Breaking News
Home / ਪੰਜਾਬ / ਪੰਜਾਬ ਮੰਤਰੀ ਮੰਡਲ ਵੱਲੋਂ ਮਾਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਬਣਾਏ ਜਾਣ ‘ਤੇ ਮੋਹਰ

ਪੰਜਾਬ ਮੰਤਰੀ ਮੰਡਲ ਵੱਲੋਂ ਮਾਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਬਣਾਏ ਜਾਣ ‘ਤੇ ਮੋਹਰ

ਜ਼ਿਲ੍ਹੇ ‘ਚ ਹੋਣਗੀਆਂ ਤਿੰਨ ਸਬ ਡਵੀਜ਼ਨਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਮੰਤਰੀ ਮੰਡਲ ਵੱਲੋਂ ਮਾਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਵਜ਼ਾਰਤੀ ਮੀਟਿੰਗ ਦੌਰਾਨ ਸਬ ਤਹਿਸੀਲ ਅਮਰਗੜ੍ਹ, ਜੋ ਕਿ ਮਾਲੇਰਕੋਟਲਾ ਸਬ ਡਿਵੀਜ਼ਨ ਦਾ ਹਿੱਸਾ ਸੀ, ਨੂੰ ਸਬ ਡਿਵੀਜ਼ਨ/ਤਹਿਸੀਲ ਬਣਾਉਣ ਨੂੰ ਵੀ ਮਨਜ਼ੂਰੀ ਦਿੱਤੀ ਗਈ। ਸਰਕਾਰ ਦੇ ਤਾਜ਼ਾ ਫੈਸਲੇ ਮੁਤਾਬਕ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਹੁਣ ਤਿੰਨ ਸਬ ਡਵੀਜ਼ਨਾਂ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ 192 ਪਿੰਡ, 62 ਪਟਵਾਰ ਸਰਕਲ ਅਤੇ 6 ਕਾਨੂੰਨਗੋ ਸਰਕਲ ਵੀ ਸ਼ਾਮਲ ਹੋਣਗੇ। ਮੰਤਰੀ ਮੰਡਲ ਵੱਲੋਂ ਮੁੱਖ ਮੰਤਰੀ ਨੂੰ 12 ਵਿਭਾਗਾਂ ਪੁਲਿਸ, ਪੇਂਡੂ ਵਿਕਾਸ ਤੇ ਪੰਚਾਇਤ, ਸਮਾਜਿਕ ਨਿਆਂ ਅਤੇ ਘੱਟ ਗਿਣਤੀ, ਖੇਤੀਬਾੜੀ ਅਤੇ ਕਿਸਾਨ ਵਿਕਾਸ, ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ, ਸਿਹਤ, ਸਿੱਖਿਆ (ਪ੍ਰਾਇਮਰੀ ਅਤੇ ਸੈਕੰਡਰੀ), ਰੁਜ਼ਗਾਰ ਉਤਪੱਤੀ, ਉਦਯੋਗ ਅਤੇ ਵਣਜ, ਖੁਰਾਕ ਸਿਵਲ ਸਪਲਾਈ ਤੇ ਉਪਭੋਗਤਾ ਮਾਮਲਿਆਂ ਤੋਂ ਇਲਾਵਾ ਵਿੱਤ ਦੇ ਦਫ਼ਤਰਾਂ ਲਈ ਨਵੀਆਂ ਅਸਾਮੀਆਂ ਸਿਰਜੇ ਜਾਣ ਨੂੰ ਮਨਜ਼ੂਰੀ ਦੇਣ ਲਈ ਅਧਿਕਾਰ ਸੌਂਪ ਦਿੱਤੇ।
ਮੁੱਖ ਮੰਤਰੀ ਨੇ 14 ਮਈ ਨੂੰ ਈਦ-ਉਲ-ਫ਼ਿਤਰ ਦੇ ਮੌਕੇ ‘ਤੇ ਮਾਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਐਲਾਨ ਕਰਦਿਆਂ ਸਥਾਨਕ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਕੀਤੀ ਸੀ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਲਏ ਗਏ ਇਸ ਫੈਸਲੇ ਦਾ ਮਕਸਦ ਮਾਲੇਰਕੋਟਲਾ ਦੇ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣਾ, ਇਸ ਇਤਿਹਾਸਕ ਸ਼ਹਿਰ ਦੇ ਅਮੀਰ ਵਿਰਸੇ ਨੂੰ ਕਾਇਮ ਰੱਖਣਾ ਅਤੇ ਇਸ ਖੇਤਰ ਦੇ ਸਮੁੱਚੇ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣਾ ਵੀ ਹੈ।
ਮਾਲੇਰਕੋਟਲਾ ਦੀ ਕਮਾਨ ਬੀਬੀਆਂ ਦੇ ਹੱਥ
ਅੰਮ੍ਰਿਤ ਕੌਰ ਗਿੱਲ ਡਿਪਟੀ ਕਮਿਸ਼ਨਰ ਤੇ ਕੰਵਰਦੀਪ ਕੌਰ ਐਸਐਸਪੀ ਨਿਯੁਕਤ
ਚੰਡੀਗੜ੍ਹ : ਨਵੇਂ ਬਣੇ ਜ਼ਿਲ੍ਹੇ ਮਾਲੇਰਕੋਟਲਾ ਦੀ ਕਮਾਨ ਮਹਿਲਾ ਅਧਿਕਾਰੀਆਂ ਦੇ ਹੱਥ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਸਾਲ 2010 ਬੈੱਚ ਦੀ ਆਈਏਐੱਸ ਅਧਿਕਾਰੀ ਅੰਮ੍ਰਿਤ ਕੌਰ ਗਿੱਲ ਨੂੰ ਮਾਲੇਰਕੋਟਲਾ ਦੀ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਇਸ ਸਮੇਂ ਉਹ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਵਜੋਂ ਤਾਇਨਾਤ ਸਨ। ਸਾਲ 2013 ਬੈਚ ਦੀ ਕੰਵਰਦੀਪ ਕੌਰ ਨੂੰ ਐੱਸਐੱਸਪੀ ਨਿਯੁਕਤ ਕੀਤਾ ਹੈ।

 

Check Also

ਚੋਣਾਂ ਨੇੜੇ ਆਉਂਦੀਆਂ ਦੇਖ ਸਿਆਸੀ ਆਗੂਆਂ ਨੇ ਡੇਰਿਆਂ ਦੇ ਚੱਕਰ ਲਗਾਉਣੇ ਕੀਤੇ ਸ਼ੁਰੂ

ਪ੍ਰਤਾਪ ਬਾਜਵਾ, ਪ੍ਰਨੀਤ ਕੌਰ ਤੇ ਕੁਲਦੀਪ ਧਾਲੀਵਾਲ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ …