ਮੋਗਾ/ਬਿਊਰੋ ਨਿਊਜ਼
ਜਾਮ ਨਗਰ ਬਠਿੰਡਾ ਐਕਸਪ੍ਰੈਸ ਵੇਅ ਲਈ ਜ਼ਮੀਨ ਐਕਵਾਇਰ ਕਰਕੇ ਬਣਦਾ ਮੁੱਲ ਨਾ ਦੇਣ ਖਿਲਾਫ਼ ਰੋਡ ਸੰਘਰਸ਼ ਕਮੇਟੀ ਦੇ ਬੈਨਰ ਹੇਠ ਅੱਜ ਵੱਡੀ ਗਿਣਤੀ ’ਚ ਕਿਸਾਨ ਟਰੈਕਟਰਾਂ ਸਮੇਤ ਮੋਗਾ ਦੇ ਜ਼ਿਲ੍ਹਾ ਸਕੱਤਰੇਤ ’ਤੇ ਪੁੱਜੇ। ਇਥੇ ਕਿਸਾਨਾਂ ਵੱਲੋਂ ਮੁਜ਼ਾਹਰਾ ਕਰਦਿਆਂ ਆਰ-ਪਾਰ ਦੀ ਲੜਾਈ ਦਾ ਐਲਾਨ ਕੀਤਾ ਗਿਆ। ਕਿਸਾਨਾਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਗੱਲ ਨਾ ਸੁਣੀ ਗਈ ਤਾਂ ਉਹ ਚੱਕਾ ਜਾਮ ਕਰਨਗੇ। ਬੀਕੇਯੂ ਏਕਤਾ ਉਗਰਾਹਾਂ ਦੇ ਆਗੂ ਨੇ ਕਿਹਾ ਕੇਂਦਰ ਸਰਕਾਰ ਕਾਲੇ ਖੇਤੀ ਕਾਨੂੰਨਾਂ ਰਾਹੀਂ ਕਾਰਪੋਰਟ ਘਰਾਣਿਆਂ ਨੂੰ ਲਾਹਾ ਪਹੁੰਚਾਉਣ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਐਕਸਪ੍ਰੈਸ ਵੇਅ ਕੱਢ ਰਹੀ ਹੈ। ਐਕਸਪ੍ਰੈਸ ਵੇਅ ਲਈ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਕੌਡੀਆਂ ਦੇ ਭਾਅ ਖਰੀਦ ਕੇਂਦਰ ਸਰਕਾਰ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਜਾਮ ਨਗਰ ਵਾਇਆ ਬਠਿੰਡਾ ਐਕਸਪ੍ਰੈਸ ਵੇਅ ਲਈ ਆਪਣੀਆਂ ਜ਼ਮੀਨਾਂ ਨਹੀਂ ਦੇਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਸਾਜ਼ਿਸ਼ ਤਹਿਤ ਪਹਿਲਾਂ ਕਾਲੇ ਖੇਤੀ ਕਾਨੂੰਨ ਲੈ ਕੇ ਆਈ ਅਤੇ ਹੁਣ ਐਕਸਪ੍ਰੈਸ ਵੇਅ ਕੱਢ ਕੇ ਕਿਸਾਨੀ ਨੂੰ ਖਤਮ ਕਰਨ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਐਕਸਪ੍ਰੈਸ ਵੇਅ ਜ਼ਮੀਨ ਤੋਂ 15 ਫੁੱਟ ਉੱਚਾ ਬਣਾਇਆ ਜਾਣਾ ਹੈ, ਜਿਸ ਕਾਰਨ ਐਕਸਪ੍ਰੈਸ ਵੇਅ ਦੇ ਦੋਵੇਂ ਪਾਸੇ ਆਉਂਦੀ ਕਿਸਾਨਾਂ ਦੀ ਜ਼ਮੀਨ ਬਰਬਾਦ ਹੋ ਜਾਵੇਗੀ ਕਿਉਂਕਿ ਕਿਸਾਨਾਂ ਦੀ ਜ਼ਮੀਨ ਦੋ ਹਿੱਸਿਆ ’ਚ ਵੰਡੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਘੱਟ ਕੀਮਤਾਂ ’ਤੇ ਐਕਸਪ੍ਰੈਸ ਵੇਅ ਲਈ ਆਪਣੀ ਜ਼ਮੀਨ ਨਹੀਂ ਦੇਣਗੇ ਕਿਉਂਕਿ ਇਹ ਸੜਕ ਰਾਜਨੀਤਿਕ ਆਗੂਆਂ ਤੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਦੇਣ ਲਈ ਬਣਾਈ ਜਾ ਰਹੀ ਹੈ।
Check Also
ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ
ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …