋਂ ਜ਼ਿਆਦਾ ਕਿਸਾਨਾਂ ‘ਤੇ ਦਰਜ ਕੇਸ ਰੱਦ ਕਰਨ ਦਾ ਲਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼ : ਹਿਸਾਰ ਵਿੱਚ ਕਿਸਾਨਾਂ ‘ਤੇ ਦਰਜ ਕੇਸਾਂ ਵਿਰੁੱਧ ਸੋਮਵਾਰ ਨੂੰ ਕਿਸਾਨ ਜਥੇਬੰਦੀਆਂ ਨੇ ਖੱਟਰ ਸਰਕਾਰ ਖ਼ਿਲਾਫ਼ ਹਿਸਾਰ ‘ਚ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਦੇ ਦਬਾਅ ਅੱਗੇ ਝੁਕਦਿਆਂ ਹਰਿਆਣਾ ਸਰਕਾਰ ਨੇ ਕਿਸਾਨਾਂ ‘ਤੇ ਦਰਜ ਪੁਲਿਸ ਕੇਸ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਸਰਕਾਰ ਨੇ ਕਿਸਾਨਾਂ ਖ਼ਿਲਾਫ਼ ਸੂਬੇ ‘ਚ ਪਹਿਲਾਂ ਤੋਂ ਦਰਜ ਕੀਤੇ ਗਏ ਹੋਰ ਕੇਸ ਵਾਪਸ ਲੈਣ ਲਈ ਇਕ ਮਹੀਨੇ ਦੇ ਸਮੇਂ ਦੀ ਮੰਗ ਕੀਤੀ ਹੈ।
ਕੇਂਦਰੀ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ 16 ਮਈ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹਿਸਾਰ ਦੌਰੇ ਦਾ ਵਿਰੋਧ ਕੀਤਾ ਸੀ। ਇਸ ਦੌਰਾਨ ਪੁਲਿਸ ਨੇ ਕਿਸਾਨਾਂ ਨੂੰ ਖਿੰਡਾਉਣ ਲਈ ਉਨ੍ਹਾਂ ‘ਤੇ ਲਾਠੀਚਾਰਜ ਕੀਤਾ ਸੀ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਸਨ। ਪੁਲਿਸ ਨੇ 350 ਕਿਸਾਨਾਂ ਖ਼ਿਲਾਫ਼ ਇਰਾਦਾ ਕਤਲ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਸਨ। ਕਿਸਾਨ ਜਥੇਬੰਦੀਆਂ ਨੇ ਹਿਸਾਰ ਦੇ ਕ੍ਰਾਂਤੀਮਾਨ ਪਾਰਕ ਵਿੱਚ ਇਕੱਠੇ ਹੋ ਕੇ ਖੱਟਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ, ਗੁਰਨਾਮ ਸਿੰਘ ਚੜੂਨੀ, ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਆਜ਼ਾਦ ਵਿਧਾਇਕ ਸੋਮਵੀਰ ਸਾਂਗਵਾਨ, ਸੁਮਨ ਹੁੱਡਾ ਸਣੇ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਪਹੁੰਚੇ ਅਤੇ ਉਨ੍ਹਾਂ ਕਿਸਾਨਾਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ ਕੀਤੀ। ਭਾਰੀ ਇਕੱਠ ਨੂੰ ਵੇਖਦਿਆਂ ਹਰਿਆਣਾ ਸਰਕਾਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਸਾਨਾਂ ਦੇ ਡੇਢ ਦਰਜਨ ਦੇ ਕਰੀਬ ਆਗੂਆਂ ਨਾਲ ਮੀਟਿੰਗ ਕੀਤੀ। ਦੋ ਘੰਟੇ ਦੀ ਮੀਟਿੰਗ ਤੋਂ ਬਾਅਦ ਹਰਿਆਣਾ ਸਰਕਾਰ ਨੇ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਕੇਸ ਰੱਦ ਕਰਨ ਦਾ ਫ਼ੈਸਲਾ ਲਿਆ ਜਦਕਿ ਕਿਸਾਨਾਂ ਖ਼ਿਲਾਫ਼ ਸੂਬੇ ‘ਚ ਪਹਿਲਾਂ ਤੋਂ ਦਰਜ ਹੋਰ ਕੇਸ ਵਾਪਸ ਲੈਣ ਲਈ ਇਕ ਮਹੀਨੇ ਦੇ ਸਮੇਂ ਦੀ ਮੰਗ ਕੀਤੀ ਹੈ। ਸਰਕਾਰ ਵੱਲੋਂ ਭਰੋਸਾ ਦਿੱਤੇ ਜਾਣ ਮਗਰੋਂ ਦੇਰ ਸ਼ਾਮ ਕਿਸਾਨਾਂ ਨੇ ਧਰਨਾ ਖ਼ਤਮ ਕਰ ਦਿੱਤਾ।
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਅਤੇ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਭਾਜਪਾ ਪਹਿਲੇ ਦਿਨ ਤੋਂ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਅਤੇ ਫ਼ਸਲਾਂ ਨੂੰ ਐੱਮਐੱਸਪੀ ‘ਤੇ ਖ਼ਰੀਦ ਦੀ ਕਾਨੂੰਨ ਗਾਰੰਟੀ ਦਾ ਕਾਨੂੰਨ ਬਣਾਏ ਜਾਣ ਤੱਕ ਘਰ ਵਾਪਸੀ ਨਹੀਂ ਕਰੇਗਾ। ਟਿਕੈਤ ਨੇ ਕਿਹਾ ਕਿ ਸਰਕਾਰ ਅੰਦੋਲਨ ਨੂੰ ਲੰਬਾ ਖਿੱਚਣਾ ਚਾਹੁੰਦੀ ਹੈ ਪਰ ਕਿਸਾਨ ਵੀ ਖੇਤੀ ਕਾਨੂੰਨ ਰੱਦ ਹੋਣ ਤੱਕ ਅੰਦੋਲਨ ਚਲਾਉਣ ਲਈ ਤਿਆਰ ਹਨ।

Check Also

ਬੱਚਿਆਂ ਲਈ ਸਿੱਖਿਆਦਾਇਕ ਕਹਾਣੀ : ਅੰਕੁਰ ਦੇ ਅਜਬ ਕਾਰਨਾਮੇ

ਡਾ. ਦੇਵਿੰਦਰ ਪਾਲ ਸਿੰਘ ਇੱਕ ਵਾਰ ਦੀ ਗੱਲ ਹੈ, ਇੱਕ ਹਰੇ ਭਰੇ ਜੰਗਲ ਵਿੱਚ, ਅੰਕੁਰ …