Breaking News
Home / ਨਜ਼ਰੀਆ / ਦੁਸ਼ਿਅੰਤ ਚੌਟਾਲਾ ਦਾ ਕਿਸਾਨਾਂ ਨੇ ਕੀਤਾ ਡਟਵਾਂ ਵਿਰੋਧ

ਦੁਸ਼ਿਅੰਤ ਚੌਟਾਲਾ ਦਾ ਕਿਸਾਨਾਂ ਨੇ ਕੀਤਾ ਡਟਵਾਂ ਵਿਰੋਧ

ਕਿਸਾਨਾਂ ਨੇ ਦਿਖਾਏ ਕਾਲੇ ਝੰਡੇ ਅਤੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ
ਸਿਰਸਾ : ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਭਾਜਪਾ-ਜਜਪਾ ਨੇਤਾਵਾਂ ਦੇ ਵਿਰੋਧ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਚੌਧਰੀ ਦੇਵੀ ਲਾਲ ਯੂਨੀਵਰਸਿਟੀ ਵਿੱਚ ਹਰਿਆਣਾ ਦੇ ਉਪ ਮੁੱਖ ਮੰਤਰੀ ਕਈ ਯੋਜਨਾਵਾਂ ਦਾ ਉਦਘਾਟਨ ਕਰਨ ਪੁੱਜੇ ਤਾਂ ਕਿਸਾਨਾਂ ਵੱਲੋਂ ਉਨ੍ਹਾਂ ਨੂੰ ਕਾਲੇ ਝੰਡੇ ਦਿਖਾਏ ਗਏ ਤੇ ਜ਼ੋਰਦਾਰ ਵਿਰੋਧ ਕੀਤਾ। ਇਸ ਦੌਰਾਨ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਸਾਰੇ ਗੇਟਾਂ ‘ਤੇ ਜਿਥੇ ਭਾਰੀ ਪੁਲਿਸ ਬਲ ਤਾਇਨਾਤ ਕੀਤੇ ਗਏ ਸਨ, ਉਥੇ ਹੀ ਉਪ ਮੁੱਖ ਮੰਤਰੀ ਦੇ ਨਿਵਾਸ ਸਥਾਨ ਵੱਲ ਜਾਣ ਵਾਲੀ ਸੜਕ ‘ਤੇ ਤਿੰਨ ਪਰਤੀ ਬੈਰੀਕੇਡ ਲਾਏ ਗਏ ਸਨ। ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਚੌਧਰੀ ਦੇਵੀ ਲਾਲ ਯੂਨੀਵਰਸਿਟੀ ‘ਚ ਕਈ ਯੋਜਨਾਵਾਂ ਦੇ ਨੀਂਹ ਪੱਥਰ ਰੱਖੇ ਤੇ ਕਈਆਂ ਦਾ ਉਦਘਾਟਨ ਕੀਤਾ। ਉਪ ਮੁੱਖ ਮੰਤਰੀ ਦੇ ਪ੍ਰੋਗਰਾਮ ਦੀ ਭਿਣਕ ਜਦੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼ਹੀਦ ਭਗਤ ਸਿੰਘ ਸਟੇਡੀਅਮ ‘ਚ ਪੱਕੇ ਮੋਰਚੇ ਦੇ ਤਹਿਤ ਧਰਨਾ ਦੇ ਰਹੇ ਕਿਸਾਨਾਂ ਨੂੰ ਲੱਗੀ ਤਾਂ ਕਿਸਾਨ ਹੱਥਾਂ ਵਿੱਚ ਕਾਲੇ ਝੰਡੇ ਲੈ ਕੇ ਸੀਡੀਐਲਯੂ ਦੇ ਗੇਟਾਂ ‘ਤੇ ਪਹੁੰਚ ਗਏ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਤੇ ਹਰਿਆਣਾ ਸਰਕਾਰ ਤੋਂ ਇਲਾਵਾ ਭਾਜਪਾ-ਜਜਪਾ ਨੇਤਾਵਾਂ ਦੇ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ। ਪੁਲਿਸ ਨੇ ਸੀਡੀਐਲਯੂ ਦੇ ਸਾਰੇ ਗੇਟਾਂ ‘ਤੇ ਬੈਰੀਕੇਡ ਲਾ ਕੇ ਕਿਸਾਨਾਂ ਨੂੰ ਅੰਦਰ ਜਾਣ ਤੋਂ ਰੋਕਿਆ। ਜਦੋਂ ਉਪ ਮੁੱਖ ਮੰਤਰੀ ਦਾ ਕਾਫਲਾ ਸੀਡੀਐਲਯੂ ਦੇ ਅੰਦਰ ਦਾਖ਼ਲ ਹੋਣ ਲੱਗਿਆ ਤਾਂ ਕਿਸਾਨਾਂ ਨੇ ਹੱਥਾਂ ਵਿੱਚ ਫੜੇ ਕਾਲੇ ਝੰਡੇ ਲਹਿਰਾਏ ਤੇ ਉਪ ਮੁੱਖ ਮੰਤਰੀ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜੀ ਕੀਤੀ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਇਹ ਵਿਰੋਧ ਪ੍ਰਦਰਸ਼ਨ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਕੇ ਐਮਐਸਪੀ ਦਾ ਕਾਨੂੰਨ ਨਹੀਂ ਬਣਾ ਦਿੰਦੀ। ਇਸ ਦੌਰਾਨ ਵੱਡੀ ਗਿਣਤੀ ‘ਚ ਕਿਸਾਨ ਮੌਜੂਦ ਸਨ।
ਕਿਸਾਨ ਅੰਦੋਲਨ ਹੁਣ ਕਿਸਾਨਾਂ ਦੇ ਹੱਥ ਨਹੀਂ: ਦੁਸ਼ਿਅੰਤ
ਸਿਰਸਾ: ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਕਿਹਾ ਹੈ ਕਿ ਕਿਸਾਨ ਅੰਦੋਲਨ ਹੁਣ ਕਿਸਾਨਾਂ ਦੇ ਹੱਥੋਂ ਨਿਕਲ ਗਿਆ ਹੈ। ਕੁਝ ਲੋਕਾਂ ਨੇ ਕਿਸਾਨ ਅੰਦੋਲਨ ਨੂੰ ਰੁਜ਼ਗਾਰ ਬਣਾ ਲਿਆ ਹੈ। ਅਜਿਹੇ ਲੋਕਾਂ ਦਾ ਕਿਸਾਨਾਂ ਦੇ ਮੁੱਦਿਆਂ ਤੋਂ ਕੁਝ ਲੈਣਾ-ਦੇਣਾ ਨਹੀਂ ਹੈ। ਦੁਸ਼ਿਅੰਤ ਚੌਟਾਲਾ ਨੇ ਕਿਹਾ ਹੈ ਕਿ ਕਿਸਾਨ ਅੰਦੋਲਨ ਰਾਜਨੀਤੀ ਤੋਂ ਪ੍ਰੇਰਿਤ ਹੈ। ਕੁਝ ਲੋਕ ਆਪਣੀ ਰਾਜਨੀਤੀ ਚਮਕਾਉਣ ਦੇ ਲਈ ਵਿਰੋਧ ਕਰ ਰਹੇ ਹਨ।
ਕਿਸਾਨਾਂ ਨੂੰ ਰੋਕਣ ਲਈ ਦਿੱਲੀ ਪੁਲਿਸ ਨੇ ਬੈਰੀਕੇਡਾਂ ‘ਤੇ ਖਰਚ ਦਿੱਤੇ 9 ਲੱਖ ਰੁਪਏ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਪੁਲਿਸ ਨੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਕਿਸਾਨਾਂ ਨੂੰ ਦਿੱਲੀ ‘ਚ ਦਾਖ਼ਲ ਹੋਣ ਤੋਂ ਰੋਕਣ ਲਈ 9 ਲੱਖ ਰੁਪਏ ਤਾਂ ਬੈਰੀਕੇਡ ਲਾਉਣ ‘ਤੇ ਹੀ ਖਰਚ ਕਰ ਦਿੱਤੇ ਹਨ। ਇਹ ਖਰਚ ਟਿਕਰੀ ਤੇ ਗਾਜ਼ੀਪੁਰ ਮੋਰਚਿਆਂ ਦਾ ਹੀ ਹੈ ਜਦਕਿ ਸਿੰਘੂ ਮੋਰਚੇ ਦੇ ਵੇਰਵੇ ਦੱਸੇ ਨਹੀਂ ਗਏ। ਆਰਟੀਆਈ ਰਾਹੀਂ ਮਿਲੀ ਜਾਣਕਾਰੀ ਮੁਤਾਬਕ 1 ਫਰਵਰੀ 2021 ਨੂੰ ਦਿੱਲੀ ਪੁਲਿਸ ਨੇ ਸਿੰਘੂ, ਟਿਕਰੀ ਤੇ ਗਾਜ਼ੀਪੁਰ ਤੋਂ ਦਿੱਲੀ ਨੂੰ ਆਉਂਦੇ ਮੁੱਖ ਮਾਰਗਾਂ ਨੂੰ ਸਖ਼ਤ ਪਹਿਰੇ ਹੇਠ ਕਰ ਦਿੱਤਾ ਸੀ। ਸੜਕਾਂ ਪੁੱਟ ਕੇ ਤਿੱਖੇ ਕਿੱਲ ਸੀਮਿੰਟ ਨਾਲ ਗੱਡ ਦਿੱਤੇ ਗਏ, ਬੈਰੀਕੇਡ ਮੋਟੇ ਸੰਗਲਾਂ ਨਾਲ ਬੰਨ੍ਹਣ ਦੇ ਨਾਲ-ਨਾਲ ਵਿਚਕਾਰ ਸੀਮਿੰਟ ਭਰ ਦਿੱਤਾ ਗਿਆ ਤੇ ਉਪਰ ਕੰਡਿਆਲੀ ਤਾਰ ਲਾ ਦਿੱਤੀ ਸੀ। ਕਈ ਪੜਾਵਾਂ ‘ਚ ਸੁਰੱਖਿਆ ਬਲ ਤੇ ਪੁਲਿਸ ਤਾਇਨਾਤ ਕੀਤੀ ਗਈ। 26 ਜਨਵਰੀ ਦੀ ਘਟਨਾ ਮਗਰੋਂ ਦਿੱਲੀ ਪੁਲਿਸ ਨੇ ਉਕਤ 2 ਬਾਰਡਰਾਂ ਉਪਰ ਕੀਤੇ ਬੰਦੋਬਸਤਾਂ ਉਪਰ 9 ਲੱਖ ਰੁਪਏ ਖਰਚੇ ਹਨ। ਟਿਕਰੀ ਬਾਰਡਰ ਵਾਲੇ ਬਾਹਰੀ ਜ਼ਿਲ੍ਹੇ ਬਾਰੇ ਮਿਲੀ ਜਾਣਕਾਰੀ ਮੁਤਾਬਕ 7,49,078 ਰੁਪਏ ਅੰਦੋਲਨ ਵਾਲੀ ਥਾਂ ‘ਤੇ ਖਰਚ ਕੀਤੇ ਗਏ ਪਰ ਸੁਰੱਖਿਆ ਤਾਇਨਾਤੀ ਦੇ ਵੇਰਵੇ ਨਹੀਂ ਦਿੱਤੇ ਗਏ। ਪੂਰਬੀ ਦਿੱਲੀ ਦੇ ਇਲਾਕੇ ਵਿੱਚ ਪੈਂਦੇ ਗਾਜ਼ੀਪੁਰ ‘ਤੇ 1.57 ਲੱਖ ਰੁਪਏ ਖਰਚੇ ਗਏ ਹਨ। ਕਿਸਾਨ ਅੰਦੋਲਨ ਦਾ ਪ੍ਰਤੀਕ ਬਣ ਚੁੱਕੇ ਸਿੰਘੂ ਮੋਰਚੇ ਉੱਪਰ ਸਭ ਤੋਂ ਜ਼ਿਆਦਾ ਬੰਦੋਬਸਤ ਕੀਤੇ ਹੋਏ ਹਨ ਪਰ ਬਾਹਰੀ ਉੱਤਰੀ ਦਿੱਲੀ ਜ਼ਿਲ੍ਹਾ ਪੁਲਿਸ ਤਹਿਤ ਆਉਂਦੇ ਇਸ ਮੋਰਚੇ ਬਾਰੇ ਅਥਾਰਟੀਆਂ ਨੇ ਕੁਝ ਵੀ ਦੱਸਣ ਤੋਂ ਇਹ ਆਖਦਿਆਂ ਇਨਕਾਰ ਕਰ ਦਿੱਤਾ ਕਿ ਮੁਹਿੰਮ ਅਜੇ ਚੱਲ ਰਹੀ ਹੈ। ਇਸ ਕਰਕੇ ਸੂਚਨਾ ਨਹੀਂ ਦਿੱਤੀ ਜਾ ਸਕਦੀ।
ਭਾਜਪਾ ਤੇ ਜੇਜੇਪੀ ਆਗੂ ਭੜਕਾਹਟ ਪੈਦਾ ਨਾ ਕਰਨ : ਡਾ. ਦਰਸ਼ਨ ਪਾਲ
ਸੰਯੁਕਤ ਕਿਸਾਨ ਮੋਰਚੇ ਨੇ ਹਰਿਆਣਾ ਦੇ ਭਾਜਪਾ-ਜੇਜੇਪੀ ਗੱਠਜੋੜ ਸਰਕਾਰ ਤੇ ਆਗੂਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਕਿਸਾਨਾਂ ਨੂੰ ਭੜਕਾਉਣ ਤੋਂ ਬਾਜ਼ ਆਉਣ। ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਭਾਜਪਾ ਅਤੇ ਜੇ.ਜੇ.ਪੀ. ਦੇ ਆਗੂਆਂ ਨੂੰ ਕਿਸਾਨਾਂ ਨੂੰ ਬਿਨਾਂ ਵਜ੍ਹਾ ਭੜਕਾਉਣ ਤੋਂ ਬਾਜ਼ ਆਉਣ ਦੀ ਚਿਤਾਵਨੀ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਆਗੂਆਂ ਨੂੰ ਬਲਦੀ ਉਪਰ ਤੇਲ ਪਾ ਕੇ ਕਿਸਾਨਾਂ ਦੇ ਰੋਹ ਅਤੇ ਦਰਦ ਨੂੰ ਭੜਕਾਉਣ ਦੀ ਕੋਸ਼ਿਸ਼ ਕਰਨ ਦੀ ਬਜਾਏ ਕਿਸਾਨਾਂ ਦੇ ਪੱਖ ‘ਚ ਖੜ੍ਹਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੰਘੂ ਬਾਰਡਰ ਉੱਪਰ ਖਰਕੌਂਡਾ ਅਤੇ ਉਸ ਦੇ ਆਸ-ਪਾਸ ਦੇ ਪਿੰਡਾਂ ਵੱਲੋਂ ਘੱਟੋ ਘੱਟ ਦਸ ਟਰਾਲੀਆਂ ਭਰ ਕੇ ਕਣਕ ਲੰਗਰ ਦੀ ਸੇਵਾ ਲਈ ਭੇਜੀ ਗਈ। ਇਹ ਹਮਾਇਤ ਰਾਸ਼ਟਰੀ ਕਿਸਾਨ ਮਹਾ ਸੰਘ ਦੀ ਮੱਦਦ ਨਾਲ ਜੁਟਾਈ ਗਈ। ਇਸ ਤੋਂ ਇਲਾਵਾ, ਸੋਨੀਪਤ ਅਤੇ ਨੇੜੇ-ਤੇੜੇ ਦੇ ਪਿੰਡਾਂ ਤੋਂ ਬੀ.ਕੇ.ਯੂ. ਚੜੂਨੀ ਦੇ ਸਹਿਯੋਗ ਨਾਲ 40 ਟਰਾਲੀਆਂ ਤੋਂ ਵਧੇਰੇ ਕਣਕ ਇਕੱਠੀ ਕਰਕੇ ਅੰਦੋਲਨ ਲਈ ਭੇਜੀ ਗਈ।
ਵਿਦਿਆਰਥੀ ਸੰਘਰਸ਼ ਦੇ ਹੱਕ ‘ਚ ਡਟੇ ਕਿਸਾਨ-ਮਜ਼ਦੂਰ ਅਤੇ ਬੁੱਧੀਜੀਵੀ
ਵਿਦਿਆਰਥੀਆਂ ਨਾਲ ਧੱਕਾ ਕੀਤਾ ਤਾਂ ਸੂਬਾ ਜਾਮ ਕਰ ਦਿਆਂਗੇ: ਚੜੂਨੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਪਿਛਲੇ ਕਈ ਦਿਨਾਂ ਤੋਂ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਸੰਘਰਸ਼ ਕਰਦੇ ਆ ਰਹੇ ਵਿਦਿਆਰਥੀਆਂ ਅਤੇ ਰਿਸਰਚ ਸਕਾਲਰਾਂ ਦੇ ਸੰਘਰਸ਼ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਕਿਸਾਨਾਂ, ਮਜ਼ਦੂਰਾਂ ਅਤੇ ਬੁੱਧੀਜੀਵੀਆਂ ਨੇ ਉਪ-ਕੁਲਪਤੀ ਦਫ਼ਤਰ ਦੇ ਨੇੜੇ ਰੋਸ ਰੈਲੀ ਵਿੱਚ ਸ਼ਿਰਕਤ ਕੀਤੀ।
ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਰਾਸ਼ਟਰੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਵਿਦਿਆਰਥੀਆਂ ਦੇ ਸੰਘਰਸ਼ ਨੂੰ ਸਮਰਥਨ ਦਿੰਦਿਆਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਰਕਾਰਾਂ ਨੇ ਦੇਸ਼ ਦੇ ਹਾਲਾਤ ਕੁਝ ਅਜਿਹੇ ਕਰ ਦਿੱਤੇ ਹਨ ਕਿ ਹੁਣ ਲੜਾਈ ਕਿਸੇ ਇੱਕ ਵਰਗ ਦੀ ਨਹੀਂ ਸਗੋਂ ਆਮ ਲੋਕਾਂ ਦੀ ਲੜਾਈ ਦੇਸ਼ ਦੇ ਨੀਤੀ ਘਾੜਿਆਂ ਦੇ ਨਾਲ ਹੈ। ਹਰ ਵਰਗ ਲਈ ਲੰਮੇ ਅਤੇ ਅਨੁਸ਼ਾਸਤ ਸੰਘਰਸ਼ ਕਰਨੇ ਸਮੇਂ ਦੀ ਮੁੱਖ ਲੋੜ ਬਣ ਚੁੱਕਾ ਹੈ। ਉਨ੍ਹਾਂ ਚਾਰ ਦਿਨ ਪਹਿਲਾਂ ਪੀਯੂ ਕੈਂਪਸ ਵਿੱਚ ਉਪ ਕੁਲਪਤੀ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਅਤੇ ਰਿਸਰਚ ਸਕਾਲਰਾਂ ਉਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਕਿਹਾ ਕਿ ਮੰਗਾਂ ਦੇ ਲਈ ਜਮਹੂਰੀ ਢੰਗ ਨਾਲ ਸੰਘਰਸ਼ ਕਰਨਾ ਵਿਦਿਆਰਥੀਆਂ ਦਾ ਸੰਵਿਧਾਨਕ ਹੱਕ ਹੈ। ਚੜੂਨੀ ਨੇ ਆਪਣੇ ਸੰਬੋਧਨ ਰਾਹੀਂ ਪੀ.ਯੂ. ਅਥਾਰਿਟੀ ਨੂੰ ਤਾੜਨਾ ਕੀਤੀ ਕਿ ਵਿਦਿਆਰਥੀਆਂ ਦੇ ਵਫ਼ਦ ਨੂੰ ਬੁਲਾ ਕੇ ਉਨ੍ਹਾਂ ਦੀਆਂ ਮੰਗਾਂ ਤੇ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ। ਜੇਕਰ ਵਿਦਿਆਰਥੀਆਂ ਨਾਲ ਪੀ.ਯੂ. ਅਥਾਰਿਟੀ ਜਾਂ ਪੁਲਿਸ ਨੇ ਦੁਬਾਰਾ ਧੱਕਾ ਕੀਤਾ ਤਾਂ ਕਿਸੇ ਹੋਰ ਸੂਬੇ ਵਿੱਚ ਕੋਈ ਹਿੱਲਜੁਲ ਹੋਵੇ ਭਾਵੇਂ ਨਾ ਪ੍ਰੰਤੂ ਉਹ ਪੂਰਾ ਹਰਿਆਣਾ ਜਾਮ ਕਰ ਦੇਣਗੇ। ਰੋਸ ਰੈਲੀ ਵਿੱਚ ਮਜ਼ਦੂਰ ਅਧਿਕਾਰ ਸੰਗਠਨ ਤੋਂ ਸ਼ਿਵ ਕੁਮਾਰ, ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਪ੍ਰਧਾਨ ਸੁਰਜੀਤ ਸਿੰਘ ਫੂਲ, ਸਾਬਕਾ ਪ੍ਰੋਫ਼ੈਸਰ ਮਨਜੀਤ ਸਿੰਘ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ, ਪੀ.ਯੂ. ਦੇ ਸੈਨੇਟਰ ਸੰਦੀਪ ਸੀਕਰੀ, ਬਲਾਕ ਟੋਲ ਪਲਾਜ਼ਾ ਪਿੰਜੌਰ ਤੋਂ ਗੁਰਜੰਟ ਸਿੰਘ ਆਦਿ ਨੇ ਵੀ ਵਿਦਿਆਰਥੀਆਂ ਦੇ ਸੰਘਰਸ਼ ਨੂੰ ਸਮਰਥਨ ਦਿੱਤਾ ਅਤੇ ਪੀ.ਯੂ. ਅਥਾਰਿਟੀ ਦੇ ਵਿਦਿਆਰਥੀਆਂ ਪ੍ਰਤੀ ਵਤੀਰੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਦੇ ਤੁਰੰਤ ਹੱਲ ਦੀ ਮੰਗ ਕੀਤੀ।
ਕਿਸਾਨਾਂ ਨੇ ਅਬੋਹਰ ਵਿੱਚ ਭਾਜਪਾ ਆਗੂਆਂ ਦਾ ਕੀਤਾ ਘਿਰਾਓ
ਮੋਦੀ ਸਰਕਾਰ ਖਿਲਾਫ ਕੀਤੀ ਜੰਮ ਕੇ ਨਾਅਰੇਬਾਜ਼ੀ
ਅਬੋਹਰ : ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੇ ਵਿਰੋਧ ਦਾ ਸਿਲਸਿਲਾ ਜਾਰੀ ਹੈ। ਅਬੋਹਰ ‘ਚ ਜੈਨ ਨਗਰੀ ਸੜਕ ‘ਤੇ ਇਕ ਹੋਟਲ ਵਿੱਚ ਭਾਜਪਾ ਵੱਲੋਂ ਕੀਤੀ ਸੂਬਾ ਪੱਧਰੀ ਮੀਟਿੰਗ ਦਾ ਕਿਸਾਨਾਂ ਨੇ ਵਿਰੋਧ ਕੀਤਾ ਅਤੇ ਨਰਿੰਦਰ ਮੋਦੀ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਹਾਲਾਤ ਵਿਗੜਦੇ ਵੇਖ ਐੱਸਪੀ ਅਵਨੀਤ ਕੌਰ ਸਿੱਧੂ ਅਤੇ ਡੀਐੱਸਪੀ ਰਾਹੁਲ ਭਾਰਦਵਾਜ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚੇ ਹੋਏ ਸਨ। ਮੀਟਿੰਗ ਖਤਮ ਹੋਣ ਤੋਂ ਬਾਅਦ ਜਿਵੇਂ ਹੀ ਭਾਜਪਾ ਆਗੂ ਹੋਟਲ ਤੋਂ ਬਾਹਰ ਨਿਕਲੇ ਤਾਂ ਅੱਗੋਂ ਕਿਸਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ। ਪੁਲਿਸ ਨੇ ਇਨ੍ਹਾਂ ਅਹੁਦੇਦਾਰਾਂ ਨੂੰ ਸੁਰੱਖਿਆ ਘੇਰੇ ਵਿੱਚ ਲੈ ਕੇ ਬਾਹਰ ਕੱਢਿਆ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੇਕਰ ਜਲਦੀ ਹੀ ਖੇਤੀ ਕਾਨੂੰਨ ਵਾਪਸ ਨਾ ਲਏ ਤਾਂ ਭਾਜਪਾ ਆਗੂਆਂ ਦਾ ਘਰੋਂ ਨਿਕਲਣਾ ਵੀ ਔਖਾ ਕਰ ਦਿਆਂਗੇ ਅਤੇ ਵਿਧਾਨ ਸਭਾ ਚੋਣਾਂ ਵਿੱਚ ਖੁੱਲ੍ਹ ਕੇ ਵਿਰੋਧ ਕੀਤਾ ਜਾਵੇਗਾ।
ਖੱਟਰ ਦਾ ਵਿਰੋਧ ਕਰਨ ਜਾਂਦੇ ਕਿਸਾਨਾਂ ‘ਤੇ ਪੁਲਿਸ ਨੇ ਕੀਤਾ ਲਾਠੀਚਾਰਜ
ਪੁਲਿਸ ਨੇ 70 ਕਿਸਾਨ ਹਿਰਾਸਤ ‘ਚ ਲਏ; ਮਗਰੋਂ ਕਿਸਾਨਾਂ ਦੇ ਦਬਾਅ ਹੇਠ ਛੱਡੇ
ਚੰਡੀਗੜ੍ਹ/ਬਿਊਰੋ ਨਿਊਜ਼ : ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਵੱਲੋਂ ਪੰਚਕੂਲਾ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵਿਰੋਧ ਕਰਦਿਆਂ ਕਾਲੇ ਝੰਡੇ ਦਿਖਾਏ ਗਏ। ਪੁਲਿਸ ਨੇ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਅਤੇ 70 ਤੋਂ ਵੱਧ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਕੇ ਥਾਣੇ ‘ਚ ਬੰਦ ਕਰ ਦਿੱਤਾ। ਪੁਲਿਸ ਦੀ ਕਾਰਵਾਈ ਤੋਂ ਰੋਹ ‘ਚ ਆਏ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਸੈਕਟਰ-26 ਸਥਿਤ ਥਾਣੇ ਦਾ ਘਿਰਾਓ ਕੀਤਾ ਗਿਆ। ਸਾਬਕਾ ਉਪ ਮੁੱਖ ਮੰਤਰੀ ਚੰਦਰਮੋਹਨ ਦੀ ਅਗਵਾਈ ਹੇਠ ਵੱਡੀ ਗਿਣਤੀ ਕਾਂਗਰਸੀ ਵੀ ਕਿਸਾਨਾਂ ਦੇ ਸਮਰਥਨ ‘ਚ ਇਸ ਧਰਨੇ ਵਿਚ ਪਹੁੰਚੇ। ਅਖ਼ੀਰ ਪ੍ਰਦਰਸ਼ਨਕਾਰੀਆਂ ਦੇ ਰੋਹ ਅੱਗੇ ਝੁਕਦਿਆਂ ਹਿਰਾਸਤ ਵਿਚ ਲਏ ਕਿਸਾਨਾਂ ਨੂੰ ਛੱਡ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਟਿੱਕਰ ਤਾਲ (ਮੋਰਨੀ) ਅਤੇ ਥਾਪਲੀ ਵਿੱਚ ਦੋ ਸਮਾਗਮ ਸਨ। ਕਿਸਾਨ ਜਥੇਬੰਦੀਆਂ ਨੇ ਥਾਪਲੀ ਵਿੱਚ ਮੁੱਖ ਮੰਤਰੀ ਦਾ ਘਿਰਾਓ ਕਰਨ ਦਾ ਫ਼ੈਸਲਾ ਲਿਆ ਸੀ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵੱਡੀ ਗਿਣਤੀ ਵਿੱਚ ਪਿੰਜੌਰ ‘ਚ ਇਕੱਠੇ ਹੋ ਕੇ ਥਾਪਲੀ ਵੱਲ ਚਾਲੇ ਪਾਏ। ਪੁਲਿਸ ਨੇ ਉਨ੍ਹਾਂ ਨੂੰ ਰਾਹ ਵਿੱਚ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਤੇ ਕਿਸਾਨਾਂ ਵਿਚਾਲੇ ਟਕਰਾਅ ਵਾਲੀ ਸਥਿਤੀ ਬਣ ਗਈ ਅਤੇ ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਕਰ ਦਿੱਤਾ। ਇਸ ਦੌਰਾਨ ਕਈ ਕਿਸਾਨ ਜ਼ਖ਼ਮੀ ਹੋ ਗਏ। ਪੁਲਿਸ ਦੇ ਦੋ ਬੈਰੀਕੇਡ ਤੋੜ ਕੇ ਕਿਸਾਨ ਅੱਗੇ ਵਧ ਰਹੇ ਸਨ ਤਾਂ ਪੁਲਿਸ ਨੇ 70 ਤੋਂ ਵੱਧ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਪੰਚਕੂਲਾ ਦੇ ਸੈਕਟਰ-26 ਸਥਿਤ ਸੀਆਈਏ ਸਟਾਫ਼ ਵਿਚ ਬੰਦ ਕਰ ਦਿੱਤਾ।
ਭਾਰਤੀ ਕਿਸਾਨ ਯੂਨੀਅਨ ਪੰਚਕੂਲਾ ਦੇ ਆਗੂ ਨਰਿੰਦਰ ਨੇ ਆਰੋਪ ਲਾਇਆ ਕਿ ਪੁਲਿਸ ਨੇ ਪਹਿਲਾਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਥਾਣੇ ਵਿੱਚ ਬੰਦ ਕਰ ਦਿੱਤਾ ਅਤੇ ਫਿਰ ਥਾਣੇ ਵਿੱਚ ਵੀ ਕਿਸਾਨ ਆਗੂਆਂ ਨਾਲ ਬਦਸਲੂਕੀ ਕਰਦਿਆਂ ਹੱਥੋਪਾਈ ਕੀਤੀ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਬੈਂਸ ਨੇ ਕਿਹਾ ਕਿ ਸੰਘਰਸ਼ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ ਹੈ ਅਤੇ ਉਸੇ ਅਧਿਕਾਰ ਦੀ ਵਰਤੋਂ ਕਰਦਿਆਂ ਕਿਸਾਨ ਆਗੂ ਸ਼ਾਂਤਮਈ ਢੰਗ ਨਾਲ ਮੁੱਖ ਮੰਤਰੀ ਤੋਂ ਦੂਰ ਰਹਿ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸ਼ਾਂਤਮਈ ਸੰਘਰਸ਼ ਦੇ ਬਾਵਜੂਦ ਆਗੂਆਂ ‘ਤੇ ਲਾਠੀਚਾਰਜ ਕਰਨਾ ਤੇ ਉਨ੍ਹਾਂ ਨੂੰ ਜਬਰੀ ਹਿਰਾਸਤ ਵਿੱਚ ਲੈਣਾ ਗ਼ਲਤ ਹੈ।
ਕਿਸਾਨਾਂ ਨੇ ਖੇਤੀ ਮੰਤਰੀ ਤੋਮਰ ਦੇ ਪੁਤਲੇ ਫੂਕੇ
ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀ ਕਿਸਾਨ ਜਥੇਬੰਦੀਆਂ ਬਾਰੇ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਵੱਲੋਂ ਵਾਰ-ਵਾਰ ਕੀਤੀ ਜਾ ਰਹੀ ਬਿਆਨਬਾਜ਼ੀ ਖ਼ਿਲਾਫ਼ ਰੋਹ ਵਧਦਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਨੇ ਸੂਬੇ ਵਿੱਚ ਕਈ ਥਾਵਾਂ ‘ਤੇ ਨਰਿੰਦਰ ਤੋਮਰ ਦੇ ਪੁਤਲੇ ਸਾੜੇ।
ਕਿਸਾਨ ਆਗੂਆਂ ਨੇ ਤੋਮਰ ਦੇ ਬਿਆਨ ‘ਕਿਸਾਨ ਆਗੂ ਕਾਨੂੰਨ ਰੱਦ ਕਰਵਾਉਣ ਤੋਂ ਇਲਾਵਾ ਕੋਈ ਹੋਰ ਬਦਲ ਲੈ ਕੇ ਆਉਣ ਤਾਂ ਹੀ ਗੱਲਬਾਤ ਸ਼ੁਰੂ ਹੋ ਸਕਦੀ ਹੈ’ ਦੀ ਨਿਖੇਧੀ ਕੀਤੀ।
ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਟੌਲ ਪਲਾਜ਼ਿਆਂ, ਰਿਲਾਇੰਸ ਦੇ ਪੈਟਰੋਲ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ ਤੇ ਭਾਜਪਾ ਆਗੂਆਂ ਦੇ ਘਰਾਂ/ਦਫ਼ਤਰਾਂ ਅੱਗੇ ਸਣੇ ਸਵਾ ਕੁ ਸੌ ਥਾਵਾਂ ‘ਤੇ ਜਾਰੀ ਧਰਨਿਆਂ ਦੌਰਾਨ ‘ਉੱਡਣੇ ਸਿੱਖ’ ਮਿਲਖਾ ਸਿੰਘ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀਆਂ ਦਿੱਤੀਆਂ। ਆਗੂਆਂ ਨੇ ਕਿਹਾ ਕਿ ਆਪਣੀ ਜ਼ਿੰਦਗੀ ਵਿੱਚ ਅਨੇਕਾਂ ਮੁਸ਼ਕਲਾਂ ਦੇ ਬਾਵਜੂਦ ਜੀਵਨ ਦੀਆਂ ਬੁਲੰਦੀਆਂ ਸਰ ਕਰਨ ਵਾਲੇ ਮਿਲਖਾ ਸਿੰਘ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ। ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ, ਮੁਕੇਸ਼ ਚੰਦਰ, ਰਮਿੰਦਰ ਸਿੰਘ ਅਤੇ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਕੇਂਦਰ ਸਰਕਾਰ ਵਾਰ-ਵਾਰ ਐੱਮਐੱਸਪੀ ਜਾਰੀ ਰੱਖਣ ਦਾ ਦਾਅਵੇ ਕਰਦੀ ਆ ਰਹੀ ਹੈ ਪਰ ਹਕੀਕਤ ਕੋਹਾਂ ਦੂਰ ਹੈ।
ਚੰਡੀਗੜ੍ਹ ‘ਚ ਖੇਤੀ ਕਾਨੂੰਨਾਂ ਖਿਲਾਫ਼ ਧਰਨੇ ‘ਤੇ ਬੈਠੇ ਨਿਹੰਗ ਸਿੰਘ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਕਿਸਾਨਾਂ ਵੱਲੋਂ ਪੁਲਿਸ ਸਟੇਸ਼ਨ ਦਾ ਕੀਤਾ ਗਿਆ ਘਿਰਾਓ
ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਚੰਡੀਗੜ੍ਹ ਦੇ ਸੈਕਟਰ-16 ਸਥਿਤ ਮਟਕਾ ਚੌਕ ਵਿੱਚ ਪੱਕੇ ਮੋਰਚੇ ‘ਤੇ ਬੈਠੇ ਨਿਹੰਗ ਲਾਭ ਸਿੰਘ ਦਾ ਤੰਬੂ ਪੁੱਟ ਕੇ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਕਾਰਵਾਈ ਤੋਂ ਰੋਹ ਵਿੱਚ ਆਏ ਕਿਸਾਨਾਂ ਨੇ ਪੁਲਿਸ ਸਟੇਸ਼ਨ ਸੈਕਟਰ-17 ਦਾ ਘਿਰਾਓ ਕੀਤਾ। ਕਿਸਾਨਾਂ ਦੇ ਦਬਾਅ ਹੇਠ ਪੁਲਿਸ ਨੇ ਨਿਹੰਗ ਸਿੰਘ ਨੂੰ ਛੱਡ ਦਿੱਤਾ।
ਇਸ ਮਗਰੋਂ ਨਿਹੰਗ ਸਿੰਘ ਦਾ ਤੰਬੂ ਮੁੜ ਮਟਕਾ ਚੌਕ ਵਿੱਚ ਥੋੜਾ ਪਿੱਛੇ ਕਰਕੇ ਲਗਾ ਦਿੱਤਾ ਗਿਆ ਹੈ।
ਚੰਡੀਗੜ੍ਹ ਦੇ ਵੱਖ-ਵੱਖ ਚੌਕਾਂ ‘ਚ ਲੋਕ ਪਿਛਲੇ 6 ਮਹੀਨਿਆਂ ਤੋਂ ਆਪ-ਮੁਹਾਰੇ ਖੇਤੀ ਕਾਨੂੰਨਾਂ ਖਿਲਾਫ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਨਿਹੰਗ ਲਾਭ ਸਿੰਘ ਨੇ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਖ਼ਿਲਾਫ਼ 6 ਮਾਰਚ ਨੂੰ ਚੰਡੀਗੜ੍ਹ ਦੇ ਮਟਕਾ ਚੌਕ ਵਿੱਚ ਪੱਕਾ ਮੋਰਚਾ ਲਗਾ ਦਿੱਤਾ ਸੀ। ਉਹ ਸ਼ਾਂਤਮਈ ਢੰਗ ਨਾਲ 24 ਘੰਟੇ ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ਜਾਣ ਵਾਲਿਆਂ ਨੂੰ ਕਾਲੇ ਝੰਡੇ ਦਿਖਾਉਂਦੇ ਸਨ। ਪੁਲਿਸ ਨੇ ਪਹਿਲਾਂ ਵੀ ਉਨ੍ਹਾਂ ਦੇ ਤੰਬੂ ਨੂੰ ਮਟਕਾ ਚੌਕ ਤੋਂ ਹਟਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਉਹ ਕਾਮਯਾਬ ਨਹੀਂ ਹੋਏ ਸਨ। ਸੋਮਵਾਰ ਨੂੰ ਪੁਲਿਸ ਨਿਹੰਗ ਲਾਭ ਸਿੰਘ ਦਾ ਤੰਬੂ ਪੁੱਟ ਕੇ ਉਸ ਨੂੰ ਸੈਕਟਰ-17 ਦੇ ਥਾਣੇ ਲੈ ਗਈ।
ਨੌਜਵਾਨ ਕਿਸਾਨ ਏਕਤਾ ਚੰਡੀਗੜ੍ਹ, ਵਿਦਿਆਰਥੀ ਜਥੇਬੰਦੀਆਂ ਅਤੇ ਕਿਸਾਨ ਅੰਦੋਲਨ ਦੇ ਹੋਰ ਹਮਾਇਤੀਆਂ ਨੇ ਇਸ ਦਾ ਵਿਰੋਧ ਕੀਤਾ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਥਾਣੇ ਦਾ ਘਿਰਾਓ ਕਰਨ ਲਈ ਪਹੁੰਚ ਗਏ। ਥਾਣੇ ਦੇ ਬਾਹਰ ਕਿਸਾਨਾਂ ਦੇ ਵਿਰੋਧ ਨੂੰ ਵੇਖਦਿਆਂ ਚੰਡੀਗੜ੍ਹ ਪੁਲਿਸ ਨੇ ਨਿਹੰਗ ਲਾਭ ਸਿੰਘ ਨੂੰ ਛੱਡ ਦਿੱਤਾ। ਨੌਜਵਾਨ ਕਿਸਾਨ ਏਕਤਾ ਚੰਡੀਗੜ੍ਹ ਦੇ ਆਗੂ ਪਰਮਿੰਦਰ ਸਿੰਘ ਨੇ ਦੱਸਿਆ ਕਿ ਨਿਹੰਗ ਸਿੰਘ ਸ਼ਾਂਤਮਈ ਢੰਗ ਨਾਲ ਮਟਕਾ ਚੌਕ ਵਿੱਚ ਪ੍ਰਦਰਸ਼ਨ ਕਰ ਰਹੇ ਹਨ।
ਮਿਲਖਾ ਸਿੰਘ ਨੂੰ ਸ਼ਰਧਾਂਜਲੀਆਂ
ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚਾ ਟਿਕਰੀ ਬਾਰਡਰ ਦਿੱਲੀ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ (ਯੂਥ ਵਿੰਗ) ਪ੍ਰਧਾਨ ਹਰਪ੍ਰੀਤ ਸਿੰਘ ਝਬੇਲਵਾਲੀ ਦੀ ਪ੍ਰਧਾਨਗੀ ਹੇਠ ਹੋਈ। ਰੋਜ਼ਾਨਾ ਦੀ ਤਰ੍ਹਾਂ ਸਟੇਜ ਦੀ ਕਾਰਵਾਈ ਚਲਾਈ ਗਈ ਜਿਸ ਵਿੱਚ ਦਾ ਫਲਾਇੰਗ ਸਿੱਖ ਮਿਲਖਾ ਸਿੰਘ ਦੇ ਸਵਰਗਵਾਸ ਹੋਣ ‘ਤੇ ਸ਼ਰਧਾਂਜਲੀ ਭੇਟ ਕੀਤੀ ਗਈ। ਟਿਕਰੀ ਬਾਰਡਰ ‘ਤੇ ਮਿਲਖਾ ਸਿੰਘ ਨੂੰ ਸਮਰਪਿਤ ਦੌੜ ਦਾ ਵੀ ਆਯੋਜਨ ਕਰਵਾਇਆ ਜਾਵੇਗਾ। ਮੀਟਿੰਗ ‘ਚ ਪੰਜਾਬ ਦੀਆਂ ਟਰੇਡ ਯੂਨੀਅਨਾਂ ਦੇ ਜੱਥੇ ਸ਼ਾਮਿਲ ਹੋਏ, ਜਿਸ ਵਿੱਚ ਬੁਲਾਰਿਆਂ ਨੇ ਨਿੱਜੀਕਰਨ ਦੀਆਂ ਨੀਤੀਆਂ ਦੇ ਵਿਰੁੱਧ ਅੰਦੋਲਨ ਤੇਜ਼ ਕਰਨ ਦਾ ਐਲਾਨ ਕੀਤਾ। ਆਲ ਇੰਡੀਆ ਕਿਸਾਨ ਮਜ਼ਦੁਰ ਸਭਾ ਤਿਲੰਗਾਨਾ ਦੇ ਕਿਸਾਨ ਜੱਥੇ ਸ਼ਾਮਿਲ ਹੋਏ। ਤੇਲਗੂ ਭਾਸ਼ਾ ਵਿਚ ਭਾਸ਼ਣ ਦਿੱਤਾ।
ਮੋਰਚਿਆਂ ‘ਤੇ ਡਟੀਆਂ ਬੀਬੀਆਂ ਨੂੰ ਕਿਸਾਨ ਆਗੂਆਂ ਨੇ ਦਿੱਤੀ ਹੱਲਾਸ਼ੇਰੀ
ਨੌਜਵਾਨਾਂ ਨੇ ਇਨਕਲਾਬੀ ਗੀਤ ਵੀ ਗਾਏ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਿਸਾਨ-ਮੋਰਚਿਆਂ ‘ਤੇ ਡਟੀਆਂ ਕਿਸਾਨ-ਬੀਬੀਆਂ ਨੇ ਲੰਮੇ ਸੰਘਰਸ਼ ਲਈ ਤਿਆਰੀਆਂ ਵਿੱਢ ਲਈਆਂ ਹਨ।
ਗਾਜ਼ੀਪੁਰ ਬਾਰਡਰ ‘ਤੇ ਕਿਸਾਨ ਆਗੂ ਰਵੀ ਆਜ਼ਾਦ ਤੇ ਟਿਕਰੀ-ਬਾਰਡਰ ‘ਤੇ ਕਿਸਾਨ ਆਗੂ ਬੂਟਾ ਸਿੰਘ ਬੁਰਜਗਿੱਲ ਨੇ ਮੋਰਚਿਆਂ ‘ਤੇ ਡਟੀਆਂ ਬੀਬੀਆਂ ਨੂੰ ਹੱਲਾਸ਼ੇਰੀ ਦਿੰਦਿਆਂ ਉਨ੍ਹਾਂ ਦੀ ਬਹਾਦਰੀ ਨੂੰ ਸਲਾਮ ਕੀਤਾ।
ਰਵੀ ਆਜ਼ਾਦ ਨੇ ਕਿਹਾ ਕਿ ਬੀਬੀਆਂ ਦੇ ਇਕੱਠਾਂ ਨੇ ਸਾਬਤ ਕਰ ਦਿੱਤਾ ਕਿ ਉਹ ਕਿਸੇ ਵੀ ਤਰ੍ਹਾਂ ਮਾਨਸਿਕ ਤੇ ਸਰੀਰਕ ਲੜਾਈਆਂ ਵਿਚ ਪਿੱਛੇ ਰਹਿਣ ਵਾਲੀਆਂ ਨਹੀਂ, ਬਲਕਿ ਬਰਾਬਰ ਦੀ ਹੈਸੀਅਤ ਵਿਚ ਸ਼ਾਮਲ ਹੁੰਦੀਆਂ ਹਨ।
ਟਿੱਕਰੀ ਬਾਰਡਰ ‘ਤੇ ਨੌਜਵਾਨ ਸੱਥ ਦੇ ਵਰਕਰਾਂ ਵੱਲੋਂ ਇਨਕਲਾਬੀ ਗੀਤਾਂ ਉੱਪਰ ਕੋਰਿਓਗ੍ਰਾਫੀਆਂ ਅਤੇ ਇਨਕਲਾਬੀ ਗੀਤ ਪੇਸ਼ ਕੀਤੇ ਗਏ। ਯੁਵਰਾਜ ਸਿੰਘ ਘੁਡਾਣੀ ਕਲਾਂ ਨੇ ਕਿਹਾ ਕਿ ਨੌਜਵਾਨ ਸੱਥ ਦੇ ਕਾਰਕੁਨਾਂ ਵੱਲੋਂ ਮੋਰਚੇ ਵਿਚ ਸੱਭਿਆਚਾਰਕ ਗਤੀਵਿਧੀਆਂ ਲਈ ਇੱਕ ਟੀਮ ਬਣਾਈ ਗਈ ਹੈ ਜੋ ਮੋਰਚੇ ‘ਚ ਵੱਖ-ਵੱਖ ਥਾਵਾਂ ‘ਤੇ ਕੋਰੀਓਗ੍ਰਾਫੀ ਅਤੇ ਗੀਤਾਂ ਰਾਹੀਂ ਮੋਰਚੇ ਵਿੱਚ ਸ਼ਾਮਲ ਲੋਕਾਂ ਅੱਗੇ ਉਸਾਰੂ ਮਹੌਲ ਬਣਾ ਰਹੇ ਹਨ। ਇਸ ਟੀਮ ਵੱਲੋਂ ‘ਤੇਰਾ ਦੇਸ਼ ਭਗਤ ਸਿਆਂ ਲੁੱਟ ਲਿਆ ਗਦਾਰਾਂ ਨੇ’ ਤੇ ਪਿਛਲੇ ਦਿਨੀਂ ਵਿਛੜੇ ਮਹਿੰਦਰ ਸਾਥੀ ਦੇ ‘ਮਸ਼ਾਲਾਂ ਬਾਲ ਕੇ ਚੱਲਣਾ’ ਇਨਕਲਾਬੀ ਗੀਤਾਂ ਉੱਪਰ ਕੋਰਿਓਗ੍ਰਾਫੀ ਤਿਆਰ ਕੀਤੀ ਗਈ। ਟੀਮ ਵੱਲੋਂ ਗਰੁੱਪ ਦੇ ਰੂਪ ‘ਵਿਚ ਇਨਕਲਾਬੀ ਕਵੀ ਅਵਤਾਰ ਪਾਸ਼ ਤੇ ਸੰਤ ਰਾਮ ਉਦਾਸੀ ਦੇ ਗੀਤ ਲੋਕਾਂ ਨਾਲ ਸਾਂਝੇ ਕੀਤੇ ਜਾ ਰਹੇ ਹਨ।
ਕਿਸਾਨਾਂ ਵੱਲੋਂ ‘ઑਖੇਤੀ ਬਚਾਉ-ਲੋਕਤੰਤਰ ਬਚਾਉ ਦਿਵਸ’ ਦੀਆਂ ਤਿਆਰੀਆਂ ਮੁਕੰਮਲ
26 ਜੂਨ ਨੂੰ ਕਿਸਾਨ ਗੁਰਦੁਆਰਾ ਅੰਬ ਸਾਹਿਬ ਤੇ ਨਾਢਾ ਸਾਹਿਬ ਤੋਂ ਚੰਡੀਗੜ੍ਹ ਵੱਲ ਕਰਨਗੇ ਕੂਚ
ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਦੀ ਰਾਜਧਾਨੀ ਦੀਆਂ ਬਰੂਹਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ 7 ਮਹੀਨੇ ਮੁਕੰਮਲ ਹੋਣ ‘ਤੇ 26 ਜੂਨ ਨੂੰ ‘ਖੇਤੀ ਬਚਾਉ-ਲੋਕਤੰਤਰ ਬਚਾਉ’ ਦਿਵਸ ਮਨਾਉਣ ਦੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਪੰਜਾਬ ਅਤੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਕਿਸਾਨ ਯੂਨੀਅਨਾਂ ਨੇ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਜਾ ਕੇ ਇਹ ਦਿਵਸ ਮਨਾਉਣ ਦੀ ਅਪੀਲ ਕੀਤੀ ਹੈ। ਪੰਜਾਬ ਅਤੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ 26 ਜੂਨ ਨੂੰ ਕ੍ਰਮਵਾਰ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਅਤੇ ਗੁਰਦੁਆਰਾ ਨਾਢਾ ਸਾਹਿਬ ਤੋਂ ਇਕੱਠੀਆਂ ਹੋ ਕੇ ਚੰਡੀਗੜ੍ਹ ਸਥਿਤ ਰਾਜ ਭਵਨ ਵੱਲ ਕੂਚ ਕਰਨਗੀਆਂ ਅਤੇ ਰਾਜਪਾਲ ਰਾਹੀਂ ਰਾਸ਼ਟਰਪਤੀ ਦੇ ਨਾਂ ਰੋਸ ਪੱਤਰ ਸੌਂਪਣਗੀਆਂ।
ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਜਪਾ ਆਗੂਆਂ ਦੇ ਘਰਾਂ/ਦਫ਼ਤਰਾਂ ਮੂਹਰੇ, ਟੌਲ ਪਲਾਜ਼ਿਆਂ, ਕਾਰਪੋਰੇਟ ਘਰਾਣਿਆਂ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ ਅਤੇ ਨਿੱਜੀ ਥਰਮਲ ਪਲਾਂਟ ਸਣੇ ਸਵਾ ਸੌ ਤੋਂ ਵੱਧ ਥਾਵਾਂ ‘ਤੇ ਹਨੇਰੀ ਅਤੇ ਝੱਖੜ ਦੇ ਬਾਵਜੂਦ ਧਰਨੇ ਜਾਰੀ ਹਨ, ਜਿਨ੍ਹਾਂ ਵਿੱਚ ਕਿਸਾਨ-ਮਜ਼ਦੂਰ, ਬਜ਼ੁਰਗ, ਨੌਜਵਾਨ, ਔਰਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਧਰਨਿਆਂ ਦੌਰਾਨ 26 ਜੂਨ ਨੂੰ ਰਾਜ ਭਵਨ ਵੱਲ ਮਾਰਚ ਵਿੱਚ ਵਧ-ਚੜ੍ਹ ਕੇ ਸ਼ਮੂਲੀਅਤ ਕਰਨ ਦਾ ਅਹਿਦ ਲਿਆ ਗਿਆ।
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਬੈਂਸ ਨੇ ਦੱਸਿਆ ਕਿ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂ 26 ਜੂਨ ਨੂੰ ਪੰਚਕੂਲਾ ਦੇ ਗੁਰਦੁਆਰਾ ਨਾਢਾ ਸਾਹਿਬ ਤੋਂ ਇਕੱਠੇ ਹੋ ਕੇ ਚੰਡੀਗੜ੍ਹ ਸਥਿਤ ਰਾਜ ਭਵਨ ਵੱਲ ਕੂਚ ਕਰਨਗੇ। ਉਨ੍ਹਾਂ ਕਿਹਾ ਕਿ ਮੋਦੀ-ਹਕੂਮਤ ਨੇ ਨਿੱਜੀਕਰਨ, ਉਦਾਰੀਕਰਨ, ਸੰਸਾਰੀਕਰਨ ਦੀ ਨੀਤੀ ‘ਤੇ ਚਲਦਿਆਂ ਜਿੱਥੇ ਖੇਤੀ ਸੱਭਿਆਚਾਰ ਨੂੰ ਉਜਾੜਨ ਲਈ ਤਿੰਨ ਖੇਤੀ ਕਾਨੂੰਨ ਲਿਆਂਦੇ ਹਨ, ਉਥੇ ਇਸ ਤੋਂ ਪਹਿਲਾਂ ਜਨਤਕ ਖੇਤਰ ਦੇ ਅਦਾਰਿਆਂ ਬੈਂਕਾਂ, ਬੀਮਾ, ਰੇਲਵੇ, ਏਅਰਪੋਰਟ, ਰੇਲਵੇ, ਬਿਜਲੀ ਬੋਰਡ, ਸੜਕਾਂ, ਸਿਹਤ, ਸਿੱਖਿਆ ਟਰਾਂਸਪੋਰਟ ਆਦਿ ਨੂੰ ਨਿੱਜੀ ਕੰਪਨੀਆਂ ਦੇ ਹਵਾਲੇ ਕਰ ਦਿੱਤਾ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਪਿਛਲੇ 7 ਮਹੀਨਿਆਂ ਤੋਂ ਆਪਣੇ ਹੱਕਾਂ ਲਈ ਲੜਾਈ ਲੜ ਰਿਹਾ ਹੈ ਅਤੇ ਇਸ ਦੌਰਾਨ 500 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਉਨ੍ਹਾਂ ਮੰਗ ਕੀਤੀ ਕਿ ਤਿੰਨੋਂ ਖੇਤੀ ਕਾਨੂੰਨ ਰੱਦ ਕਰ ਕੇ ਫ਼ਸਲਾਂ ਨੂੰ ਐੱਮਐੱਸਪੀ ‘ਤੇ ਖ਼ਰੀਦ ਦੀ ਗਾਰੰਟੀ ਦਾ ਕਾਨੂੰਨ ਲਿਆਂਦਾ ਜਾਵੇ।
ਵੱਡੀ ਗਿਣਤੀ ‘ਚ ਕਿਸਾਨ ਰਾਜ ਭਵਨ ਵੱਲ ਕਰਨਗੇ ਕੂਚ : ਬਲਬੀਰ ਸਿੰਘ ਰਾਜੇਵਾਲ
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ 26 ਜੂਨ ਨੂੰ ‘ਖੇਤੀ ਬਚਾਉ-ਲੋਕਤੰਤਰ ਬਚਾਉ’ ਦਿਵਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕਿਸਾਨ ਆਗੂਆਂ ਦੀ ਅਗਵਾਈ ਹੇਠ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ-ਮਜ਼ਦੂਰ ਤੇ ਹਰ ਵਰਗ ਦੇ ਲੋਕ ਮੁਹਾਲੀ ਗੁਰਦੁਆਰਾ ਅੰਬ ਸਾਹਿਬ ਤੋਂ ਇਕੱਠੇ ਹੋ ਕੇ ਚੰਡੀਗੜ੍ਹ ਸਥਿਤ ਰਾਜ ਭਵਨ ਵੱਲ ਕੂਚ ਕਰਨਗੇ ਅਤੇ ਰਾਸ਼ਟਰਪਤੀ ਦੇ ਨਾਮ ਮੰਗ-ਪੱਤਰ ਸੌਂਪਣਗੇ।

 

Check Also

ਪਰਵਾਸੀ ਸਹਾਇਤਾ ਫਾਊਂਡੇਸ਼ਨ ਹੈਵੀ-ਡਿਊਟੀ ਜ਼ੀਰੋ ਐਮੀਸ਼ਨ ਵਾਹਨਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਟਰੱਕ ਵਰਲਡ 2024 ‘ਚ ਭਾਗ ਲਵੇਗੀ

ਪਰਵਾਸੀ ਸਹਾਇਤਾ ਫਾਊਂਡੇਸ਼ਨ ਦਾ ਉਦੇਸ਼ ਕਾਰਬਨ ਨਿਕਾਸ ਨੂੰ ਘਟਾਉਣ, ਹਵਾ ਪ੍ਰਦੂਸ਼ਣ ਨੂੰ ਘਟਾਉਣ ਅਤੇ ਆਵਾਜਾਈ …