Breaking News
Home / ਪੰਜਾਬ / ਕੈਪਟਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਘੇਰਨ ਜਾਂਦੇ ਭਾਜਪਾਈਆਂ ‘ਤੇ ਪਾਣੀ ਦੀਆਂ ਬੁਛਾੜਾਂ

ਕੈਪਟਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਘੇਰਨ ਜਾਂਦੇ ਭਾਜਪਾਈਆਂ ‘ਤੇ ਪਾਣੀ ਦੀਆਂ ਬੁਛਾੜਾਂ

ਭਾਜਪਾਈਆਂ ਨੇ ਮੁੱਖ ਮੰਤਰੀ ‘ਤੇ ਚੋਣ ਵਾਅਦਿਆਂ ਤੋਂ ਮੁੱਕਰਨ ਦੇ ਲਗਾਏ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਜਪਾ ਯੁਵਾ ਮੋਰਚਾ ਪੰਜਾਬ ਦੇ ਆਗੂ ਸੂਬੇ ਵਿੱਚ ਵਧ ਰਹੀ ਨਸ਼ਾ ਤਸਕਰੀ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਘੇਰਨ ਪਹੁੰਚੇ ਪਰ ਪੁਲਿਸ ਨੇ ਉਨ੍ਹਾਂ ਨੂੰ ਸੈਕਟਰ-17 ਵਿੱਚ ਹੀ ਰੋਕ ਲਿਆ। ਇਸ ਦੌਰਾਨ ਭਾਜਪਾਈਆਂ ਅਤੇ ਪੁਲਿਸ ਵਿਚਾਲੇ ਖਿੱਚ-ਧੂਹ ਵੀ ਹੋਈ। ਪੁਲਿਸ ਨੇ ਯੁਵਾ ਮੋਰਚਾ ਦੇ ਆਗੂਆਂ ‘ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਤੇ ਅੱਥਰੂ ਗੈਸ ਦੀ ਵਰਤੋਂ ਕੀਤੀ। ਸਥਿਤੀ ਕਾਬੂ ‘ਚੋਂ ਬਾਹਰ ਹੁੰਦੀ ਦੇਖ ਪੁਲਿਸ ਨੇ ਕੁਝ ਭਾਜਪਾ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ, ਜਿਨ੍ਹਾਂ ਨੂੰ ਬਾਅਦ ਦੁਪਹਿਰ ਛੱਡ ਦਿੱਤਾ ਗਿਆ।
ਭਾਜਪਾ ਯੁਵਾ ਮੋਰਚਾ ਦੇ ਸੂਬਾ ਪ੍ਰਧਾਨ ਭਾਨੂੰ ਪ੍ਰਤਾਪ ਦੀ ਅਗਵਾਈ ਹੇਠ ਵੱਡੀ ਗਿਣਤੀ ‘ਚ ਭਾਜਪਾ ਆਗੂ ਸੈਕਟਰ-17 ਦੀ ਪਰੇਡ ਗਰਾਊਂਡ ਵਿੱਚ ਇਕੱਠੇ ਹੋ ਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧਣ ਲੱਗੇ ਤਾਂ ਪੁਲਿਸ ਨੇ ਆਈਬੀਆਈ ਦਫ਼ਤਰ ਨੇੜੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ।
ਮੋਰਚੇ ਦੇ ਪ੍ਰਧਾਨ ਅਤੇ ਸਕੱਤਰ ਵਿਸ਼ਾਨ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਵਧਦਾ ਜਾ ਰਿਹਾ ਹੈ ਪਰ ਪੁਲਿਸ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚਾਰ ਹਫ਼ਤਿਆਂ ‘ਚ ਨਸ਼ੇ ਖ਼ਤਮ ਕਰਨ ਦੀ ਸਹੁੰ ਖਾਧੀ ਸੀ ਪਰ ਸਵਾ ਚਾਰ ਸਾਲ ਬੀਤ ਚੁੱਕੇ ਹਨ ਅਤੇ ਸਥਿਤੀ ਜਿਉਂ ਦੀ ਤਿਉਂ ਹੈ।
ਪੁਲਿਸ ਵੱਲੋਂ ਨਸ਼ੇ ਦੇ ਦਲਦਲ ‘ਚ ਫਸੇ ਲੋਕਾਂ ‘ਤੇ ਕੇਸ ਦਰਜ ਕੀਤੇ ਜਾ ਰਹੇ ਹਨ ਅਤੇ ‘ਵੱਡੀਆਂ ਮੱਛੀਆਂ’ ਨੂੰ ਕੋਈ ਹੱਥ ਵੀ ਨਹੀਂ ਲਗਾਉਂਦਾ। ਇਸੇ ਤਰ੍ਹਾਂ ਬੇਰੁਜ਼ਗਾਰ ਰੋਜ਼ਾਨਾ ਸੜਕਾਂ ‘ਤੇ ਧਰਨੇ ਲਾਉਣ ਲਈ ਮਜਬੂਰ ਹਨ।

 

Check Also

ਭਾਜਪਾ ਆਗੂ ਵਿਜੇ ਸਾਂਪਲਾ ਸ਼ੋ੍ਰਮਣੀ ਅਕਾਲੀ ਦਲ ’ਚ ਨਹੀਂ ਹੋਣਗੇ ਸ਼ਾਮਲ

ਵਰਕਰਾਂ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਲਿਆ ਫੈਸਲਾ ਹੁਸ਼ਿਆਰਪੁਰ/ਬਿਊਰੋ : ਹੁਸ਼ਿਆਰਪੁਰ ਲੋਕ ਸਭਾ ਹਲਕੇ …