Breaking News
Home / Uncategorized / ਕਿਸਾਨਾਂ ਨੇ ਸਿਰਸਾ ‘ਚ ਬਿਜਲੀ ਮੰਤਰੀ ਖਿਲਾਫ ਕੀਤਾ ਵਿਰੋਧ ਪ੍ਰਦਰਸ਼ਨ

ਕਿਸਾਨਾਂ ਨੇ ਸਿਰਸਾ ‘ਚ ਬਿਜਲੀ ਮੰਤਰੀ ਖਿਲਾਫ ਕੀਤਾ ਵਿਰੋਧ ਪ੍ਰਦਰਸ਼ਨ

ਮਹਿਲਾ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਸੰਭਾਲੀ ਕਮਾਨ
ਸਿਰਸਾ/ਬਿਊਰੋ ਨਿਊਜ਼ : ਖੇਤੀ ਕਾਨੂੰਨ ਰੱਦ ਕਰਨ ਤੇ ਬਿਜਲੀ ਦੇ ਕੁਨੈਕਸ਼ਨ ਕਿਸਾਨਾਂ ਨੂੰ ਦਿੱਤੇ ਜਾਣ ਦੀ ਮੰਗ ਸਬੰਧੀ ਕਿਸਾਨਾਂ ਨੇ ਸਿਰਸਾ ‘ਚ ਹਰਿਆਣਾ ਦੇ ਬਿਜਲੀ ਮੰਤਰੀ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਬਾਬਾ ਭੂਮਣ ਸ਼ਾਹ ਚੌਕ ‘ਤੇ ਰੋਕਿਆ। ਕਿਸਾਨਾਂ ਨੂੰ ਰੋਕਣ ਲਈ ਮਹਿਲਾ ਪੁਲਿਸ ਨੂੰ ਅੱਗੇ ਕੀਤਾ ਗਿਆ ਸੀ। ਇਹ ਪ੍ਰਦਰਸ਼ਨ ‘ਪਗੜੀ ਸੰਭਾਲ ਜੱਟਾ’ ਕਿਸਾਨ ਜਥੇਬੰਦੀ ਵੱਲੋਂ ਕੀਤਾ ਗਿਆ।
‘ਪੱਗੜੀ ਸੰਭਾਲ ਜੱਟਾ’ ਜਥੇਬੰਦੀ ਨਾਲ ਜੁੜੇ ਕਿਸਾਨ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਵੱਡੀ ਗਿਣਤੀ ‘ਚ ਇਕੱਠੇ ਹੋਏ। ਕਿਸਾਨ ਖੇਤੀ ਕਾਨੂੰਨ ਰੱਦ ਕਰਨ ਤੇ ਕਿਸਾਨਾਂ ਨੂੰ ਟਿਊਬਵੈੱਲ ਲਈ ਜਲਦੀ ਬਿਜਲੀ ਕੁਨੈਕਸ਼ਨ ਦਿੱਤੇ ਜਾਣ ਦੀ ਮੰਗ ਕਰ ਰਹੇ ਹਨ। ਕਿਸਾਨ ਹਰਿਆਣਾ ਦੀ ਬਿਜਲੀ ਮੰਤਰੀ ਦੇ ਨਿਵਾਸ ਅੱਗੇ ਪ੍ਰਦਰਸ਼ਨ ਕਰਕੇ ਬਿਜਲੀ ਮੰਤਰੀ ਨੂੰ ਆਪਣਾ ਮੰਗ ਪੱਤਰ ਦੇਣਾ ਚਾਹੁੰਦੇ ਸਨ ਪਰ ਪੁਲਿਸ ਨੇ ਕਿਸਾਨਾਂ ਨੂੰ ਬਾਬਾ ਭੂਮਣ ਸ਼ਾਹ ਚੌਕ ‘ਤੇ ਰੋਕ ਲਿਆ।
ਇਸ ਦੌਰਾਨ ਪੁਲਿਸ ਵੱਲੋਂ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦੇ ਘਰ ਨੂੰ ਜਾਣ ਵਾਲੇ ਰਾਹਾਂ ‘ਤੇ ਭਾਰੀ ਬੈਰੀਕੇਡ ਕੀਤੇ ਹੋਏ ਸਨ ਤੇ ਵੱਡੀ ਗਿਣਤੀ ‘ਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਹੋਏ ਸਨ। ਇਸ ਦੌਰਾਨ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ ਚਲਾਉਣ ਵਾਲੀਆਂ ਗੱਡੀਆਂ ਤੋਂ ਇਲਾਵਾ ਅੱਥਰੂ ਗੈਸ ਦੇ ਗੋਲੇ ਸੁੱਟਣ ਵਾਲੇ ਵਾਹਨਾਂ ਨੂੰ ਵੀ ਤਾਇਨਾਤ ਕੀਤਾ ਗਿਆ ਸੀ। ਬਾਅਦ ਵਿੱਚ ਕਿਸਾਨਾਂ ਨੇ ਬਿਜਲੀ ਮੰਤਰੀ ਦੇ ਨਿੱਜੀ ਸੱਕਤਰ ਨੂੰ ਆਪਣਾ ਮੰਗ ਪੱਤਰ ਸੌਂਪਿਆ ਤੇ ਮੰਗਾਂ ਪੂਰੀਆਂ ਨਾ ਹੋਣ ‘ਤੇ ਆਪਣਾ ਸੰਘਰਸ਼ ਹੋਰ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ।
ਹਰਿਆਣਾ ‘ਚ ਕਰੋਨਾ ਵਧਣ ਦਾ ਇਕ ਕਾਰਨ ਕਿਸਾਨ ਅੰਦੋਲਨ : ਖੱਟਰ
ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੂਬੇ ਦੇ ਪਿੰਡਾਂ ਵਿੱਚ ਕਰੋਨਾ ਵਾਇਰਸ ਦੇ ਕੇਸਾਂ ਵਿੱਚ ਹੋ ਰਹੇ ਵਾਧੇ ਲਈ ਕਿਸਾਨ ਅੰਦੋਲਨ ਨੂੰ ਕਾਰਨ ਦੱਸਿਆ ਹੈ। ਉਨ੍ਹਾਂ ਕਿਹਾ ਕਿ ਅੰਦੋਲਨ ਕਾਰਨ ਪਿੰਡਾਂ ਵਿੱਚ ਕਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ ਅਤੇ ਮੌਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਖੱਟਰ ਨੇ ਸੂਬੇ ਦੇ ਪਿੰਡਾਂ ਵਿੱਚ ਕਰੋਨਾ ਦੀ ਵਧਦੀ ਲਾਗ ਨੂੰ ਦੇਖਦਿਆਂ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਰੋਨਾ ਦੀ ਦੂਜੀ ਲਹਿਰ ਦੌਰਾਨ ਪਿਛਲੇ ਸਾਲ ਦੇ ਮੁਕਾਬਲੇ ਮੌਤ ਦਰ 6 ਤੋਂ 10 ਫੀਸਦੀ ਵਧ ਗਈ ਹੈ।
ਮੁੱਖ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੱਲੋਂ ਕਰੋਨਾ ਦੇ ਸਮੇਂ ਆਲ ਪਾਰਟੀ ਮੀਟਿੰਗ ਸੱਦਣ ਦੀ ਮੰਗ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਉਹ ਆਲ ਪਾਰਟੀ ਮੀਟਿੰਗ ਸੱਦਣ ਦੀ ਗੱਲ ਕਰ ਰਹੇ ਹਨ ਪਰ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਲਈ ਨਹੀਂ ਕਹਿ ਰਹੇ।

Check Also

ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ

ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …