ਲੋਕ ਧਰਨੇ ਮੁਜ਼ਾਹਰੇ ਕਰਨ ਲਈ ਹੋਏ ਮਜਬੂਰ
ਚੰਡੀਗੜ੍ਹ/ਬਿਊਰੋ ਨਿਊਜ਼
ਕੜਾਕੇ ਦੀ ਪੈ ਰਹੀ ਗਰਮੀ ਨੇ ਲੋਕਾਂ ਦੇ ਵੱਟ ਕੱਢੇ ਹੋਏ ਹਨ ਅਤੇ ਪੰਜਾਬ ’ਚ ਬਿਜਲੀ ਦੇ ਲੱਗ ਰਹੇ ਵੱਡੇ-ਵੱਡੇ ਕੱਟਾਂ ਨੇ ਗਰਮੀ ਹੋਰ ਵਧਾ ਦਿੱਤੀ ਹੈ। ਪੰਜਾਬ ਵਿਚ ਬਿਜਲੀ ਆਉਂਦੀ ਨਹੀਂ ਅਤੇ ਨਾ ਸਰਕਾਰੀ ਟੂਟੀਆਂ ’ਚ ਪਾਣੀ। ਜਿਸ ਕਾਰਨ ਪਿੰਡਾਂ ਅਤੇ ਸ਼ਹਿਰਾਂ ਵਿਚ ਹਾਹਾਕਾਰ ਵਾਲਾ ਮਾਹੌਲ ਬਣਿਆ ਹੋਇਆ ਹੈ। ਲੋਕ ਮਜ਼ਬੂਰ ਹੋ ਕੇ ਹੁਣ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਖਿਲਾਫ ਧਰਨੇ ਮੁਜ਼ਾਹਰੇ ਕਰ ਰਹੇ ਹਨ। ਝੋਨੇ ਦੀ ਬਿਜਾਈ ਲੰਘੀ 10 ਜੂਨ ਨੂੰ ਸ਼ੁਰੂ ਹੋਈ ਸੀ ਅਤੇ ਝੋਨੇ ਦੇ ਸੀਜ਼ਨ ਲਈ ਵਾਅਦੇ ਅਨੁਸਾਰ 8 ਘੰਟੇ ਬਿਜਲੀ ਦੇਣ ਵਿਚ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਨਾਕਾਮ ਰਿਹਾ। ਬਿਜਲੀ ਦੇ ਕੱਟਾਂ ਨੂੰ ਲੈ ਕੇ ਅੱਜ ਕਿਸਾਨਾਂ ਨੇ ਹੁਸ਼ਿਆਰਪੁਰ-ਜਲੰਧਰ ਰੋਡ ’ਤੇ ਕਸਬਾ ਨਸਰਾਲਾ ਵਿਖੇ ਰੋਡ ਜਾਮ ਕਰ ਦਿੱਤਾ ਅਤੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦਾ ਆਰੋਪ ਸੀ ਕਿ ਝੋਨੇ ਦੇ ਸੀਜ਼ਨ ਵਿਚ ਵੀ ਸਾਨੂੰ 4-5 ਘੰਟੇ ਤੋਂ ਵੱਧ ਬਿਜਲੀ ਨਹੀਂ ਮਿਲ ਰਹੀ ਅਤੇ ਉਸ ਵਿਚ ਵੀ ਵਾਰ-ਵਾਰ ਕੱਟ ਲਗਾਏ ਜਾ ਰਹੇ ਹਨ। ਧਿਆਨ ਰਹੇ ਕਿ ਪਿਛਲੇ ਦਿਨੀਂ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਵਿਚ ਐਲਾਨ ਕੀਤਾ ਸੀ ਕਿ ਪੰਜਾਬ ’ਚ ਹਰ ਘਰ ਨੂੰ 300 ਯੂਨਿਟ ਬਿਜਲੀ ਮੁਫਤ ਦਿਆਂਗੇ ਅਤੇ ਲੋਕਾਂ ਦੇ ਪੁਰਾਣੇ ਬਿੱਲ ਵੀ ਮੁਆਫ ਕਰ ਦਿਆਂਗੇ। ਉਨ੍ਹਾਂ ਇਹ ਵੀ ਕਿਹਾ ਸੀ ਕਿ ਪੰਜਾਬ ਵਾਸੀਆਂ ਨੂੰ 24 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਚਰਚਾ ਹੈ ਕਿ ਹੁਣ ਤਾਂ ਪੰਜਾਬ ਦੀ ਜਨਤਾ ਨੂੰ ਬਿਜਲੀ ਮਿਲ ਨਹੀਂ ਰਹੀ ਤੇ ਜੇਕਰ ਫਰੀ ਹੋ ਗਈ ਤਾਂ ਕੀ ਹੋਵੇਗਾ?