ਆਪ’ ਦੀ ਸਰਕਾਰ ਬਣਨ ‘ਤੇ ਬਿਜਲੀ ਸਮਝੌਤੇ ਰੱਦ ਕੀਤੇ ਜਾਣਗੇ: ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ‘ਤੇ ਬਿਜਲੀ ਸਮਝੌਤੇ ਰੱਦ ਕੀਤੇ ਜਾਣਗੇ। ਇਹ ਸਮਝੌਤੇ ਰੱਦ ਨਾ ਕੀਤੇ ਗਏ ਤਾਂ ਅਗਲੇ 25 ਸਾਲਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਸਵਾ 2 ਲੱਖ ਕਰੋੜ ਰੁਪਏ ਬਿਜਲੀ ਕੰਪਨੀਆਂ ਨੂੰ ਦੇਣੇ ਪੈਣਗੇ। ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਸਮੇਂ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਲਈ ਕਾਰਗਾਰ ‘ਰੋਡ ਮੈਪ’ ਲੈ ਕੇ ਆਵੇਗੀ ਤਾਂ ਜੋ ਪੰਜਾਬ ਦੇ ਲੋਕ ਆਰਥਿਕ ਤੌਰ ‘ਤੇ ਖੁਸ਼ਹਾਲ ਅਤੇ ਸੱਭਿਆਚਾਰਕ ਪੱਖੋਂ ਅਮੀਰ ਹੋਣ।
ਮਾਨ ਨੇ ਕਿਹਾ ਕਿ ਗੱਠਜੋੜ ਦੀ ਸਰਕਾਰ ਨੇ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਪੰਜਾਬ ਮਾਰੂ ਸਮਝੌਤੇ ਕੀਤੇ ਸਨ ਅਤੇ ਹੁਣ ਕਾਂਗਰਸੀਆਂ ਦੀ ਸਰਕਾਰ ਨੇ ਇਹ ਮਾੜੇ ਸਮਝੌਤੇ ਲਾਗੂ ਕੀਤੇ ਹੋਏ ਹਨ। ਇਸ ਕਾਰਨ ਬਿਨਾਂ ਬਿਜਲੀ ਖ਼ਰੀਦੇ ਹੀ ਪੰਜਾਬ ਦੇ ਖ਼ਜ਼ਾਨੇ ਵਿੱਚੋਂ 20,000 ਕਰੋੜ ਰੁਪਏ ਪ੍ਰਾਈਵੇਟ ਬਿਜਲੀ ਕੰਪਨੀਆਂ ਨੂੰ ਦਿੱਤੇ ਜਾ ਚੁੱਕੇ ਹਨ। ਪੰਜਾਬ ਦੇ ਲੋਕਾਂ ਨੂੰ ਦੇਸ਼ ਵਿੱਚੋਂ ਸਭ ਤੋਂ ਮਹਿੰਗੀ ਬਿਜਲੀ ਖ਼ਰੀਦਣੀ ਪੈ ਰਹੀ ਹੈ। ‘ਆਪ’ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਨੂੰ ਸਿਆਸੀ ਪਾਰਟੀਆਂ ਵੱਲੋਂ ਜਾਰੀ ਕੀਤੇ ਜਾਂਦੇ ਚੋਣ ਮਨੋਰਥ ਪੱਤਰ ਰਜਿਸਟਰਡ ਕਰਨੇ ਚਾਹੀਦੇ ਹਨ।