ਜੋਗਿੰਦਰ ਸਿੰਘ ਉਗਰਾਹਾਂ ਨੇ ਕਿਸਾਨਾਂ ਨੂੰ ਕਾਰਪੋਰੇਟਾਂ ਖਿਲਾਫ ਘੋਲ ਲਈ ਪ੍ਰੇਰਿਆ
ਨਵੀਂ ਦਿੱਲੀ : ਕਿਸਾਨਾਂ ਵਿੱਚ ਜੋਸ਼ ਭਰਨ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਕਾਰਪੋਰੇਟ ਘਰਾਣਿਆਂ ਖਿਲਾਫ ਘੋਲ ਲਈ ਪ੍ਰੇਰਿਤ ਕਰਨ ਖਾਤਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਵੱਡਾ ਕਾਫਲਾ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸਕੱਤਰ ਸ਼ਿੰਗਾਰਾ ਸਿੰਘ ਮਾਨ ਤੇ ਮੀਤ ਪ੍ਰਧਾਨ ਰੂਪ ਸਿੰਘ ਛੰਨਾ ਦੀ ਅਗਵਾਈ ਹੇਠ ਹਰਿਆਣਾ ਦੇ ਸਾਂਪਲਾ ਵਿੱਚ ਟੌਲ ਪਲਾਜ਼ਾ ‘ਤੇ ਚੱਲ ਰਹੇ ਮੋਰਚੇ ਵਿੱਚ ਸ਼ਾਮਲ ਹੋਇਆ। ਕਾਫ਼ਲੇ ਵਿੱਚ ਸੈਂਕੜੇ ਕਿਸਾਨਾਂ ਅਤੇ ਮਹਿਲਾਵਾਂ ਨੇ ਵੀ ਸ਼ਮੂਲੀਅਤ ਕੀਤੀ। ਇੱਥੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਨਾਲ ਹਰਿਆਣਾ ਅਤੇ ਪੰਜਾਬ ਦੇ ਲੋਕਾਂ ਦੇ ਭਾਈਚਾਰਕ ਰਿਸ਼ਤੇ ਬਹੁਤ ਗੂੜ੍ਹੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸਾਮਰਾਜੀ ਲੋਕ ਵਿਰੋਧੀ ਨੀਤੀਆਂ ਜੋ ਕਿ ਕਿਸਾਨਾਂ ਸਮੇਤ ਕੁੱਲ ਕਿਰਤੀ ਅਤੇ ਗਰੀਬ ਲੋਕਾਂ ਦਾ ਉਜਾੜਾ ਕਰ ਰਹੀਆਂ ਹਨ, ਨੂੰ ਰੱਦ ਕਰਾਉਣ ਲਈ ਪੰਜਾਬ ਹਰਿਆਣੇ ਦੀ ਭਾਈਚਾਰਕ ਸਾਂਝ ਦੀ ਤਰ੍ਹਾਂ ਸਾਰੇ ਰਾਜਾਂ ਦੇ ਲੋਕਾਂ ਦੀ ਗੂੜ੍ਹੀ ਸਾਂਝ ਤੇ ਵਿਸ਼ਾਲ ਏਕਤਾ ਉਸਾਰ ਕੇ ਸੰਘਰਸ਼ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਹਰਿਆਣੇ ਦੇ ਲੋਕਾਂ ਵਿੱਚ ਇਨ੍ਹਾਂ ਨੀਤੀਆਂ ਦਾ ਪ੍ਰਚਾਰ ਕਰਨ ਲਈ ਆਉਂਦੇ ਦਿਨਾਂ ਵਿੱਚ ਕਿਸਾਨਾਂ ਦਾ ਕਾਫ਼ਲਾ ਭੇਜਿਆ ਜਾਵੇਗਾ ਅਤੇ ਸਤੰਬਰ ਦੇ ਪਹਿਲੇ ਹਫ਼ਤੇ ਯੂਪੀ ਵਿੱਚ ਮੁਜ਼ੱਫਰਨਗਰ ਵਿੱਚ ਵਿਸ਼ਾਲ ਕਿਸਾਨ ਕਾਨਫਰੰਸ ਕੀਤੀ ਜਾਵੇਗੀ। ਇਸ ਦੌਰਾਨ ਹਰਿਆਣਾ ਤੋਂ ਕਿਸਾਨ ਆਗੂ ਕੈਪਟਨ ਸ਼ਮਸ਼ੇਰ ਮਲਿਕ ਨੇ ਕਿਸਾਨਾਂ ਦਾ ਕਾਫ਼ਲਾ ਪਹੁੰਚਣ ‘ਤੇ ਸਵਾਗਤ ਕੀਤਾ ਅਤੇ ਉਸ ਦੇ ਸਾਥੀਆਂ ਵੱਲੋਂ ਜਥੇਬੰਦੀ ਦੇ ਸਨਮਾਨ ਵਜੋਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦਾ ਮਾਣ ਸਨਮਾਨ ਦਸਤਾਰ ਭੇਟ ਕਰਕੇ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਵੀ ਪੰਜਾਬ ਦੀ ਤਰ੍ਹਾਂ ਇਹ ਕਾਨੂੰਨ 5 ਜੂਨ 2020 ਤੋਂ ਆਰਡੀਨੈਂਸਾਂ ਦੇ ਰੂਪ ਵਿੱਚ ਆਉਣ ਤੋਂ ਬਾਅਦ 9 ਜੂਨ ਤੋਂ ਹੀ ਕਿਸਾਨਾਂ ਨੇ ਇਨ੍ਹਾਂ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਸੰਘਰਸ਼ ਸ਼ੁਰੂ ਕਰ ਦਿੱਤਾ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਮੋਦੀ ਹਕੂਮਤ ਵੱਲੋਂ ਜੋ ਕਿਸਾਨਾਂ ਦੇ ਅੰਦੋਲਨ ਦੀ ਹਮਾਇਤ ਕਰਦਾ ਹੈ ਉਨ੍ਹਾਂ ਖ਼ਿਲਾਫ਼ ਜਬਰ ਕੀਤਾ ਜਾ ਰਿਹਾ ਹੈ । ਅੱਜ ਦੇ ਧਰਨੇ ਨੂੰ ਹਰਿਆਣਾ ਦੀ ਮਹਿਲਾ ਆਗੂ ਵੀਨਾ ਮਲਕ, ਕਾਮਰੇਡ ਪ੍ਰੀਤਮ ਸਿੰਘ ਅਤੇ ਪੰਜਾਬ ਦੇ ਆਗੂ ਹਰਪ੍ਰੀਤ ਕੌਰ ਜੇਠੂਕੇ ਤੇ ਸਰੋਜ ਰਾਣੀ ਨੇ ਵੀ ਸੰਬੋਧਨ ਕੀਤਾ।