Breaking News
Home / ਪੰਜਾਬ / ਸੰਯੁਕਤ ਕਿਸਾਨ ਮੋਰਚੇ ਨੇ ਮੋਦੀ ਦੀ ‘ਮਨ ਕੀ ਬਾਤ’ ਦੀ ਕੀਤੀ ਸਖਤ ਆਲੋਚਨਾ

ਸੰਯੁਕਤ ਕਿਸਾਨ ਮੋਰਚੇ ਨੇ ਮੋਦੀ ਦੀ ‘ਮਨ ਕੀ ਬਾਤ’ ਦੀ ਕੀਤੀ ਸਖਤ ਆਲੋਚਨਾ

ਤਿੰਨੋਂ ਖੇਤੀਬਾੜੀ ਕਾਨੂੰਨ ਪੂਰੇ ਦੇਸ਼ ਦੇ ਕਿਸਾਨਾਂ ਤੇ ਆਮ ਲੋਕਾਂ ਦੇ ਵੀ ਵਿਰੁੱਧ : ਡਾ. ਦਰਸ਼ਨ ਪਾਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਹੀਨਾਵਾਰ ਪ੍ਰੋਗਰਾਮ ‘ਮਨ ਕੀ ਬਾਤ’ ਦੀ ਸਖ਼ਤ ਸ਼ਬਦਾਂ ਵਿਚ ਆਲੋਚਨਾ ਕਰਦਿਆਂ ਇਲਜ਼ਾਮ ਲਾਇਆ ਹੈ ਕਿ ਪ੍ਰਧਾਨ ਮੰਤਰੀ ਇਸ ਪ੍ਰੋਗਰਾਮ ਰਾਹੀਂ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ। ਪ੍ਰਧਾਨ ਮੰਤਰੀ ਵੱਲੋਂ ਇਸ ਪ੍ਰੋਗਰਾਮ ਵਿੱਚ ਕਿਸਾਨਾਂ ਦਾ ਜ਼ਿਕਰ ਕੀਤੇ ਜਾਣ ਬਾਰੇ ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਨਰਿੰਦਰ ਮੋਦੀ ਨੇ ਸਾਰੀਆਂ ਫ਼ਸਲਾਂ ‘ਤੇ ਐਮਐੱਸਪੀ ਦੇਣ ਬਾਰੇ ਚੁੱਪ ਧਾਰੀ ਹੋਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਮਨ ਕੀ ਬਾਤ’ ਰਾਹੀਂ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ। ਉਹ ਆਪਣੇ ਮਨ ਕੀ ਬਾਤ ਹੀ ਸੁਣਾਉਂਦੇ ਹਨ, ਪਰ ਉਨ੍ਹਾਂ ਕਦੇ ਕਿਸਾਨਾਂ ਦੇ ‘ਮਨ ਕੀ ਬਾਤ’ ਨਹੀਂ ਸੁਣੀ। ਪ੍ਰਧਾਨ ਮੰਤਰੀ ਤਿੰਨ ਨਵੇਂ ਖੇਤੀ ਕਾਨੂੰਨਾਂ ਅਤੇ ਸਾਰੀਆਂ ਫ਼ਸਲਾਂ ‘ਤੇ ਐੱਮਐੱਸਪੀ ਦੀ ਗਾਰੰਟੀ ਦੇਣ ਦੇ ਸਵਾਲ ‘ਤੇ ਚੁੱਪ ਹਨ ਤੇ ਉਨ੍ਹਾਂ ਨੂੰ ਇਹ ਚੁੱਪੀ ਤੋੜਨੀ ਚਾਹੀਦੀ ਹੈ। ਤਿੰਨੋਂ ਖੇਤੀਬਾੜੀ ਕਾਨੂੰਨ ਪੂਰੇ ਦੇਸ਼ ਦੇ ਕਿਸਾਨਾਂ ਤੇ ਆਮ ਲੋਕਾਂ ਵਿਰੁੱਧ ਹਨ ਅਤੇ ਇਹ ਸਾਰੇ ਦੇਸ਼ ਦੇ ਕਿਸਾਨਾਂ ਦਾ ਨੁਕਸਾਨ ਕਰਨਗੇ। ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਇਨ੍ਹਾਂ ‘ਤੇ ਮੁੜ ਗੌਰ ਕਰਦੇ ਹੋਏ ਕਿਸਾਨਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਹੱਲ ਕਰੇ।
ਉੱਧਰ, ਭਾਰਤੀ ਮੁੱਕੇਬਾਜ਼ ਸਵੀਟੀ ਬੁਰਾ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਮੰਗਾਂ ਮੰਨਣ। ਬੁਰਾ ਨੇ ਹਾਲ ਹੀ ਵਿਚ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਉਨ੍ਹਾਂ ਕਿਹਾ ਕਿ ਉਸ ਦਾ ਇਹ ਤਗ਼ਮਾ ਕਿਸਾਨਾਂ ਨੂੰ ਸਮਰਪਿਤ ਹੈ ਤੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਹੈ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਹਰਿਆਣਾ ਤੇ ਪੰਜਾਬ ਤੋਂ ਅੱਜ ਵੀ ਮਹਿਲਾਵਾਂ ਦੇ ਵੱਡੇ ਜਥੇ ਦਿੱਲੀ ਦੇ ਬਾਰਡਰਾਂ ‘ਤੇ ਪਹੁੰਚ ਰਹੇ ਹਨ। ਕਿਸਾਨਾਂ ਬੀਬੀਆਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਭਾਜਪਾ ਸਰਕਾਰ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੇ ਪਰ ਉਹ ਅੰਦੋਲਨ ਨੂੰ ਕਮਜ਼ੋਰ ਨਹੀਂ ਹੋਣ ਦਿੱਤਾ ਜਾਵੇਗਾ। ਇਸੇ ਦੌਰਾਨ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸ਼ਾਹਜਹਾਂਪੁਰ ਕਿਸਾਨ ਮੋਰਚੇ ‘ਤੇ ਝੱਖੜ ਕਾਰਨ ਕਿਸਾਨਾਂ ਦੇ ਟੈਂਟ, ਸਟੇਜ, ਲੰਗਰ ਅਤੇ ਹੋਰ ਸਾਮਾਨ ਵੱਡੀ ਪੱਧਰ ‘ਤੇ ਨੁਕਸਾਨਿਆ ਗਿਆ। ਕਿਸਾਨਾਂ ਦੇ ਤੰਬੂ ਪੂਰੀ ਤਰ੍ਹਾਂ ਉੱਖੜ ਗਏ ਸਨ। ਜਦੋਂ ਕਿਸਾਨਾਂ ਨੇ ਸਥਿਤੀ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਵੀ ਗੰਭੀਰ ਸੱਟਾਂ ਲੱਗੀਆਂ। ਯੋਗੇਂਦਰ ਯਾਦਵ ਨੇ ਸਮਾਜ ਭਲਾਈ ਸੰਸਥਾਵਾਂ ਤੇ ਆਮ ਲੋਕਾਂ ਨੂੰ ਸ਼ਾਹਜਹਾਂਪੁਰ ਮੋਰਚੇ ‘ਤੇ ਹਰ ਸੰਭਵ ਸਹਾਇਤਾ ਦੇਣ ਦੀ ਅਪੀਲ ਕੀਤੀ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …