ਮੁੱਖ ਮੰਤਰੀ ਖਿਲਾਫ ਹੋਈ ਜ਼ੋਰਦਾਰ ਨਾਅਰੇਬਾਜ਼ੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਦੇ ਕਾਰਜਕਾਲ ਦੌਰਾਨ ਵੱਡੀ ਪੱਧਰ ’ਤੇ ਧਰਨਾ ਪ੍ਰਦਰਸ਼ਨ ਦੇਖਣ ਨੂੰ ਮਿਲ ਰਹੇ ਹਨ। ਜਿਉਂ ਜਿਉਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ ਅਤੇ ਪੰਜਾਬ ਦੀ ਜਨਤਾ ਕੈਪਟਨ ਅਮਰਿੰਦਰ ਵਲੋਂ ਕੀਤੇ ਗਏ ਵਾਅਦਿਆਂ ਨੂੰ ਲੈ ਕੇ ਸਰਕਾਰ ਦਾ ਲਗਾਤਾਰ ਵਿਰੋਧ ਕਰ ਰਹੀ ਹੈ। ਇਸੇ ਦੌਰਾਨ ਰੁਜ਼ਗਾਰ ਪ੍ਰਾਪਤੀ ਨੂੰ ਲੈ ਕੇ ਸੰਘਰਸ਼ ਕਰ ਰਹੇੇ ਬੇਰੁਜ਼ਗਾਰ ਅਧਿਆਪਕਾਂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਸਵਾਂ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ। ਵੱਡੀ ਗਿਣਤੀ ਵਿਚ ਅਚਾਨਕ ਪੁੱਜੇ ਅਧਿਆਪਕਾਂ ਕਾਰਨ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ। ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਧਿਆਨ ਨਹੀਂ ਦੇ ਰਹੀ। ਅਧਿਆਪਕਾਂ ਦਾ ਦੋਸ਼ ਹੈ ਕਿ ਹਰ ਵਾਰ ਉਹਨਾਂ ਨੂੰ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਜਾ ਰਿਹਾ ਹੈ, ਪਰ ਮੁੱਖ ਮੰਤਰੀ ਨਾਲ ਮੀਟਿੰਗ ਨਹੀਂ ਕਰਵਾਈ ਜਾ ਰਹੀ। ਇਸ ਤੋਂ ਪਹਿਲਾਂ ਵੀ ਕਈ ਵਾਰ ਅਧਿਆਪਕ ਪਟਿਆਲਾ ’ਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਪੁੱਜੇ ਸਨ, ਜਿੱਥੇ ਉਹਨਾਂ ਨੂੰ ਰੋਕਣ ਲਈ ਪੁਲਿਸ ਨੇ ਲਾਠੀਚਾਰਜ ਕੀਤਾ ਸੀ ਤੇ ਕਈਆਂ ਨੂੰ ਹਿਰਾਸਤ ਵਿਚ ਲੈ ਲਿਆ ਸੀ। ਜ਼ਿਕਰਯੋਗ ਹੈ ਕਿ ਪਿਛਲੇ 100 ਦਿਨਾਂ ਤੋਂ ਨੌਕਰੀ ਦੀ ਮੰਗ ਨੂੰ ਲੈ ਕੇ ਇਕ ਬੇਰੁਜ਼ਗਾਰ ਅਧਿਆਪਕ ਪਟਿਆਲਾ ਵਿਚ ਟਾਵਰ ਉਤੇ ਚੜ੍ਹਿਆ ਹੋਇਆ ਹੈ। ਉਸ ਅਧਿਆਪਕ ਦੀ ਸਿਹਤ ਵੀ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ।