Breaking News
Home / ਭਾਰਤ / ਪੁਸ਼ਕਰ ਸਿੰਘ ਧਾਮੀ ਨੇ ਉਤਰਾਖੰਡ ਦੇ 11ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਪੁਸ਼ਕਰ ਸਿੰਘ ਧਾਮੀ ਨੇ ਉਤਰਾਖੰਡ ਦੇ 11ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਉਤਰਾਖੰਡ ਦੇ ਸਭ ਤੋਂ ਘੱਟ ਉਮਰ ਦੇ ਸੀਐਮ ਹਨ ਧਾਮੀ
ਦੇਹਰਾਦੂਨ : ਪੁਸ਼ਕਰ ਸਿੰਘ ਧਾਮੀ ਨੇ ਉਤਰਾਖੰਡ ਦੇ 11ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਧਾਮੀ (45) ਉਤਰਾਖੰਡ ਦੇ ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਹਨ। ਉਨ੍ਹਾਂ ਨੂੰ ਇੱਥੇ ਰਾਜ ਭਵਨ ਵਿਚ ਰਾਜਪਾਲ ਬੇਬੀ ਰਾਣੀ ਮੌਰੀਆ ਨੇ ਸਹੁੰ ਚੁਕਾਈ। ਇਸ ਮੌਕੇ ਕਈ ਸੰਸਦ ਮੈਂਬਰ, ਵਿਧਾਇਕ, ਸੱਤਾਧਾਰੀ ਭਾਜਪਾ ਦੇ ਅਹੁਦੇਦਾਰ ਤੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਸਹੁੰ ਚੁੱਕਣ ਤੋਂ ਬਾਅਦ ਮੁੱਖ ਮੰਤਰੀ ਨੇ ਕੈਬਨਿਟ ਮੀਟਿੰਗ ਕੀਤੀ। ਮੀਟਿੰਗ ‘ਚ ਨੌਜਵਾਨਾਂ ਅਤੇ ਬੇਰੁਜ਼ਗਾਰੀ ਸਬੰਧੀ ਅਹਿਮ ਫ਼ੈਸਲੇ ਲਏ ਗਏ। ਊਧਮ ਸਿੰਘ ਨਗਰ ਜ਼ਿਲ੍ਹੇ ਦੇ ਖਟੀਮਾ ਤੋਂ ਦੋ ਵਾਰ ਵਿਧਾਇਕ ਬਣੇ ਧਾਮੀ ਤੀਰਥ ਸਿੰਘ ਰਾਵਤ ਦੀ ਥਾਂ ਲੈਣਗੇ, ਜਿਨ੍ਹਾਂ ਪਿਛਲੇ ਦਿਨੀਂ ਅਸਤੀਫ਼ਾ ਦੇ ਦਿੱਤਾ ਸੀ। ਨਵੇਂ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਮਹਾਰਾਸ਼ਟਰ ਦੇ ਰਾਜਪਾਲ ਤੇ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਭਗਤ ਸਿੰਘ ਕੋਸ਼ਿਆਰੀ ਦੇ ਨੇੜੇ ਮੰਨੇ ਜਾਂਦੇ ਹਨ। ਕੋਸ਼ਿਆਰੀ ਨਵੇਂ ਮੁੱਖ ਮੰਤਰੀ ਦੇ ਸਿਆਸੀ ਗੁਰੂ ਵੀ ਹਨ। ਕੋਸ਼ਿਆਰੀ ਜਦ ਉਤਰਾਖੰਡ ਦੇ ਮੁੱਖ ਮੰਤਰੀ ਸਨ ਤਾਂ ਧਾਮੀ ਉਨ੍ਹਾਂ ਦੇ ਓਐੱਸਡੀ ਵੀ ਰਹੇ। ਧਾਮੀ ਨੇ ਮੁੱਖ ਮੰਤਰੀ ਦਾ ਅਹੁਦਾ ਉਸ ਵੇਲੇ ਸੰਭਾਲਿਆ ਹੈ ਜਦ ਵਿਧਾਨ ਸਭਾ ਚੋਣਾਂ ਨੂੰ ਕੁਝ ਹੀ ਮਹੀਨੇ ਰਹਿ ਗਏ ਹਨ। ਉਤਰਾਖੰਡ ਵਿਚ ਚੋਣਾਂ ਅਗਲੇ ਸਾਲ ਦੇ ਸ਼ੁਰੂ ਵਿਚ ਹੋਣਗੀਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਪੁਸ਼ਕਰ ਧਾਮੀ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਮੁੱਖ ਮੰਤਰੀ ਧਾਮੀ ਤੇ ਉਨ੍ਹਾਂ ਦੇ ਮੰਤਰੀ ਮੰਡਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਤੇ ਆਸ ਜਤਾਈ ਕਿ ਉਹ ਸੂਬੇ ਦੇ ਲੋਕਾਂ ਦੀ ਖੁਸ਼ਹਾਲੀ ਤੇ ਤਰੱਕੀ ਲਈ ਕੰਮ ਕਰਨਗੇ। ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੇ ਵੀ ਪੁਸ਼ਕਰ ਧਾਮੀ ਨੂੰ ਮੁਬਾਰਕਬਾਦ ਦਿੱਤੀ ਹੈ। ਇਕ ਟਵੀਟ ਵਿਚ ਨੱਢਾ ਨੇ ਭਰੋਸਾ ਜਤਾਇਆ ਕਿ ਧਾਮੀ ਦੀ ਅਗਵਾਈ ਵਿਚ ਰਾਜ ਤਰੱਕੀ ਤੇ ਵਿਕਾਸ ਦੇ ਨਵੇਂ ਮੀਲ ਪੱਥਰ ਸਥਾਪਿਤ ਕਰੇਗਾ। ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਨਵੇਂ ਮੁੱਖ ਮੰਤਰੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਧਾਮੀ ਨੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਵਾਲੇ ਤੀਰਥ ਸਿੰਘ ਰਾਵਤ ਤੇ ਪਹਿਲਾਂ ਮੁੱਖ ਮੰਤਰੀ ਰਹਿ ਚੁੱਕੇ ਤ੍ਰਿਵੇਂਦਰ ਸਿੰਘ ਰਾਵਤ ਨਾਲ ਵੀ ਉਨ੍ਹਾਂ ਦੀ ਰਿਹਾਇਸ਼ ਉਤੇ ਮੁਲਾਕਾਤ ਕੀਤੀ।

Check Also

ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ

ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …