ਲੱਭਣ ਵਾਲੇ ਨੂੰ 50 ਹਜ਼ਾਰ ਰੁਪਏ ਦਾ ਇਨਾਮ ਦੇਣ ਦਾ ਐਲਾਨ
ਅੰਮਿ੍ਰਤਸਰ/ਬਿਊਰੋ ਨਿਊਜ਼
ਕਾਂਗਰਸ ਪਾਰਟੀ ’ਚ ਵੱਖਰੇ ਚੱਲ ਰਹੇ ਨਵਜੋਤ ਸਿੰਘ ਸਿੱਧੂ ਨੂੰ ਉਨ੍ਹਾਂ ਦੇ ਵਿਧਾਨ ਸਭਾ ਹਲਕੇ ਅੰਮਿ੍ਰਤਸਰ ਪੂਰਬੀ ’ਚ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਸਿੱਧੂ ਦੇ ਵਿਧਾਨ ਸਭਾ ਹਲਕੇ ’ਚ ਉਨ੍ਹਾਂ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਾਏ ਗਏ ਹਨ। ਸਿੱਧੂ ਨੇ ਅੰਮਿ੍ਰਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਚੋਣ ਜਿੱਤੀ ਸੀ ਅਤੇ ਇਸੇ ਹਲਕੇ ’ਚ ਹੀ ਇਹ ਪੋਸਟਰ ਲਗਾਏ ਗਏ ਹਨ, ਜਿਸ ’ਤੇ ਗੁੰਮਸ਼ੁਦਾ ਦੀ ਤਲਾਸ਼ ਲਿਖਿਆ ਗਿਆ। ਨਾਲ ਹੀ ਲੱਭਣ ਵਾਲੇ ਨੂੰ 50 ਹਜ਼ਾਰ ਰੁਪਏ ਇਨਾਮ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜੌੜਾ ਫਾਟਕ ਨੇੜੇ ਰਸੂਲਪੁਰ ਕਲਰ ’ਚ ਸ਼ਹੀਦ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ ਦੇ ਪ੍ਰਧਾਨ ਅਨਿਲ ਵਸ਼ਿਸ਼ਟ ਨੇ ਇਹ ਪੋਸਟਰ ਲਗਾਏ ਹਨ। ਵਾਸ਼ਿਸਟ ਦਾ ਕਹਿਣਾ ਹੈ ਕਿ ਸਿੱਧੂ ਆਪਣੇ ਵਿਧਾਨ ਸਭਾ ਹਲਕੇ ’ਚ ਆਉਂਦੇ ਹੀ ਨਹੀਂ ਅਤੇ ਹਲਕੇ ਦੀ ਜਨਤਾ ਉਨ੍ਹਾਂ ਨੂੰ ਲੱਭ ਰਹੀ ਹੈ। ਜ਼ਿਕਰਯੋਗ ਹੈ ਕਿ ਰਸੂਲਪੁਰ ਕਲਰ ਉਹ ਖੇਤਰ ਹੈ ਜਿਸ ਨੂੰ ਜੌੜਾ ਫਾਟਕ ਰੇਲ ਹਾਦਸੇ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਗੋਦ ਲੈਣ ਦੀ ਗੱਲ ਆਖੀ ਸੀ। ਧਿਆਨ ਰਹੇ ਕਿ ਨਵਜੋਤ ਸਿੰਘ ਸਿੱਧੂ ਅਕਸਰ ਹੀ ਚਰਚਾ ਵਿਚ ਰਹਿੰਦੇ ਹਨ ਅਤੇ ਉਨ੍ਹਾਂ ਪੰਜਾਬ ’ਚ ਆਪਣੀ ਹੀ ਕਾਂਗਰਸ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੋਇਆ ਹੈ। ਸਿੱਧੂ ਨੇ ਕੈਪਟਨ ਅਮਰਿੰਦਰ ਖਿਲਾਫ ਬਗਾਵਤ ਦਾ ਝੰਡਾ ਵੀ ਚੁੱਕਿਆ ਹੋਇਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਅੱਜ ਵੀ ਆਪਣੇ ਸਟੈਂਡ ’ਤੇ ਕਾਇਮ ਨੇ। ਇੱਥੇ ਇਹ ਵੀ ਦੱਸਣਾ ਬਣਦਾ ਹੈ ਸਿੱਧੂ ਦੀ ਸਪੋਰਟ ਵਿਚ ਹੁਣ ਕਈ ਵਿਧਾਇਕ ਆ ਚੁੱਕੇ ਹਨ।