Breaking News
Home / ਪੰਜਾਬ / ਵੈਕਸੀਨ ਘੁਟਾਲਾ ਮਾਮਲੇ ’ਚ ਘਿਰੀ ਪੰਜਾਬ ਸਰਕਾਰ

ਵੈਕਸੀਨ ਘੁਟਾਲਾ ਮਾਮਲੇ ’ਚ ਘਿਰੀ ਪੰਜਾਬ ਸਰਕਾਰ

ਸ਼ੋ੍ਰਮਣੀ ਅਕਾਲੀ ਦਲ ਵਲੋਂ ਬਲਬੀਰ ਸਿੰਘ ਸਿੱਧੂ ਦੀ ਕੋਠੀ ਨੇੜੇ ਵਿਸ਼ਾਲ ਧਰਨਾ
ਚੰਡੀਗੜ੍ਹ/ਬਿਊੁਰੋ ਨਿਊਜ਼
ਪੰਜਾਬ ਸਰਕਾਰ ਵਲੋਂ ਕਰੋਨਾ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਮਹਿੰਗੇ ਭਾਅ ਵੇਚ ਦਿੱਤੀ ਗਈ ਸੀ ਅਤੇ ਹੁਣ ਮਾਮਲਾ ਦਿਨੋਂ ਦਿਨ ਤੂਲ ਫੜਦਾ ਜਾ ਰਿਹਾ ਹੈ। ਵੈਕਸੀਨ ਮਾਮਲੇ ’ਤੇ ਵਿਰੋਧੀ ਪਾਰਟੀਆਂ ਵਲੋਂ ਕੀਤੇ ਜਾ ਰਹੇ ਸਖ਼ਤ ਵਿਰੋਧ ਦੇ ਚੱਲਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਵੀ ਵਧਦੀਆਂ ਜਾ ਰਹੀਆਂ ਹਨ ਅਤੇ ਇਸੇ ਤਹਿਤ ਸ਼ੋ੍ਰਮਣੀ ਅਕਾਲੀ ਦਲ ਵਲੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਮੋਹਾਲੀ ਵਿਖੇ ਸਿੱਧੂ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਂਮਾਰੀ ਦੌਰਾਨ ਲੋੜੀਂਦਾ ਕਦਮ ਨਾ ਚੁੱਕੇ ਜਾਣ ’ਤੇ ਘੇਰਿਆ । ਉਨ੍ਹਾਂ ਦਾ ਕਹਿਣਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਨਾਮ ਅੱਗੋਂ ਕੈਪਟਨ ਸ਼ਬਦ ਹਟਾ ਦੇਣਾ ਚਾਹੀਦਾ ਹੈ। ਸੁਖਬੀਰ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ 15 ਜੂਨ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਵੀ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਅਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਦੀ ਕਾਂਗਰਸ ਸਰਕਾਰ ਨੇ ਕਰੋਨਾ ਦੀ ਮਹਾਂਮਾਰੀ ਵਿਚ ਲੋਕਾਂ ਨੂੰ ਸਸਤੀਆਂ ਦਵਾਈਆਂ ਤਾਂ ਕੀ ਦੇਣੀਆਂ ਸਨ, ਸਗੋਂ ਘਪਲੇ ਕਰਕੇ ਆਪਣੀਆਂ ਤਜੌਰੀਆਂ ਭਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਵੈਕਸੀਨ ਘੁਟਾਲਾ ਮਾਮਲੇ ਵਿਚ ਅਕਾਲੀ ਆਗੂਆਂ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਕੋਲੋਂ ਅਸਤੀਫੇ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵਲੋਂ ਵੀ ਲੰਘੇ ਕੱਲ੍ਹ ਮੁਹਾਲੀ ਵਿਚ ਸਿਹਤ ਮੰਤਰੀ ਬਲਬੀਰ ਸਿੱਧੂ ਦਾ ਵਿਰੋਧ ਕੀਤਾ ਸੀ। ਇਸਦੇ ਚੱਲਦਿਆਂ ਪੁਲਿਸ ਨੇ ‘ਆਪ’ ਆਗੂ ਤੇ ਗਾਇਕਾ ਅਨਮੋਲ ਗਗਨ ਮਾਨ, ਵਿਧਾਇਕ ਸਰਬਜੀਤ ਕੌਰ ਮਾਣੂੰਕੇ, ਜੈ ਸਿੰਘ ਰੋੜੀ ਸਮੇਤ ਸੈਂਕੜੇ ਵਾਲੰਟੀਅਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ।

 

Check Also

ਕਾਂਗਰਸ ਪਾਰਟੀ ਦੀ ਪੰਜਾਬ ਦੇ ਕਿਸਾਨ ਵੋਟਰਾਂ ’ਤੇ ਨਜ਼ਰ

ਰਾਜਾ ਵੜਿੰਗ ਨੇ ਲਾਲੜੂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਵਿਰੋਧੀ ’ਤੇ ਸਾਧਿਆ ਨਿਸ਼ਾਨਾ ਲਾਲੜੂ/ਬਿਊਰੋ ਨਿਊਜ਼ …