ਬਰਨਾਲਾ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਤੇ ਦਿੱਲੀ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਮਨਜੀਤ ਸਿੰਘ ਧਨੇਰ ਨੇ ਬਰਨਾਲਾ ਦੇ ਯੂਨੀਅਨ ਆਗੂਆਂ/ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਘਰਸ਼ ਦੀ ਬੁਨਿਆਦ ਦਰੁਸਤ ਹੋਣ ਕਰਕੇ ਕਿਸਾਨ ਅੰਦੋਲਨ ਹਰ ਹਾਲ ਵਿੱਚ ਜਿੱਤੇਗਾ। ਉਨ੍ਹਾਂ ਕਿਹਾ ਕਿ ਮੋਦੀ ਹਕੂਮਤ ਵੱਲੋਂ ਦੇਸ਼ ਦੀ ਕਰੀਬ ਦੋ ਤਿਹਾਈ ਆਬਾਦੀ ਦੇ ਹਿੱਤਾਂ ਦੇ ਉਲਟ ਆਪਣੇ ਚਹੇਤੇ ਪੂੰਜੀਪਤੀਆਂ ਦਾ ਮੁਨਾਫ਼ਾ ਯਕੀਨੀ ਬਣਾਉਣ ਲਈ ਥੋਪੇ ਗਏ ਖੇਤੀ ਕਾਨੂੰਨ ਮਿਹਨਤਕਸ਼ ਲੋਕਾਂ ਨੂੰ ਉਜਾੜੇ ਵੱਲ ਧੱਕ ਦੇਣਗੇ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਆਪਣੇ ਅੜੀਅਲ ਰਵੱਈਏ ਕਾਰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਤਿਆਰ ਨਹੀਂ ਹੈ ਉਲਟਾ ਕਰੋਨਾ ਵਾਇਰਸ ਫੈਲਾਉਣ ਦਾ ਠੀਕਰਾ ਅੰਦੋਲਨਕਾਰੀ ਕਿਸਾਨਾਂ ਸਿਰ ਭੰਨਣ ਦੀ ਕੋਸ਼ਿਸ਼ ਕਰ ਰਹੀ ਹੈ, ਜਦ ਕਿ ਅਸਲੀਅਤ ਇਹ ਹੈ ਕਿ ਕੇਂਦਰ ਸਰਕਾਰ ਕਰੋਨਾ ਨਾਲ ਨਜਿੱਠਣ ਵਿੱਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ। ਕਿਸਾਨ ਆਗੂ ਬਲਵੰਤ ਸਿੰਘ ਉੱਪਲੀ ਤੇ ਬਾਬੂ ਸਿੰਘ ਖੁੱਡੀ ਕਲਾਂ ਨੇ ਦੱਸਿਆ ਕਿ ਛੇਤੀ ਹੀ ਬਲਾਕ ਦੇ ਸਾਰੇ ਪਿੰਡਾਂ ਵਿੱਚੋਂ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨਾਂ ਦੇ ਕਾਫ਼ਲੇ ਦਿੱਲੀ ਵੱਲ ਰਵਾਨਾ ਹੋਣਗੇ। ਉਨ੍ਹਾਂ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਦਿੱਲੀ ਦੀਆਂ ਹੱਦਾਂ ‘ਤੇ ਚੱਲ ਰਹੇ ਅੰਦੋਲਨ ਵਿੱਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ।