ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਦਿੱਤਾ ਭਰੋਸਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਪਨਬਸ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਨੇ ਪਿਛਲੇ ਦਿਨੀਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਸੀ। ਇਹ ਹੜਤਾਲ 28 ਤੋਂ 30 ਜੂਨ ਤੱਕ ਹੋਣੀ ਸੀ, ਪਰ ਸਰਕਾਰ ਵਲੋਂ ਦਿੱਤੇ ਭਰੋਸੇ ਤੋਂ ਬਾਅਦ ਇਹ ਹੜਤਾਲ 29 ਜੂਨ ਨੂੰ ਹੀ ਖਤਮ ਕਰ ਦਿੱਤੀ ਗਈ ਸੀ। ਇਸਦੇ ਚੱਲਦਿਆਂ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨਾਲ ਯੂਨੀਅਨ ਦੇ ਆਗੂਆਂ ਦੀ ਮੀਟਿੰਗ ਹੋਈ ਹੈ ਅਤੇ ਮੰਤਰੀ ਨੇ ਪਨਬਸ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਦਾ ਭਰੋਸਾ ਦੇ ਦਿੱਤਾ ਹੈ। ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਅਗਲੀ ਹੋਣ ਵਾਲੀ ਕੈਬਨਿਟ ਮੀਟਿੰਗ ਵਿਚ ਪਨਬਸ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀਆਂ ਮੰਗਾਂ ਰੱਖੀਆਂ ਜਾਣਗੀਆਂ। ਉਨ੍ਹਾਂ ਭਰੋਸਾ ਦਿੱਤਾ ਕਿ ਪਨਬਸ ਅਤੇ ਪੀਆਰਟੀਸੀ ਦੇ ਕੱਚੇ ਕਾਮੇ ਪੱਕੇ ਕਰ ਦਿੱਤੇ ਜਾਣਗੇ। ਉਧਰ ਦੂਜੇ ਪਾਸੇ ਕੰਟਰੈਕਟ ਕਾਮਿਆਂ ਦਾ ਕਹਿਣਾ ਹੈ ਕਿ ਜੇਕਰ ਅਗਲੀ ਕੈਬਨਿਟ ਮੀਟਿੰਗ ਵਿਚ ਉਨ੍ਹਾਂ ਨੂੰ ਪੱਕੇ ਨਾ ਕੀਤਾ ਗਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤਿੱਖਾ ਕਰਨਗੇ। ਧਿਆਨ ਰਹੇ ਕਿ ਪਿਛਲੇ ਦਿਨੀਂ ਪਨਬਸ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਵਲੋਂ ਕੀਤੀ ਗਈ ਹੜਤਾਲ ਕਾਰਨ ਲੋਕਾਂ ਨੂੰ ਬਹੁਤ ਖੱਜਲ ਖੁਆਰ ਹੋਣਾ ਪਿਆ ਸੀ। ਇਸ ਹੜਤਾਲ ਦਾ ਸਿੱਧਾ ਲਾਭ ਨਿੱਜੀ ਬੱਸ ਕੰਪਨੀਆਂ ਨੂੰ ਪਹੁੰਚ ਰਿਹਾ ਸੀ। ਇਸੇ ਦੌਰਾਨ ਯੂਨੀਅਨ ਆਗੂਆਂ ਦਾ ਕਹਿਣਾ ਸੀ ਕਿ ਉਹ 6 ਜੁਲਾਈ ਨੂੰ ਬੈਠਕ ਕਰਕੇ ਅਗਲੇ ਪ੍ਰੋਗਰਾਮ ਦੀ ਰੂਪ ਰੇਖਾ ਉਲੀਕਣਗੇ।