ਅਕਾਲੀ ਦਲ ਦਾ ਆਰੋਪ – ਐਸਡੀਐਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਸੀ ਗੋਲੀ
ਚੰਡੀਗੜ੍ਹ/ਬਿਊਰੋ ਨਿਊਜ਼
ਸਾਲ 2015 ਵਿਚ ਪੰਜਾਬ ’ਚ ਕਈ ਥਾਈਂ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਸਨ। ਇਨ੍ਹਾਂ ਬੇਅਦਬੀ ਦੀਆਂ ਘਟਨਾਵਾਂ ਖਿਲਾਫ ਸਿੱਖ ਸੰਗਤਾਂ ਨੇ ਰੋਸ ਪ੍ਰਦਰਸ਼ਨ ਵੀ ਕੀਤੇ ਅਤੇ ਕੋਟਕਪੂਰਾ ’ਚ ਰੋਸ ਪ੍ਰਦਰਸ਼ਨ ਕਰ ਰਹੀਆਂ ਸਿੱਖ ਸੰਗਤਾਂ ’ਤੇ ਪੁਲਿਸ ਨੇ ਗੋਲੀ ਵੀ ਚਲਾ ਦਿੱਤੀ ਸੀ। ਧਿਆਨ ਰਹੇ ਕਿ ਜਦੋਂ ਪੰਜਾਬ ਵਿਚ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਨ ਅਤੇ ਹੁਣ ਤੱਕ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲ ਸਕੀਆਂ। ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਹੁਣ ਕੋਟਕਪੂਰਾ ਗੋਲੀ ਕਾਂਡ ਨੂੰ ਲੈ ਕੇ ਨਵੀਂ ਸਿੱਟ ਬਣਾਈ ਹੈ। ਇਸ ਵਿਸ਼ੇਸ਼ ਜਾਂਚ ਟੀਮ ਨੇ ਅੱਜ ਐਲ.ਕੇ. ਯਾਦਵ ਦੀ ਅਗਵਾਈ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਕਰੀਬ ਢਾਈ ਘੰਟੇ ਪੁੱਛਗਿੱਛ ਕੀਤੀ ਹੈ। ਇਹ ਪੁੱਛਗਿੱਛ ਬਾਦਲ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ’ਤੇ ਹੋਈ ਹੈ। ਉਧਰ ਦੂਜੇ ਪਾਸੇ ਸ਼ੋ੍ਰਮਣੀ ਅਕਾਲੀ ਦਲ ਨੇ ਨਵੀਂ ਸਿੱਟ ’ਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਅਤੇ ਕਿਹਾ ਕਿ ਕੋਟਕਪੂਰਾ ’ਚ ਐਸ ਡੀ ਐਮ ਦੇ ਹੁਕਮ ਤੋਂ ਬਾਅਦ ਗੋਲੀ ਚਲਾਈ ਗਈ ਸੀ। ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦਾ ਕਹਿਣਾ ਸੀ ਕਿ ਬੇਅਦਬੀ ਮਾਮਲੇ ’ਤੇ ਸਿਆਸੀ ਰੋਟੀਆਂ ਸੇਕੀਆਂ ਗਈਆਂ ਹਨ। ਇਸੇ ਦੌਰਾਨ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜਾਮ ਬਿਲਕੁਲ ਸੱਚ ਹਨ। ਧਿਆਨ ਰਹੇ ਇਸ ਤੋਂ ਪਹਿਲਾਂ ਕੁੰਵਰ ਵਿਜੇ ਦੀ ਅਗਵਾਈ ਵਿਚ ਬੇਅਦਬੀ ਮਾਮਲਿਆਂ ਦੀ ਜਾਂਚ ਕਰਵਾਈ ਗਈ ਸੀ ਅਤੇ ਹਾਈਕੋਰਟ ਨੇ ਉਨ੍ਹਾਂ ਦੀ ਜਾਂਚ ਰਿਪੋਰਟ ਨੂੰ ਰੱਦ ਕਰ ਦਿੱਤਾ ਸੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …