Breaking News
Home / ਪੰਜਾਬ / ਕੋਟਕਪੂਰਾ ਗੋਲੀਕਾਂਡ ਦਾ ਮਾਮਲਾ – ਸੁਖਬੀਰ ਬਾਦਲ ਕੋਲੋਂ ਵੀ 26 ਜੂਨ ਨੂੰ ਸਿੱਟ ਕਰੇਗੀ ਪੁੱਛਗਿੱਛ

ਕੋਟਕਪੂਰਾ ਗੋਲੀਕਾਂਡ ਦਾ ਮਾਮਲਾ – ਸੁਖਬੀਰ ਬਾਦਲ ਕੋਲੋਂ ਵੀ 26 ਜੂਨ ਨੂੰ ਸਿੱਟ ਕਰੇਗੀ ਪੁੱਛਗਿੱਛ

22 ਜੂਨ ਨੂੰ ਪ੍ਰਕਾਸ਼ ਸਿੰਘ ਬਾਦਲ ਕੋਲੋਂ ਵੀ ਹੋਈ ਸੀ ਪੁੱਛਗਿੱਛ
ਚੰਡੀਗੜ੍ਹ/ਬਿਊਰੋ ਨਿਊਜ਼
ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ਵਿਚ ਬਾਦਲ ਪਰਿਵਾਰ ਘਿਰਦਾ ਜਾ ਰਿਹਾ ਹੈ। ਨਵੀਂ ਵਿਸ਼ੇਸ਼ ਜਾਂਚ ਟੀਮ ਨੇ ਹੁਣ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 26 ਜੂਨ ਲਈ ਤਲਬ ਕੀਤਾ ਹੈ। ਸੁਖਬੀਰ ਨੂੰ ਚੰਡੀਗੜ੍ਹ ਦੇ ਸੈਕਟਰ 32 ਸਥਿਤ ਮਿੰਨੀ ਪੁਲਿਸ ਕੇਂਦਰ ਵਿੱਚ ਸਵੇਰੇ 11 ਵਜੇ ਟੀਮ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ। 14 ਅਕਤੂਬਰ 2015 ਨੂੰ ਵਾਪਰੇ ਕੋਟਕਪੂਰਾ ਗੋਲੀ ਕਾਂਡ ਸਮੇਂ ਸੁਖਬੀਰ ਸਿੰਘ ਬਾਦਲ ਸੂਬੇ ਦੇ ਗ੍ਰਹਿ ਮੰਤਰੀ ਸਨ। ਜਾਣਕਾਰੀ ਮੁਤਾਬਕ ਕੋਟਕਪੂਰਾ ਗੋਲੀਕਾਂਡ ਵਾਪਰਨ ਤੋਂ ਇੱਕ ਘੰਟਾ ਪਹਿਲਾਂ ਫ਼ਰੀਦਕੋਟ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੁੱਖ ਮੰਤਰੀ ਦਫ਼ਤਰ ਵਿੱਚ 157 ਵਾਰ ਫੋਨ ਰਾਹੀਂ ਗੱਲ ਹੋਈ ਸੀ। ਜਾਂਚ ਟੀਮ ਸਪੱਸ਼ਟ ਕਰਨਾ ਚਾਹੁੰਦੀ ਹੈ ਕਿ ਜਦੋਂ ਉਸ ਸਮੇਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਫਰੀਦਕੋਟ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਸੀ ਕਿ ਧਰਨੇ ’ਤੇ ਬੈਠੇ ਵਿਅਕਤੀਆਂ ਨੂੰ ਸ਼ਾਂਤੀ ਨਾਲ ਉਠਾਇਆ ਜਾਵੇ ਤਾਂ ਫਿਰ ਸਿੱਖ ਸੰਗਤਾਂ ਉੱਪਰ ਗੋਲੀ ਕਿਸ ਦੇ ਹੁਕਮਾਂ ਨਾਲ ਚਲਾਈ ਗਈ? ਧਿਆਨ ਰਹੇ ਕਿ ਇਸ ਤੋਂ ਪਹਿਲਾਂ ਨਵੀਂ ਐਸਆਈਟੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ ਬਾਰੇ ਲੰਘੀ 22 ਜੂਨ ਨੂੰ ਪੁੱਛ-ਪੜਤਾਲ ਕੀਤੀ ਸੀ। ਜਾਂਚ ਟੀਮ ਨੇ ਪ੍ਰਕਾਸ਼ ਸਿੰਘ ਬਾਦਲ ਕੋਲੋਂ ਢਾਈ ਘੰਟਿਆਂ ਵਿਚ ਕਰੀਬ 43 ਸਵਾਲ ਪੁੱਛੇ ਸਨ ਅਤੇ ਬਾਦਲ ਹੋਰਾਂ ਨੇ ਕਈ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਸੀ ਕਿ ਉਨ੍ਹਾਂ ਨੂੰ ਹੁਣ ਯਾਦ ਨਹੀਂ ਹੈ।

 

Check Also

ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ

ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …