Breaking News
Home / ਪੰਜਾਬ / ਕਿਸਾਨਾਂ ਨੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਖਿਲਾਫ ਕੀਤਾ ਟਰੈਕਟਰ ਰੋਸ ਮਾਰਚ

ਕਿਸਾਨਾਂ ਨੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਖਿਲਾਫ ਕੀਤਾ ਟਰੈਕਟਰ ਰੋਸ ਮਾਰਚ

ਰਾਜੇਵਾਲ ਨੇ ਰੱਸੇ ਨਾਲ ਟਰੈਕਟਰ ਖਿੱਚ ਕੇ ਰੋਸ ਮਾਰਚ ਦੀ ਕੀਤੀ ਸ਼ੁਰੂਆਤ
ਸਮਰਾਲਾ/ਬਿਊਰੋ ਨਿਊਜ਼ : ਕਿਸਾਨਾਂ ਨੇ ਲੁਧਿਆਣਾ ਦੇ ਕਸਬਾ ਸਮਰਾਲਾ ਵਿਚ ਰੱਸਿਆਂ ਨਾਲ ਟਰੈਕਟਰ ਖਿੱਚ ਕੇ ਪੈਟਰੋਲ ਤੇ ਡੀਜ਼ਲ ਕੀਮਤਾਂ ‘ਚ ਵਾਧੇ ਖਿਲਾਫ ਰੋਸ ਮਾਰਚ ਕੱਢਿਆ।
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਹਜ਼ਾਰਾਂ ਕਿਸਾਨ ਆਪਣੇ ਟਰੈਕਟਰ ਲੈ ਕੇ ਇਸ ਰੋਸ ਮਾਰਚ ਵਿੱਚ ਸ਼ਾਮਲ ਹੋਏ। ਰਾਜੇਵਾਲ ਨੇ ਰੱਸੇ ਨਾਲ ਟਰੈਕਟਰ ਖਿੱਚ ਕੇ ਇਸ ਮਾਰਚ ਦੀ ਸ਼ੁਰੂਆਤ ਕੀਤੀ। ਇਸ ਮੌਕੇ ਰਾਜੇਵਾਲ ਨੇ ਕਿਹਾ ਕਿ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਲਈ ਪੰਜਾਬ ਸਰਕਾਰ ਵੀ ਜ਼ਿੰਮੇਵਾਰ ਹੈ।
ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਦੇ ਨਾਲ ਕਿਸਾਨਾਂ ਨੇ ਤੇਲ ਕੀਮਤਾਂ ਖਿਲਾਫ ਵੀ ਸੰਘਰਸ਼ ਸ਼ੁਰੂ ਕਰ ਦਿੱਤਾ ਹੈ, ਜਿਸ ਤਹਿਤ ਸੂਬੇ ਵਿੱਚ ਵੱਖ-ਵੱਖ ਥਾਈਂ ਪ੍ਰਦਰਸ਼ਨ ਕੀਤੇ ਜਾਣਗੇ। ਰਾਜੇਵਾਲ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦੇਸ਼ ਦੇ ਕਿਸਾਨ ਹਰ ਹਾਲ ਵਿੱਚ ਧਰਨਿਆਂ ‘ਤੇ ਡਟੇ ਹੋਏ ਹਨ। ਇਨ੍ਹਾਂ ਤਿੰਨੋਂ ਕਾਨੂੰਨਾਂ ਦੀ ਵਾਪਸੀ ਦੇਸ਼ ਦੇ ਹਰ ਵਰਗ ਦੇ ਹਿੱਤ ਵਿੱਚ ਹੈ। ਉਨ੍ਹਾਂ ਕੇਂਦਰ ਦੇ ਨਾਲ ਪੰਜਾਬ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਦੇਣ ਦਾ ਐਲਾਨ ਕਰਨ ਵਾਲੀ ਸੂਬਾ ਸਰਕਾਰ ਅੱਜ ਕਿਸਾਨਾਂ ਨੂੰ ਚਾਰ ਘੰਟੇ ਵੀ ਬਿਜਲੀ ਦੇਣ ‘ਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਹਰ ਰੋਜ਼ ਡੀਜ਼ਲ ਦੀਆਂ ਕੀਮਤਾਂ ‘ਚ ਹੋ ਰਹੇ ਭਾਰੀ ਵਾਧੇ ਨਾਲ ਹਰ ਵਰਗ ਪ੍ਰਭਾਵਿਤ ਹੋ ਰਿਹਾ ਹੈ।
ਅੰਤ ਵਿੱਚ ਕਿਸਾਨਾਂ ਨੇ ਐੱਸਡੀਐੱਮ ਦਫ਼ਤਰ ਸਾਹਮਣੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਮੰਡੀ ਬੋਰਡ ਪੰਜਾਬ ਦੇ ਸਾਬਕਾ ਡਾਇਰੈਕਟਰ ਆਲਮਦੀਪ ਸਿੰਘ ਮੱਲਮਾਜਰਾ, ਬੀਕੇਯੂ ਲੱਖੋਵਾਲ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲਮਾਜਰਾ, ਸਾਬਕਾ ਚੇਅਰਮੈਨ ਜੋਗਿੰਦਰ ਸਿੰਘ ਸੇਹ ਆਦਿ ਹਾਜ਼ਰ ਸਨ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …