Breaking News
Home / ਪੰਜਾਬ / ਪੰਜਾਬ ‘ਚ ਬਿਜਲੀ ਸੰਕਟ ਖੜ੍ਹਾ ਹੋਣ ਪਿੱਛੇ ਸਿਆਸੀ ਸਾਜਿਸ਼ : ਜਾਖੜ

ਪੰਜਾਬ ‘ਚ ਬਿਜਲੀ ਸੰਕਟ ਖੜ੍ਹਾ ਹੋਣ ਪਿੱਛੇ ਸਿਆਸੀ ਸਾਜਿਸ਼ : ਜਾਖੜ

ਤਲਵੰਡੀ ਸਾਬੋ ਥਰਮਲ ਦੇ ਅਚਨਚੇਤੀ ਬੰਦ ਹੋਣ ਦੀ ਜਾਂਚ ਮੰਗੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ‘ਚ ਬਿਜਲੀ ਸੰਕਟ ਖੜ੍ਹਾ ਕਰਨ ਪਿੱਛੇ ਸਿਆਸੀ ਸਾਜਿਸ਼ ਹੋਣ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਐਨ ਝੋਨੇ ਦੀ ਲੁਆਈ ਮੌਕੇ ਤਲਵੰਡੀ ਸਾਬੋ ਥਰਮਲ ਪਲਾਂਟ ਤੋਂ ਅਚਨਚੇਤ ਬਿਜਲੀ ਪੈਦਾਵਾਰ ਦਾ ਬੰਦ ਹੋਣਾ ਆਮ ਗੱਲ ਨਹੀਂ ਹੈ ਬਲਕਿ ਬਿਜਲੀ ਸਪਲਾਈ ਨੂੰ ਸਿਆਸੀ ਏਜੰਡੇ ਤਹਿਤ ਸਾਬੋਤਾਜ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਦੋ ਯੂਨਿਟਾਂ ਤੋਂ ਬੰਦ ਬਿਜਲੀ ਪੈਦਾਵਾਰ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਾਈ ਜਾਵੇ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਤਲਵੰਡੀ ਸਾਬੋ ਤਾਪ ਬਿਜਲੀ ਘਰ ਦਾ ਇੱਕ ਯੂਨਿਟ ਮਾਰਚ ਮਹੀਨੇ ਤੋਂ ਬੰਦ ਪਿਆ ਹੈ ਜੋ ਏਨੇ ਸਮੇਂ ਮਗਰੋਂ ਵੀ ਚਾਲੂ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਪਿੱਛੇ ਜ਼ਰੂਰ ਸਿਆਸੀ ਚਾਲ ਹੋਵੇਗੀ ਅਤੇ ਇਸੇ ਤਰ੍ਹਾਂ ਦੂਸਰੇ ਯੂਨਿਟ ਦਾ ਐਨ ਪੀਕ ਸੀਜ਼ਨ ‘ਤੇ ਬੰਦ ਹੋਣਾ ਸ਼ੱਕ ਨੂੰ ਹੋਰ ਗਹਿਰਾ ਕਰਨ ਵਾਲਾ ਹੈ। ਉਨ੍ਹਾਂ ਇਸ ਦੀ ਜਾਂਚ ਟੈਕਨੋਕਰੇਟਾਂ ਦੀ ਇੱਕ ਕਮੇਟੀ ਤੋਂ ਕਰਾਉਣ ਦੀ ਮੰਗ ਕੀਤੀ।
ਜਾਖੜ ਨੇ ਉਂਗਲ ਉਠਾਈ ਕਿ ਬਿਜਲੀ ਸੰਕਟ ਪਿੱਛੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਹੱਥ ਨਜ਼ਰ ਆ ਰਿਹਾ ਹੈ। ਉਨ੍ਹਾਂ ਆਰੋਪ ਲਾਇਆ ਕਿ ਚੋਣਾਂ ਨੇੜੇ ਹੋਣ ਕਰਕੇ ਦੋਵੇਂ ਪਾਰਟੀਆਂ ਨੇ ਪ੍ਰਾਈਵੇਟ ਥਰਮਲ ਦੇ ਪ੍ਰਬੰਧਕਾਂ ਨਾਲ ਮਿਲ ਕੇ ਕੋਈ ਚਾਲ ਚੱਲੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਦੀ ਇਸ ਸੋਚ ਕਰਕੇ ਖਮਿਆਜ਼ਾ ਪੰਜਾਬ ਦੇ ਲੋਕਾਂ ਅਤੇ ਖਾਸ ਕਰਕੇ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ। ਜਾਖੜ ਨੇ ਸੁਚੇਤ ਕੀਤਾ ਕਿ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਗਿਣੀ-ਮਿੱਥੀ ਸਾਜਿਸ਼ ਤਹਿਤ ਅਗਲੀਆਂ ਚੋਣਾਂ ਕਰਕੇ ਝੋਨੇ ਦੀ ਸੀਜ਼ਨ ਵਿਚ ਕਿਸਾਨਾਂ ਨੂੰ ਸੜਕਾਂ ‘ਤੇ ਰੋਲ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਤੰਗ ਪ੍ਰੇਸ਼ਾਨ ਕਰਨ ਵਾਸਤੇ ਝੋਨੇ ਦੇ ਸੀਜ਼ਨ ਵਿਚ ਕੇਂਦਰ ਅੜਿੱਕੇ ਖੜ੍ਹੇ ਕਰੇਗਾ ਪ੍ਰੰਤੂ ਇਸ ਨਾਲ ਪ੍ਰਭਾਵਿਤ ਕਿਸਾਨ ਹੋਣਗੇ। ਉਨ੍ਹਾਂ ਕਿਹਾ ਕਿ ਕਣਕ ਦੇ ਸੀਜ਼ਨ ਵਿਚ ਵੀ ਅਜਿਹੇ ਅੜਿੱਕੇ ਪਾਏ ਗਏ ਸਨ।

 

Check Also

ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ

ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।