Breaking News
Home / ਪੰਜਾਬ / ਅਕਾਲੀ ਦਲ (ਸੰਯੁਕਤ) ਦੇ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਕੀਤੀ ਅਰਦਾਸ

ਅਕਾਲੀ ਦਲ (ਸੰਯੁਕਤ) ਦੇ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਕੀਤੀ ਅਰਦਾਸ

ਨਵਾਂ ਸਾਂਝਾ ਫਰੰਟ ਬਣਾਉਣ ਲਈ ਹਮਖਿਆਲੀਆਂ ਨਾਲ ਗੱਲਬਾਤ ਜਾਰੀ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਅਰਦਾਸ ਕਰਕੇ ਪਾਰਟੀ ਦੀ ਸਫ਼ਲਤਾ ਤੇ ਕਿਸਾਨ ਅੰਦੋਲਨ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਦੇ ਕਬਜ਼ੇ ‘ਚੋਂ ਆਜ਼ਾਦ ਕਰਵਾਉਣ ਦਾ ਪ੍ਰਣ ਵੀ ਲਿਆ ਗਿਆ। ਪਾਰਟੀ ਦੀ ਨਵ-ਨਿਯੁਕਤ ਲੀਡਰਸ਼ਿਪ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਵੀ ਟੇਕਿਆ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਨੇ ਇਲਜ਼ਾਮ ਲਾਇਆ ਕਿ ਸੂਬੇ ਦੇ ਹੁਕਮਰਾਨਾਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਦੇ ਕਬਜ਼ੇ ਹੇਠ ਆਉਣ ਮਗਰੋਂ ਸ਼੍ਰੋਮਣੀ ਕਮੇਟੀ ਵਿੱਚ ਨਿਘਾਰ ਆਇਆ ਹੈ। ਸਿੱਖ ਆਗੂਆਂ ਨੇ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਅੰਨਦਾਤੇ ਦੀਆਂ ਮੰਗਾਂ ਨਾ ਮੰਨਣ ਦੀ ਕੀਮਤ ਭਾਜਪਾ ਨੂੰ ਚੁਕਾਉਣੀ ਪਵੇਗੀ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਵੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਤੇ ਇਹ ਸਰਕਾਰ ਵੀ ਲੋਕਾਂ ਦੀਆਂ ਆਸਾਂ-ਉਮੀਦਾਂ ‘ਤੇ ਖਰੀ ਨਹੀਂ ਉਤਰੀ। ਬੇਅਦਬੀ ਕਾਂਡ ਤੇ ਨਸ਼ਿਆਂ ਦੇ ਕਾਰੋਬਾਰ ਦਾ ਹੁਣ ਤੱਕ ਕੋਈ ਹੱਲ ਨਹੀਂ ਹੋਇਆ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਹ ਸੂਬੇ ਵਿੱਚ ਨਵਾਂ ਸਾਂਝਾ ਫਰੰਟ ਬਣਾਉਣ ਦੇ ਹੱਕ ਵਿੱਚ ਹਨ ਤੇ ਇਸ ਸਬੰਧੀ ਹਮਖਿਆਲੀਆਂ ਨਾਲ ਗੱਲਬਾਤ ਦਾ ਸਿਲਸਿਲਾ ਜਾਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਭਾਜਪਾ, ਕਾਂਗਰਸ ਤੇ ਬਾਦਲਾਂ ਤੋਂ ਦੁਖੀ ਹਨ ਤੇ ਇਨ੍ਹਾਂ ਦਾ ਬਦਲ ਚਾਹੁੰਦੇ ਹਨ।

Check Also

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ

ਸੂਚੀ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ …