ਵੱਡੀ ਗਿਣਤੀ ’ਚ ਕਿਸਾਨ ਰਾਜ ਭਵਨ ਵੱਲ ਕਰਨਗੇ ਕੂਚ : ਰਾਜੇਵਾਲ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ 3 ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਇਨ੍ਹਾਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਆਉਂਦੀ 26 ਜੂਨ ਨੂੰ 7 ਮਹੀਨੇ ਹੋ ਜਾਣਗੇ ਅਤੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ 26 ਜੂਨ ‘ਖੇਤੀ ਬਚਾਓ -ਲੋਕਤੰਤਰ ਬਚਾਓ’ ਦਿਵਸ ਮਨਾਇਆ ਜਾਵੇਗਾ। ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ 26 ਜੂਨ ਨੂੰ ‘ਖੇਤੀ ਬਚਾਉ-ਲੋਕਤੰਤਰ ਬਚਾਉ’ ਦਿਵਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਆਗੂਆਂ ਦੀ ਅਗਵਾਈ ਹੇਠ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ-ਮਜ਼ਦੂਰ ਤੇ ਹਰ ਵਰਗ ਦੇ ਵਿਅਕਤੀ ਮੁਹਾਲੀ ਗੁਰਦੁਆਰਾ ਅੰਬ ਸਾਹਿਬ ਤੋਂ ਇਕੱਠੇ ਹੋ ਕੇ ਚੰਡੀਗੜ੍ਹ ਸਥਿਤ ਰਾਜ ਭਵਨ ਵੱਲ ਕੂਚ ਕਰਨਗੇ ਅਤੇ ਰਾਸ਼ਟਰਪਤੀ ਦੇ ਨਾਮ ਮੰਗ-ਪੱਤਰ ਸੌਂਪਣਗੇ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਟਿਕਰੀ ਤੇ ਸਿੰਘੂ ਮੋਰਚਿਆਂ ਉਤੇ ਭਗਤ ਕਬੀਰ ਜੈਅੰਤੀ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਪਾਖੰਡ ਤੇ ਜਾਤ ਪਾਤ ਵਾਲੀ ਸੋਚ ਦੀ ਤਿੱਖੀ ਆਲੋਚਨਾ ਕੀਤੀ।