ਸਿੱਧੂ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ
ਚੰਡੀਗੜ੍ਹ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ਦੀ ਬੁੱਧਵਾਰ ਦੇਰ ਸ਼ਾਮ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਹੋਈ ਹੈ। ਦੋਵਾਂ ਆਗੂਆਂ ਨੇ ਪੰਜਾਬ ਕਾਂਗਰਸ ’ਚ ਚੱਲ ਰਹੇ ਅੰਦਰੂਨੀ ਕਲੇਸ਼ ਨੂੰ ਲੈ ਕੇ ਚਰਚਾ ਕੀਤੀ। ਇਸ ਤੋਂ ਪਹਿਲਾਂ ਸਿੱਧੂ ਨੇ ਪਿ੍ਰਅੰਕਾ ਗਾਂਧੀ ਨਾਲ ਵੀ ਮੁਲਾਕਾਤ ਕੀਤੀ ਸੀ। ਧਿਆਨ ਰਹੇ ਕਿ ਪਹਿਲਾਂ ਰਾਹੁਲ ਗਾਂਧੀ ਵਲੋਂ ਕਿਹਾ ਗਿਆ ਸੀ ਕਿ ਸਿੱਧੂ ਨਾਲ ਮੀਟਿੰਗ ਦਾ ਕੋਈ ਪ੍ਰੋਗਰਾਮ ਨਹੀਂ ਹੈ। ਜਾਣਕਾਰੀ ਮਿਲ ਰਹੀ ਸੀ ਕਿ ਸਿੱਧੂ ਨੂੰ ਡਿਪਟੀ ਮੁੱਖ ਮੰਤਰੀ ਜਾਂ ਫਿਰ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਮਿਲ ਸਕਦੀ ਹੈ, ਪਰ ਅਜਿਹੀ ਕੋਈ ਗੱਲ ਸਾਹਮਣੇ ਨਹੀਂ ਆਈ। ਰਾਹੁਲ ਗਾਂਧੀ ਨੇ ਪੰਜਾਬ ਸਬੰਧੀ ਬਣਾਏ ਜਾ ਰਹੇ ਨਵੇਂ ਫਾਰਮੂਲੇ ਤੋਂ ਸਿੱਧੂ ਨੂੰ ਜਾਣੂ ਕਰਵਾ ਦਿੱਤਾ ਹੈ। ਇਹ ਵੀ ਦੱਸਿਆ ਕਿ ਸਿੱਧੂ ਦੀ ਰਾਹੁਲ ਨਾਲ ਜਿਹੜੀ ਮੀਟਿੰਗ ਹੋਈ ਹੈ, ਉਸ ਲਈ ਪਿ੍ਰਅੰਕਾ ਨੇ ਅਹਿਮ ਭੂਮਿਕਾ ਨਿਭਾਈ। ਧਿਆਨ ਰਹੇ ਕਿ ਪੰਜਾਬ ਕਾਂਗਰਸ ਵਿਚ ਛਿੜੇ ਕਲੇਸ਼ ਦੌਰਾਨ ਰਾਹੁਲ ਗਾਂਧੀ ਨੇ ਕਈ ਮੰਤਰੀਆਂ ਅਤੇ ਵਿਧਾਇਕਾਂ ਨਾਲ ਸਿੱਧੀ ਮੀਟਿੰਗ ਕੀਤੀ ਸੀ। ਚਰਚਾ ਤਾਂ ਇਹ ਵੀ ਹੈ ਕਿ ਨਵਜੋਤ ਸਿੱਧੂ ਨੂੰ ਉਪ ਮੁੱਖ ਮੰਤਰੀ ਦਾ ਅਹੁਦਾ ਦੇਣ ਲਈ ਹਾਈਕਮਾਨ ਤਿਆਰ ਹੈ, ਪਰ ਪਿ੍ਰਅੰਕਾ ਨੇ ਸਿੱਧੂ ਲਈ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਮੰਗੀ ਹੈ।