ਫ਼ਰੀਦਕੋਟ/ਬਿਊਰੋ ਨਿਊਜ਼ : ਪੰਜਾਬੀ ਸਾਹਿਤ ਦੇ ਪ੍ਰਸਿੱਧ ਨਾਵਲਕਾਰ ਅਤੇ ਗਿਆਨ ਪੀਠ ਪੁਰਸਕਾਰ ਜੇਤੂ 83 ਸਾਲਾ ਪ੍ਰੋ: ਗੁਰਦਿਆਲ ਸਿੰਘ ਨੂੰ ਅੱਜ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਉਨ੍ਹਾਂ ਦਾ ਅੰਤਿਮ ਸਸਕਾਰ ਜੈਤੋ ਵਿਖੇ ਪੂਰੇ ਰਾਜ ਪੱਧਰੀ ਸਨਮਾਨਾਂ ਨਾਲ ਕੀਤਾ ਗਿਆ। ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਹਵਾਈ ਫਾਇਰ ਕਰਕੇ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਪੰਜਾਬ ਦੀਆਂ ਉੱਚ ਸਖਸ਼ੀਅਤਾਂ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਪ੍ਰੋ. ਗੁਰਦਿਆਲ ਸਿੰਘ ਦਾ ਲੰਘੇ ਮੰਗਲਵਾਰ ਨੂੰ ਦੇਹਾਂਤ ਹੋ ਗਿਆ ਸੀ। ਪ੍ਰੋ. ਗੁਰਦਿਆਲ ਸਿੰਘ ਇਕ ਉੱਘੇ ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਲੇਖਕ ਸਨ। ਪ੍ਰੋ. ਗੁਰਦਿਆਲ ਸਿੰਘ ਦਾ ਜਨਮ 10 ਜਨਵਰੀ 1933 ਨੂੰ ਉਨ੍ਹਾਂ ਦੇ ਨਾਨਕਾ ਪਿੰਡ ਭੈਣੀ ਫੱਤਾ ਜ਼ਿਲ੍ਹਾ ਬਰਨਾਲਾ ਵਿਖੇ ਹੋਇਆ। ਉਨ੍ਹਾਂ ਦਾ ਦਾਦਕਾ ਪਿੰਡ ਜੈਤੋ ਹੈ ਅਤੇ ਬਚਪਨ ਤੋਂ ਹੁਣ ਤੱਕ ਉੱਥੇ ਹੀ ਰਹਿੰਦੇ ਰਹੇ ਸਨ। ਉਨ੍ਹਾਂ ਦੇ ਦੋ ਨਾਵਲਾਂ ਮੜੀ ਦਾ ਦੀਵਾ ਅਤੇ ਅੰਨੇ ਘੋੜੇ ਦਾ ਦਾਨ ਦੀਆਂ ਕਹਾਣੀਆਂ ‘ਤੇ ਫ਼ਿਲਮਾਂ ਵੀ ਬਣ ਚੁੱਕੀਆਂ ਹਨ। ਮੜੀ ਦਾ ਦੀਵਾ ‘ਤੇ ਬਣੀ ਫ਼ਿਲਮ ਨੇ ਬੈਸਟ ਰੀਜ਼ਨਲ ਫਿਲਮ ਐਵਾਰਡ 1989 ਹਾਸਲ ਕੀਤਾ ਸੀ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …