Breaking News
Home / Special Story / ਪੰਜਾਬ ਦੇ ਲੇਖਕਾਂ ਨੇ ਕਿਸਾਨ ਮੋਰਚਿਆਂ ਵਿਚ ਹਾਜ਼ਰੀ ਲਵਾਈ

ਪੰਜਾਬ ਦੇ ਲੇਖਕਾਂ ਨੇ ਕਿਸਾਨ ਮੋਰਚਿਆਂ ਵਿਚ ਹਾਜ਼ਰੀ ਲਵਾਈ

ਕਿਸਾਨ ਅੰਦੋਲਨ ਲਈ ਦਵਾਈਆਂ, ਸੈਨੇਟਾਈਜ਼ਰ ਤੇ ਪੁਸਤਕਾਂ ਭੇਟ ਕੀਤੀਆਂ
ਚੰਡੀਗੜ੍ਹ : ਪੰਜਾਬ ਦੇ ਲੇਖਕਾਂ ਨੇ ਪ੍ਰਗਤੀਸ਼ੀਲ ਲੇਖਕ ਸੰਘ ਅਤੇ ਫ਼ੋਕਲੋਰ ਰਿਸਰਚ ਅਕੈਡਮੀ ਦੀ ਅਗਵਾਈ ਹੇਠ ਗਾਜ਼ੀਪੁਰ, ਸਿੰਘੂ ਅਤੇ ਟਿਕਰੀ ਦੇ ਕਿਸਾਨ ਮੋਰਚਿਆਂ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਅੰਮ੍ਰਿਤਸਰ, ਜਲੰਧਰ, ਬਠਿੰਡਾ, ਫਗਵਾੜਾ, ਲੁਧਿਆਣਾ, ਪਟਿਆਲਾ ਅਤੇ ਚੰਡੀਗੜ੍ਹ ਦੇ 50 ਦੇ ਕਰੀਬ ਲੇਖਕਾਂ ਨੇ ਕਿਸਾਨ ਸੰਘਰਸ਼ ਲਈ ਦਵਾਈਆਂ, ਸੈਨੇਟਾਈਜ਼ਰ, ਪੁਸਤਕਾਂ ਅਤੇ ਹੋਰ ਲੋੜੀਂਦੀਆਂ ਚੀਜ਼ਾਂ ਭੇਟ ਕੀਤੀਆਂ ਅਤੇ ਕਿਸਾਨ ਮੋਰਚਿਆਂ ਵਿੱਚ ਮੰਚਾਂ ਤੋਂ ਆਪਣੇ ਗੀਤਾਂ, ਕਵਿਤਾਵਾਂ ਅਤੇ ਭਾਸ਼ਣਾਂ ਰਾਹੀਂ ਹਾਜ਼ਰੀ ਲਵਾਈ। ਗਾਜ਼ੀਪੁਰ ਕਿਸਾਨ ਮੋਰਚੇ ਵਿੱਚ ਵਿਚਾਰ-ਚਰਚਾ ਦੇ ਨਾਲ ਲੇਖਕਾਂ ਨੇ ਕਵੀ ਦਰਬਾਰ ਵੀ ਕੀਤਾ, ਜਿਸ ਵਿੱਚ ਉੱਤਰਾਖੰਡ ਦੇ ਪ੍ਰਸਿੱਧ ਲੋਕ ਕਵੀ ਬੱਲੀ ਸਿੰਘ ਚੀਮਾ, ਸੁਰਜੀਤ ਜੱਜ, ਸੱਤਪਾਲ ਭੀਖੀ, ਅਰਵਿੰਦਰ ਕੌਰ ਕਾਕੜਾ, ਕੁਲਦੀਪ ਸਿੰਘ ਦੀਪ, ਗੁਲਜ਼ਾਰ ਪੰਧੇਰ, ਜਸਵੀਰ ਝੱਜ, ਸੰਤ ਸਿੰਘ ਸੋਹਲ, ਨਰਿੰਦਰਪਾਲ ਕੌਰ, ਇਕਬਾਲ ਸੋਮੀਆਂ, ਡਾ. ਦਰਸ਼ਨ ਕੌਰ, ਜਸਪਾਲ ਮਾਨਖੇੜਾ, ਹਰਜੀਤ ਸਰਕਾਰੀਆ, ਮਨਜੀਤ ਸਿੰਘ ਧਾਲੀਵਾਲ, ਡਾ. ਗੁਰਮੇਲ ਸੰਘ, ਅੰਮ੍ਰਿਤਪਾਲ ਬੰਗੇ, ਦਿਲਬਾਗ ਸਿੰਘ ਨੇ ਆਪਣੀਆਂ ਇਨਕਲਾਬੀ ਕਵਿਤਾਵਾਂ ਸੁਣਾਈਆਂ। ਉੱਤਰਾਖੰਡ ਦੇ ਕਿਸਾਨ ਆਗੂ ਬਲਜਿੰਦਰ ਸਿੰਘ ਮਾਨ ਨੇ ਇਸ ਕਵੀ ਦਰਬਾਰ ਦੀ ਪ੍ਰਧਾਨਗੀ ਕੀਤੀ।
ਪ੍ਰਸਿੱਧ ਨਾਟ ਕਰਮੀ ਡਾ. ਸਾਹਿਬ ਸਿੰਘ, ਪ੍ਰੋ. ਸੁਰਜੀਤ ਜੱਜ, ਰਮੇਸ਼ ਯਾਦਵ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਦੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਲੇਖਕਾਂ ਨੇ ਗਾਜ਼ੀਪੁਰ ਮੋਰਚੇ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ, ਇਕਬਾਲ ਸਿੰਘ ਨਾਨਕਪੁਰੀਆ, ਬਲਜਿੰਦਰ ਸਿੰਘ ਮਾਨ, ਭੁਪਿੰਦਰ ਸਿੰਘ ਬੰਟੀ, ਜਤਿੰਦਰ ਸਿੰਘ ਵਿਰਕ ਨਾਲ ਮੋਰਚੇ ਬਾਰੇ ਵਿਚਾਰ ਚਰਚਾ ਕੀਤੀ ਅਤੇ ਸ਼ਹੀਦ ਭਗਤ ਸਿੰਘ ਦੀਆਂ ਸਮੁੱਚੀਆਂ ਲਿਖਤਾਂ (ਹਿੰਦੀ ਵਿਚ) ਅਤੇ ਹੋਰ ਪੁਸਤਕਾਂ ਵੀ ਭੇਟ ਕੀਤੀਆਂ। ਲੇਖਕਾਂ ਨੇ ਭਵਿੱਖ ਵਿੱਚ ਵੀ ਕਿਸਾਨ ਅੰਦੋਲਨ ਦੀ ਭਰਵੀਂ ਹਮਾਇਤ ਦਾ ਵਾਅਦਾ ਕੀਤਾ। ਤਿਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੀਆਂ ਮਜ਼ਦੂਰ, ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਕਾਰਕੁਨਾਂ ਨੇ ਆਪਣੇ ਲੋਕ ਸੰਗੀਤਾਂ ਦੀ ਪੇਸ਼ਕਾਰੀ ਦਿੱਤੀ। ਡਾ. ਸੁਖਦੇਵ ਸਿੰਘ ਸਿਰਸਾ ਨੇ ਇਨ੍ਹਾਂ ਜਥੇਬੰਦੀਆਂ ਦੇ ਕਾਰਕੁਨਾਂ ਨੂੰ ਸੰਬੋਧਨ ਕੀਤਾ।

ਕਿਸਾਨਾਂ ਦੇ ਹੱਕ ‘ਚ ਨਿੱਤਰਨ ਲੱਗੇ ਭਾਜਪਾ ਆਗੂ
ਅਨਿਲ ਜੋਸ਼ੀ ਤੋਂ ਬਾਅਦ ਕੇਡੀ ਭੰਡਾਰੀ ਨੇ ਵੀ ਕਿਸਾਨਾਂ ਦੀ ਕੀਤੀ ਹਮਾਇਤ
ਜਲੰਧਰ : ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਵੱਲੋਂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਵਿਚ ਦਿੱਤੇ ਬਿਆਨ ਤੋਂ ਬਾਅਦ ਹੁਣ ਭਾਜਪਾ ਦੇ ਸਾਬਕਾ ਵਿਧਾਇਕ ਕੇਡੀ ਭੰਡਾਰੀ ਨੇ ਵੀ ਜੋਸ਼ੀ ਦੇ ਬਿਆਨ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਪੂਰੀ ਤਰ੍ਹਾਂ ਨਾਲ ਇਸਦੇ ਹੱਕ ਵਿਚ ਹਨ ਕਿ ਕਿਸਾਨਾਂ ਦੇ ਮਸਲੇ ਨੂੰ ਹੱਲ ਕੀਤਾ ਜਾਵੇ, ਜਿਵੇਂ ਉਹ ਚਾਹੁੰਦੇ ਹਨ। ਭੰਡਾਰੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਸਭ ਤੋਂ ਪਹਿਲਾਂ ਪੰਜਾਬੀ ਹਨ ਤੇ ਦਿੱਲੀ ਦੀਆਂ ਬਰੂਹਾਂ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਹਨ, ਜਿਹੜੇ ਪਿਛਲੇ ਛੇ ਮਹੀਨਿਆਂ ਤੋਂ ਉਥੇ ਆਪਣੇ ਹੱਕਾਂ ਲਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਗੱਲ ਸੁਣੀ ਜਾਣੀ ਚਾਹੀਦੀ ਹੈ ਕਿਉਂਕਿ ਉਹ ਸਾਡੇ ਹੀ ਭੈਣ-ਭਰਾ ਹਨ। ਕੇਡੀ ਭੰਡਾਰੀ, ਭਾਜਪਾ ਦੇ ਦੂਜੇ ਵੱਡੇ ਲੀਡਰ ਹਨ ਜਿਹੜੇ ਖੁੱਲ੍ਹ ਕੇ ਕਿਸਾਨਾਂ ਦੇ ਹੱਕ ਵਿਚ ਆਏ ਹਨ ਤੇ ਆਪਣੇ ਪੰਜਾਬੀ ਹੋਣ ‘ਤੇ ਮਾਣ ਵੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਾਰਚ ਮਹੀਨੇ ਦੌਰਾਨ ਭਾਜਪਾ ਦੀ ਕਾਰਜਕਾਰਨੀ ਕਮੇਟੀ ਵਿਚ ਪਾਰਟੀ ਦੇ ਸੀਨੀਅਰ ਆਗੂ ਅਨਿਲ ਜੋਸ਼ੀ ਨੇ ਪਾਰਟੀ ਦੇ ਅੰਦਰ ਹੀ ਖੁੱਲ੍ਹ ਕੇ ਇਸ ਮੁੱਦੇ ਨੂੰ ਰੱਖਿਆ ਸੀ ਕਿ ਕਿਸਾਨਾਂ ਦੇ ਮਾਮਲੇ ਨੂੰ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਥੇ ਜੋਸ਼ੀ ਦੀ ਗੱਲ ਨਹੀਂ ਸੁਣੀ ਗਈ ਤੇ ਪੰਜਾਬੀ ਹੋਣ ਦੇ ਨਾਤੇ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਪੰਜਾਬ ਦੇ ਲੋਕਾਂ ਨਾਲ ਖੜ੍ਹੀਏ। ਸਾਡਾ ਕਿਸਾਨਾਂ ਨਾਲ ਨਹੁੰ-ਮਾਸ ਦਾ ਰਿਸ਼ਤਾ ਹੈ। ਇਥੇ ਦੇ ਕਾਰੋਬਾਰੀ, ਛੋਟੇ ਵਪਾਰੀ ਤੇ ਇੰਡਸਟਰੀ ਵਾਲੇ ਕਿਸਾਨੀ ਤੋਂ ਬਿਨਾਂ ਚੱਲ ਨਹੀਂ ਸਕਦੇ। ਭੰਡਾਰੀ ਨੇ ਕਿਹਾ ਕਿ ਉਨ੍ਹਾਂ ਨੇ ਮਹਿਸੂਸ ਕੀਤਾ ਸੀ ਕਿ ਪੰਜਾਬ ਖਰਾਬੀ ਵੱਲ ਵਧ ਰਿਹਾ ਹੈ ਤੇ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ। ਉਨ੍ਹਾਂ ਕਿਹਾ ਕਿ ਜਿਹੜਾ ਸਟੈਂਡ ਅਨਿਲ ਜੋਸ਼ੀ ਨੇ ਲਿਆ ਹੈ ਉਹ ਪੂਰੀ ਤਰ੍ਹਾਂ ਨਾਲ ਪਾਰਟੀ ਦੇ ਹੱਕ ਵਿਚ ਵੀ ਹੈ ਤੇ ਪੰਜਾਬ ਦੇ ਹੱਕ ਵਿਚ ਵੀ ਹੈ। ਇਸ ਨਾਲ ਸਮਾਜਿਕ ਭਾਈਚਾਰਾ ਵੀ ਮਜ਼ਬੂਤ ਹੋਵੇਗਾ। ਭੰਡਾਰੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਭਰਾਵਾਂ ਦੀ ਗੱਲ ਸੁਣਨ ਤੇ ਮਸਲੇ ਦਾ ਹੱਲ ਕਰਨ।
ਸੰਯੁਕਤ ਕਿਸਾਨ ਮੋਰਚੇ ਨੇ ਮੋਦੀ ਸਰਕਾਰ ਦੀਆਂ ਨੀਤੀਆਂ ਦੀ ਕੀਤੀ ਸਖਤ ਨਿਖੇਧੀ
ਕੇਂਦਰ ਨੇ ਕਿਸਾਨਾਂ ਵਿਰੁੱਧ ਨਵੀਂ ਚਾਲ ਚੱਲੀ : ਮੋਰਚਾ
ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਸਖ਼ਤ ਨਿਖੇਧੀ ਕੀਤੀ ਹੈ। ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਵਿੱਤ ਮੰਤਰਾਲੇ ਨੇ ਉਨ੍ਹਾਂ ਰਾਜਾਂ ‘ਤੇ ਕੁੱਝ ਸ਼ਰਤਾਂ ਥੋਪੀਆਂ ਹਨ, ਜਿਹੜੇ ਖੇਤੀਬਾੜੀ ਤੇ ਕਿਸਾਨਾਂ ਨੂੰ ਬਿਜਲੀ ਸਬਸਿਡੀਆਂ ਪ੍ਰਦਾਨ ਕਰਦੇ ਹਨ। ਇਸ ਨੀਤੀ ਨੇ ਰਾਜਾਂ ਦੀਆਂ ਸਰਕਾਰਾਂ ਨੂੰ ਖੇਤੀਬਾੜੀ ਸਮੇਤ ਕੁਝ ਸ਼ਰਤਾਂ ਅਤੇ ਕਾਰਗੁਜ਼ਾਰੀ ਦੇ ਮਾਪਦੰਡਾਂ ਦੇ ਅਧਾਰ ‘ਤੇ ਵਾਧੂ ਉਧਾਰ ਦੇਣ ਦੀ ਪੇਸ਼ਕਸ਼ ਕੀਤੀ ਹੈ। ਸਕੋਰਿੰਗ ਪ੍ਰਣਾਲੀ ਵਿੱਚ ਉਨ੍ਹਾਂ ਰਾਜਾਂ ਨੂੰ ਵਧੇਰੇ ਅੰਕ ਦੇਣਾ ਸ਼ਾਮਲ ਹੈ, ਜਿਨ੍ਹਾਂ ਕੋਲ ਖੇਤੀਬਾੜੀ ਕੁਨੈਕਸ਼ਨਾਂ ਲਈ ਬਿਜਲੀ ਸਬਸਿਡੀ ਨਹੀਂ ਹੈ। ਕੇਂਦਰ ਸਰਕਾਰ ਦੇ ਬਿਜਲੀ ਸੋਧ ਬਿੱਲ 2020 ਦੇ ਡਰਾਫਟ ‘ਚ ਸਬਸਿਡੀਆਂ ਨੂੰ ਖ਼ਤਮ ਕਰਨ ਦੀਆਂ ਅਜਿਹੀਆਂ ਤਜਵੀਜ਼ਾਂ ਮੌਜੂਦ ਹਨ। ਉਨ੍ਹਾਂ ਦੋਸ਼ ਲਾਇਆ ਕਿ ਖੇਤੀ ਸਬਸਿਡੀ ਦੇ ਖ਼ਾਤਮੇ ਲਈ ਨਵਾਂ ਤਾਣਾ ਬੁਣਿਆ ਗਿਆ ਹੈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰ ਨੇ ਬਿਜਲੀ ਸੋਧ ਬਿੱਲ-2020 ਦਾ ਮੰਤਵ ਪੂਰਨ ਲਈ ਇਹ ਤਾਜ਼ਾ ਚਾਲ ਚੱਲੀ ਹੈ। ਹਾਲਾਂਕਿ ਜਥੇਬੰਦੀਆਂ ਦੀ ਮੰਗ ‘ਤੇ ਭਾਰਤ ਸਰਕਾਰ ਨੇ 30 ਦਸੰਬਰ 2020 ਨੂੰ ਬਿੱਲ ਦੇ ਖਰੜੇ ਨੂੰ ਵਾਪਸ ਲੈਣ ਲਈ ਜ਼ੁਬਾਨੀ ਭਰੋਸਾ ਵੀ ਦਿੱਤਾ ਸੀ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਹਰਿਆਣਾ ‘ਚ ਭਾਜਪਾ ਵੱਲੋਂ ਝੱਜਰ ਵਿਖੇ ਪ੍ਰੋਗਰਾਮ ਕਰਨ ਦੀ ਕੋਸ਼ਿਸ਼ ਕੀਤੀ ਗਈ। ਭਾਜਪਾ ਦੇ ਸੂਬਾ ਪ੍ਰਧਾਨ ਓਮ ਪ੍ਰਕਾਸ਼ ਧਨਖੜ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਦਬਾਅ ਤੋਂ ਬਚਣ ਲਈ ਸਮਾਗਮ ਦੇ ਸਮੇਂ ਤੋਂ ਪਹਿਲਾਂ ਤਿਆਰੀ ਕਰਦਿਆਂ ਦਫ਼ਤਰ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ ਸੀ। ਹਾਲਾਂਕਿ ਕਿਸਾਨ ਮੌਕੇ ‘ਤੇ ਪਹੁੰਚ ਗਏ ਤੇ ਮਗਰੋਂ ਰੱਖੇ ਨੀਂਹ-ਪੱਥਰ ਨੂੰ ਹਟਾ ਦਿੱਤਾ।
ਮੋਰਚਿਆਂ ‘ਤੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਨ ਮਨਾਇਆ
ਸੰਯੁਕਤ ਕਿਸਾਨ ਮੋਰਚੇ ਵੱਲੋਂ ਸਾਰੇ ਮੋਰਚਿਆਂ ਉਤੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਨ ਮਨਾਇਆ ਗਿਆ। ਸਿੰਘੂ ਬਾਰਡਰ, ਟਿਕਰੀ ਤੇ ਗਾਜ਼ੀਪੁਰ ਦੇ ਮੋਰਚਿਆਂ ਤੋਂ ਇਲਾਵਾ ਰਾਜਸਥਾਨ ਦੇ ਸ਼ਾਹਜਹਾਂਪੁਰ ਤੇ ਹਰਿਆਣਾ ਦੇ ਪਲਵਲ ਨੇੜੇ ਗੱਡੇ ਮੋਰਚੇ ‘ਤੇ ਵੀ ਸ਼ਹੀਦੀ ਦਿਵਸ ਮਨਾਇਆ ਗਿਆ। ਮੋਰਚਿਆਂ ਉਤੇ ਕਿਸਾਨਾਂ ਨੇ ਥਾਂ-ਥਾਂ ਛਬੀਲਾਂ ਲਾਈਆਂ ਤੇ ਗਰਮੀ ਵਿੱਚ ਮਿੱਠਾ ਜਲ ਵਰਤਾਇਆ ਗਿਆ। ਵੱਖ-ਵੱਖ ਬੁਲਾਰਿਆਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੇ ਲਾਸਾਨੀ ਜੀਵਨ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ। ਟਿਕਰੀ ਬਾਰਡਰ ਉਪਰ ਵੀ ਕਿਸਾਨਾਂ ਵਲੋਂ ਸ਼ਰਧਾ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਮਨਾਇਆ ਗਿਆ।
ਖੇਤੀ ਕਾਨੂੰਨਾਂ ਖਿਲਾਫ ਪੰਜਾਬ ‘ਚ ਧਰਨੇ ਲਗਾਤਾਰ ਜਾਰੀ
ਅੰਦੋਲਨ ਵਿਰੋਧੀ ਚਾਲਾਂ ਦੇ ਟਾਕਰੇ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸੰਘਰਸ਼ੀ ਅਖਾੜਿਆਂ ਤੋਂ ਕਿਸਾਨਾਂ ਨੇ ਸੱਦਾ ਦਿੱਤਾ ਹੈ ਕਿ ਮੋਦੀ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੇ ਖਿਲਾਫ ਚਲਾਈਆਂ ਜਾ ਰਹੀਆਂ ਚਾਲਾਂ ਦੇ ਟਾਕਰੇ ਲਈ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇ। ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਿਲ ਪੰਜਾਬ ਦੀਆਂ 32 ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਧਰਨੇ ਲਗਾਤਾਰ ਜਾਰੀ ਹਨ। ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਲੁਕਵੇਂ ਢੰਗ ਨਾਲ ਬਿਜਲੀ ਸਬਸਿਡੀ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਚਿਤਾਵਨੀ ਦਿੱਤੀ ਹੈ ਕਿ ਸਰਕਾਰ ਦੀ ਇਸ ਨੀਤੀ ਖਿਲਾਫ ਵੀ ਮੋਰਚਾ ਖੋਲ੍ਹਿਆ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਬਿਜਲੀ ਸੋਧ ਬਿੱਲ-2020 ਦੇ ਮਨੋਰਥਾਂ ਨੂੰ ਪੂਰਾ ਕਰਨ ਲਈ ਨਵੀਆਂ ਚਾਲਾਂ ਚੱਲ ਰਹੀ ਹੈ।
ਪੰਜਾਬ ਭਰ ਵਿੱਚ ਟੌਲ ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ‘ਚ ਕਿਸਾਨ ਆਗੂਆਂ ਨੇ ਨਾਟਕਕਾਰ ਅਜਮੇਰ ਸਿੰਘ ਔਲਖ ਦੀ ਚੌਥੀ ਬਰਸੀ ਮੌਕੇ ਸ਼ਰਧਾਂਜਲੀਆਂ ਵੀ ਭੇਟ ਕੀਤੀਆਂ। ਕਿਸਾਨ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਬਿਜਲੀ ਸਬਸਿਡੀ ਬੰਦ ਕਰਕੇ ਕਿਸਾਨਾਂ ਨੂੰ ਬਿਜਲੀ ਬਿੱਲ ਲਾਉਣ ਦਾ ਸਖ਼ਤ ਵਿਰੋਧ ਕੀਤਾ ਹੈ। ਕਿਸਾਨ ਆਗੂਆਂ ਨੂੰ ਬਿਨਾਂ ਸ਼ਰਤ ਤਿੰਨੇ ਖੇਤੀ ਕਾਨੂੰਨ ਰੱਦ ਕਰਨ, 23 ਫ਼ਸਲਾਂ ਦੀ ਖ਼ਰੀਦ ਦੀ ਗਾਰੰਟੀ ਵਾਲਾ ਕਾਨੂੰਨ ਬਣਾਉਣ, ਤੇਲ ਕੀਮਤਾਂ ਵਿੱਚ ਕੀਤਾ ਭਾਰੀ ਵਾਧਾ ਵਾਪਿਸ ਲੈਣ, ਬਿਜਲੀ ਸੋਧ ਬਿੱਲ-2020 ਤੇ ਹਵਾ ਪ੍ਰਦੂਸ਼ਣ ਐਕਟ-2020 ਤੁਰੰਤ ਰੱਦ ਕਰਨ ਦੀ ਮੰਗ ਕੀਤੀ ਤੇ 26 ਜੂਨ ਅੰਦੋਲਨ ਦੇ 7 ਮਹੀਨੇ ਪੂਰੇ ਹੋਣ ‘ਤੇ ਮੰਗ ਪੱਤਰ ਦੇਣ ਦਾ ਐਲਾਨ ਕੀਤਾ ਹੈ। ਇਸੇ ਦੌਰਾਨ ਟਿਕਰੀ ਮੋਰਚਿਆਂ ਲਈ ਕਾਫ਼ਲਿਆਂ ਦਾ ਲਗਾਤਾਰ ਜਾਣਾ ਜਾਰੀ ਹੈ।
ਕਿਸਾਨ ਰਾਜਪਾਲ ਦੀ ਰਿਹਾਇਸ਼ ਵੱਲ ਕਰਨਗੇ ਮਾਰਚ
ਚੰਡੀਗੜ੍ਹ : ਪੰਜਾਬ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਪਿਛਲੇ ਸਾਢੇ ਅੱਠ ਮਹੀਨਿਆਂ ਤੋਂ ਸੰਘਰਸ਼ ਚਲਾ ਰਹੀਆਂ ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ 26 ਜੂਨ ਨੂੰ ਸੂਬੇ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਦੀ ਰਿਹਾਇਸ਼ ਵੱਲ ਮਾਰਚ ਕੀਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਤੇ ਕਾਨੂੰਨੀ ਵਿੰਗ ਦੇ ਕਨਵੀਨਰ ਪ੍ਰੇਮ ਸਿੰਘ ਭੰਗੂ ਅਤੇ ਸੀਨੀਅਰ ਐਡਵੋਕੇਟ ਜੋਗਿੰਦਰ ਸਿੰਘ ਤੂਰ ਨੇ ਇੱਥੇ ਦੱਸਿਆ ਕਿ ਮੋਰਚੇ ਦੇ ਫੈਸਲੇ ਮੁਤਾਬਕ ਸਮੂਹ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਪਹਿਲਾਂ ਤਾਂ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਨਜ਼ਦੀਕ ਇਕੱਤਰ ਹੋਣਗੇ, ਉਥੋਂ ਰਾਜ ਭਵਨ ਵੱਲ ਨੂੰ ਕਿਸਾਨ ਦਾ ਵੱਡਾ ਕਾਫਲਾ ਕੂਚ ਕਰੇਗਾ। ਮਾਰਚ ਦਾ ਫੈਸਲਾ ਸੰਯੁਕਤ ਮੋਰਚੇ ਦਾ ਹੈ ਤੇ ਉਸੇ ਦਿਨ ਰਾਸ਼ਟਰਪਤੀ ਦੇ ਨਾਮ ਰੋਸ ਪੱਤਰ ਦਿੱਤੇ ਜਾਣਗੇ।
ਭਾਜਪਾ ਆਗੂ ਜਿਆਣੀ ‘ਤੇ ਕਿਸਾਨ ਦੀ ਜ਼ਮੀਨ ਹੜੱਪਣ ਦੇ ਲੱਗੇ ਆਰੋਪ
ਕਿਸਾਨਾਂ ਨੇ ਮੰਤਰੀ ਦੇ ਡਰਾਈਵਰ ਨੂੰ ਜ਼ਮੀਨ ਵਾਹੁਣ ਤੋਂ ਰੋਕਿਆ
ਫਾਜ਼ਿਲਕਾ: ਫਾਜ਼ਿਲਕਾ ਨੇੜਲੇ ਪਿੰਡ ਆਜਮਵਾਲਾ ਵਿੱਚ ਕਿਸਾਨ ਜਥੇਬੰਦੀਆਂ ਨੇ ਮਿਲ ਕੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ‘ਤੇ ਇੱਕ ਕਿਸਾਨ ਦੀ ਜ਼ਮੀਨ ‘ਤੇ ਕਬਜ਼ਾ ਕਰਨ ਦਾ ਇਲਜ਼ਾਮ ਲਾਉਂਦਿਆਂ ਟਰੈਕਟਰ ਨਾਲ ਖੇਤ ਵਾਹੁਣ ਆਏ ਉਸ ਦੇ ਡਰਾਈਵਰ ਨੂੰ ਘੇਰ ਲਿਆ। ਕਿਸਾਨਾਂ ਨੇ ਜਿਆਣੀ ਖਿਲਾਫ ਨਾਅਰੇਬਾਜ਼ੀ ਕੀਤੀ। ਪੀੜਤ ਕਿਸਾਨ ਸੁਰਜੀਤ ਸਿੰਘ ਨੇ ਦੱਸਿਆ ਕਿ ਉਹ ਕਰੀਬ 1975 ਤੋਂ 14 ਕਿੱਲੇ (111 ਕਨਾਲ) ਜ਼ਮੀਨ ਦੇ ਮਾਲਕ ਸਨ ਪਰ ਸੁਰਜੀਤ ਕੁਮਾਰ ਜਿਆਣੀ ਨੇ ਮੰਤਰੀ ਬਣਨ ਮਗਰੋਂ ਸਾਲ 2016 ਵਿੱਚ ਜਾਅਲੀ ਕਾਗਜ਼ਾਤ ਤਿਆਰ ਕਰਕੇ ਉਨ੍ਹਾਂ ਦੀ ਜ਼ਮੀਨ ਧੋਖੇ ਨਾਲ ਆਪਣੇ ਨਾਂ ਕਰਵਾ ਲਈ ਸੀ। ਸੁਰਜੀਤ ਸਿੰਘ ਨੇ ਦੱਸਿਆ ਕਿ ਮੰਤਰੀ ਅਤੇ ਪੁਲਿਸ ਦੀ ਮਿਲੀਭੁਗਤ ਕਰਕੇ ਮਾਲਕੀ ਹੋਣ ਦੇ ਬਾਵਜੂਦ ਉਹ ਆਪਣੀ ਜ਼ਮੀਨ ਵਿੱਚ ਨਹੀਂ ਵੜ ਸਕਦੇ।
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਜ਼ਮੀਨ ਸਬੰਧੀ ਵਿਵਾਦ ਕਾਫ਼ੀ ਪੁਰਾਣਾ ਹੈ ਅਤੇ ਕਿਸੇ ਵੀ ਕੀਮਤ ‘ਤੇ ਕਿਸਾਨ ਦੀ ਜ਼ਮੀਨ ‘ਤੇ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ।
ਝੰਡੇ ਦੀ ਆੜ ਹੇਠ ਧੌਂਸ ਜਮਾ ਰਹੇ ਹਨ ਕਿਸਾਨ: ਜਿਆਣੀ : ਕਿਸਾਨ ਸੁਰਜੀਤ ਸਿੰਘ ਤੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਏ ਗਏ ਆਰੋਪਾਂ ਨੂੰ ਨਕਾਰਦਿਆਂ ਸਾਬਕਾ ਭਾਜਪਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਇਹ ਜ਼ਮੀਨ ਉਨ੍ਹਾਂ ਦੀ ਨਹੀਂ, ਸਗੋਂ ਉਨ੍ਹਾਂ ਦੀ ਰਿਸ਼ਤੇਦਾਰੀ ਵਿੱਚੋਂ ਲੱਗਦੇ ਸਾਂਢੂ ਦੀ ਹੈ, ਜੋ ਪਿਛਲੇ ਦਸ ਸਾਲਾਂ ਤੋਂ ਇਸ ਜ਼ਮੀਨ ‘ਤੇ ਖੇਤੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਝੰਡੇ ਦੀ ਆੜ ਹੇਠ ਆਪਣੀ ਧੌਂਸ ਜਮਾ ਰਹੇ ਹਨ।
ਕਿਸਾਨਾਂ ਨੇ ਜਿਆਣੀ ਦਾ ਘਿਰਾਓ ਕਰਕੇ ਚੂੜੀਆਂ ਦਿਖਾਈਆਂ
ਭਾਰੀ ਮੁਸ਼ੱਕਤ ਮਗਰੋਂ ਪੁਲਿਸ ਨੇ ਭਾਜਪਾ ਆਗੂ ਨੂੰ ਮੌਕੇ ਤੋਂ ਕੱਢਿਆ
ਫਾਜ਼ਿਲਕਾ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਸੁਰਜੀਤ ਕੁਮਾਰ ਜਿਆਣੀ ਦਾ ਘਿਰਾਓ ਕੀਤਾ ਗਿਆ ਅਤੇ ਉਨਾਂ ਨੂੰ ਚੂੜੀਆਂ ਦਿਖਾਈਆਂ ਗਈਆਂ। ਕਿਸਾਨ ਜਥੇਬੰਦੀਆਂ ਦੀ ਅਗਵਾਈ ਕਿਸਾਨ ਯੂਨੀਅਨ ਡਕੌਂਦਾ ਦੇ ਆਗੂ ਹਰੀਸ਼ ਕੁਮਾਰ ਨੱਡਾ ਕਰ ਰਹੇ ਸਨ। ਇਸ ਦੌਰਾਨ ਭਾਰੀ ਮੁਸ਼ੱਕਤ ਮਗਰੋਂ ਪੁਲਿਸ ਨੇ ਆਪਣੀ ਗੱਡੀ ਰਾਹੀਂ ਜਿਆਣੀ ਨੂੰ ਮੌਕੇ ਤੋਂ ਕੱਢਿਆ। ਦਰਅਸਲ, ਜਿਆਣੀ ਵੱਲੋਂ ਫ਼ਾਜ਼ਿਲਕਾ ਦੀ ਅਨਾਜ ਮੰਡੀ ਵਿੱਚ ਪ੍ਰੈੱਸ ਕਾਨਫ਼ਰੰਸ ਸੱਦੀ ਗਈ ਸੀ ਜਿਸ ਦੀ ਭਿਣਕ ਕਿਸਾਨ ਜਥੇਬੰਦੀਆਂ ਨੂੰ ਲੱਗ ਗਈ। ਇਸ ਤੋਂ ਬਾਅਦ ਕਿਸਾਨ ਉਨਾਂ ਦੇ ਨਿੱਜੀ ਦਫ਼ਤਰ ਦਾ ਘਿਰਾਓ ਕਰਨ ਲਈ ਪੁੱਜ ਗਏ। ਕਿਸਾਨਾਂ ਨੇ ਦਫ਼ਤਰ ਦਾ ਘਿਰਾਓ ਕਰਦਿਆਂ ਕੇਂਦਰ ਸਰਕਾਰ ਤੇ ਭਾਜਪਾ ਆਗੂ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਸੀ।
ਡਰਨ ਅਤੇ ਝੁਕਣ ਵਾਲਾ ਨਹੀਂ ਹਾਂ: ਜਿਆਣੀ
ਸੁਰਜੀਤ ਜਿਆਣੀ ਨੇ ਕਿਹਾ ਕਿ ਉਹ ਡਰਨ ਅਤੇ ਝੁਕਣ ਵਾਲੇ ਨਹੀਂ ਹਨ। ਉਨਾਂ ਕਿਹਾ ਕਿ ਭਾਜਪਾ ਨੂੰ ਨਿਸ਼ਾਨਾ ਬਣਾ ਕੇ ਬਿਨਾਂ ਮਤਲਬ ਬਦਨਾਮ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਜਿਸ ਜ਼ਮੀਨ ਦੀ ਗੱਲ ਕੀਤੀ ਜਾ ਰਹੀ ਹੈ, ਉਹ ਨਾ ਤਾਂ ਉਨਾਂ ਦੀ ਹੈ ਤੇ ਨਾ ਹੀ ਉਨਾਂ ਦੇ ਪਰਿਵਾਰ ਦੀ ਸਗੋਂ ਇਹ ਰਿਸ਼ਤੇਦਾਰੀ ਵਿੱਚ ਉਨਾਂ ਦੀ ਸਾਲੀ ਅਤੇ ਸਾਂਢੂ ਦੀ ਹੈ। ਉਨਾਂ ਆਰੋਪ ਲਾਇਆ ਕਿ ਕੁਝ ਕਿਸਾਨ ਆਗੂ ਕਿਸਾਨ ਯੂਨੀਅਨਾਂ ਦੇ ਨਾਂ ‘ਤੇ ਲੋਕਾਂ ਨੂੰ ਡਰਾ-ਧਮਕਾ ਰਹੇ ਹਨ।
ਸੁਪਰੀਮ ਕੋਰਟ ਦੀ ਵਕੀਲ ਨੇ ਕਿਸਾਨ ਦੇ ਖੇਤਾਂ ‘ਚ ਲਾਇਆ ਝੋਨਾ
ਮਨਪ੍ਰੀਤ ਕੌਰ ਨੇ ਕਿਹਾ : ਮੈਂ ਵਕੀਲ ਹੋਣ ਦੇ ਨਾਲ-ਨਾਲ ਕਿਸਾਨ ਦੀ ਧੀ ਵੀ ਹਾਂ
ਮੋਗਾ/ਬਿਊਰੋ ਨਿਊਜ਼ : ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਲੰਘੇ 7 ਮਹੀਨਿਆਂ ਤੋਂ ਡਟੇ ਹੋਏ ਹਨ। ਦਿੱਲੀ ਮੋਰਚੇ ‘ਚ ਸ਼ਾਮਲ ਕਿਸਾਨਾਂ ਦੇ ਖੇਤਾਂ ਦਾ ਕੰਮ ਸੰਭਾਲਣ ਲਈ ਉਨ੍ਹਾਂ ਦੇ ਸਾਥੀ ਕਿਸਾਨ ਅੱਗੇ ਆ ਰਹੇ ਹਨ, ਕਿਉਂਕਿ ਪੰਜਾਬ ਵਿਚ ਇਨ੍ਹੀਂ ਦਿਨੀਂ ਝੋਨੇ ਦੀ ਲਵਾਈ ਕੰਮ ਜ਼ੋਰਾਂ ‘ਤੇ ਹੈ।ઠਅਜਿਹਾ ਹੀ ਇਕ ਮਾਮਲਾ ਮੋਗਾ ਜ਼ਿਲ੍ਹੇ ‘ਚ ਦੇਖਣ ਨੂੰ ਮਿਲਿਆ, ਜਿੱਥੇ ਸੁਪਰੀਮ ਕੋਰਟ ਦੀ ਵਕੀਲ ਮਨਪ੍ਰੀਤ ਕੌਰ ਨੇ ਆਪਣੇ ਪਰਿਵਾਰ ਨਾਲ ਆਪਣੇ ਗੁਆਂਢੀ ਕਿਸਾਨ ਦੇ ਖੇਤਾਂ ‘ਚ ਝੋਨਾ ਲਾਉਣ ਦੀ ਜ਼ਿੰਮੇਵਾਰੀ ਸੰਭਾਲੀ ਹੈ ਤਾਂ ਜੋ ਧਰਨੇ ‘ਤੇ ਗਏ ਕਿਸਾਨ ਦੀ ਮਦਦ ਹੋ ਸਕੇ। ਮਨਪ੍ਰੀਤ ਕੌਰ ਨੇ ਦੱਸਿਆ ਕਿ ਸੁਪਰੀਮ ਕੋਰਟ ਦੀ ਵਕੀਲ ਹੋਣ ਦੇ ਨਾਲ-ਨਾਲ ਉਹ ਇਕ ਕਿਸਾਨ ਦੀ ਵੀ ਧੀ ਹੈ ਅਤੇ ਉਸ ਦਾ ਖੇਤੀ ਨਾਲ ਮੋਹ ਅੱਜ ਵੀ ਕਾਇਮ ਹੈ। ਮਨਪ੍ਰੀਤ ਕੌਰ ਸ਼ੁਰੂ ਤੋਂ ਹੀ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦੀ ਆ ਰਹੀ ਹੈ ਅਤੇ ਉਸ ਨੇ ਦਿੱਲੀ ‘ਚ ਚੱਲ ਰਹੇ ਕਿਸਾਨੀ ਸੰਘਰਸ਼ ‘ਚ ਸ਼ਮੂਲੀਅਤ ਵੀ ਕੀਤੀ ਸੀ। ਅੱਜ ਕੱਲ੍ਹ ਮਨਪ੍ਰੀਤ ਕੌਰ ਕੋਰੋਨਾ ਮਹਾਮਾਰੀ ਦੇ ਚਲਦਿਆਂ ਘਰ ਆਈ ਹੋਈ ਹੈ। ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦਾ ਗੁਆਂਢੀ ਕਿਸਾਨ ਦਿੱਲੀ ਧਰਨੇ ‘ਤੇ ਡਟਿਆ ਹੋਇਆ ਅਤੇ ਉਨ੍ਹਾਂ ਦੇ ਖੇਤਾਂ ‘ਚ ਝੋਨਾ ਨਹੀਂ ਲੱਗਿਆ ਤਾਂ ਮਨਪ੍ਰੀਤ ਕੌਰ ਨੇ ਆਪਣੇ ਗੁਆਂਢੀਆਂ ਨੂੰ ਨਾਲ ਲੈ ਕੇ ਗੁਆਢੀਂ ਕਿਸਾਨ ਦੇ ਖੇਤਾਂ ‘ਚ ਝੋਨਾ ਲਾਉਣ ਦਾ ਕੰਮ ਸ਼ੁਰੂ ਕਰ ਦਿੱਤਾ।
ਖੇਤੀ ਕਾਨੂੰਨਾਂ ਖਿਲਾਫ ਪੰਜਾਬ ‘ਚ ਧਰਨੇ ਲਗਾਤਾਰ ਜਾਰੀ
ਅੰਦੋਲਨ ਵਿਰੋਧੀ ਚਾਲਾਂ ਦੇ ਟਾਕਰੇ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸੰਘਰਸ਼ੀ ਅਖਾੜਿਆਂ ਤੋਂ ਕਿਸਾਨਾਂ ਨੇ ਸੱਦਾ ਦਿੱਤਾ ਹੈ ਕਿ ਮੋਦੀ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੇ ਖਿਲਾਫ ਚਲਾਈਆਂ ਜਾ ਰਹੀਆਂ ਚਾਲਾਂ ਦੇ ਟਾਕਰੇ ਲਈ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇ। ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਿਲ ਪੰਜਾਬ ਦੀਆਂ 32 ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਧਰਨੇ ਲਗਾਤਾਰ ਜਾਰੀ ਹਨ। ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਲੁਕਵੇਂ ਢੰਗ ਨਾਲ ਬਿਜਲੀ ਸਬਸਿਡੀ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਚਿਤਾਵਨੀ ਦਿੱਤੀ ਹੈ ਕਿ ਸਰਕਾਰ ਦੀ ਇਸ ਨੀਤੀ ਖਿਲਾਫ ਵੀ ਮੋਰਚਾ ਖੋਲ੍ਹਿਆ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਬਿਜਲੀ ਸੋਧ ਬਿੱਲ-2020 ਦੇ ਮਨੋਰਥਾਂ ਨੂੰ ਪੂਰਾ ਕਰਨ ਲਈ ਨਵੀਆਂ ਚਾਲਾਂ ਚੱਲ ਰਹੀ ਹੈ।
ਪੰਜਾਬ ਭਰ ਵਿੱਚ ਟੌਲ ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ‘ਚ ਕਿਸਾਨ ਆਗੂਆਂ ਨੇ ਨਾਟਕਕਾਰ ਅਜਮੇਰ ਸਿੰਘ ਔਲਖ ਦੀ ਚੌਥੀ ਬਰਸੀ ਮੌਕੇ ਸ਼ਰਧਾਂਜਲੀਆਂ ਵੀ ਭੇਟ ਕੀਤੀਆਂ। ਕਿਸਾਨ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਬਿਜਲੀ ਸਬਸਿਡੀ ਬੰਦ ਕਰਕੇ ਕਿਸਾਨਾਂ ਨੂੰ ਬਿਜਲੀ ਬਿੱਲ ਲਾਉਣ ਦਾ ਸਖ਼ਤ ਵਿਰੋਧ ਕੀਤਾ ਹੈ। ਕਿਸਾਨ ਆਗੂਆਂ ਨੂੰ ਬਿਨਾਂ ਸ਼ਰਤ ਤਿੰਨੇ ਖੇਤੀ ਕਾਨੂੰਨ ਰੱਦ ਕਰਨ, 23 ਫ਼ਸਲਾਂ ਦੀ ਖ਼ਰੀਦ ਦੀ ਗਾਰੰਟੀ ਵਾਲਾ ਕਾਨੂੰਨ ਬਣਾਉਣ, ਤੇਲ ਕੀਮਤਾਂ ਵਿੱਚ ਕੀਤਾ ਭਾਰੀ ਵਾਧਾ ਵਾਪਿਸ ਲੈਣ, ਬਿਜਲੀ ਸੋਧ ਬਿੱਲ-2020 ਤੇ ਹਵਾ ਪ੍ਰਦੂਸ਼ਣ ਐਕਟ-2020 ਤੁਰੰਤ ਰੱਦ ਕਰਨ ਦੀ ਮੰਗ ਕੀਤੀ ਤੇ 26 ਜੂਨ ਅੰਦੋਲਨ ਦੇ 7 ਮਹੀਨੇ ਪੂਰੇ ਹੋਣ ‘ਤੇ ਮੰਗ ਪੱਤਰ ਦੇਣ ਦਾ ਐਲਾਨ ਕੀਤਾ ਹੈ। ਇਸੇ ਦੌਰਾਨ ਟਿਕਰੀ ਮੋਰਚਿਆਂ ਲਈ ਕਾਫ਼ਲਿਆਂ ਦਾ ਲਗਾਤਾਰ ਜਾਣਾ ਜਾਰੀ ਹੈ।
ਕਿਸਾਨ ਰਾਜਪਾਲ ਦੀ ਰਿਹਾਇਸ਼ ਵੱਲ ਕਰਨਗੇ ਮਾਰਚ
ਚੰਡੀਗੜ੍ਹ : ਪੰਜਾਬ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਪਿਛਲੇ ਸਾਢੇ ਅੱਠ ਮਹੀਨਿਆਂ ਤੋਂ ਸੰਘਰਸ਼ ਚਲਾ ਰਹੀਆਂ ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ 26 ਜੂਨ ਨੂੰ ਸੂਬੇ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਦੀ ਰਿਹਾਇਸ਼ ਵੱਲ ਮਾਰਚ ਕੀਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਤੇ ਕਾਨੂੰਨੀ ਵਿੰਗ ਦੇ ਕਨਵੀਨਰ ਪ੍ਰੇਮ ਸਿੰਘ ਭੰਗੂ ਅਤੇ ਸੀਨੀਅਰ ਐਡਵੋਕੇਟ ਜੋਗਿੰਦਰ ਸਿੰਘ ਤੂਰ ਨੇ ਇੱਥੇ ਦੱਸਿਆ ਕਿ ਮੋਰਚੇ ਦੇ ਫੈਸਲੇ ਮੁਤਾਬਕ ਸਮੂਹ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਪਹਿਲਾਂ ਤਾਂ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਨਜ਼ਦੀਕ ਇਕੱਤਰ ਹੋਣਗੇ, ਉਥੋਂ ਰਾਜ ਭਵਨ ਵੱਲ ਨੂੰ ਕਿਸਾਨ ਦਾ ਵੱਡਾ ਕਾਫਲਾ ਕੂਚ ਕਰੇਗਾ। ਮਾਰਚ ਦਾ ਫੈਸਲਾ ਸੰਯੁਕਤ ਮੋਰਚੇ ਦਾ ਹੈ ਤੇ ਉਸੇ ਦਿਨ ਰਾਸ਼ਟਰਪਤੀ ਦੇ ਨਾਮ ਰੋਸ ਪੱਤਰ ਦਿੱਤੇ ਜਾਣਗੇ।
ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਮੋਦੀ ਸਰਕਾਰ ਨੇ ਪੂਰੀ ਵਾਹ ਲਗਾਈ
ਭਾਜਪਾ ਦੀਆਂ ਮਨਮਾਨੀਆਂ ਦੇਸ਼ ਲਈ ਘਾਤਕ : ਚੜੂਨੀ
ਮੁਹਾਲੀ/ਬਿਊਰੋ ਨਿਊਜ਼ : ਕਿਸਾਨ ਯੂਨੀਅਨ ਹਰਿਆਣਾ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਕੇਂਦਰ ਸਰਕਾਰ ਆਪਣੀ ਪੂਰੀ ਵਾਹ ਲਗਾ ਰਹੀ ਹੈ, ਜਿਸ ਤਹਿਤ ਕਿਸਾਨ ਜਥੇਬੰਦੀਆਂ ਵਿੱਚ ਫੁੱਟ ਪੈਣ ਦੀਆਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਇਹ ਦਾਅਵਾ ਸੋਹਾਣਾ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿੱਚ ਪੁਆਧ ਇਲਾਕਾ ਮੁਹਾਲੀ ਦੇ ਕਿਸਾਨਾਂ ਵੱਲੋਂ ਕੀਤੀ ਗਈ ਭੁੱਖ-ਹੜਤਾਲ ਅਤੇ ਧਰਨੇ ਨੂੰ ਸੰਬੋਧਨ ਕਰਦਿਆਂ ਕੀਤਾ।
ਕਿਸਾਨ ਆਗੂ ਨੇ ਭੁੱਖ ਹੜਤਾਲ ‘ਤੇ ਬੈਠੇ ਨੌਜਵਾਨਾਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕਰਦਿਆਂ ਕਿਸਾਨਾਂ ਅਤੇ ਆਮ ਲੋਕਾਂ ਨੂੰ ਕਿਸਾਨੀ ਸੰਘਰਸ਼ ਦਾ ਹਿੱਸਾ ਬਣਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਮਨਮਰਜ਼ੀਆਂ ਦੇਸ਼ ਲਈ ਘਾਤਕ ਹਨ ਅਤੇ ਹੁਕਮਰਾਨਾਂ ਨੂੰ ਦੇਸ਼ ਦੀ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਦਬਾਉਣ ਲਈ ਕੋਝੀਆਂ ਚਾਲਾਂ ਚੱਲ ਰਹੀ ਹੈ।
ਚੜੂਨੀ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਸ਼ੁਰੂਆਤ ਤੋਂ ਹੀ ਨੌਜਵਾਨਾਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਅਤੇ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਸਦਕਾ ਇਹ ਅੰਦੋਲਨ ਮਜ਼ਬੂਤ ਹੋਇਆ ਹੈ। ਵਾਹਿਗੁਰੂ ਦੀ ਮਿਹਰ ਸਦਕਾ ਦੇਸ਼-ਵਿਆਪੀ ਕਿਸਾਨੀ ਸੰਘਰਸ਼ ਕਾਮਯਾਬੀ ਨਾਲ ਚੱਲ ਰਿਹਾ ਹੈ ਜਦੋਂਕਿ ਭਾਜਪਾ ਸਰਕਾਰ ਆਏ ਦਿਨ ਕਿਸਾਨੀ-ਅੰਦੋਲਨ ਨੂੰ ਕਮਜ਼ੋਰ ਕਰਨ ਲਈ ਸਾਜ਼ਿਸ਼ਾਂ ਰਚ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਤਿੰਨੋਂ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਅਤੇ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਨਹੀਂ ਮਿਲਦਾ।
ਕਿਸਾਨ ਆਗੂ ਨੇ ਕਿਹਾ ਕਿ ਜਿਸ ਦੇਸ਼ ਦਾ ਰਾਜਾ ਮਨਮਰਜ਼ੀਆਂ ਕਰਨ ਲੱਗ ਜਾਵੇ, ਉਹ ਉਸ ਦੇਸ਼ ਦੇ ਲੋਕਾਂ ਲਈ ਘਾਤਕ ਸਿੱਧ ਹੁੰਦਾ ਹੈ। ਸੋਸ਼ਲ ਮੀਡੀਆ ‘ਤੇ ਕਿਸਾਨਾਂ ਤੇ ਮਜ਼ਦੂਰਾਂ ਦੀ ਸਾਂਝ ਨੂੰ ਤੋੜਨ ਲਈ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਪਰ ਇਹ ਸਾਜ਼ਿਸ਼ਾਂ ਕਾਮਯਾਬ ਨਹੀਂ ਹੋਣਗੀਆਂ।
ਕੇਂਦਰ ਨੂੰ ਜ਼ਿੱਦ ਛੱਡ ਕੇ ਗੱਲਬਾਤ ਰਾਹੀਂ ਮਸਲਾ ਹੱਲ ਕਰਨਾ ਚਾਹੀਦਾ ਹੈ, ਨਹੀਂ ਤਾਂ ਆਉਣ ਵਾਲੇ ਸਮੇਂ ‘ਚ ਹੋਰ ਸੂਬਿਆਂ ਅੰਦਰ ਭਾਜਪਾ ਦਾ ਹਸ਼ਰ ਪੱਛਮੀ ਬੰਗਾਲ ਤੋਂ ਵੀ ਮਾੜਾ ਹੋਵੇਗਾ। ਅਖੀਰ ਵਿੱਚ ਕਿਸਾਨਾਂ ਵੱਲੋਂ ਗੁਰਨਾਮ ਸਿੰਘ ਚੜੂਨੀ ਨੂੰ ਸਿਰੋਪਾ ਅਤੇ ਕਿਰਪਾਨ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

Check Also

ਚੰਦਰਯਾਨ-3 ਉਤਰਨ ਵਾਲੀ ਥਾਂ ਦਾ ਨਾਮ ‘ਸ਼ਿਵ ਸ਼ਕਤੀ ਕੇਂਦਰ’ ਹੋਵੇਗਾ: ਨਰਿੰਦਰ ਮੋਦੀ

ਇਸਰੋ ਦੇ ਵਿਗਿਆਨੀਆਂ ਨੂੰ ਸਲਾਮ ਕਰਦਿਆਂ ਭਾਵੁਕ ਹੋਏ ਪ੍ਰਧਾਨ ਮੰਤਰੀ, ਪ੍ਰਧਾਨ ਮੰਤਰੀ ਨੇ , 23 …