15.6 C
Toronto
Thursday, September 18, 2025
spot_img
Homeਪੰਜਾਬਪੰਜਾਬ 'ਚ ਸਿੱਖ ਚਿਹਰਾ ਹੋਵੇਗਾ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ :...

ਪੰਜਾਬ ‘ਚ ਸਿੱਖ ਚਿਹਰਾ ਹੋਵੇਗਾ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ : ਕੇਜਰੀਵਾਲ

ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਆਮ ਆਦਮੀ ਪਾਰਟੀ ‘ਚ ਸ਼ਾਮਲ
ਅੰਮ੍ਰਿਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ‘ਚ ਕਿਹਾ ਕਿ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ‘ਆਪ’ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਲਈ ਕਿਸੇ ਸਿੱਖ ਸ਼ਖਸੀਅਤ ਨੂੰ ਹੀ ਉਮੀਦਵਾਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿਚ ‘ਆਪ’ ਦੀ ਸਰਕਾਰ ਬਣਨ ਮਗਰੋਂ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਕਚਹਿਰੀ ਵਿੱਚ ਖੜ੍ਹਾ ਕਰਕੇ ਸੂਬੇ ਦੇ ਲੋਕਾਂ ਨੂੰ ਇਨਸਾਫ ਦਿੱਤਾ ਜਾਵੇਗਾ। ਕੇਜਰੀਵਾਲ ਨੇ ਇਹ ਗੱਲ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ‘ਆਪ’ ਵਿੱਚ ਰਸਮੀ ਤੌਰ ‘ਤੇ ਸ਼ਾਮਲ ਕਰਦਿਆਂ ਆਖੀ।
ਸਰਕਟ ਹਾਊਸ ‘ਚ ਸੰਖੇਪ ਸਮਾਗਮ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਵਾਅਦਾ ਕੀਤਾ ਕਿ 2022 ‘ਚ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਗੋਲੀ ਕਾਂਡ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾ ਕੇ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦਿੱਤਾ ਜਾਵੇਗਾ। ਮੀਡੀਆ ਵੱਲੋਂ ਕੀਤੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਸਪੱਸ਼ਟ ਕੀਤਾ ਕਿ ਵਿਧਾਨ ਸਭਾ ਚੋਣਾਂ ਵੇਲੇ ‘ਆਪ’ ਵੱਲੋਂ ਸੂਬੇ ਦੇ ਮੁੱਖ ਮੰਤਰੀ ਲਈ ਆਪਣਾ ਉਮੀਦਵਾਰ ਸਿੱਖ ਭਾਈਚਾਰੇ ਵਿੱਚੋਂ ਹੀ ਬਣਾਇਆ ਜਾਵੇਗਾ ਅਤੇ ਇਹ ਪੰਜਾਬ ਦਾ ਵਾਸੀ ਹੋਵੇਗਾ ਤੇ ਇਹ ਪੰਜਾਬੀਆਂ ਦਾ ਹੱਕ ਵੀ ਬਣਦਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਜਲਦੀ ਇਸ ਵਾਸਤੇ ਆਪਣੇ ਉਮੀਦਵਾਰ ਦੇ ਨਾਂ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ। ਉਨ੍ਹਾਂ ਦੇ ਇਸ ਐਲਾਨ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਇਸ ਅਹੁਦੇ ਲਈ ਉਮੀਦਵਾਰ ਨਹੀਂ ਹੋਣਗੇ।
ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਰਾਜਨੀਤੀ ਕਰਨ ਨਹੀਂ ਆਏ, ਸਗੋਂ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦਿਵਾਉਣ ਤੇ ਲੋਕਾਂ ਦੀ ਸੇਵਾ ਕਰਨ ਲਈ ਆਏ ਹਨ। ਉਨ੍ਹਾਂ ਕਿਹਾ ਕਿ ਇਸ ਅਧਿਕਾਰੀ ਦੀ ਇਮਾਨਦਾਰੀ ਅਤੇ ਸੇਵਾ ਭਾਵਨਾ ਨੂੰ ਪੰਜਾਬ ਵਾਸੀ ਚੰਗੀ ਤਰ੍ਹਾਂ ਜਾਣਦੇ ਹਨ। ਉਨ੍ਹਾਂ ਨੂੰ ਬਰਗਾੜੀ ਕਾਂਡ ਦੀ ਜਾਂਚ ਕਾਰਨ ਆਪਣੀ ਨੌਕਰੀ ਤੋਂ ਅਸਤੀਫ਼ਾ ਦੇਣਾ ਪਿਆ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਬਹੁਤ ਬੁਰੇ ਦੌਰ ਵਿੱਚੋਂ ਲੰਘ ਰਿਹਾ ਹੈ ਕਿਉਂਕਿ ਕਰੋਨਾ ਦੇ ਦੌਰ ‘ਚ ਸੱਤਾਧਾਰੀ ਆਪੋ ਆਪਣੀਆਂ ਕੁਰਸੀਆਂ ਬਚਾਉਣ ਲਈ ਲੜ ਰਹੇ ਹਨ ਅਤੇ ਇਨ੍ਹਾਂ ਨੂੰ ਪੰਜਾਬ ਵਾਸੀਆਂ ਦੀ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਬਾਦਲ, ਕਾਂਗਰਸ ਤੇ ਭਾਜਪਾ ਨੂੰ ਰਾਜ ਕਰਨ ਦੇ ਮੌਕੇ ਦਿੱਤੇ ਪਰ ਇਹ ਪਾਰਟੀਆਂ ਲੋਕਾਂ ਦੀਆਂ ਉਮੀਦਾਂ ‘ਤੇ ਖਰੀਆਂ ਨਹੀਂ ਉਤਰੀਆਂ।

RELATED ARTICLES
POPULAR POSTS