ਕੈਪਟਨ ਅਮਰਿੰਦਰ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਘੇਰਨ ਜਾਂਦੇ ‘ਆਪ’ ਆਗੂ ਗ੍ਰਿਫਤਾਰ ਤੇ ਰਿਹਾਅ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਦਲਿਤ ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ ਨੂੰ ਖੁਰਦ-ਬੁਰਦ ਕਰਨ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਦੇ ਆਗੂ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਦੇ ਸੈਕਟਰ-2 ਸਥਿਤ ਰਿਹਾਇਸ਼ ਮੂਹਰੇ ਭੁੱਖ ਹੜਤਾਲ ‘ਤੇ ਬੈਠਣ ਲਈ ਪਹੁੰਚੇ। ਪੁਲਿਸ ਨੇ ‘ਆਪ’ ਆਗੂਆਂ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਕਾਫ਼ੀ ਦੂਰ ਪਹਿਲਾਂ ਹੀ ਹਿਰਾਸਤ ਵਿੱਚ ਲੈ ਲਿਆ। ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ ਆਗੂਆਂ ਵਿੱਚ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਮਾਸਟਰ ਬਲਦੇਵ ਸਿੰਘ ਜੈਤੋ, ਪ੍ਰਿੰਸੀਪਲ ਬੁੱਧ ਰਾਮ, ਜਗਤਾਰ ਸਿੰਘ ਜੱਗਾ ਹਿੱਸੋਵਾਲ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ ਅਤੇ ਹਲਕਾ ਪਾਇਲ ਦੇ ਇੰਚਾਰਜ ਮਨਵਿੰਦਰ ਸਿੰਘ ਗਿਆਸਪੁਰਾ ਸ਼ਾਮਲ ਹਨ। ਗਿਆਸਪੁਰਾ ਨੇ ਪੁਲਿਸ ਹਿਰਾਸਤ ਵਿੱਚ ਹੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਸੀ। ਇਨ੍ਹਾਂ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਬਾਅਦ ‘ਚ ਰਿਹਾਅ ਵੀ ਕਰ ਦਿੱਤਾ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਨੇ ਦਲਿਤ ਵਰਗ ਦੇ ਦੋ ਲੱਖ ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ ਵਿੱਚ ਕਰੋੜਾਂ ਰੁਪਏ ਦਾ ਘੁਟਾਲਾ ਕਰਕੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਕਿਹਾ, ”ਜਦੋਂ ਵਿਰੋਧੀ ਪਾਰਟੀ ਸੂਬਾ ਸਰਕਾਰ ਦੀ ਧੱਕੇਸ਼ਾਹੀ ਦਾ ਵਿਰੋਧ ਕਰ ਰਹੀ ਹੈ ਤਾਂ ਰੋਸ ਪ੍ਰਦਰਸ਼ਨ ਕਰਨ ਦਾ ਸੰਵਿਧਾਨਕ ਹੱਕ ਮਾਰਿਆ ਜਾ ਰਿਹਾ ਹੈ।” ਚੀਮਾ ਨੇ ਕਿਹਾ ਕਿ ਜਦੋਂ ਤੱਕ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਕੇਸ ਦਰਜ ਨਹੀਂ ਕੀਤਾ ਜਾਂਦਾ, ਉੱਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਗਿਆਸਪੁਰਾ ਨੇ ਕਿਹਾ ਕਿ ਸੀਨੀਅਰ ਆਈਏਐੱਸ ਅਧਿਕਾਰੀ ਕ੍ਰਿਪਾ ਸ਼ੰਕਰ ਸਰੋਜ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਰਿਪੋਰਟ ਵਿੱਚ ਖੁਲਾਸਾ ਕੀਤਾ ਹੈ ਕਿ ਸਮਾਜ ਭਲਾਈ ਮੰਤਰੀ ਵੱਲੋਂ ਵਜ਼ੀਫ਼ਾ ਰਾਸ਼ੀ ਆਪਣੇ ਨਜ਼ਦੀਕੀ ਕਾਲਜਾਂ ਦੇ ਪ੍ਰਬੰਧਕਾਂ ਨੂੰ ਦਿੱਤੀ ਹੈ। ਇਸ ਕਾਰਨ ਪ੍ਰਾਈਵੇਟ ਕਾਲਜਾਂ ਨੂੰ ਰਕਮ ਪ੍ਰਾਪਤ ਨਹੀਂ ਹੋਈ ਅਤੇ ਲੱਖਾਂ ਦਲਿਤ ਵਿਦਿਆਰਥੀਆਂ ਤੋਂ ਪੜ੍ਹਾਈ ਦਾ ਹੱਕ ਖੋਹ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਆਪਣੇ ਰਾਜਕਾਲ ਦੌਰਾਨ ਦਲਿਤ ਵਰਗ ਦੇ ਹੱਕਾਂ ‘ਤੇ ਡਾਕੇ ਮਾਰੇ ਹਨ। ‘ਆਪ’ ਆਗੂਆਂ ਨੇ ਆਰੋਪ ਲਾਇਆ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਦੇਖ ਕੇ ਕੈਪਟਨ ਸਰਕਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਰਾਸ਼ੀ ਦੀ ਕੁਝ ਰਕਮ ਜਾਰੀ ਕਰਕੇ ਲੋਕਾਂ ਨੂੰ ਵਰਗਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਵਜ਼ੀਫਾ ਘੁਟਾਲੇ ਦੀ ਸੀ.ਬੀ.ਆਈ. ਜਾਂਚ ਹੋਵੇ : ਦੂਲੋ
ਗੜ੍ਹਸ਼ੰਕਰ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਸਕਾਲਰਸ਼ਿਪ ਘੁਟਾਲੇ ਦੀ ਸੀ.ਬੀ.ਆਈ. ਜਾਂਚ ਮੰਗੀ ਹੈ। ਕੋਰਟ ਕੰਪਲੈਕਸ ਗੜ੍ਹਸ਼ੰਕਰ ਵਿਖੇ ਗੱਲਬਾਤ ਕਰਦਿਆਂ ਦੂਲੋ ਨੇ ਕਿਹਾ ਕਿ ਦਲਿਤ ਵਿਦਿਆਰਥੀਆਂ ਦੇ ਸਕਾਲਰਸ਼ਿਪ ਘੁਟਾਲੇ ਵਿਚ 400 ਕਰੋੜ ਦਾ ਘੁਟਾਲਾ ਸਾਹਮਣੇ ਆਇਆ ਹੈ ਜਿਸ ਕਾਰਨ ਲੱਖਾਂ ਦਲਿਤ ਵਿਦਿਆਰਥੀਆਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਕੇਂਦਰ ਸਰਕਾਰ ਪੰਜਾਬ ਸਰਕਾਰ ‘ਤੇ ਇਲਜ਼ਾਮ ਲਗਾ ਰਹੀ ਹੈ ਅਤੇ ਪੰਜਾਬ ਸਰਕਾਰ ਕੇਂਦਰ ਸਰਕਾਰ ‘ਤੇ ਦੋਸ਼ ਲਗਾ ਰਹੀ ਹੈ। ਅਸਲ ਵਿਚ ਇਸ ਸਕਾਲਰਸ਼ਿਪ ਘੁਟਾਲੇ ਵਿਚ ਕੇਂਦਰ ਸਰਕਾਰ, ਮੌਜੂਦਾ ਪੰਜਾਬ ਸਰਕਾਰ ਅਤੇ ਪਿਛਲੀ ਅਕਾਲੀ-ਭਾਜਪਾ ਸਰਕਾਰ ਬਰਾਬਰ ਦੀ ਜ਼ਿੰਮੇਵਾਰ ਹੈ।