16.2 C
Toronto
Sunday, October 5, 2025
spot_img
Homeਪੰਜਾਬਲਾਹੌਰ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਲਾਹੌਰ ‘ਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਵੱਡੀ ਗਿਣਤੀ ‘ਚ ਸੰਗਤਾਂ ਨੇ ਗੁਰਦੁਆਰਾ ਸਾਹਿਬਾਨਾਂ ‘ਚ ਟੇਕਿਆ ਮੱਥਾ
ਅੰਮ੍ਰਿਤਸਰ : ਪਾਕਿਸਤਾਨ ‘ਚ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਕਰੋਨਾ ਸੰਕਟ ਦੇ ਬਾਵਜੂਦ ਲਾਹੌਰ ਸਮੇਤ ਸ੍ਰੀ ਨਨਕਾਣਾ ਸਾਹਿਬ, ਹਸਨ ਅਬਦਾਲ, ਸਵਾਤ, ਸੂਬਾ ਸਿੰਧ, ਬਲੋਚਿਸਤਾਨ ਤੇ ਸੂਬਾ ਖ਼ੈਬਰ ਪਖਤੂਨਖਵਾ ਤੋਂ ਪਹੁੰਚੀਆਂ ਸੰਗਤਾਂ ਨੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਵਿਖੇ ਮੱਥਾ ਟੇਕਿਆ ਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ। ਇਸ ਮੌਕੇ ਸ੍ਰੀ ਅਖੰਡ ਸਾਹਿਬ ਦੇ ਪਾਠ ਭੋਗ ਉਪਰੰਤ ਭਾਈ ਮਨਦੀਪ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਚਰਨ ਸਿੰਘ, ਭਾਈ ਪ੍ਰਕਾਸ਼ ਸਿੰਘ ਤੇ ਬੀਬੀ ਹਰਚਰਨ ਕੌਰ ਸਮੇਤ ਰਾਗੀ, ਕੀਰਤਨੀ ਜਥਿਆਂ ਤੇ ਕਥਾ ਵਾਚਕਾਂ ਨੇ ਮਨੋਹਰ ਕੀਰਤਨ, ਕਥਾ ਤੇ ਗੁਰਮਤਿ ਵਿਚਾਰਾਂ ਨਾਲ ਸੰਗਤ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਧਾਰਮਿਕ ਸਮਾਗਮ ‘ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖ਼ਸ਼ਿਸ਼ ਕੀਤੇ ਗੰਗਾ ਸਾਗਰ ਦੇ ਕੇਅਰ ਟੇਕਰ ਰਾਏ ਅਜ਼ੀਜ਼ ਉੱਲਾ ਖ਼ਾਨ, ਕੇਂਦਰੀ ਰੁਵੇਤ ਹਿਲਾਲ ਕਮੇਟੀ ਪਾਕਿਸਤਾਨ ਦੇ ਚੇਅਰਮੈਨ ਮੌਲਾਨਾ ਸਯੱਦ ਅਬੁੱਦਲ ਖ਼ਬੀਰ ਆਜ਼ਾਦ ਤੇ ਲਾਹੌਰ ਦੇ ਧਰਮਪੁਰਾ ਸਥਿਤ ਸਾਈਂ ਮੀਆਂ ਮੀਰ ਦਰਬਾਰ ਦੇ ਗੱਦੀ ਨਸ਼ੀਨ ਅਲੀ ਰਜ਼ਾ ਕਾਦਰੀ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਪੂਰਵਾ ਮਸੂਦ ਨੇ ਦੱਸਿਆ ਕਿ ਸ੍ਰੀ ਅਖੰਡ ਸਾਹਿਬ ਪਾਠ ਸਾਹਿਬ ਦੇ ਭੋਗ ਦੀ ਅਰਦਾਸ ਗ੍ਰੰਥੀ ਭਾਈ ਦਿਆ ਸਿੰਘ ਨੇ ਕੀਤੀ। ਇਸ ਮੌਕੇ ਸਹਿਜ ਪਾਠਾਂ ਦੇ ਵੀ ਭੋਗ ਪਾਏ ਗਏ। ਇਸ ਮੌਕੇ ਪੀ. ਐਸ.ਜੀ.ਪੀ. ਸੀ. ਦੇ ਪ੍ਰਧਾਨ ਸਤਵੰਤ ਸਿੰਘ ਤੇ ਜਨਰਲ ਸਕੱਤਰ ਅਮੀਰ ਸਿੰਘ, ਸਿੱਖ ਆਗੂ ਬਿਸ਼ਨ ਸਿੰਘ, ਪੰਜਾਬੀ ਸਿੱਖ ਸੰਗਤ ਦੇ ਚੇਅਰਮੈਨ ਗੋਪਾਲ ਸਿੰਘ ਚਾਵਲਾ, ਰਾਏ ਅਜ਼ੀਜ਼ ਉੱਲਾ ਖ਼ਾਨ, ਅਲੀ ਰਜ਼ਾ ਕਾਦਰੀ ਨੇ ਸੰਬੋਧਨ ਕੀਤਾ। ਗੁਰਦੁਆਰਾ ਸਾਹਿਬ ‘ਚ ਕਰਾਏ ਗਏ ਧਾਰਮਿਕ ਸਮਾਗਮ ਦੌਰਾਨ ਡਾ: ਮਿਮਪਾਲ ਸਿੰਘ, ਇੰਦਰਜੀਤ ਸਿੰਘ, ਸਰਭਤ ਸਿੰਘ, ਗਿਆਨੀ ਰਣਜੀਤ ਸਿੰਘ, ਗਿਆਨੀ ਦਰਸ਼ਨ ਸਿੰਘ ਆਦਿ ਨੇ ਵੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਬਾਰੇ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਸੰਗਤਾਂ ਲਈ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਅਤੁੱਟ ਲੰਗਰ ਵੀ ਵਰਤਾਏ ਗਏ।
ਸ਼ਹੀਦੀ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਨਤਮਸਤਕ
ਚੰਡੀਗੜ੍ਹ : ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਨ ਸੋਮਵਾਰ ਨੂੰ ਦੇਸ਼-ਵਿਦੇਸ਼ ‘ਚ ਵਸਦੀ ਸਿੱਖ ਸੰਗਤ ਨੇ ਸ਼ਰਧਾ ਭਾਵਨਾ ਨਾਲ ਮਨਾਇਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬਾਨਾਂ ‘ਚ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ। ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਨ ਮੌਕੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਵੀ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ। ਂਿੲਸ ਮੌਕੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ ਸਨ।

 

RELATED ARTICLES
POPULAR POSTS