ਕਿਸਾਨ ਅੰਦੋਲਨ ਸਮੁੱਚੇ ਭਾਰਤ
ਲਈ : ਮਮਤਾ ਬੈਨਰਜੀ
ਕਿਸਾਨਾਂ ਦੇ ਸਮਰਥਨ ‘ਚ ਵਿਰੋਧੀ ਪਾਰਟੀਆਂ ਵਾਲੇ ਸੂਬਿਆਂ ਨੂੰ ਇਕਜੁੱਟ ਕਰਨ ਦਾ ਵਾਅਦਾ
ਕੋਲਕਾਤਾ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਖਿਲਾਫ ਆਪਣੀ ਲੜਾਈ ਨੂੰ ਉੱਤਰ ਪ੍ਰਦੇਸ਼ ਵੱਲ ਵਧਾਉਣ ਦੀ ਕੋਸ਼ਿਸ਼ ਵਜੋਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਸਮਰਥਨ ਵਿਚ ਵਿਰੋਧੀ ਪਾਰਟੀਆਂ ਦੀ ਸੱਤਾ ਵਾਲੇ ਰਾਜਾਂ ਨੂੰ ਇਕਜੁੱਟ ਕਰਨ ਦਾ ਵਾਅਦਾ ਕੀਤਾ। ਬੈਨਰਜੀ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਨਰਿੰਦਰ ਮੋਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨਾ ਹੈ।
ਉਨ੍ਹਾਂ ਕਿਹਾ ਕਿ ਇਹ ਕਿਸਾਨ ਅੰਦੋਲਨ ਸਿਰਫ਼ ਪੰਜਾਬ, ਹਰਿਆਣਾ ਜਾਂ ਉੱਤਰ ਪ੍ਰਦੇਸ਼ ਲਈ ਨਹੀਂ ਹੈ ਬਲਕਿ ਸਮੁੱਚੇ ਦੇਸ਼ ਲਈ ਹੈ।
ਬੁੱਧਵਾਰ ਨੂੰ ਰਾਕੇਸ਼ ਟਿਕੈਤ ਤੇ ਯੁਧਵੀਰ ਸਿੰਘ ਦੀ ਅਗਵਾਈ ਹੇਠ ਪਹੁੰਚੇ ਕਿਸਾਨ ਆਗੂਆਂ ਨਾਲ ਇਕ ਮੀਟਿੰਗ ਦੌਰਾਨ ਤ੍ਰਿਣਮੂਲ ਕਾਂਗਰਸ ਦੀ ਮੁਖੀ ਨੇ ਕਿਹਾ ਕਿ ਅਜਿਹਾ ਇਕ ਪਲੇਟਫਾਰਮ ਹੋਣਾ ਚਾਹੀਦਾ ਹੈ ਜਿੱਥੇ ਕਿ ਸਾਰੇ ਸੂਬੇ ਨੀਤੀਗਤ ਮੁੱਦਿਆਂ ਬਾਰੇ ਚਰਚਾ ਕਰ ਸਕਣ। ਉਨ੍ਹਾਂ ਕਿਹਾ ਕਿ ਰਾਜਾਂ ਨੂੰ ਨਿਸ਼ਾਨਾ ਬਣਾਉਣਾ ਸੰਘੀ ਢਾਂਚੇ ਲਈ ਠੀਕ ਨਹੀਂ ਹੈ। ਕਿਸਾਨ ਆਗੂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖਿਲਾਫ ਅਤੇ ਖੇਤੀ ਜਿਣਸਾਂ ਲਈ ਘੱਟੋ-ਘੱਟ ਸਮਰਥਨ ਮੁੱਲ ਸਬੰਧੀ ਇਕ ਕੌਮੀ ਕਾਨੂੰਨ ਬਾਰੇ ਮੰਗ ਨੂੰ ਲੈ ਕੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਵਿੱਚ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਸਮਰਥਨ ਮੰਗਣ ਲਈ ਪਹੁੰਚੇ ਸਨ। ਤ੍ਰਿਣਮੂਲ ਕਾਂਗਰਸ ਵੱਲੋਂ ਪੱਛਮੀ ਬੰਗਾਲ ਤੋਂ ਬਾਹਰ ਵੀ ਪੈਰ ਪਸਾਰਨ ਦੇ ਕੀਤੇ ਗਏ ਐਲਾਨ ਤੋਂ ਕੁਝ ਦਿਨਾਂ ਬਾਅਦ ਮਮਤਾ ਬੈਨਰਜੀ ਵੱਲੋਂ ਉੱਤਰ ਭਾਰਤ ਦੀਆਂ ਕਿਸਾਨ ਯੂਨੀਅਨਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ। ਰਾਕੇਸ਼ ਟਿਕੈਤ ਤੇ ਯੁਧਵੀਰ ਸਿੰਘ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ ਵੱਲੋਂ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਭਾਜਪਾ ਨੂੰ ਵੋਟ ਨਾ ਦਿਓ’ ਮੁਹਿੰਮ ਦਾ ਸਮਰਥਨ ਕੀਤਾ ਗਿਆ ਸੀ ਅਤੇ ਅੱਗੇ ਹੋਰ ਰਾਜਾਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਇਹ ਮੁਹਿੰਮ ਚਲਾਉਣ ਦੀ ਯੋਜਨਾ ਹੈ।
ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਐਲਾਨ ਕੀਤਾ ਕਿ ਕਿਸਾਨ ਅੰਦੋਲਨ ਨੂੰ ਪੂਰਾ ਸਮਰਥਨ ਦਿੱਤਾ ਜਾਵੇਗਾ। ਇਸ ਦੌਰਾਨ ਕੇਂਦਰ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਭਾਰਤ ਅਜਿਹੀਆਂ ਨੀਤੀਆਂ ਦੀ ਉਡੀਕ ਕਰ ਰਿਹਾ ਹੈ ਜੋ ਕੋਵਿਡ-19 ਖਿਲਾਫ ਲੜਾਈ ‘ਚ ਮਦਦਗਾਰ ਸਾਬਿਤ ਹੋਣ ਅਤੇ ਕਿਸਾਨਾਂ ਤੇ ਸਨਅਤ ਲਈ ਵੀ ਸਹਾਈ ਹੋਣ। ਮੁੱਖ ਮੰਤਰੀ ਨੇ ਪੁੱਛਿਆ ਕਿ ਕਿਸਾਨਾਂ ਨਾਲ ਗੱਲ ਕਰਨਾ ਐਨਾ ਮੁਸ਼ਕਿਲ ਕਿਉਂ ਹੈ? ਮਮਤਾ ਬੈਨਰਜੀ ਨੇ ਕਿਹਾ ਕਿ ਭਾਜਪਾ ਦਾ ਰਾਜ ਸਿਹਤ ਸੰਭਾਲ ਤੋਂ ਲੈ ਕੇ ਕਿਸਾਨਾਂ ਤੇ ਸਨਅਤ ਤੱਕ ਹਰੇਕ ਖੇਤਰ ਲਈ ਤਬਾਹਕੁਨ ਸਾਬਿਤ ਹੋਇਆ ਹੈ। ਭਾਰਤ ਭੁਗਤ ਰਿਹਾ ਹੈ…ਅਸੀਂ ਕੁਦਰਤੀ ਤੇ ਸਿਆਸੀ ਦੋਵੇਂ ਤਰ੍ਹਾਂ ਦੀਆਂ ਆਫ਼ਤਾਂ ਦਾ ਸਾਹਮਣਾ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਨੇ ਉਨ੍ਹਾਂ ਨੂੰ ਹੋਰ ਰਾਜਾਂ ਦੇ ਆਗੂਆਂ ਨਾਲ ਵੀ ਕਿਸਾਨ ਮੁੱਦਿਆਂ ‘ਤੇ ਗੱਲ ਕਰਨ ਅਤੇ ਕਿਸਾਨ ਯੂਨੀਅਨਾਂ ਨਾਲ ਸੰਵਾਦ ਰਚਾਉਣ ਬਾਰੇ ਗੱਲ ਕਰਨ ਦੀ ਅਪੀਲ ਕੀਤੀ ਹੈ। ਤ੍ਰਿਣਮੂਲ ਕਾਂਗਰਸ ਦੀ ਮੁਖੀ ਨੇ ਇਹ ਵੀ ਕਿਹਾ ਕਿ ਸਾਰੇ ਸੂਬਿਆਂ ਲਈ ਇਹ ਜ਼ਰੂਰੀ ਹੈ ਕਿ ਉਹ ਨੀਤੀਗਤ ਮੁੱਦਿਆਂ ਬਾਰੇ ਚਰਚਾ ਕਰਨ ਲਈ ਇਕੱਠੇ ਹੋਣ ਅਤੇ ਅਨਿਆਂ ਖਿਲਾਫ਼ ਮਿਲ ਕੇ ਖੜ੍ਹੇ ਹੋਣ। ਮੀਟਿੰਗ ਤੋਂ ਪਹਿਲਾਂ ਗੱਲਬਾਤ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਯੁਧਵੀਰ ਸਿੰਘ ਨੇ ਕਿਹਾ ਕਿ ਅਸੀਂ ਮਮਤਾ ਬੈਨਰਜੀ ਨੂੰ ਉਨ੍ਹਾਂ ਦੀ ਜਿੱਤ ਲਈ ਵਧਾਈ ਦੇਣਾ ਅਤੇ ਕਿਸਾਨਾਂ ਦੀਆਂ ਫ਼ਸਲਾਂ ਲਈ ਇਕ ਵਾਜਬ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੇ ਗਏ ਸੰਘਰਸ਼ ਵਿਚ ਉਨ੍ਹਾਂ ਦਾ ਸਹਿਯੋਗ ਚਾਹੁੰਦੇ ਹਾਂ।
ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ: ਤੋਮਰ
ਨਵੀਂ ਦਿੱਲੀ : ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਤਿੰਨ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਉਨ੍ਹਾਂ ਕਿਸਾਨ ਯੂਨੀਅਨਾਂ ਨੂੰ ਕਿਹਾ ਕਿ ਉਹ ਖੇਤੀ ਕਾਨੂੰਨਾਂ ਵਿਚਲੀਆਂ ਵਿਵਸਥਾਵਾਂ ਨੂੰ ਲੈ ਕੇ ਆਪਣੇ ਇਤਰਾਜ਼ਾਂ ਬਾਰੇ ਠੋਸ ਤਰਕ ਲੈ ਕੇ ਆਉਣ। ਧਿਆਨ ਰਹੇ ਕਿ ਵਿਵਾਦਤ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਕਿਸਾਨ ਪਿਛਲੇ 6 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਹਨ।