ਕਿਹਾ : ਉਤਰ ਪ੍ਰਦੇਸ਼ ਅਤੇ ਉਤਰਾਖੰਡ ‘ਚ ਬਸਪਾ ਇਕੱਲਿਆਂ ਹੀ ਚੋਣ ਲੜੇਗੀ
ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ (ਬਸਪਾ) ਵਿੱਚ ਹੋਏ ਸਿਆਸੀ ਗੱਠਜੋੜ ਤੋਂ ਬਾਅਦ ਸੀਟਾਂ ਦੀ ਵੰਡ ਨੂੰ ਲੈ ਕੇ ਬਸਪਾ ਵਿੱਚ ਘਸਮਾਣ ਪੈ ਗਿਆ ਹੈ। ਇਕ ਪਾਸੇ ਜਿੱਥੇ ਪਾਰਟੀ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਇਸ ਗੱਠਜੋੜ ਤਹਿਤ ਹੋਈ ਸੀਟਾਂ ਦੀ ਵੰਡ ਨੂੰ ਲੈ ਕੇ ਸਵਾਲ ਉਠਾਏ ਜਾ ਰਹੇ ਹਨ ਜਦਕਿ ਦੂਜੇ ਪਾਸੇ ਲਖਨਊ (ਉੱਤਰ ਪ੍ਰਦੇਸ਼) ਵਿੱਚ ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਮਾਇਆਵਤੀ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਇਹ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਅਕਾਲੀ ਦਲ ਨਾਲ ਜੋ ਗੱਠਜੋੜ ਹੋਇਆ ਹੈ ਉਸ ਵਿੱਚ ਬਸਪਾ ਦੇ ਹਿੱਸੇ ਆਉਂਦੀਆਂ 20 ਸੀਟਾਂ ਵਿੱਚੋਂ ਕੋਈ ਸੀਟ ਬਦਲੀ ਨਹੀਂ ਜਾਵੇਗੀ। ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਇਸ ਸਬੰਧੀ ਜਾਣਕਾਰੀ ਆਪਣੇ ਫੇਸਬੁੱਕ ਪੇਜ ‘ਤੇ ਪਾਈ ਹੈ।
ਇਕ ਹੋਰ ਟਵੀਟ ਵਿਚ ਮਾਇਆਵਤੀ ਨੇ ਕਿਹਾ, ”ਪਾਰਟੀ ਇਹ ਸਪੱਸ਼ਟ ਕਰਨਾ ਚਾਹੁੰਦੀ ਹੈ ਕਿ ਪੰਜਾਬ ਨੂੰ ਛੱਡ ਕੇ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਬਸਪਾ ਇਕੱਲਿਆਂ ਹੀ ਲੜੇਗੀ ਅਤੇ ਕਿਸੇ ਨਾਲ ਕੋਈ ਗੱਠਜੋੜ ਨਹੀਂ ਕਰੇਗੀ।” ਜ਼ਿਕਰਯੋਗ ਹੈ ਕਿ ਪੰਜਾਬ ਵਿਚ ਬਸਪਾ ਨੇ ਹਾਲ ਹੀ ਵਿਚ ਗੱਠਜੋੜ ਕੀਤਾ ਹੈ। ਮਾਇਆਵਤੀ ਨੇ ਕਿਹਾ ਕਿ ਬਸਪਾ ਦੇ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਸਤੀਸ਼ ਚੰਦਰ ਮਿਸ਼ਰਾ ਨੂੰ ਪਾਰਟੀ ਦੇ ਮੀਡੀਆ ਸੈੱਲ ਦਾ ਕੌਮੀ ਕੋਆਰਡੀਨੇਟਰ ਬਣਾਇਆ ਗਿਆ ਹੈ। ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਵਿਧਾਨ ਸਭਾ ਚੋਣਾਂ ਲਈ ਬਸਪਾ ਕਿਸੇ ਨਾਲ ਗੱਠਜੋੜ ਨਹੀਂ ਕਰੇਗੀ। ਇਸੇ ਦੌਰਾਨ ਅਕਾਲੀ ਦਲ-ਬਸਪਾ ਗੱਠਜੋੜ ਵਿਰੁੱਧ ਗੁੰਮਰਾਹਕੁਨ ਪ੍ਰਚਾਰ ਕਰਨ ਦੇ ਦੋਸ਼ ਲਾਉਂਦਿਆਂ ਸਾਬਕਾ ਸੂਬਾ ਪ੍ਰਧਾਨ ਰਸ਼ਪਾਲ ਸਿੰਘ ਰਾਜੂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੇ ਦਸਤਖ਼ਤਾਂ ਹੇਠ ਜਾਰੀ ਕੀਤੇ ਗਏ ਬਿਆਨ ਵਿੱਚ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਉਂਦਿਆ ਰਸ਼ਪਾਲ ਸਿੰਘ ਰਾਜੂ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ।