ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦਾ ਮਾਮਲਾ ਗਰਮਾਇਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ। ਪਰ ਨੌਕਰੀਆਂ ਤਾਂ ਕਾਂਗਰਸੀ ਆਗੂਆਂ ਦੇ ਪਰਿਵਾਰਾਂ ਵਿਚ ਵੰਡੀਆਂ ਜਾ ਰਹੀਆਂ ਹਨ। ਹੁਣ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਸ ਤੋਂ ਨਰਾਜ਼ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਮੂਹਰੇ ਧਰਨਾ ਦਿੱਤਾ ਅਤੇ ਪੁਲਿਸ ਨੇ ਧਰਨਾਕਾਰੀਆਂ ਨੂੰ ਹਿਰਾਸਤ ਵਿੱਚ ਵੀ ਲੈ ਲਿਆ। ਇਸ ਧਰਨਾ ਪ੍ਰਦਰਸ਼ਨ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਮੀਤ ਹੇਅਰ, ਕੁਲਤਾਰ ਸਿੰਘ ਸੰਧਵਾਂ, ਪਿ੍ਰੰਸੀਪਲ ਬੁੱਧ ਰਾਮ, ਅਨਮੋਲ ਗਗਨ ਮਾਨ ਸਣੇ ਹੋਰ ਆਗੂ ਹਾਜ਼ਰ ਰਹੇ। ‘ਆਪ’ ਆਗੂਆਂ ਦਾ ਕਹਿਣਾ ਸੀ ਕਿ ਕੈਪਟਨ ਅਮਰਿੰਦਰ ਨੇ ਚੋਣਾਂ ਦੌਰਾਨ ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦਿਆਂ ਵਿੱਚੋਂ ਇਕ ਵੀ ਪੂਰਾ ਨਹੀਂ ਕੀਤਾ। ਆਗੂਆਂ ਨੇ ਕਿਹਾ ਕਿ ਕੈਪਟਨ ਤਾਂ ਕਰੋਨਾ ਮਹਾਮਾਰੀ ਦੌਰਾਨ ਵੀ ਲੋਕਾਂ ਦੀ ਸਾਰ ਲੈਣ ਦੀ ਥਾਂ ਆਪਣੀ ਕੁਰਸੀ ਬਚਾਉਣ ਵਿੱਚ ਲੱਗੇ ਹੋਏ ਹਨ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਦੇ ਬੇਟੇ ਨੂੰ ਡੀ.ਐਸ.ਪੀ ਅਤੇ ਵਿਧਾਇਕ ਰਾਕੇਸ਼ ਪਾਂਡੇ ਦੇ ਬੇਟੇ ਨੂੰ ਤਹਿਸੀਲਦਾਰ ਨਿਯੁਕਤ ਕਰਨ ਦਾ ਫੈਸਲਾ ਲਿਆ ਸੀ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਆਮ ਲੋਕਾਂ ਦੇ ਧੀਆਂ ਪੁੱਤਰਾਂ ਨੂੰ ਰੋਜ਼ਗਾਰ ਮੇਲਿਆਂ ਦੇ ਨਾਮ ’ਤੇ ਖੱਜਲ ਕੀਤਾ ਜਾ ਰਿਹਾ ਹੈ ਅਤੇ ਕਾਂਗਰਸੀ ਆਗੂਆਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।