ਮੋਦੀ ਨੂੰ ਜਗਾਉਣ ਲਈ 8 ਮਿੰਟ ਗੱਡੀਆਂ ਦੇ ਬਜਾਏ ਹਾਰਨ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਵੀਰਵਾਰ ਨੂੰ ਦੇਸ਼ ਭਰ ਦੇ ਕਿਸਾਨ ਅਤੇ ਆਮ ਜਨਤਾ ਸੜਕਾਂ ’ਤੇ ਉਤਰੀ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਸਮੁੱਚੇ ਭਾਰਤ ਦੇ ਕਿਸਾਨਾਂ ਵੱਲੋਂ ਵਧ ਰਹੀ ਮਹਿੰਗਾਈ ਖ਼ਿਲਾਫ਼ ਟਰੈਕਟਰ, ਮੋਟਰਸਾਈਕਲ ਤੇ ਕਾਰਾਂ ਨੂੰ ਸੜਕਾਂ ਕਿਨਾਰੇ ਖੜ੍ਹੀਆਂ ਕਰਕੇ ਅਤੇ ਖਾਲੀ ਗੈਸ ਸਿਲੰਡਰਾਂ ਨੂੰ ਵੀ ਸੜਕਾਂ ਕੰਢੇ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਦੇਸ਼ ਭਰ ’ਚ ਕੀਤੇ ਗਏ ਅੱਜ ਦੇ ਰੋਸ ਪ੍ਰਦਰਸ਼ਨ ਦੀ ਸ਼ਲਾਘਾਯੋਗ ਗੱਲ ਇਹ ਰਹੀ ਕਿ ਕਿਸਾਨਾਂ ਨੂੰ ਜਿਥੇ ਆਮ ਜਨਤਾ ਦਾ ਭਰਪੂਰ ਸਮਰਥਨ ਮਿਲਿਆ, ਉਥੇ ਹੀ ਕਿਸਾਨਾਂ ਵੱਲੋਂ ਕਿਤੇ ਵੀ ਟਰੈਫਿਕ ਵਿੱਚ ਕੋਈ ਰੁਕਾਵਟ ਨਹੀਂ ਪਾਈ ਗਈ। ਉਨ੍ਹਾਂ ਨੇ ਸੜਕ ਕੰਢੇ ਖੜੇ ਹੋ ਕੇ ਸ਼ਾਂਤਮਈ ਢੰਗ ਨਾਲ ਮਹਿੰਗਾਈ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਆਪਣੀਆਂ ਗੱਡੀਆਂ, ਟਰੈਕਟਰਾਂ, ਮੋਟਰ ਸਾਈਕਲਾਂ ਆਦਿ ਦੇ 8 ਮਿੰਟ ਲਈ ਲਗਾਤਾਰ ਹਾਰਨ ਬਜਾਏ ਤਾਂ ਜੋ ਗੂੜ੍ਹੀ ਨੀਂਦੇ ਸੁੱਤੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਜਾਗ ਸਕੇ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਤਿੰਨ ਕਾਲੇ ਖੇਤੀ ਕਾਨੂੰਨ ਲਿਆ ਕੇ ਕਿਸਾਨੀ ਨੂੰ ਤਬਾਹ ਕਰਨ ਲੱਗੀ ਹੋਈ ਹੈ। ਦੂਜੇ ਪਾਸੇ ਕੌਮਾਂਤਰੀ ਬਾਜ਼ਾਰ ’ਚ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਘਟ ਰਹੀਆਂ ਹਨ। ਪਰ ਭਾਰਤ ਵਿੱਚ ਪੈਟਰੋਲ-ਡੀਜ਼ਲ ਅਤੇ ਘਰੇਲੂ ਗੈਸ ਦੀਆਂ ਕੀਮਤਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਮਹਿੰਗਾਈ ਖਿਲਾਫ਼ ਕੀਤੇ ਗਏ ਰੋਸ ਪ੍ਰਦਰਸ਼ਨ ’ਚ ਕਿਸਾਨ, ਮਜ਼ਦੂਰ, ਨੌਜਵਾਨ, ਵਿਦਿਆਰਥੀ, ਮਹਿਲਾਵਾਂ, ਕਰਮਚਾਰੀ, ਦੁਕਾਨਦਾਰ, ਟਰਾਂਸਪੋਰਟਰ, ਵਪਾਰੀਆਂ ਸਮੇਤ ਹਰ ਵਰਗ ਦੇ ਲੋਕ ਸ਼ਾਮਲ ਹੋਏ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …