ਰਾਕੇਸ਼ ਪਾਂਡੇ ਨੇ ਅਜੇ ਤੱਕ ਨਹੀਂ ਲਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਦੋ ਕਾਂਗਰਸੀ ਵਿਧਾਇਕਾਂ ਫਤਹਿਜੰਗ ਸਿੰਘ ਬਾਜਵਾ ਅਤੇ ਰਾਕੇਸ਼ ਪਾਂਡੇ ਦੇ ਪੁੱਤਰਾਂ ਨੂੰ ਦਿੱਤੀ ਗਈ ਸਰਕਾਰੀ ਨੌਕਰੀ ਦਾ ਮਾਮਲਾ ਅੱਜ ਕੱਲ੍ਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ’ਤੇ ਸਵਾਲ ਵੀ ਖੜ੍ਹੇ ਹੋ ਰਹੇ ਹਨ ਅਤੇ ਇਹ ਸਵਾਲ ਵੀ ਪੰਜਾਬ ਸਰਕਾਰ ਦੇ ਕਈ ਮੰਤਰੀ ਅਤੇ ਵਿਧਾਇਕ ਹੀ ਖੜ੍ਹੇ ਕਰ ਰਹੇ ਹਨ। ਇਸ ਦੇ ਚੱਲਦਿਆਂ ਕਾਂਗਰਸੀ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਪੁੱਤਰ ਨੂੰ ਤਰਸ ਦੇ ਆਧਾਰ ’ਤੇ ਦਿੱਤੀ ਗਈ ਸਰਕਾਰੀ ਨੌਕਰੀ ਲੈਣ ਤੋਂ ਨਾਂਹ ਕਰ ਦਿੱਤੀ ਹੈ। ਇਸਦੀ ਜਾਣਕਾਰੀ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਦਿੱਤੀ। ਉਨ੍ਹਾਂ ਕਿਹਾ ਕਿ ਫਤਿਹਜੰਗ ਬਾਜਵਾ ਨੇ ਖ਼ੁਦ ਇਸ ਨੌਕਰੀ ਤੋਂ ਇਨਕਾਰ ਕਰ ਦਿੱਤਾ ਹੈ। ਰਾਵਤ ਹੋਰਾਂ ਦੱਸਿਆ ਕਿ ਅਜੇ ਤੱਕ ਦੂਜੇ ਵਿਧਾਇਕ ਰਾਕੇਸ਼ ਪਾਂਡੇ ਦੇ ਪੁੱਤਰ ਭੀਸ਼ਮ ਪਾਂਡੇ ਬਾਰੇ ਸਥਿਤੀ ਸਪਸ਼ਟ ਨਹੀਂ ਹੈ। ਜ਼ਿਕਰਯੋਗ ਹੈ ਕਿ ਪੰਜਾਬ ਕੈਬਨਿਟ ਦੀ ਬੈਠਕ ’ਚ ਵਿਧਾਇਕ ਫਤਿਹਜੰਗ ਬਾਜਵਾ ਦੇ ਪੁੱਤਰ ਕੰਵਰ ਪ੍ਰਤਾਪ ਸਿੰਘ ਬਾਜਵਾ ਨੂੰ ਡੀਐੱਸਪੀ ਤੇ ਰਾਕੇਸ਼ ਪਾਂਡੇ ਦੇ ਪੁੱਤਰ ਦੁਸ਼ਿਅੰਤ ਪਾਂਡੇ ਨੂੰ ਤਹਿਸੀਲਦਾਰ ਦੀ ਨੌਕਰੀ ਦਿੱਤੀ ਗਈ ਸੀ। ਜਿਸ ਦਾ ਪੰਜਾਬ ਭਰ ’ਚ ਵਿਰੋਧ ਕੀਤਾ ਜਾ ਰਿਹਾ ਹੈ।