ਅਨਿਲ ਜੋਸ਼ੀ ਵੀ ਕਿਸਾਨਾਂ ਦੀ ਹਮਾਇਤ ‘ਚ ਆਏ ਅੱਗੇ
ਭਾਜਪਾ ਆਗੂ ਨੇ ਕਿਹਾ – ਕਿਸਾਨਾਂ ਦੀ ਗੱਲ ਪਹਿਲ ਦੇ ਅਧਾਰ ‘ਤੇ ਸੁਣੀ ਜਾਵੇ
ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਕਰਦਿਆਂ ਆਰੋਪ ਲਾਇਆ ਕਿ ਪੰਜਾਬ ਭਾਜਪਾ ਸੂਬੇ ਦੇ ਕਿਸਾਨਾਂ ਦਾ ਪੱਖ ਕੇਂਦਰ ਸਰਕਾਰ ਕੋਲ ਚੰਗੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਰੱਖਣ ਵਿੱਚ ਅਸਫ਼ਲ ਰਹੀ ਹੈ। ਅੰਮ੍ਰਿਤਸਰ ‘ਚ ਮੀਡੀਆ ਨਾਲ ਗੱਲਬਾਤ ਕਰਦਿਆਂ ਅਨਿਲ ਜੋਸ਼ੀ ਨੇ ਆਖਿਆ ਕਿ ਸੂਬੇ ਦੇ ਕਿਸਾਨ ਉਨ੍ਹਾਂ ਦੇ ਆਪਣੇ ਹਨ ਅਤੇ ਕਿਸਾਨਾਂ ਦੀ ਗੱਲ ਸੁਣੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇਹ ਮਸਲਾ ਜਲਦੀ ਹੱਲ ਹੋਣਾ ਚਾਹੀਦਾ ਸੀ ਪਰ ਮਾਮਲੇ ਵਿੱਚ ਹੋ ਰਹੀ ਦੇਰੀ ਪੰਜਾਬ ਵਿੱਚ ਪਾਰਟੀ ਦੇ ਭਵਿੱਖ ਲਈ ਠੀਕ ਨਹੀਂ ਹੈ।
ਕਿਸਾਨਾਂ ਦੀ ਹਮਾਇਤ ‘ਚ ਆਏ ਭਾਜਪਾ ਆਗੂ ਨੇ ਆਖਿਆ ਕਿ ਉਹ ਪਹਿਲਾਂ ਪੰਜਾਬੀ ਹਨ ਅਤੇ ਉਨ੍ਹਾਂ ਸਿਆਸਤ ਵੀ ਪੰਜਾਬ ਵਿੱਚ ਹੀ ਕਰਨੀ ਹੈ। ਸਿਆਸੀ ਆਗੂ ਹੇਠਾਂ ਤੱਕ ਵਿਚਰਦੇ ਹਨ ਅਤੇ ਉਨ੍ਹਾਂ ਨੂੰ ਲੋਕਾਂ ਦੀਆਂ ਭਾਵਨਾਵਾਂ ਦਾ ਪਤਾ ਹੁੰਦਾ ਹੈ। ਉਨ੍ਹਾਂ ਆਖਿਆ ਕਿ ਉਹ ਖੁਦ ਕਿਸਾਨ ਰਹੇ ਹਨ, ਇਸ ਲਈ ਕਿਸਾਨਾਂ ਦੀ ਪੀੜ ਚੰਗੀ ਤਰ੍ਹਾਂ ਸਮਝਦੇ ਹਨ। ਜੋਸ਼ੀ ਨੇ ਦੱਸਿਆ ਕਿ ਭਾਵੇਂ ਇਸ ਵੇਲੇ ਉਨ੍ਹਾਂ ਕੋਲ ਭਾਜਪਾ ਦਾ ਕੋਈ ਅਹੁਦਾ ਨਹੀਂ ਹੈ ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਕਿਸਾਨਾਂ ਦਾ ਮਸਲਾ ਕੇਂਦਰੀ ਟੀਮ ਕੋਲ ਵੀ ਰੱਖਣ ਦੀ ਕੋਸ਼ਿਸ਼ ਕੀਤੀ ਪਰ ਉਸ ਨੂੰ ਅਣਦੇਖਿਆ ਕਰ ਦਿੱਤਾ ਗਿਆ। ਸਾਬਕਾ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਪੰਜਾਬ ਭਾਜਪਾ ਦੀ ਮੀਟਿੰਗ ਵਿੱਚ ਵੀ ਇਹ ਮਾਮਲਾ ਰੱਖਿਆ ਸੀ। ਜੋਸ਼ੀ ਨੇ ਕਿਹਾ ਕਿ ਉਹ ਖੇਤੀ ਕਾਨੂੰਨਾਂ ਨੂੰ ਗਲਤ ਜਾਂ ਠੀਕ ਨਹੀਂ ਆਖ ਰਹੇ ਹਨ ਪਰ ਇਨ੍ਹਾਂ ਕਾਨੂੰਨਾਂ ਵਿੱਚ ਕੁਝ ਤਾਂ ਅਜਿਹਾ ਜ਼ਰੂਰ ਹੈ, ਜਿਸ ਦਾ ਵਿਰੋਧ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਹੈ ਅਤੇ ਪ੍ਰਦੇਸ਼ ਭਾਜਪਾ ਨੂੰ ਸੂਬੇ ਦੇ ਕਿਸਾਨਾਂ ਨਾਲ ਖੜ੍ਹੇ ਹੋਣਾ ਚਾਹੀਦਾ ਸੀ। ਕਿਸਾਨਾਂ ਦੀ ਗੱਲ ਚੰਗੇ ਪ੍ਰਭਾਵਸ਼ਾਲੀ ਢੰਗ ਨਾਲ ਕੇਂਦਰ ਸਰਕਾਰ ਕੋਲ ਰੱਖਣੀ ਚਾਹੀਦੀ ਸੀ ਪਰ ਅਜਿਹਾ ਕਰਨ ਵਿੱਚ ਪੰਜਾਬ ਭਾਜਪਾ ਅਸਫ਼ਲ ਰਹੀ ਹੈ। ਅਨਿਲ ਜੋਸ਼ੀ ਨੇ ਕਿਹਾ ਕਿ ਉਹ ਨਹੀਂ ਜਾਣਦੇ ਕਿ ਕਿਸਾਨਾਂ ਦੀ ਹਮਾਇਤ ਵਿੱਚ ਆਉਣ ਦਾ ਕੀ ਸਿੱਟਾ ਹੋਵੇਗਾ ਪਰ ਪੰਜਾਬੀ ਹੋਣ ਦੇ ਨਾਤੇ ਪੰਜਾਬ ਦੇ ਕਿਸਾਨਾਂ, ਵਪਾਰੀਆਂ ਤੇ ਆਮ ਲੋਕਾਂ ਦੀ ਗੱਲ ਕਰਦੇ ਰਹਿਣਗੇ। ਦੱਸਣਯੋਗ ਹੈ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਲਗਾਤਾਰ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਲਾਏ ਹੋਏ ਹਨ ਅਤੇ ਭਾਜਪਾ ਆਗੂਆ ਦਾ ਥਾਂ-ਥਾਂ ਵਿਰੋਧ ਵੀ ਕੀਤਾ ਜਾ ਰਿਹਾ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …