ਪੰਚਕੂਲਾ/ਬਿਊਰੋ ਨਿਊਜ਼ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਆਪਣੇ ਨਿਵਾਸ ਸਥਾਨ ‘ਤੇ ਮਿਲਣ ਆਏ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਬਾਰੇ ਵਿਸਥਾਰਤ ਜਾਣਕਾਰੀ ਰੱਖਣ ਵਾਲੇ 30-40 ਕਿਸਾਨਾਂ ਦਾ ਅਜਿਹਾ ਸਮੂਹ ਬਣਾਇਆ ਜਾਣਾ ਚਾਹੀਦਾ ਹੈ, ਜੋ ਪਿੰਡ-ਪਿੰਡ ਜਾ ਕੇ ਹੋਰਨਾਂ ਕਿਸਾਨਾਂ ਨੂੰ ਖੇਤੀਬਾੜੀ ਕਾਨੂੰਨਾਂ ਦੇ ਫਾਇਦੇ ਅਤੇ ਉਨ੍ਹਾਂ ਦੀਆਂ ਬਾਰੀਕਿਆਂ ਬਾਰੇ ਜਾਣੂ ਕਰਵਾ ਸਕੇ। ਖੱਟਰ ਨੇ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰਨ ਦੀ ਥਾਂ ਕਿਸਾਨਾਂ ਨੂੰ ਇਨ੍ਹਾਂ ਬਾਰੇ ਪੂਰੀ ਜਾਣਕਾਰੀ ਹੋਣੀ ਚਾਹੀਦੀ ਹੈ ਤਾਂ ਜੋ ਆਪਣੇ ਨਿੱਜੀ ਹਿੱਤਾਂ ਲਈ ਅਫ਼ਵਾਹਾਂ ਫੈਲਾ ਕੇ ਕਿਸਾਨਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਨ ਵਾਲੇ ਲੋਕ ਕਾਮਯਾਬ ਨਾ ਹੋ ਸਕਣ। ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਖੇਤੀਬਾੜੀ ਕਾਨੂੰਨਾਂ ਬਾਰੇ ਜਾਣਕਾਰੀ ਦੇਣ ਲਈ ਕਿਸਾਨਾਂ ਨੂੰ ਸਿਖਲਾਈ ਦਿੱਤੀ ਜਾਣੀ ਚਾਹੀਦੀ ਹੈ, ਤਾਂ ਹੀ ਉਹ ਹੋਰਨਾਂ ਕਿਸਾਨਾਂ ਨੂੰ ਇਨ੍ਹਾਂ ਖੇਤੀਬਾੜੀ ਕਾਨੂੰਨਾਂ ਬਾਰੇ ਜਾਗਰੂਕ ਕਰ ਸਕਣਗੇ। ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਦੇ ਸੂਬਾ ਪ੍ਰਧਾਨ ਗੁਣੀ ਪ੍ਰਕਾਸ਼ ਦੀ ਅਗਵਾਈ ਹੇਠ ਆਏ ਵਫ਼ਦ ਨੇ ਮੁੱਖ ਮੰਤਰੀ ਨੂੰ ਖੇਤੀਬਾੜੀ ਕਾਨੂੰਨਾਂ ਦੇ ਸਮਰਥਨ ਵਿੱਚ ਪੱਤਰ ਸੌਂਪਿਆ। ਵਫ਼ਦ ਵਿੱਚ ਕੈਥਲ, ਯਮੁਨਾਨਗਰ, ਅੰਬਾਲਾ, ਕੁਰੂਕਸ਼ੇਤਰ, ਕਰਨਾਲ ਤੇ ਹੋਰਨਾਂ ਜ਼ਿਲ੍ਹਿਆਂ ਦੇ ਵੱਡੀ ਗਿਣਤੀ ਕਿਸਾਨ ਸ਼ਾਮਲ ਸਨ।