Breaking News
Home / ਪੰਜਾਬ / ਮੋਦੀ ਸਰਕਾਰ ਦੀ ਹੈਂਕੜ ਭੰਨਣ ਲਈ ਦਿੱਲੀ ਮੋਰਚਿਆਂ ਨੂੰ ਮਜ਼ਬੂਤ ਕਰਨ ਦਾ ਸੱਦਾ

ਮੋਦੀ ਸਰਕਾਰ ਦੀ ਹੈਂਕੜ ਭੰਨਣ ਲਈ ਦਿੱਲੀ ਮੋਰਚਿਆਂ ਨੂੰ ਮਜ਼ਬੂਤ ਕਰਨ ਦਾ ਸੱਦਾ

ਕਿਸਾਨ ਅੰਦੋਲਨ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਵਧਿਆ ਦਬਾਅ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸੰਘਰਸ਼ੀ ਅਖਾੜਿਆਂ ਤੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸੱਦਾ ਦਿੱਤਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਦੀ ਹੈਂਕੜ ਭੰਨਣ ਲਈ ਦਿੱਲੀ ਦੇ ਮੋਰਚੇ ਨੂੰ ਮਜ਼ਬੂਤ ਕੀਤਾ ਜਾਵੇ ਅਤੇ ਕਾਫਲਿਆਂ ਦੇ ਰੂਪ ਵਿੱਚ ਪੰਜਾਬ ਤੋਂ ਦਿੱਲੀ ਨੂੰ ਕੂਚ ਕੀਤਾ ਜਾਵੇ। ਪੰਜਾਬ ਵਿਚ ਟੌਲ ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ਵਿੱਚ ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਟੋਹਾਣਾ (ਹਰਿਆਣਾ) ਵਿੱਚ ਕਿਸਾਨਾਂ ਨੇ ਲਗਾਤਾਰ ਤਿੰਨ ਦਿਨ ਦੇ ਧਰਨੇ ਬਾਅਦ ਇੱਕ ਵੱਡੀ ਜਿੱਤ ਪ੍ਰਾਪਤ ਕੀਤੀ। ਹਰਿਆਣਾ ਸਰਕਾਰ ਨੇ ਸਿਰਫ਼ ਗ੍ਰਿਫ਼ਤਾਰ ਕਿਸਾਨਾਂ ਨੂੰ ਰਿਹਾਅ ਹੀ ਨਹੀਂ ਕੀਤਾ ਸਗੋਂ ਉਨ੍ਹਾਂ ਵਿਰੁੱਧ ਦਰਜ ਕੇਸ ਰੱਦ ਕਰਨ ਬਾਰੇ ਵੀ ਸਹਿਮਤੀ ਦਿੱਤੀ। ਅੱਜ ਧਰਨੇ ਵਿੱਚ ਇਸ ਲਾਸਾਨੀ ਜਿੱਤ ਦੀ ਚਰਚਾ ਕੀਤੀ ਗਈ ਅਤੇ ਦਾਅਵਾ ਕੀਤਾ ਗਿਆ ਕਿ ਜਲਦੀ ਹੀ ਕਾਲੇ ਖੇਤੀ ਕਾਨੂੰਨਾਂ ਬਾਰੇ ਵੀ ਇਸੇ ਤਰ੍ਹਾਂ ਦੀ ਜਿੱਤ ਪ੍ਰਾਪਤ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਪੰਜਾਬ ‘ਚ ਭਾਰਤੀ ਜਨਤਾ ਪਾਰਟੀ ਦੇ ਇੱਕ ਆਗੂ ਨੇ ਪਾਰਟੀ ਆਗੂਆਂ ਨੂੰ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਲਈ 15 ਦਿਨ ਦਾ ਅਲਟੀਮੇਟਮ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਭਾਜਪਾ ਦੇ ਕਈ ਆਗੂ ਆਪਣੇ ਕੌਮੀ ਨੇਤਾਵਾਂ ਨੂੰ ਕਿਸਾਨਾਂ ਨਾਲ ‘ਕੋਈ ਸਮਝੌਤਾ’ ਕਰਨ ਦੀਆਂ ਸਲਾਹਾਂ ਦੇ ਚੁੱਕੇ ਹਨ।
ਇਹ ਸਪੱਸ਼ਟ ਹੈ ਕਿ ਸੱਤਾਧਾਰੀ ਪਾਰਟੀ ਅਤੇ ਸਰਕਾਰ ਕਿਸਾਨ ਅੰਦੋਲਨ ਨੂੰ ਲੈ ਕੇ ਬਹੁਤ ਦਬਾਅ ਹੇਠ ਹੈ। ਆਗੂਆਂ ਨੇ ਕਿਹਾ ਕਿ ਇਸ ਦਬਾਅ ਨੂੰ ਹੋਰ ਵਧਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਦਿੱਲੀ ਮੋਰਚਿਆਂ ਵੱਲ ਕੂਚ ਕੀਤਾ ਜਾਣਾ ਚਾਹੀਦਾ।
ਬੁਲਾਰਿਆਂ ਵੱਲੋਂ ਤਿੰਨੇ ਕਾਲ਼ੇ ਖੇਤੀ ਕਾਨੂੰਨਾਂ, ਬਿਜਲੀ ਬਿੱਲ 2020 ਅਤੇ ਪਰਾਲੀ ਆਰਡੀਨੈਂਸ ਨੂੰ ਰੱਦ ਕਰਨ ਤੋਂ ਇਲਾਵਾ ਐੱਮਐੱਸਪੀ ‘ਤੇ ਸਾਰੀਆਂ ਫ਼ਸਲਾਂ ਦੀ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਉਣ ਅਤੇ ਜਨਤਕ ਵੰਡ ਪ੍ਰਣਾਲੀ ਸਾਰੇ ਗਰੀਬ ਲੋਕਾਂ ਲਈ ਲਾਗੂ ਕਰਨ ਵਰਗੀਆਂ ਮੁੱਖ ਮੰਗਾਂ ਮੰਨੇ ਜਾਣ ‘ਤੇ ਜ਼ੋਰ ਦਿੱਤਾ ਗਿਆ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …