Breaking News
Home / ਪੰਜਾਬ / ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ 6 ਸਾਲ ਬਾਅਦ ਵੀ ਨਹੀਂ ਮਿਲੀਆਂ ਸਜ਼ਾਵਾਂ

ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ 6 ਸਾਲ ਬਾਅਦ ਵੀ ਨਹੀਂ ਮਿਲੀਆਂ ਸਜ਼ਾਵਾਂ

‘ਆਪ’ ਆਗੂ ਕਹਿੰਦੇ – ਸਾਡੀ ਸਰਕਾਰ ਬਣੀ ਤਾਂ ਦੋਸ਼ੀਆਂ ਨੂੰ ਦਿਆਂਗੇ ਸਖਤ ਸਜ਼ਾਵਾਂ
ਚੰਡੀਗੜ੍ਹ/ਬਿਊਰੋ ਨਿਊਜ਼
1 ਜੂਨ 2015 ਨੂੰ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ’ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਵਿੱਤਰ ਸਰੂਪ ਚੋਰੀ ਹੋਇਆ ਸੀ। ਇਸ ਘਟਨਾ ਨੂੰ ਅੱਜ 6 ਸਾਲ ਹੋ ਗਏ ਹਨ, ਪਰ ਬੇਅਦਬੀ ਦੇ ਦੋਸ਼ੀਆਂ ਨੂੰ ਅਜੇ ਤੱਕ ਸਜ਼ਾਵਾਂ ਨਹੀਂ ਮਿਲੀਆਂ। ਇਸ ਦੇ ਚੱਲਦਿਆਂ ਅੱਜ ਗੁਰਦੁਆਰਾ ਸਾਹਿਬ ਬਰਗਾੜੀ ਤੇ ਬੁਰਜ ਜਵਾਹਰ ਵਾਲਾ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਅਰਦਾਸ ਸਮਾਗਮ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਹਰਪਾਲ ਚੀਮਾ, ਕੁਲਤਾਰ ਸਿੰਘ ਸੰਧਵਾਂ, ਬਲਜਿੰਦਰ ਕੌਰ ਤੇ ਪ੍ਰੋ. ਸਾਧੂ ਸਿੰਘ ਵੀ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਪਹੁੰਚੇ ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਗੁਰਦੁਆਰਾ ਸਾਹਿਬ ’ਚ ਅਰਦਾਸ ਵੀ ਕੀਤੀ। ਚੀਮਾ ਅਤੇ ਸੰਧਵਾਂ ਨੇ ਕਿਹਾ ਕਿ ਜੇਕਰ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਬੇਅਦਬੀ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਬੇਅਦਬੀ ਦੀਆਂ ਹੋਈਆਂ ਘਟਨਾਵਾਂ ਤੋਂ ਬਾਅਦ ਸਿੱਖ ਸੰਗਤਾਂ ਵਲੋਂ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਚ ਉਸ ਸਮੇਂ ਰੋਸ ਪ੍ਰਦਰਸ਼ਨ ਕੀਤੇ ਗਏ ਸਨ। ਉਸ ਮੌਕੇ ਪੁਲਿਸ ਵਲੋਂ ਚਲਾਈ ਗੋਲੀ ਨਾਲ ਦੋ ਸਿੱਖ ਨੌਜਵਾਨਾਂ ਦੀ ਜਾਨ ਵੀ ਚਲੇ ਗਈ ਸੀ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦਾ ਵਾਅਦਾ ਕੀਤਾ ਸੀ, ਪਰ ਅਜੇ ਤੱਕ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲ ਸਕੀਆਂ। ਜਿਸ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ’ਤੇ ਵੀ ਸਵਾਲ ਉਠ ਰਹੇ ਹਨ ਅਤੇ ਸਵਾਲ ਵੀ ਕਾਂਗਰਸ ਦੇ ਵਿਧਾਇਕ ਅਤੇ ਮੰਤਰੀ ਹੀ ਉਠਾ ਰਹੇ ਹਨ।

Check Also

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਉਨ੍ਹਾਂ ਦੀ ਪਤਨੀ ਅੰਮਿ੍ਤਾ ਵੜਿੰਗ ਨੇ ਮਾਤਾ ਚਿੰਤਪੁਰਨੀ ਮੰਦਰ ’ਚ ਟੇਕਿਆ ਮੱਥਾ 

ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਹਿਮਾਚਲ …