Breaking News
Home / ਪੰਜਾਬ / ਪੰਜਾਬ ‘ਚ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦਾ ਮਾਮਲਾ ਗਰਮਾਇਆ

ਪੰਜਾਬ ‘ਚ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦਾ ਮਾਮਲਾ ਗਰਮਾਇਆ

ਪਰਗਟ ਸਿੰਘ, ਕੁਲਬੀਰ ਸਿੰਘ ਜ਼ੀਰਾ ਤੇ ਹਰਜੋਤ ਵੱਲੋਂ ਫੈਸਲਾ ਵਾਪਸ ਲੈਣ ਦੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਮੰਤਰੀ ਮੰਡਲ ਵੱਲੋਂ ਕਾਂਗਰਸ ਦੇ ਦੋ ਵਿਧਾਇਕਾਂ ਫ਼ਤਹਿਜੰਗ ਸਿੰਘ ਬਾਜਵਾ ਅਤੇ ਰਾਕੇਸ਼ ਪਾਂਡੇ ਦੇ ਪੁੱਤਰਾਂ ਨੂੰ ਤਰਸ ਦੇ ਆਧਾਰ ‘ਤੇ ਕ੍ਰਮਵਾਰ ਪੁਲਿਸ ਇੰਸਪੈਕਟਰ ਤੇ ਨਾਇਬ ਤਹਿਸੀਲਦਾਰ ਦੀ ਨੌਕਰੀ ਦੇਣ ਦੇ ਫ਼ੈਸਲੇ ਦਾ ਹਾਕਮ ਧਿਰ ਦੇ ਵਿਧਾਇਕਾਂ ਵੱਲੋਂ ਸ਼ਰ੍ਹੇਆਮ ਵਿਰੋਧ ਕਰਨ ਨਾਲ ਮਾਮਲਾ ਭਖ਼ ਗਿਆ ਹੈ। ਸਾਬਕਾ ਓਲੰਪੀਅਨ ਤੇ ਜਲੰਧਰ ਤੋਂ ਵਿਧਾਇਕ ਪਰਗਟ ਸਿੰਘ, ਹਲਕਾ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਤੇ ਮੋਗਾ ਦੇ ਕਾਂਗਰਸੀ ਵਿਧਾਇਕ ਡਾ. ਹਰਜੋਤ ਕਮਲ ਨੇ ਪੰਜਾਬ ਸਰਕਾਰ ਨੂੰ ਇਹ ਫ਼ੈਸਲਾ ਵਾਪਸ ਲੈਣ ਦੀ ਅਪੀਲ ਕੀਤੀ ਹੈ।
ਸਾਬਕਾ ਓਲੰਪੀਅਨ ਤੇ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਮੰਤਰੀ ਮੰਡਲ ਵੱਲੋਂ ਕਾਂਗਰਸ ਦੇ ਦੋ ਵਿਧਾਇਕਾਂ ਫ਼ਤਹਿਜੰਗ ਸਿੰਘ ਬਾਜਵਾ ਅਤੇ ਰਾਕੇਸ਼ ਪਾਂਡੇ ਦੇ ਪੁੱਤਰਾਂ ਨੂੰ ਤਰਸ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦੇਣ ਦੇ ਫ਼ੈਸਲੇ ਦਾ ਵਿਰੋਧ ਕੀਤਾ ਹੈ। ਪਰਗਟ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਆਰੋਪ ਲਾਉਂਦਿਆ ਕਿਹਾ ਕਿ ਉਨ੍ਹਾਂ ਨੇ ਇਨ੍ਹਾਂ ਦੋ ਵਿਧਾਇਕਾਂ ਨੂੰ ਆਪਣੇ ਧੜੇ ਨਾਲ ਗੰਢੀ ਰੱਖਣ ਵਾਸਤੇ ਅਜਿਹਾ ਕੀਤਾ ਹੈ। ਪਰਗਟ ਸਿੰਘ ਨੇ ਸਵਾਲ ਕੀਤਾ ਕਿ ਕੀ ਇਹ ਵਿਧਾਇਕਾਂ ਦੀ ਖਰੀਦੋ-ਫਰੋਖ਼ਤ ਨਹੀਂ ਹੈ? ਉਨ੍ਹਾਂ ਮੰਗ ਕੀਤੀ ਕਿ ਇਸ ਫੈਸਲੇ ਨੂੰ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਅੰਦਰਲੀ ਲੜਾਈ ਨੂੰ ਕੈਪਟਨ ਬਨਾਮ ਨਵਜੋਤ ਸਿੱਧੂ ਦੱਸ ਕੇ ਪ੍ਰਚਾਰਿਆ ਜਾ ਰਿਹਾ ਹੈ ਜਦਕਿ ਇਹ ਮੁੱਦਿਆਂ ਦੀ ਲੜਾਈ ਹੈ ਨਾ ਕਿ ਧੜਿਆਂ ਦੀ। ਪਰਗਟ ਸਿੰਘ ਨੇ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਵਿੱਚ 450 ਤੋਂ ਵੱਧ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ, ਜਿਨ੍ਹਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾ ਸਕਦੀਆਂ ਸਨ। ਪੁਲਿਸ ਵਿਚ 10 ਹਜ਼ਾਰ ਨੌਜਵਾਨਾਂ ਦੀ ਭਰਤੀ ਹੋ ਰਹੀ ਹੈ, ਜਿਸ ਵਿੱਚ 450 ਨੌਕਰੀਆਂ ਕਿਸਾਨਾਂ ਲਈ ਰਾਖਵੀਆਂ ਰੱਖੀਆਂ ਜਾ ਸਕਦੀਆਂ ਹਨ। ਜਿਹੜੇ ਜਵਾਨ ਸਰਹੱਦਾਂ ‘ਤੇ ਲੜਦੇ ਹਨ, ਉਨ੍ਹਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾ ਸਕਦੀਆਂ ਹਨ। ਬੇਰੁਜ਼ਗਾਰ ਨੌਜਵਾਨ ਕਿੱਧਰ ਜਾਣਗੇ। ਉਨ੍ਹਾਂ ਨੇ ਹੈਰਾਨੀ ਪ੍ਰਗਟਾਈ ਕਿ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਪੰਜ ਮੰਤਰੀਆਂ ਵੱਲੋਂ ਇਸ ਫ਼ੈਸਲੇ ਦਾ ਵਿਰੋਧ ਕੀਤੇ ਜਾਣ ਦੇ ਬਾਵਜੂਦ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਫ਼ੈਸਲੇ ਨਾਲ ਕਾਂਗਰਸ ਪਾਰਟੀ ਅਤੇ ਸੂਬਾ ਸਰਕਾਰ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਿਆਸੀ ਨੁਕਸਾਨ ਝੱਲਣਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਰਵਨੀਤ ਸਿੰਘ ਬਿੱਟੂ ਦੇ ਭਰਾ ਨੂੰ ਡੀਐੱਸਪੀ ਲਾਉਣ ਦਾ ਫ਼ੈਸਲਾ ਵੀ ਗ਼ਲਤ ਸੀ। ਆਮ ਆਦਮੀ ਪਾਰਟੀ ਵਿੱਚ ਜਾਣ ਬਾਰੇ ਹੋ ਰਹੇ ਚਰਚਿਆਂ ‘ਤੇ ਟਿੱਪਣੀ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਕਿਸੇ ਹੋਰ ਪਾਰਟੀ ਵਿੱਚ ਜਾਣ ਦਾ ਕੋਈ ਇਰਾਦਾ ਨਹੀਂ ਹੈ। ਉਹ ਕਾਂਗਰਸ ਵਿੱਚ ਰਹਿ ਕੇ ਹੀ ਪੰਜਾਬ ਅਤੇ ਲੋਕਾਂ ਦੇ ਮੁੱਦੇ ਉਠਾਉਂਦੇ ਰਹਿਣਗੇ। ਮੁੱਖ ਮੰਤਰੀ ਵਿਰੁੱਧ ਖੋਲ੍ਹੇ ਮੋਰਚੇ ਬਾਰੇ ਉਨ੍ਹਾਂ ਕਿਹਾ ਕਿ ਉਹ ਸੱਚ ਬੋਲ ਰਹੇ ਹਨ ਨਾ ਕਿ ਕਿਸੇ ਦੇ ਵਿਰੋਧ ਵਿੱਚ। ਕੈਪਟਨ ਸਰਕਾਰ ਵੱਲੋਂ ਹਾਕਮ ਧਿਰ ਦੇ ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਅਤੇ ਇੱਕ ਕੈਬਨਿਟ ਮੰਤਰੀ ਦੇ ਜਵਾਈ ਨੂੰ ਆਬਕਾਰੀ ਇੰਸਪੈਕਟਰ ਲਗਾਉਣ ਦੀ ਤਜਵੀਜ਼ ਦਾ ਇੱਥੋਂ ਦੇ ਕਾਂਗਰਸ ਦੇ ਵਿਧਾਇਕ ਡਾ. ਹਰਜੋਤ ਕਮਲ ਨੇ ਲਾਈਵ ਵੀਡੀਓ ਰਾਹੀਂ ਵਿਰੋਧ ਕੀਤਾ ਹੈ। ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਦੇ ਹੱਕ ਵਿੱਚ ‘ਹਾਅ ਦਾ ਨਾਅਰਾ’ ਮਾਰਦਿਆਂ ਉਨ੍ਹਾਂ ਅਖਿਆ, ‘ਕਈ ਵਾਰ ਵਿਧਾਇਕ ਤੇ ਉੱਚ ਅਹੁਦਿਆਂ ਉੱਤੇ ਰਹਿਣ ਵਾਲੇ ਮੇਰੇ ਸੀਨੀਅਰ ਸਾਥੀ ਵਿਧਾਇਕਾਂ ਦੇ ਬੱਚਿਆਂ ਨੂੰ ਤਰਸ ਦੇ ਆਧਾਰ ਉੱਤੇ ਨੌਕਰੀ ਦੇਣ ਦੇ ਫ਼ੈਸਲੇ ਨੂੰ ਤਰਕਸੰਗਤ ਨਹੀਂ ਕਿਹਾ ਜਾ ਸਕਦਾ।’ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਤਰਸ ਦੇ ਆਧਾਰ ਉੱਤੇ ਲਏ ਗਏ ਇਸ ਫ਼ੈਸਲੇ ‘ਤੇ ਪੁਨਰ ਵਿਚਾਰ ਕਰ ਕੇ ਇਨ੍ਹਾਂ ਨਿਯੁਕਤੀਆਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਇਹ ਨੌਕਰੀਆਂ ਹੱਕਦਾਰਾਂ ਨੂੰ ਦੇਣ ਦੀ ਵਕਾਲਤ ਕਰਦਿਆਂ ਕਿਹਾ ਕਿ ਕੈਬਨਿਟ ਵੱਲੋਂ ਲਏ ਇਸ ਫ਼ੈਸਲੇ ਨੂੰ ਉਹ ਨਿੱਜੀ ਤੌਰ ‘ਤੇ ਠੀਕ ਨਹੀਂ ਮੰਨਦੇ। ਇਹ ਫ਼ੈਸਲਾ ਪੰਜਾਬ ਤੇ ਨੌਜਵਾਨ ਪੀੜ੍ਹੀ ਲਈ ਘਾਤਕ ਹੈ ਅਤੇ ਕੈਬਨਿਟ ਦੀ ਮੀਟਿੰਗ ਸੱਦ ਕੇ ਇਸ ਨੂੰ ਤੁਰੰਤ ਰੱਦ ਕਰਨਾ ਚਾਹੀਦਾ ਹੈ। ਕਾਂਗਰਸ ਦੇ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਕੈਬਨਿਟ ਨੇ ਦੋ ਕਰੋੜਪਤੀ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਜੋ ਫ਼ੈਸਲਾ ਲਿਆ ਹੈ, ਉਹ ਉਸ ਫ਼ੈਸਲੇ ਦਾ ਵਿਰੋਧ ਕਰਦੇ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਇਹ ਫ਼ੈਸਲਾ ਵਾਪਸ ਲੈਣ ਦੀ ਅਪੀਲ ਕੀਤੀ।
ਕੈਪਟਨ ਦੇ ਹੱਕ ਵਿਚ ਡਟੇ ਕਈ ਮੰਤਰੀ
ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਵਜ਼ੀਰਾਂ ਵਿੱਚ ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਮਾਮਲੇ ‘ਤੇ ਕਤਾਰਬੰਦੀ ਹੋਣ ਲੱਗ ਗਈ ਹੈ। ਜਿੱਥੇ ਇੱਕ ਪਾਸੇ ਫ਼ਤਹਿਜੰਗ ਸਿੰਘ ਬਾਜਵਾ ਅਤੇ ਰਾਕੇਸ਼ ਪਾਂਡੇ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇਣ ਤੋਂ ਸਿਆਸੀ ਤੂਫ਼ਾਨ ਉੱਠ ਖੜ੍ਹਾ ਹੋਇਆ ਹੈ, ਉੱਥੇ ਹੀ ਪੰਜਾਬ ਦੇ 9 ਕੈਬਨਿਟ ਮੰਤਰੀ ਇਸ ਮਾਮਲੇ ‘ਤੇ ਮੁੱਖ ਮੰਤਰੀ ਦੀ ਪਿੱਠ ‘ਤੇ ਖੜ੍ਹ ਗਏ ਹਨ। ਇਸ ਤੋਂ ਸਾਫ਼ ਹੈ ਕਿ ਇਨ੍ਹਾਂ ਨੌਕਰੀਆਂ ਦੇ ਮੁੱਦੇ ‘ਤੇ ਪੰਜਾਬ ਵਜ਼ਾਰਤ ਵਿੱਚ ਸਹਿਮਤੀ ਨਹੀਂ ਸੀ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਪਹਿਲਾਂ ਹੀ ਇਸ ਫ਼ੈਸਲੇ ‘ਤੇ ਉਂਗਲ ਖੜ੍ਹੀ ਕਰ ਚੁੱਕੇ ਹਨ। ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਸਾਧੂ ਸਿੰਘ ਧਰਮਸੋਤ, ਵਿਜੈਇੰਦਰ ਸਿੰਗਲਾ, ਅਰੁਣਾ ਚੌਧਰੀ, ਸੁੰਦਰ ਸ਼ਾਮ ਅਰੋੜਾ, ਗੁਰਪ੍ਰੀਤ ਸਿੰਘ ਕਾਂਗੜ, ਬਲਬੀਰ ਸਿੰਘ ਸਿੱਧੂ, ਓ.ਪੀ. ਸੋਨੀ, ਭਾਰਤ ਭੂਸ਼ਣ ਆਸ਼ੂ ਨੇ ਅੱਜ ਸਾਂਝਾ ਬਿਆਨ ਜਾਰੀ ਕਰ ਕੇ ਕਿਹਾ ਕਿ ਮੌਜੂਦਾ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣਾ ਸਹੀ ਹੈ।

ਫਤਿਹਜੰਗ ਬਾਜਵਾ ਨੇ ਪੁੱਤਰ ਲਈ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ, ਰਾਕੇਸ਼ ਪਾਂਡੇ ਨੇ ਅਜੇ ਤੱਕ ਨਹੀਂ ਲਿਆ ਫੈਸਲਾ
ਚੰਡੀਗੜ੍ਹ : ਪੰਜਾਬ ਦੇ ਦੋ ਕਾਂਗਰਸੀ ਵਿਧਾਇਕਾਂ ਫਤਹਿਜੰਗ ਸਿੰਘ ਬਾਜਵਾ ਅਤੇ ਰਾਕੇਸ਼ ਪਾਂਡੇ ਦੇ ਪੁੱਤਰਾਂ ਨੂੰ ਦਿੱਤੀ ਗਈ ਸਰਕਾਰੀ ਨੌਕਰੀ ਦਾ ਮਾਮਲਾ ਅੱਜ ਕੱਲ੍ਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ‘ਤੇ ਸਵਾਲ ਵੀ ਖੜ੍ਹੇ ਹੋ ਰਹੇ ਹਨ ਅਤੇ ਇਹ ਸਵਾਲ ਵੀ ਪੰਜਾਬ ਸਰਕਾਰ ਦੇ ਕਈ ਮੰਤਰੀ ਅਤੇ ਵਿਧਾਇਕ ਹੀ ਖੜ੍ਹੇ ਕਰ ਰਹੇ ਹਨ। ਇਸ ਦੇ ਚੱਲਦਿਆਂ ਕਾਂਗਰਸੀ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਪੁੱਤਰ ਨੂੰ ਤਰਸ ਦੇ ਆਧਾਰ ‘ਤੇ ਦਿੱਤੀ ਗਈ ਸਰਕਾਰੀ ਨੌਕਰੀ ਲੈਣ ਤੋਂ ਨਾਂਹ ਕਰ ਦਿੱਤੀ ਹੈ। ਇਸਦੀ ਜਾਣਕਾਰੀ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਦਿੱਤੀ। ਉਨ੍ਹਾਂ ਕਿਹਾ ਕਿ ਫਤਿਹਜੰਗ ਬਾਜਵਾ ਨੇ ਖ਼ੁਦ ਇਸ ਨੌਕਰੀ ਤੋਂ ਇਨਕਾਰ ਕਰ ਦਿੱਤਾ ਹੈ। ਰਾਵਤ ਹੋਰਾਂ ਦੱਸਿਆ ਕਿ ਅਜੇ ਤੱਕ ਦੂਜੇ ਵਿਧਾਇਕ ਰਾਕੇਸ਼ ਪਾਂਡੇ ਦੇ ਪੁੱਤਰ ਭੀਸ਼ਮ ਪਾਂਡੇ ਬਾਰੇ ਸਥਿਤੀ ਸਪਸ਼ਟ ਨਹੀਂ ਹੈ। ਜ਼ਿਕਰਯੋਗ ਹੈ ਕਿ ਪੰਜਾਬ ਕੈਬਨਿਟ ਦੀ ਬੈਠਕ ‘ਚ ਵਿਧਾਇਕ ਫਤਿਹਜੰਗ ਬਾਜਵਾ ਦੇ ਪੁੱਤਰ ਕੰਵਰ ਪ੍ਰਤਾਪ ਸਿੰਘ ਬਾਜਵਾ ਨੂੰ ਡੀਐੱਸਪੀ ਤੇ ਰਾਕੇਸ਼ ਪਾਂਡੇ ਦੇ ਪੁੱਤਰ ਦੁਸ਼ਿਅੰਤ ਪਾਂਡੇ ਨੂੰ ਤਹਿਸੀਲਦਾਰ ਦੀ ਨੌਕਰੀ ਦਿੱਤੀ ਗਈ ਸੀ। ਜਿਸ ਦਾ ਪੰਜਾਬ ਭਰ ‘ਚ ਵਿਰੋਧ ਕੀਤਾ ਜਾ ਰਿਹਾ ਹੈ।

Check Also

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ

ਸੂਚੀ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ …